ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸਤਿਕਾਰ ਦੇਣ ਲਈ ਜ਼ਿਲਾ ਪ੍ਰਸ਼ਾਸ਼ਨ ਵਲੋਂ ਨਿਵੇਕਲੀ ਪਹਿਲ

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼),ਰਿਪੋਰਟ- ਗੁਰਜੀਤ ਸੋਨੂੰ। ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਸਤਿਕਾਰ ਸਹਿਤ ਸਮੱਸਿਆਵਾਂ ਦੇ ਹੱਲ ਲਈ ਜ਼ਿਲਾ ਪ੍ਰਸ਼ਾਸ਼ਨ ਵਲੋਂ ‘ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦਾ ਸਤਿਕਾਰ’ ਮੁਹਿੰਮ ਸ਼ੁਰੂ ਕਰਕੇ ਇਕ ਨਿਵੇਕਲੀ ਪਹਿਲ ਕੀਤੀ ਗਈ ਹੈ, ਜਿਸ ਤਹਿਤ ਹਰ ਬੁੱਧਵਾਰ ਡਿਪਟੀ ਕਮਿਸ਼ਨਰ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਸੁਣਨਗੇ। ਅੱਜ ਇਸ ਮੁਹਿੰਮ ਦੀ ਸੁਰੂਆਤ ਕਰਦੇ ਹੋਏ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨਾਲ ਜ਼ਿਲਾਂ ਪ੍ਰਬੰਧਕੀ ਕੰਪਲੈਕਸ ਵਿਖੇ ਇਕ ਵਿਸ਼ੇਸ਼ ਮੁਲਾਕਾਤ ਕੀਤੀ, ਜਿਸ ਦੌਰਾਨ ਜਿਥੇ ਉਹਨਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ, ਉਥੇ  ਉਹਨਾਂ ਦੇ ਜਲਦੀ ਹੱਲ ਦਾ ਭਰੋਸਾ ਵੀ ਦਿੱਤਾ। 

Advertisements

ਈਸ਼ਾ ਕਾਲੀਆ ਨੇ ਕਿਹਾ ਕਿ ਇਕੱਲੇ ਬੁੱਧਵਾਰ ਹੀ ਨਹੀਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰ ਕਿਸੇ ਵੇਲੇ ਵੀ ਉਹਨਾਂ ਨਾਲ ਮਿਲ ਕੇ ਮੁਸ਼ਕਿਲਾਂ ਤੋਂ ਜਾਣੂ ਕਰਵਾ ਸਕਦੇ ਹਨ। ਉਹਨਾਂ ਕਿਹਾ ਕਿ ਇਹਨਾਂ ਪਰਿਵਾਰਾਂ ਦੀ ਮਹੱਤਤਾ ਹਰ ਦਿਨ ਹੈ, ਇਸ ਲਈ ਜਿਲੇ ਦੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਪੂਰਾ ਸਤਿਕਾਰ ਦਿੱਤਾ ਜਾਵੇਗਾ। ਉਹਨਾਂ ਪਰਿਵਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹਨਾਂ ਦੇ ਪਰਿਵਾਰ ਦੇ ਮੈਂਬਰ ਵਲੋਂ ਦਿੱਤੀ ਗਈ ਕੁਰਬਾਨੀ ਸਦਕਾ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਹਨਾਂ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਜ਼ਮੀਨਾਂ ‘ਤੇ ਕੋਈ ਨਜਾਇਜ਼ ਕਬਜ਼ਾ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਨਾ ਹੀ ਕੋਈ ਹੋਰ ਧੱਕੇਸ਼ਾਹੀ ਬਰਦਾਸ਼ਤ ਕੀਤੀ ਜਾਵੇਗੀ। 

– ਮੁਸ਼ਕਲਾਂ ਪਹਿਲ ਦੇ ਆਧਾਰ ‘ਤੇ ਹੱਲ ਕੀਤੀਆਂ ਜਾਣਗੀਆਂ : ਡਿਪਟੀ ਕਮਿਸ਼ਨਰ 

 ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ ਦਾ ਕਦੇ ਵੀ ਕਰਜ਼ ਉਤਾਰਿਆ ਨਹੀਂ ਜਾ ਸਕਦਾ, ਇਸ ਲਈ  ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਪੂਰਾ ਮਾਣ-ਸਤਿਕਾਰ ਯਕੀਨੀ ਬਣਾਉਣ ਲਈ ਜ਼ਿਲਾ ਪ੍ਰਸ਼ਾਸ਼ਨ ਵਚਨਬੱਧ ਹੈ। ਉਹਨਾਂ ਕਿਹਾ ਕਿ ਪਰਿਵਾਰਾਂ ਨੂੰ ਵੱਖ-ਵੱਖ ਸਕੀਮਾਂ ਤਹਿਤ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਗੰਭੀਰ ਹੈ ਅਤੇ ਇਸੇ ਗੰਭੀਰਤਾ ਸਦਕਾ ਹੀ ਸਰਕਾਰ ਵਲੋਂ ‘ਘਰ-ਘਰ ਰੋਜ਼ਗਾਰ ਯੋਜਨਾ’ ਸ਼ੁਰੂ ਕੀਤੀ ਗਈ ਹੈ। ਉਹਨਾਂ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨਾਲ ਸਬੰਧਤ ਯੋਗ ਵਿਅਕਤੀ ‘ਘਰ-ਘਰ ਰੋਜ਼ਗਾਰ ਪੋਰਟਲ’ ‘ਤੇ ਨੌਕਰੀ ਲਈ ਅਪਲਾਈ ਕਰ ਸਕਦੇ ਹਨ। ਇਸ ਤੋਂ ਇਲਾਵਾ ਜੇਕਰ ਅਪਲਾਈ ਦੌਰਾਨ ਕੋਈ ਸਮੱਸਿਆ ਆਉਂਦੀ ਹੈ, ਤਾਂ ਜਿਲੇ ਦੇ ਰੋਜ਼ਗਾਰ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਉਹਨਾਂ ਕਿਹਾ ਕਿ ਸਰਕਾਰ ਵਲੋਂ ਰੋਜ਼ਗਾਰ ਮੇਲੇ ਵੀ ਲਗਾਏ ਜਾ ਰਹੇ ਹਨ, ਜਿਸ ਤਹਿਤ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਵਿਸ਼ੇਸ਼ ਤਵੱਜੋਂ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸ਼ਨ ਵਲੋਂ ਦਿਵਿਆਂਗ ਵਿਅਕਤੀਆਂ ਦੀ ਸਹੂਲਤ ਲਈ ‘ਹਰ ਵੀਰਵਾਰ ਦਿਵਿਆਂਗਾਂ ਦਾ ਸਤਿਕਾਰ’ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇਸ ਮੁਹਿੰਮ ਤਹਿਤ ਹਰ ਵੀਰਵਾਰ ਇਕ ਸਬ-ਡਵੀਜ਼ਨ ਵਿੱਚ ਕੈਂਪ ਲਗਾ ਕੇ ਦਿਵਿਆਂਗ ਵਿਅਕਤੀਆਂ ਲਈ ਯੂ.ਡੀ.ਆਈ.ਡੀ., ਸ਼ਨਾਖਤੀ ਕਾਰਡ, ਦਿਵਿਆਂਗ ਸਰਟੀਫਿਕੇਟ ਆਦਿ ਤੋਂ ਇਲਾਵਾ ਸਿਹਤ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। 

ਈਸ਼ਾ ਕਾਲੀਆ ਨੇ ਕਿਹਾ ਕਿ ਜ਼ਿਲਾ ਪ੍ਰਸ਼ਾਸ਼ਨ ਵਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਪੂਰਾ ਮਾਣ ਸਤਿਕਾਰ ਦੇਣ ਹਿੱਤ ਇਹ ਨਵੀਂ ਸ਼ੁਰੂਆਤ ਕੀਤੀ ਗਈ ਹੈ ਅਤੇ ਇਸ ਵਿੱਚ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀ ਸ਼ਮੂਲੀਅਤ ਬਹੁਤ ਜ਼ਰੂਰੀ ਹੈ। ਉਹਨਾਂ ਕਿਹਾ ਕਿ ਆਪਸੀ ਤਾਲਮੇਲ ਨਾਲ ਹੀ ਸਮੱਸਿਆਵਾਂ ਨਾਲ ਨਜਿੱਠਿਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਪਰਿਵਾਰਾਂ ਨੂੰ ਸਹੂਲਤਾਂ ਪ੍ਰਦਾਨ ਕਰਨਾ ਹੀ ਆਜ਼ਾਦੀ ਦੇ ਪ੍ਰਵਾਨਿਆਂ ਨੂੰ ਸੱਚੀ ਸ਼ਰਧਾਂਜ਼ਲੀ ਹੋਵੇਗੀ ਅਤੇ ਜ਼ਿਲਾਂ ਪ੍ਰਸ਼ਾਸ਼ਨ ਇਸ ਲਈ ਵਚਨਬੱਧ ਹੈ। ਇਸ ਮੌਕੇ ਜ਼ਿਲਾ ਫਰੀਡਮ ਫਾਈਟਰ ਉਤਰਾ ਅਧਿਕਾਰੀ ਸੰਸਥਾ ਦੇ ਪ੍ਰਧਾਨ ਗੁਰਦੇਵ ਸਿੰਘ ਕੋਟਫਤੂਹੀ ਨੇ ਜ਼ਿਲਾਂ ਪ੍ਰਸ਼ਾਸ਼ਨ ਵਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਪ੍ਰਸ਼ਾਸ਼ਨ ਵਲੋਂ ਚੁੱਕੇ ਗਏ ਇਸ ਕਦਮ ਨਾਲ ਆਜ਼ਾਦੀ ਘੁਲਾਟੀਆਂ ਦੇ ਪਰਿਵਾਰ ਕਾਫ਼ੀ ਖੁਸ਼ ਹਨ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਰਣਦੀਪ ਸਿੰਘ ਹੀਰ, ਸੀਨੀਅਰ ਵਾਈਸ ਪ੍ਰਧਾਨ ਮਨਜੀਤ ਸਿੰਘ, ਪ੍ਰਭ ਸਿੰਘ, ਹੀਰਾ ਲਾਲ ਪੁਰੀ, ਜਸਪਾਲ ਸਿੰਘ, ਗੁਰਮੇਲ ਸਿੰਘ ਹਾਰਟਾ, ਸਤਵੰਤ ਸਿੰਘ, ਅਮਨਦੀਪ ਸਿੰਘ, ਕੈਲਾਸ਼ ਰਾਣੀ, ਅਮਨ ਸਿੰਘ ਧੂਤਕਲਾਂ, ਅਮਰੀਕ ਸਿੰਘ, ਜੈਮਲ ਸਿੰਘ ਅਤੇ ਹੋਰ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ। 

LEAVE A REPLY

Please enter your comment!
Please enter your name here