ਪੰਜਾਬ ਨੂੰ ਤੰਦਰੁਸਤ ਬਣਾਉਣ ਲਈ ਸਾਂਝਾ ਹੰਭਲਾ ਮਾਰਨ ਦੀ ਲੋੜ: ਕੈਬਨਿਟ ਮੰਤਰੀ ਅਰੋੜਾ

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼), ਰਿਪੋਰਟ:ਮੁਕਤਾ ਵਾਲਿਆ। ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਤੰਦਰੁਸਤ ਬਣਾਉਣ ਲਈ ਜੋ ‘ਮਿਸ਼ਨ ਤੰਦਰੁਸਤ ਪੰਜਾਬ’ ਮੁਹਿੰਮ ਸ਼ੁਰੂ ਕੀਤੀ ਗਈ ਹੈ, ਨੂੰ ਕਾਮਯਾਬ ਬਣਾਉਣ ਲਈ ਸਾਂਝਾ ਹੰਭਲਾ ਮਾਰਨ ਦੀ ਲੋੜ ਹੈ। ਉਹ ਅੱਜ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਵਿਖੇ ਜ਼ਿਲਾ ਰੈਡ ਕਰਾਸ ਸੋਸਾਇਟੀ ਵਲੋਂ ਉਘੇ ਦਾਨੀ ਸੱਜਣ ਪਿਆਰੇ ਲਾਲ ਸੈਣੀ ਦੇ ਸਹਿਯੋਗ ਨਾਲ ਖੋਲੇ ਗਏ ਕੰਪਿਊਟਰ ਸੈਂਟਰ ਦਾ ਉਦਘਾਟਨ ਕਰ ਰਹੇ ਸਨ।

Advertisements

ਇਸ ਮੌਕੇ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਅਤੇ ਆਈ.ਏ.ਐਸ (ਅੰਡਰ ਟ੍ਰੇਨਿੰਗ) ਗੌਤਮ ਜੈਨ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਕੰਪਿਊਟਰ ਸੈਂਟਰ ਦਾ ਉਦਘਾਟਨ ਕਰਨ ਉਪਰੰਤ ਅਰੋੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਿੱਥੇ ਇਸ ਕੇਂਦਰ ਵਿਚ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ, ਉਥੇ ਉਹਨਾਂ ਦੇ ਮੁੜ ਵਸੇਬੇ ਲਈ ਵੱਖ-ਵੱਖ ਸਿਖਲਾਈ ਕੋਰਸ ਵੀ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਕੰਪਿਊਟਰ ਸੈਂਟਰ ਦੀ ਸ਼ੁਰੂਆਤ ਕੀਤੀ ਗਈ ਹੈ, ਤਾਂ ਜੋ ਮਰੀਜ਼ ਨਸ਼ੇ ਦੀ ਦਲਦਲ ਵਿੱਚੋਂ ਨਿਕਲ ਕੇ ਕੰਪਿਊਟਰ ਦੇ ਖੇਤਰ ਵਿਚ ਰੁਜ਼ਗਾਰ ਪ੍ਰਾਪਤ ਕਰ ਸਕਣ। ਉਹਨਾਂ ਕਿਹਾ ਕਿ ਪੰਜਾਬ ਨੂੰ ਤੰਦਰੁਸਤ ਬਣਾਉਣ ਲਈ ਨਸ਼ਿਆਂ ਖਿਲਾਫ ਇਕਜੁੱਟਤਾ ਬਹੁਤ ਜ਼ਰੂਰੀ ਹੈ, ਜਿਸ ਲਈ ਇਸ ਕੁਰੀਤੀ ਖਿਲਾਫ਼ ਸਾਂਝਾ ਹੰਭਲਾ ਮਾਰਨਾ ਸਮੇਂ ਦੀ ਮੁੱਖ ਲੋੜ ਹੈ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਸ਼ਿਆਂ ਖਿਲਾਫ ਕਾਫੀ ਗੰਭੀਰ ਹਨ ਅਤੇ ਇਸੇ ਗੰਭੀਰਤਾ ਸਦਕਾ ਡੈਪੋ ਮੁਹਿੰਮ ਚਲਾਈ ਗਈ ਹੈ। ਅਰੋੜਾ ਨੇ ਮੁੜ ਵਸੇਬਾ ਕੇਂਦਰ ਲਈ 1 ਲੱਖ ਰੁਪਏ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਕੇਂਦਰ ਵਿਚ ਮਰੀਜ਼ਾਂ ਦੀ ਸਹੂਲਤ ਲਈ ਕਿਸੇ ਵੀ ਤਰਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਹੁਸ਼ਿਆਰਪੁਰ ਜ਼ਿਲੇ ਨੂੰ ਵਿਕਾਸ ਪੱਖੋਂ ਮੋਹਰੀ ਜ਼ਿਲਾ ਬਣਾਉਣ ਲਈ ਉਹ ਜੀਅ ਤੋੜ ਯਤਨ ਕਰਨਗੇ। ਉਹਨਾਂ ਕਿਹਾ ਕਿ ਸਰਕਾਰੀ ਕਾਲਜ ਵਿਚ ਉਹਨਾਂ ਐਮ ਕਾਮ ਅਤੇ ਬੀ.ਐਸ.ਸੀ (ਆਈ.ਟੀ) ਦੇ ਕੋਰਸ ਸ਼ੁਰੂ ਕਰਵਾ ਦਿੱਤੇ ਹਨ, ਜਿਸ ਨਾਲ ਵਿਦਿਆਰਥੀਆਂ ਨੂੰ ਕਾਫੀ ਫਾਇਦਾ ਪਹੁੰਚੇਗਾ। ਉਹਨਾਂ ਕਿਹਾ ਕਿ ਹੁਸ਼ਿਆਰਪੁਰ ਹਲਕੇ ਦੇ ਸਾਰੇ ਐਲੀਮੈਂਟਰੀ ਸਕੂਲਾਂ ਵਿਚ ਸਮਾਰਟ ਕਲਾਸਾਂ ਵੀ ਸ਼ੁਰੂ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਪ੍ਰਾਇਮਰੀ ਸਿੱਖਿਆ ਨੂੰ ਸਮੇਂ ਦੇ ਹਾਣ ਦਾ ਬਣਾਇਆ ਜਾ ਸਕੇ।

ਉਹਨਾਂ ਕਿਹਾ ਕਿ ਹੁਸ਼ਿਆਰਪੁਰ ਦੇ ਸ਼ਮਸ਼ਾਨਘਾਟ ਲਈ 2 ਕਰੋੜ ਰੁਪਏ ਖਰਚੇ ਜਾ ਰਹੇ ਹਨ, ਜਿਸ ਤਹਿਤ 21 ਲੱਖ ਰੁਪਏ ਜਾਰੀ ਵੀ ਕਰ ਦਿੱਤੇ ਗਏ ਹਨ। ਉਹਨਾਂ ਕਿਹਾ ਕਿ ਹੁਸ਼ਿਆਰਪੁਰ ਦਾ ਨਕਸ਼ਾ ਬਦਲਣ ਲਈ ਉਹ ਕੋਈ ਕਸਰ ਬਾਕੀ ਨਹੀਂ ਛੱਡਣਗੇ। ਇਸ ਤੋਂ ਪਹਿਲਾਂ ਅਰੋੜਾ ਨੇ ਮੁੜ ਵਸੇਬਾ ਕੇਂਦਰ ਵਿਚ ਦਾਖਲ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਨੂੰ ਨਸ਼ੇ ਦੀ ਦਲਦਲ ਵਿਚੋਂ ਨਿਕਲਕੇ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕਰਨ ਦੀ ਅਪੀਲ ਵੀ ਕੀਤੀ। ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ ਨਸ਼ਾ ਛੱਡਣ ਵਾਲੇ ਵਿਅਕਤੀਆਂ ਨੂੰ ਕੰਪਿਊਟਰ ਖੇਤਰ ਨਾਲ ਜੋੜਕੇ ਪੈਰਾਂ ਸਿਰ ਖੜਾ ਕਰਨ ਲਈ ਹੀ ਕੰਪਿਊਟਰ ਸੈਂਟਰ ਦੀ ਸ਼ੁਰੂਆਤ ਕੀਤੀ ਗਈ ਹੈ। ਉਹਨਾਂ ਅਪੀਲ ਕੀਤੀ ਕਿ ਇਥੇ ਦਾਖਲ ਮਰੀਜ਼ ਹੁਨਰਮੰਦ ਬਣਕੇ ਜ਼ਿੰਦਗੀ ਨਵੇਂ ਸਿਰੇ ਤੋਂ ਸ਼ੁਰੂ ਕਰਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ ਵਿੱਢੀ ਜੰਗ ਵਿਚ ਹਰੇਕ ਵਿਅਕਤੀ ਦੀ ਸ਼ਮੂਲੀਅਤ ਬਹੁਤ ਜ਼ਰੂਰੀ ਹੈ।

ਉਹਨਾਂ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਅਤੇ ਤੰਦਰੁਸਤ ਬਣਾਉਣ ਲਈ ਸਰਕਾਰ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਅਤੇ ਡੈਪੋ ਮੁਹਿੰਮ ਚਲਾਈ ਗਈ ਹੈ ਅਤੇ ਇਹਨਾਂ ਨਿਵੇਕਲੇ ਉਪਰਾਲਿਆਂ ਤਹਿਤ ਹਰੇਕ ਵਿਅਕਤੀ ਬਰਾਂਡ ਅੰਬੈਸਡਰ ਬਣਕੇ ਨਸ਼ਿਆਂ ਖਿਲਾਫ ਜਾਗਰੂਕਤਾ ਫੈਲਾਏ। ਉਹਨਾਂ ਕਿਹਾ ਕਿ ਸਰਕਾਰ ਵਲੋਂ ਓ.ਓ.ਏ.ਟੀ ਸੈਂਟਰਾਂ ਤੋਂ ਇਲਾਵਾ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਵਿਚ ਮਰੀਜ਼ਾਂ ਦਾ ਮੁਫਤ ਇਲਾਜ ਕੀਤਾ ਜਾ ਰਿਹਾ ਹੈ। ਉਹਨਾਂ ਪਿਆਰੇ ਲਾਲ ਸੈਣੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹਨਾਂ ਦੇ ਸਹਿਯੋਗ ਸਦਕਾ ਜ਼ਿਲਾ ਰੈਡ ਕਰਾਸ ਸੋਸਾਇਟੀ ਵਲੋਂ ਕੰਪਿਊਟਰ ਸੈਂਟਰ ਅਤੇ ਲਾਇਬ੍ਰੇਰੀ ਦੀ ਸ਼ੁਰੂਆਤ ਕੀਤੀ ਗਈ ਹੈ।

ਸਮਾਰੋਹ ਦੌਰਾਨ ਡੈਪੋ ਤਹਿਤ ਨਸ਼ਿਆਂ ਖਿਲਾਫ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਦੀ ਸਹੁੰ ਵੀ ਚੁੱਕੀ ਗਈ ਅਤੇ ਇਸ ਦੌਰਾਨ ਪਿਆਰੇ ਲਾਲ ਸੈਣੀ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਰੇਨੂ ਸੂਦ, ਸਕੱਤਰ ਜ਼ਿਲਾ ਰੈਡ ਕਰਾਸ ਸੋਸਾਇਟੀ ਨਰੇਸ਼ ਗੁਪਤਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਤਪਾਲ ਗੋਜਰਾ, ਮੈਡੀਕਲ ਅਫ਼ਸਰ ਡਾ. ਗੁਰਵਿੰਦਰ ਸਿੰਘ, ਮਨੋਰੋਗ ਮਾਹਿਰ ਡਾ. ਰਾਜ ਕੁਮਾਰ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here