
ਚੰਡੀਗੜ(ਦਾ ਸਟੈਲਰ ਨਿਊਜ਼)। ਪੰਜਾਬ ਦੇ ਸਨਅਤ ਅਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਹੈ ਕਿ ਪੰਜਾਬ ‘ਚ ਸਨਅਤ ਨੂੰ ਹੁਲਾਰਾ ਦੇਣ ਲਈ ਦੇਸ਼ ਦੀ ਸਰਬੋਤਮ ਸਨਅਤੀ ਨੀਤੀ ਜਲਦ ਹੀ ਲਾਗੂ ਕਰ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਨਵੀਂ ਨੀਤੀ ‘ਚ ਉਦਯੋਗਿਕ ਇਕਾਈਆਂ ਨੂੰ ਸਟੇਟ ਜੀ.ਐਸ.ਟੀ., ਪ੍ਰਾਪਰਟੀ ਟੈਕਸ, ਬਿਜਲੀ ਡਿਊਟੀ ਅਤੇ ਸਟੈਂਪ ਡਿਊਟੀ ਤੋਂ ਛੋਟ ਵਰਗੀਆਂ ਵੱਡੀਆਂ ਰਾਹਤਾਂ ਦਿੱਤੀਆਂ ਜਾਣਗੀਆਂ।
ਇਹ ਪ੍ਰਗਟਾਵਾ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਨਵੀਂ ਸੋਧੀ ਹੋਈ ਨੀਤੀ ‘ਚ ਬੀਮਾਰ ਸਨਅਤਾਂ ਨੂੰ ਯਕਮੁਸ਼ਤ ਸਮਝੌਤੇ (ਵੰਨ ਟਾਈਮ ਸੈਟਲਮੈਂਟ) ਦਾ ਮੌਕਾ ਦਿੱਤਾ ਜਾਵੇਗਾ। ਵੈਟ ਰਿਫੰਡ ਦੇ ਬਕਾਇਆ ਪਏ ਕੇਸਾਂ ਸਬੰਧੀ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਇਸ ਸਬੰਧੀ ਵਿੱਤ ਵਿਭਾਗ ਨਾਲ ਮਾਮਲਾ ਵਿਚਾਰਿਆ ਜਾ ਚੁੱਕਾੱ ਹੈ ਅਤੇ ਸਰਕਾਰ ਵਲੋਂ ਹਰ ਦੋ ਮਹੀਨੇ ਦੇ ਸਮੇਂ ਦੌਰਾਨ 300 ਕਰੋੜ ਰੁਪਏ ਦਾ ਫੰਡ ਜਾਰੀ ਕਰਕੇ ਦਸੰਬਰ 2018 ਤੱਕ ਸਮੁੱਚੀ ਬਕਾਇਆ ਰਕਮ ਦਾ ਭੁਗਤਾਨ ਕਰ ਦਿੱਤਾ ਜਾਵੇਗਾ। ਉਹਨਾਂ ਦੱਸਿਆ ਕਿ ਨਵੀਂ ਸਨਅਤੀ ਨੀਤੀ ਵੱਖ-ਵੱਖ ਧਿਰਾਂ ਤੋਂ ਸੁਝਾਅ ਲੈ ਕੇ ਤਿਆਰ ਕੀਤੀ ਗਈ ਹੈ ਅਤੇ ਇਸ ਨੂੰ ਵਿਚਾਰਨ ਤੇ ਪ੍ਰਵਾਨ ਕਰਨ ਹਿੱਤ ਜਲਦ ਹੀ ਮੰਤਰੀ ਮੰਡਲ ਦੇ ਸਨਮੁੱਖ ਪੇਸ਼ ਕੀਤਾ ਜਾਵੇਗਾ।

ਸ੍ਰੀ ਅਰੋੜਾ ਨੇ ਕਿਹਾ ਕਿ ਨਵੀਂ ਸਨਅਤੀ ਨੀਤੀ ਵਿੱਚ ਛੋਟੀਆਂ ਅਤੇ ਮੱਧਮ ਸਨਅਤਾਂ ਨੂੰ ਪ੍ਰਫੁੱਲਿਤ ਕਰਨ ‘ਤੇ ਵਧੇਰੇ ਧਿਆਨ ਦਿੱਤਾ ਗਿਆ ਹੈ। ਉਹਨਾਂ ਸਨਅਤਕਾਰਾਂ ਨੂੰ ਸੱਦਾ ਦਿੱਤਾ ਕਿ ਉਹ ਟੈਕਸਟਾਈਲ ਸਮੇਤ ਹੋਰ ਖੇਤਰਾਂ ਵਿੱਚ ਪੰਜਾਬ ਵਿੱਚ ਨਿਵੇਸ਼ ਕਰਨ ਲਈ ਅੱਗੇ ਆਉਣ ਕਿਉਂਜੋ ਨਵੀਂ ਨੀਤੀ ਤਹਿਤ ਉਹਨਾਂ ਨੂੰ ਹਰ ਤਰ•ਾਂ ਦੀ ਸਹੂਲਤ ਅਤੇ ਇਨਸੈਂਟਿਵ ਮੁਹੱਈਆ ਕਰਵਾਇਆ ਜਾਵੇਗਾ। ਉਹਨਾਂ ਕਿਹਾ ਕਿ ਸਨਅਤਕਾਰਾਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਲਈ ਪਾਵਰਕੌਮ ਨੂੰ 1440 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।
ਸੂਬੇ ਦੀ ਕਿਸੇ ਵੀ ਉਦਯੋਗਿਕ ਇਕਾਈ ਨੂੰ ਪੰਜਾਬ ਤੋਂ ਬਾਹਰ ਤਬਦੀਲ ਨਾ ਹੋਣ ਦੇਣ ਪ੍ਰਤੀ ਦ੍ਰਿੜਤਾ ਜ਼ਾਹਰ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਸਨਅਤ ਵਿਭਾਗ ਵੱਲੋਂ ਸਾਰਾ ਕੰਮ ਆਨ ਲਾਈਨ ਕਰਨ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਵਿੱਚ ਜਿੱਥੇ ਸਮੇਂ ਤੇ ਪੈਸੇ ਦੀ ਬੱਚਤ ਹੋਵੇਗੀ, ਹਰ ਅਧਿਕਾਰੀ ਤੇ ਸਨਅਤਕਾਰ ਨੂੰ ਉਸਦੀ ਫਾਈਲ ਦੇ ਸਟੇਟਸ ਦੀ ਜਾਣਕਾਰੀ ਮਿਲਦੀ ਰਹੇਗੀ। ਸ੍ਰੀ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਬੀਤੇ ਲਗਭੱਗ ਇੱਕ ਵਰ•ੇ ਦੌਰਾਨ ਸਰਕਾਰੀ ਤੇ ਗੈਰ ਸਰਕਾਰੀ ਖੇਤਰਾਂ ਵਿੱਚ 1 ਲੱਖ 56 ਹਜਾਰ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਉਹਨਾਂ ਦੱਸਿਆ ਸੂਬੇ ‘ਚ ਹੁਣ ਤੱਕ 9200 ਕਰੋੜ ਰੁਪਏ ਦੇ ਪੂੰਜੀ ਨਿਵੇਸ਼ ਨਾਲ ਉਦਯੋਗ ਸਥਾਪਤ ਕਰਨ ਲਈ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ, ਜਿਸ ਨਾਲ ਸੂਬੇ ਦੇ 50 ਹਜ਼ਾਰ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਹਾਸਲ ਹੋਣ ਦੀ ਸੰਭਾਵਨਾ ਹੈ।











