ਮਾਤਾ ਚਿੰਤਪੁਰਨੀ ਮੇਲੇ ਨੂੰ ਸਫ਼ਲ ਬਣਾਉਣ ਲਈ ਜ਼ਿਲਾ ਪ੍ਰਸ਼ਾਸ਼ਨ ਪੱਬਾਂ ਭਾਰ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼), ਰਿਪੋਰਟ: ਮੁਕਤਾ ਵਾਲਿਆ। 12 ਅਗਸਤ ਤੋਂ 18 ਅਗਸਤ ਤੱਕ ਚੱਲਣ ਵਾਲੇ ਮਾਤਾ ਚਿੰਤਪੁਰਨੀ ਮੇਲੇ ਨੂੰ ਸਫ਼ਲਤਾਪੂਰਵਕ ਨੇਪਰੇ ਚਾੜਨ ਲਈ ਜ਼ਿਲਾ ਪ੍ਰਸ਼ਾਸ਼ਨ ਪੱਬਾਂ ਭਾਰ ਹੋ ਗਿਆ ਹੈ ਅਤੇ ਮੇਲੇ ਦੌਰਾਨ ਲੰਗਰ ਲਗਾਉਣ ਵਾਲੀਆਂ ਲੰਗਰ ਕਮੇਟੀਆਂ, ਸਮਾਜਿਕ ਸੰਸਥਾਵਾਂ ਅਤੇ ਸ਼ਰਧਾਲੂਆਂ ਦੀ ਸਹੂਲਤ ਲਈ ਅਗੇਤੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ, ਤਾਂ ਜੋ ਮੇਲੇ ਦੌਰਾਨ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਮੇਲੇ ਦੌਰਾਨ ਸਫ਼ਾਈ ਵਿਵਸਥਾ ਬਰਕਰਾਰ ਰੱਖਣ ਲਈ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਵਿਸ਼ੇਸ਼ ਸਫਾਈ ਅਭਿਆਨ ਵੀ ਚਲਾਇਆ ਜਾਵੇਗਾ।

Advertisements

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਮਾਤਾ ਚਿੰਤਪੁਰਨੀ ਮੇਲੇ ਦੌਰਾਨ ਟ੍ਰੈਫਿਕ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਉਹ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਊਨਾ (ਹਿਮਾਚਲ ਪ੍ਰਦੇਸ਼) ਨਾਲ ਮੀਟਿੰਗ ਵੀ ਕਰਨਗੇ।

-ਸਫ਼ਾਈ ਵਿਵਸਥਾ ਬਰਕਰਾਰ ਰੱਖਣ ਲਈ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਚਲਾਇਆ ਜਾਵੇਗਾ ਵਿਸ਼ੇਸ਼ ਅਭਿਆਨ

ਉਹਨਾਂ ਕਿਹਾ ਕਿ ਲੰਗਰ ਕਮੇਟੀਆਂ ਅਤੇ ਸ਼ਰਧਾਲੂਆਂ ਨੂੰ ਮੇਲੇ ਦੌਰਾਨ ਸਹੂਲਤਾਂ ਪ੍ਰਦਾਨ ਕਰਨ ਲਈ ਜ਼ਿਲਾ ਪ੍ਰਸ਼ਾਸ਼ਨ ਵਚਨਬੱਧ ਹੈ। ਡੀ.ਸੀ ਨੇ ਦੱਸਿਆ ਕਿ ਲੰਗਰ ਕਮੇਟੀਆਂ ਦੀ ਸਹੂਲਤ ਲਈ ਪ੍ਰਸ਼ਾਸ਼ਨ ਵਲੋਂ ਐਸ.ਡੀ.ਐਮ. ਦਫ਼ਤਰ ਹੁਸ਼ਿਆਰਪੁਰ ਵਿੱਚ ਸਿੰਗਲ ਵਿੰਡੋ ਸਿਸਟਮ ਸ਼ੁਰੂ ਕੀਤਾ ਜਾ ਰਿਹਾ ਹੈ, ਤਾਂ ਜੋ ਇਕ ਹੀ ਛੱਤ ਥੱਲੇ ਰਜਿਸਟਰੇਸ਼ਨ ਆਦਿ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।

ਉਹਨਾਂ ਦੱਸਿਆ ਕਿ ਇਹ ਸਿੰਗਲ ਵਿੰਡੋ ਸਿਸਟਮ 1 ਅਗਸਤ ਤੋਂ ਆਪਣਾ ਕੰਮ ਸ਼ੁਰੂ ਕਰ ਦੇਵੇਗਾ ਅਤੇ 8 ਅਗਸਤ ਤੱਕ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੁਵਿਧਾਵਾਂ ਪ੍ਰਦਾਨ ਕਰੇਗਾ। ਉਹਨਾਂ ਦੱਸਿਆ ਕਿ ਐਸ.ਡੀ.ਐਮ. ਦਫ਼ਤਰ ਵਿੱਚ ਹੀ ਹੋਰ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਬੈਠਣਗੇ, ਤਾਂ ਜੋ ਲੰਗਰ ਕਮੇਟੀਆਂ ਨੂੰ ਕਿਸੇ ਵੀ ਪ੍ਰਕਾਰ ਦੀ ਰਜਿਸਟਰੇਸ਼ਨ ਆਦਿ ਲਈ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਨਾਲ ਹੀ ਇਹ ਅਪੀਲ ਵੀ ਕੀਤੀ ਕਿ ਲੰਗਰ ਕਮੇਟੀਆਂ 1 ਤੋਂ 8 ਅਗਸਤ ਤੱਕ ਰਜਿਸਟਰੇਸ਼ਨ ਆਦਿ ਕਰਵਾਉਣ ਨੂੰ ਤਰਜ਼ੀਹ ਦੇਣ।

– ਲੰਗਰ ਲਈ ਪੱਤਲਾਂ ਦੀ ਵਰਤੋਂ ਕਰਨ ਵਾਲੀਆਂ ਲੰਗਰ ਕਮੇਟੀਆਂ ਨੂੰ ਕੀਤਾ ਜਾਵੇਗਾ ਸਨਮਾਨਿਤ 

ਡਿਪਟੀ ਕਮਿਸ਼ਨਰ ਨੇ ਲੰਗਰ ਕਮੇਟੀਆਂ ਨੂੰ ਅਪੀਲ ਕੀਤੀ ਕਿ ਲੰਗਰ ਸਮੇਂ ਪੱਤਲਾਂ ਦੀ ਹੀ ਵਰਤੋਂ ਕੀਤੀ ਜਾਵੇ, ਤਾਂ ਜੋ ਸਫਾਈ ਵਿਵਸਥਾ ਯਕੀਨੀ ਬਣਾਈ ਜਾ ਸਕੇ। ਉਹਨਾਂ ਕਿਹਾ ਕਿ ਲੰਗਰ ਦੌਰਾਨ ਪੱਤਲਾਂ ਦੀ ਵਰਤੋਂ ਕਰਨ ਵਾਲੀਆਂ ਲੰਗਰ ਕਮੇਟੀਆਂ ਨੂੰ ਜ਼ਿਲਾ ਪ੍ਰਸ਼ਾਸ਼ਨ ਵਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ ਜਾਵੇਗਾ ਉਹਨਾਂ ਭਾਰਤੀ ਸਨਾਤਨ ਧਰਮ ਮਹਾਵੀਰ ਦਲ ਅਤੇ ਲੰਗਰ ਕਮੇਟੀਆਂ ਨੂੰ ਇਸ ਮੇਲੇ ਨੂੰ ਸਫਲ ਬਣਾਉਣ ਲਈ ਅੱਗੇ ਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਜ਼ਿਲਾ ਪ੍ਰਸ਼ਾਸ਼ਨ ਵਲੋਂ ਉਹਨਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ। ਉਹਨਾਂ ਅਪੀਲ ਕੀਤੀ ਕਿ ਲੰਗਰ ਸੜਕ ਤੋਂ ਦੂਰੀ ‘ਤੇ ਲਗਾਏ ਜਾਣ, ਤਾਂ ਜੋ ਟ੍ਰੈਫਿਕ ਵਿਵਸਥਾ ਅਤੇ ਸਫ਼ਾਈ ਵਿਵਸਥਾ ਬਰਕਰਾਰ ਰਹਿ ਸਕੇ।

 

LEAVE A REPLY

Please enter your comment!
Please enter your name here