
ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼),ਰਿਪੋਰਟ- ਗੁਰਜੀਤ ਸੋਨੂੰ। ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਅਪੀਲ ਕਰਦਿਆਂ ਕਿਹਾ ਕਿ ਜ਼ਿਲਾ ਵਾਸੀਆਂ ਦੀ ਜਾਗਰੂਕਤਾ ਨਾਲ ਡੇਂਗੂ ਦੀ ਦਸਤਕ ਰੋਕੀ ਜਾ ਸਕਦੀ ਹੈ। ਉਹਨਾਂ ਦੱਸਿਆ ਕਿ ਭਾਵੇਂ ਜ਼ਿਲਾ ਪ੍ਰਸ਼ਾਸ਼ਨ ਵਲੋਂ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆਂ ਵਰਗੀਆਂ ਬਿਮਾਰੀਆਂ ਨਾਲ ਨਜਿੱਠਣ ਲਈ ਪੁਖਤਾ ਪ੍ਰਬੰਧ ਕਰ ਲਏ ਗਏ ਹਨ, ਪਰ ਲੋਕਾਂ ਨੂੰ ਸਾਵਧਾਨੀਆਂ ਵਰਤ ਕੇ ਇਹਨਾਂ ਬਿਮਾਰੀਆਂ ਤੋਂ ਬਚੇ ਰਹਿਣਾ ਚਾਹੀਦਾ ਹੈ। ਉਹਨਾਂ ਦੱਸਿਆ ਕਿ ਇਸ ਸਬੰਧੀ ਸਿਹਤ ਵਿਭਾਗ ਵਲੋਂ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਲਈ ਸਮਾਜ-ਸੇਵੀ ਸੰਸਥਾਵਾਂ ਅਤੇ ਆਮ ਜਨਤਾ ਨੂੰ ਵੀ ਅੱਗੇ ਆਉਣਾ ਚਾਹੀਦਾ ਹੈ। ਉਹਨਾਂ ਦੱਸਿਆ ਕਿ ਸਮਾਜਿਕ ਇਕਜੁੱਟਤਾ ਨਾਲ ਡੇਂਗੂ ਨੂੰ ਪੈਦਾ ਹੋਣ ਤੋਂ ਪਹਿਲਾਂ ਹੀ ਰੋਕਿਆ ਜਾ ਸਕਦਾ ਹੈ।
ਈਸ਼ਾ ਕਾਲੀਆ ਨੇ ਦੱਸਿਆ ਕਿ ਡੇਂਗੂ ਏਡੀਜ਼ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ, ਇਸ ਲਈ ਚਾਹੀਦਾ ਹੈ ਕਿ ਕੂਲਰਾਂ ਅਤੇ ਗਮਲਿਆਂ ਦੀਆਂ ਟਰੇਆਂ ਵਿੱਚ ਖੜੇ ਪਾਣੀ ਨੂੰ ਹਫ਼ਤੇ ਵਿੱਚ ਇਕ ਵਾਰ ਜ਼ਰੂਰ ਸਾਫ਼ ਕਰੋ, ਕੱਪੜੇ ਅਜਿਹੇ ਪਹਿਨੋ ਜਿਸ ਨਾਲ ਸਰੀਰ ਢੱਕਿਆ ਰਹੇ। ਇਸ ਤੋਂ ਇਲਾਵਾ ਸੌਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਉਹਨਾਂ ਦੱਸਿਆ ਕਿ ਟੁੱਟੇ ਬਰਤਨਾਂ, ਡਰੰਮਾਂ ਅਤੇ ਟਾਇਰਾਂ ਆਦਿ ਨੂੰ ਖੁੱਲੇ ਵਿੱਚ ਨਾ ਰੱਖੋ ਅਤੇ ਨਾ ਹੀ ਇਹਨਾਂ ਵਿਚ ਪਾਣੀ ਜਮਾ ਹੋਣ ਦਿਓ। ਉਹਨਾਂ ਦੱਸਿਆ ਕਿ ਸਰਕਾਰੀ ਮੁਲਾਜ਼ਮਾਂ ਸਮੇਤ ਆਮ ਜਨਤਾ ਨੂੰ ਹਫ਼ਤੇ ਦੇ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਮਨਾਉਣਾ ਚਾਹੀਦਾ ਹੈ ਅਤੇ ਇਸ ਦਿਨ ਸਰਕਾਰੀ ਦਫਤਰਾਂ, ਘਰਾਂ ਦੇ ਕੂਲਰ, ਫਰਿੱਜ਼ ਦੀਆਂ ਟਰੇਆਂ, ਪੰਛੀਆਂ ਵਾਸਤੇ ਪੀਣ ਵਾਲੇ ਪਾਣੀ ਦੇ ਬਰਤਨਾਂ ਨੂੰ ਚੰਗੀ ਤਰਾਂ ਸਾਫ਼ ਕੀਤਾ ਜਾਵੇ। ਉਹਨਾਂ ਦੱਸਿਆ ਕਿ ਇਹ ਸਾਵਧਾਨੀ ਵਰਤ ਕੇ ਡੇਂਗੂ ਨੂੰ ਫੈਲਣ ਤੋਂ ਰੋਕਿਆ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤੇਜ਼ ਬੁਖਾਰ, ਸਿਰ ਦਰਦ, ਮਾਸ ਪੇਸ਼ੀਆਂ ਵਿੱਚ ਦਰਦ, ਚਮੜੀ ‘ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਮਸੂੜਿਆਂ ਅਤੇ ਨੱਕ ਵਿੱਚੋਂ ਖੂਨ ਵੱਗਣਾ ਡੇਂਗੂ ਦੇ ਮੁੱਖ ਲੱਛਣ ਹਨ। ਉਹਨਾਂ ਦੱਸਿਆ ਕਿ ਠੰਡ ਅਤੇ ਕਾਂਬੇ ਨਾਲ ਬੁਖਾਰ, ਤੇਜ਼ ਬੁਖਾਰ ਅਤੇ ਸਿਰ ਦਰਦ, ਬੁਖਾਰ ਉਤਰਨ ਤੋਂ ਬਾਅਦ ਥਕਾਵਟ ਅਤੇ ਕਮਜ਼ੋਰੀ ਹੋਣਾ, ਤੋਂ ਇਲਾਵਾ ਸਰੀਰ ਨੂੰ ਪਸੀਨਾ ਆਉਣਾ ਮਲੇਰੀਆ ਬੁਖਾਰ ਦੇ ਲੱਛਣ ਹਨ। ਉਹਨਾਂ ਦੱਸਿਆ ਕਿ ਪਾਣੀ ਜਾਂ ਤਰਲ ਚੀਜ਼ਾਂ ਜ਼ਿਆਦਾ ਪੀਣੀਆਂ ਚਾਹੀਦੀਆਂ ਹਨ, ਜਦਕਿ ਬੁਖਾਰ ਹੋਣ ‘ਤੇ ਐਸਪ੍ਰੀਨ ਅਤੇ ਬਰੂਫਨ ਨਾ ਲਵੋ, ਬਲਕਿ ਤੁਰੰਤ ਨੇੜੇ ਦੇ ਸਰਕਾਰੀ ਹਸਪਤਾਲ ਜਾਂ ਸਿਹਤ ਕੇਂਦਰ ਸੰਪਰਕ ਕੀਤਾ ਜਾਵੇ।
ਈਸ਼ਾ ਕਾਲੀਆ ਨੇ ਦੱਸਿਆ ਕਿ ਮਲੇਰੀਆ ਬੁਖਾਰ ਮਾਦਾ ਐਨਾਫਲੀਜ਼ ਮੱਛਰ ਰਾਤ ਅਤੇ ਤੜਕਸਾਰ ਕੱਟਦੇ ਹਨ। ਉਹਨਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ ਅਤੇ ਖਾਸ ਤੌਰ ‘ਤੇ ਉਸ ਪ੍ਰਭਾਵਿਤ ਇਲਾਕਿਆਂ ‘ਤੇ ਫੋਕਸ ਕੀਤਾ ਜਾ ਰਿਹਾ ਹੈ, ਜਿਥੇ ਪਿਛਲੇ ਸਾਲ ਡੇਂਗੂ ਦੇ ਕੇਸ ਸਾਹਮਣੇ ਆਏ ਸਨ। ਉਹਨਾਂ ਕਿਹਾ ਕਿ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆਂ ਦੀ ਰੋਕਥਾਮ ਲਈ ਵਿਸ਼ੇਸ਼ ਅਭਿਆਨ ਚਲਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਲਾਜ ਨਾਲੋਂ ਸਾਵਧਾਨੀ ਵਰਤ ਕੇ ਸਿਹਤ ਨਰੋਈ ਰੱਖੀ ਜਾ ਸਕਦੀ ਹੈ। ਉਨ•ਾਂ ਦੱਸਿਆ ਕਿ ਨਗਰ ਨਿਗਮ ਵਲੋਂ ਵਿਸ਼ੇਸ਼ ਤੌਰ ‘ਤੇ ਫੌਗਿੰਗ ਵੀ ਕਰਵਾਈ ਜਾ ਰਹੀ ਹੈ।
ਈਸ਼ਾ ਕਾਲੀਆ ਨੇ ਦੱਸਿਆ ਕਿ ਬਰਸਾਤਾਂ ਦੇ ਮੌਸਮ ਵਿੱਚ ਦੋ ਤਰਾਂ ਦੀਆਂ ਬਿਮਾਰੀਆਂ ਫੈਲਦੀਆਂ ਹਨ, ਜਿਹਨਾਂ ਵਿੱਚ ਪਾਣੀ ਅਤੇ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਸ਼ਾਮਲ ਹੁੰਦੀਆਂ ਹਨ। ਉਹਨਾਂ ਕਿਹਾ ਕਿ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਹੈਜ਼ਾ, ਪੀਲੀਆ, ਟਾਈਫਾਈਡ, ਪੇਚਿਸ਼ ਆਦਿ ਤੋਂ ਬਚਾਅ ਲਈ ਜਰੂਰੀ ਹੈ ਕਿ ਆਪਣੇ ਆਲੇ ਦੁਆਲੇ ਨੂੰ ਸਾਫ਼ ਰੱਖਿਆ ਜਾਵੇ ਅਤੇ ਪਾਣੀ ਉਬਾਲ ਕੇ ਹੀ ਪੀਤਾ ਜਾਵੇ। ਉਹਨਾਂ ਦੱਸਿਆ ਕਿ ਹੈਜ਼ਾ ਪ੍ਰਭਾਵਿਤ ਇਲਾਕਿਆਂ ਵਿਚ ਵੀ ਵਿਸ਼ੇਸ਼ ਮੁਹਿੰਮ ਚਲਾ ਕੇ ਜਿੱਥੇ ਜਾਗਰੂਕਤਾ ਫੈਲਾਈ ਜਾ ਰਹੀ ਹੈ, ਉਥੇ ਨਗਰ ਨਿਗਮ ਵਲੋਂ ਕਲੋਰੀਨ ਯੁਕਤ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸਿਹਤ ਵਿਭਾਗ ਵਲੋਂ ਓ.ਆਰ.ਐਸ ਅਤੇ ਕਲੋਰੀਨ ਦੀਆਂ ਗੋਲੀਆਂ ਵੀ ਵੰਡੀਆਂ ਜਾ ਰਹੀਆਂ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਮਲੇਰੀਆ, ਡੇਂਗੂ ਅਤੇ ਚਿਕਨਗੁਨੀਆ ਸਬੰਧੀ ਪੂਰੀ ਜਾਣਕਾਰੀ ਲਈ ਸਿਹਤ ਕੇਂਦਰਾਂ ਤੋਂ ਇਲਾਵਾ ਗੂਗਲ ਪਲੇਅ ਸਟੋਰ ‘ਤੇ ਮੁਫ਼ਤ ‘ਡੇਂਗੂ ਫਰੀ ਪੰਜਾਬ’ ਐਪ ਡਾਊਨਲੋਡ ਕਰਕੇ ਪ੍ਰਾਪਤ ਕੀਤੀ ਜਾ ਸਕਦੀ ਹੈ। ਉਹਨਾਂ ਦੱਸਿਆ ਕਿ ਡੇਂਗੂ ਅਤੇ ਚਿਕਨਗੁਨੀਆਂ ਦਾ ਟੈਸਟ ਅਤੇ ਸਪੋਟਿਵ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਉਹਨਾਂ ਅਪੀਲ ਕੀਤੀ ਕਿ ਹਰੇਕ ਵਿਅਕਤੀ ਆਪ ਜਾਗਰੂਕ ਹੋਕੇ ਅੱਗੇ ਹੋਰ ਵਿਅਕਤੀਆਂ ਨੂੰ ਵੀ ਜਾਗਰੂਕ ਕਰੇ, ਤਾਂ ਜੋ ਜ਼ਿਲੇ ਨੂੰ ਸਿਹਤਮੰਦ ਰੱਖਿਆ ਜਾ ਸਕੇ।













