ਸੇਫ ਸਕੂਲ ਵਾਹਨ ਸਕੀਮ ਤਹਿਤ ਚੈਕਿੰਗ ਮੁਹਿੰਮ ਹੋਰ ਤੇਜ਼ ਕੀਤੀ ਜਾਵੇ : ਡਿਪਟੀ ਕਮਿਸ਼ਨਰ 

ਹੁਸ਼ਿਆਰਪੁਰ(ਦਾ ਸਟੈਲਕ ਨਿਊਜ਼), ਰਿਪੋਰਟ: ਮੁਕਤਾ ਵਾਲਿਆ। ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਅੱਜ ਜ਼ਿਲਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਕਰਦਿਆਂ ਸੇਫ਼ ਸਕੂਲ ਵਾਹਨ ਸਕੀਮ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਹਦਾਇਤ ਕੀਤੀ। ਉਹਨਾਂ ਕਿਹਾ ਕਿ ਸਕੂਲੀ ਵਿਦਿਆਰਥੀਆਂ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਸਕੂਲੀ ਵਾਹਨਾਂ ਦੀ ਚੈਕਿੰਗ ਬਹੁਤ ਜ਼ਰੂਰੀ ਹੈ, ਤਾਂ ਜੋ ਉਹਨਾਂ ਵਲੋਂ ਟਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾ ਸਕੇ। ਉਹਨਾਂ ਕਿਹਾ ਕਿ ਟਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਸਕੂਲੀ ਵਾਹਨਾਂ ‘ਤੇ ਸਖਤ ਕਾਰਵਾਈ ਅਰੰਭੀ ਜਾਵੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ‘ਮਿਸ਼ਨ ਤੰਦਰੁਸਤ ਪੰਜਾਬ’ ਮੁਹਿੰਮ ਸ਼ੁਰੂ ਕੀਤੀ ਗਈ ਹੈ।

Advertisements

ਇਹ ਮੁਹਿੰਮ ਸਾਰਥਕ ਸਾਬਤ ਕਰਨ ਲਈ ਵਾਤਾਵਰਣ ਦਾ ਸ਼ੁੱਧ ਹੋਣਾ ਬਹੁਤ ਜ਼ਰੂਰੀ ਹੈ, ਇਸ ਲਈ ਹਰੇਕ ਵਿਅਕਤੀ ਨੂੰ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਟਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸੜਕ ਉਪਰ ਚੜਨ ਤੋਂ ਪਹਿਲਾਂ ਇਹ ਯਕੀਨੀ ਬਣਾਉਣ ਕਿ ਉਹ ਟ੍ਰੈਫਿਕ ਰੂਲਾਂ ਦੀ ਪਾਲਣਾ ਕਰ ਰਹੇ ਹਨ ਜਾਂ ਨਹੀਂ। ਉਹਨਾਂ ਕਿਹਾ ਕਿ ਇਹਨਾਂ ਨਿਯਮਾਂ ਦੀ ਪਾਲਣਾ ਨਾਲ ਹੀ ਉਹ ਸੁਰੱਖਿਅਤ ਰਹਿ ਸਕਦੇ ਹਨ।

-ਜ਼ਿਲਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ‘ਚ ਟ੍ਰੈਫਿਕ ਸਬੰਧੀ ਕੀਤੇ ਜਾ ਰਹੇ ਕਾਰਜਾਂ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਨੇ ਟਰੈਫਿਕ ਪੁਲਿਸ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲੇ ਵਿੱਚ ਟਰੈਫਿਕ ਵਿਵਸਥਾ ਸੁਚਾਰੂ ਢੰਗ ਨਾਲ ਲਾਗੂ ਕੀਤੀ ਜਾਵੇ, ਤਾਂ ਜੋ ਆਮ ਜਨਤਾ ਨੂੰ ਟਰੈਫਿਕ ਸਬੰਧੀ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਕਿਹਾ ਕਿ ਸ਼ਹਿਰ ਦੇ ਮੁੱਖ ਚੌਕਾਂ ਅਤੇ ਬਜ਼ਾਰਾਂ ਵਿੱਚ ਗਲਤ ਪਾਰਕ ਕੀਤੇ ਵਾਹਨਾਂ ‘ਤੇ ਵੀ ਸਖਤੀ ਵਰਤਦੇ ਹੋਏ ਚਲਾਨ ਕੀਤੇ ਜਾਣ। ਉਹਨਾਂ ਕਿਹਾ ਕਿ ਆਵਾਜ਼ੀ ਪ੍ਰਦੂਸ਼ਣ ਫੈਲਾਉਣ ਵਾਲੇ ਵਾਹਨਾਂ ਅਤੇ ਵਾਤਾਵਰਣ ਨੂੰ ਦੂਸ਼ਿਤ ਕਰਨ ਵਾਲੇ ਵਾਹਨਾਂ ‘ਤੇ ਵਿਸ਼ੇਸ਼ ਕਾਰਵਾਈ ਅਰੰਭੀ ਜਾਵੇ। ਉਹਨਾਂ ਕਿਹਾ ਕਿ ਪ੍ਰੈਸ਼ਰ ਹਾਰਨਾਂ ਨਾਲ ਆਵਾਜ਼ੀ ਪ੍ਰਦੂਸ਼ਣ ਪੈਦਾ ਕਰਨ ਵਾਲੇ ਮੋਟਰ ਸਾਈਕਲ ਅਤੇ ਹੋਰ ਵਾਹਨ ਆਮ ਵਿਅਕਤੀਆਂ ਖਾਸ ਤੌਰ ‘ਤੇ ਬੱਚਿਆਂ ਤੇ ਬਜ਼ੁਰਗਾਂ ਲਈ ਬਹੁਤ ਖਤਰਨਾਕ ਹਨ।

ਇਸੇ ਤਰਾਂ ਵਾਹਨਾਂ ਵਲੋਂ ਧੂਏ ਨਾਲ ਪ੍ਰਦੂਸ਼ਣ ਪੈਦਾ ਕਰਕੇ ਵਾਤਾਵਰਣ ਨੂੰ ਦੂਸ਼ਿਤ ਕਰਨ ਵਾਲੇ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪਮ ਕਲੇਰ, ਐਸ.ਡੀ.ਐਮ. ਹੁਸ਼ਿਆਰਪੁਰ ਜਿਤੇਂਦਰ ਜੋਰਵਾਲ, ਐਸ.ਡੀ.ਐਮ. ਗੜਸ਼ੰਕਰ ਹਰਦੀਪ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ (ਜ) ਰਣਦੀਪ ਸਿੰਘ ਹੀਰ, ਪੀ.ਸੀ.ਐਸ. ਅਧਿਕਾਰੀ ਅਮਿਤ ਸਰੀਨ, ਸਹਾਇਕ ਜ਼ਿਲਾ ਟਰਾਂਸਪੋਰਟ ਅਫ਼ਸਰ ਮਨਜੀਤ ਸਿੰਘ ਤੋਂ ਇਲਾਵਾ ਜ਼ਿਲਾ ਸੜਕ ਸੁਰੱਖਿਆ ਕਮੇਟੀ ਦੇ ਹੋਰ ਸਰਕਾਰੀ ਅਤੇ ਗੈਰ-ਸਰਕਾਰੀ ਮੈਂਬਰ ਹਾਜ਼ਰ ਸਨ।

LEAVE A REPLY

Please enter your comment!
Please enter your name here