15 ਅਗਸਤ ਨੂੰ ਕੈਬਨਿਟ ਮੰਤਰੀ ਚਰਨਜੀਤ ਚੰਨੀ ਲਹਿਰਾਉਣਗੇ ਕੌਮੀ ਝੰਡਾ

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼), ਰਿਪੋਰਟ:ਮੁਕਤਾ ਵਾਲਿਆ। 72ਵੇਂ ਆਜ਼ਾਦੀ ਦਿਵਸ ਦੇ ਮੌਕੇ ‘ਤੇ ਜ਼ਿਲਾ ਪੱਧਰੀ ਸਮਾਰੋਹ 15 ਅਗਸਤ ਨੂੰ ਸਥਾਨਕ ਪੁਲਿਸ ਲਾਈਨ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਅੱਜ ਜਿਲਾ ਪੱਧਰੀ ਸਮਾਰੋਹ ਸਬੰਧੀ ਫੁਲ ਡਰੈਸ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਦਿੱਤੀ।

Advertisements

ਡਿਪਟੀ ਕਮਿਸ਼ਨਰ ਨੇ ਅੱਜ ਦੀ ਫੁਲ ਡਰੈਸ ਰਿਹਰਸਲ ਦੌਰਾਨ ਕੌਮੀ ਤਿਰੰਗਾ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਕੀਤਾ, ਉਪਰੰਤ ਪਰੇਡ ਕਮਾਂਡਰ ਗੁਰਪ੍ਰੀਤ ਸਿੰਘ ਡੀ.ਐਸ.ਪੀ. (ਟਾਂਡਾ) ਦੀ ਅਗਵਾਈ ਵਿੱਚ ਪੀ.ਆਰ.ਟੀ.ਸੀ. ਜਹਾਨਖੇਲਾਂ, ਪੰਜਾਬ ਪੁਲਿਸ, ਮਹਿਲਾ ਪੰਜਾਬ ਪੁਲਿਸ, ਪੰਜਾਬ ਹੋਮਗਾਰਡਜ਼, ਸਾਬਕਾ ਫੌਜੀ, ਐਨ.ਸੀ.ਸੀ., ਗਰਲਜ ਗਾਈਡਜ ਅਤੇ ਸਕਾਊਟਸ ਵੱਲੋਂ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ ਗਈ। ਇਸ ਮੌਕੇ  ਸਕੂਲਾਂ ਦੇ ਬੱਚਿਆਂ ਵੱਲੋਂ ਮਾਸ ਪੀ.ਟੀ. ਸ਼ੋਅ ਅਤੇ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। 

-ਫੁਲ ਡਰੈਸ ਰਿਹਰਸਲ ਵਿੱਚ ਦਿਸਿਆ ਦੇਸ਼ ਭਗਤੀ ਦਾ ਜਜ਼ਬਾ  

ਵਿਦਿਆਰਥੀਆਂ ਵਲੋਂ ਪੇਸ਼ ਕੀਤੀਆਂ ਗਈਆਂ ਸਭਿਆਚਾਰਕ ਵੰਨਗੀਆਂ ਦੌਰਾਨ ਦੇਸ਼ ਭਗਤੀ ਦਾ ਜਜ਼ਬਾ ਉਮੜ ਰਿਹਾ ਸੀ, ਜਿਸ ਦੀ ਭਰਪੂਰ ਸ਼ਲਾਘਾ ਕੀਤੀ ਗਈ। ਫੁਲ ਡਰੈਸ ਰਿਹਰਸਲ ਉਪਰੰਤ ਈਸ਼ਾ ਕਾਲੀਆ ਨੇ ਜ਼ਿਲਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲਾ ਪੱਧਰੀ ਸਮਾਰੋਹ ਦੇ ਪ੍ਰਬੰਧਾਂ ਵਿੱਚ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਉਹਨਾਂ ਕਿਹਾ ਕਿ ਇਸ ਮਹੱਤਵਪੂਰਨ ਦਿਹਾੜੇ ‘ਤੇ ਪੰਜਾਬ ਸਰਕਾਰ ਵਲੋਂ ਕੀਤੇ ਵੱਖ-ਵੱਖ ਨਿਵੇਕਲੇ ਕਾਰਜ਼ਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ ਅਤੇ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਕੱਢੀ ਜਾਣ ਵਾਲੀ ਝਾਕੀ ਖਿੱਚ ਦਾ ਕੇਂਦਰ ਰਹੇਗੀ। ਉਹਨਾਂ ਕਿਹਾ ਕਿ ਇਸ ਮੌਕੇ ਜਿਥੇ ਆਜ਼ਾਦੀ ਘੁਲਾਟੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ, ਉਥੇ ਵਿਲੱਖਣ ਪ੍ਰਾਪਤੀ ਵਾਲੀਆਂ ਸਖਸ਼ੀਅਤਾਂ ਨੂੰ ਵੀ ਸਨਮਾਨਿਆ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਜਿਲਾ ਰੈਡ ਕਰਾਸ ਸੁਸਾਇਟੀ ਵਲੋਂ ਲੋੜਵੰਦਾਂ ਨੂੰ ਟਰਾਈ-ਸਾਈਕਲ, ਵੀਲਚੇਅਰਜ਼ ਅਤੇ ਸਿਲਾਈ ਮਸ਼ੀਨਾਂ ਵੀ ਵੰਡੀਆਂ ਜਾਣਗੀਆਂ। ਉਹਨਾਂ ਕਿਹਾ ਕਿ ਆਜ਼ਾਦੀ ਦਿਵਸ ਦਾ ਕੌਮੀ ਸਮਾਰੋਹ ਪ੍ਰਭਾਵਸ਼ਾਲੀ ਤਰੀਕੇ ਨਾਲ ਮਨਾਇਆ ਜਾਵੇਗਾ। ਉਹਨਾਂ ਨੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨ ਹੋਣ ਵਾਲੇ ਸ਼ਹੀਦਾਂ ਨੂੰ ਯਾਦ ਕਰਨ ਅਤੇ ਸ਼ਰਧਾ ਭੇਂਟ ਕਰਨ ਲਈ ਇਸ ਸਮਾਰੋਹ ਵਿੱਚ ਜ਼ਿਲਾ ਵਾਸੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ। ਉਹਨਾ ਸਮੂਹ ਵਿਭਾਗਾਂ ਨੂੰ ਆਪਣੀ ਹਾਜ਼ਰੀ ਯਕੀਨੀ ਬਣਾਉਣ ਲਈ ਵੀ ਕਿਹਾ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ‘ਬਡੀ’ ਪ੍ਰੋਜੈਕਟ ਬਾਰੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਸਰਕਾਰ ਵਲੋਂ ‘ਬਡੀ’ ਪ੍ਰੋਜੈਕਟ ਦੀ 15 ਅਗਸਤ ਨੂੰ ਸ਼ੁਰੂਆਤ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਇਸ ਪ੍ਰੋਜੈਕਟ ਵਿੱਚ ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀ ਸ਼ਾਮਲ ਕੀਤੇ ਜਾ ਰਹੇ ਹਨ, ਜਿਨਾਂ ਨੂੰ ‘ਬਡੀ’ (ਸਾਥੀ) ਦਾ ਨਾਂ ਦਿੱਤਾ ਗਿਆ ਹੈ। ਵਿਦਿਆਰਥੀਆਂ ਦੇ ਇਹ ‘ਬਡੀ’ ਗਰੁੱਪ ਸਮਾਜ ਨੂੰ ਨਸ਼ਾ ਮੁਕਤ ਕਰਨ ਲਈ ਅਹਿਮ ਰੋਲ ਅਦਾ ਕਰਨਗੇ, ਇਸ ਲਈ ਵੱਧ ਤੋਂ ਵੱਧ ਵਿਦਿਆਰਥੀ ਇਸ ਵਿੱਚ ਆਪਣਾ ਯੋਗਦਾਨ ਪਾਉਣ।

ਉਹਨਾਂ ਕਿਹਾ ਕਿ 15 ਅਗਸਤ ਨੂੰ ਕਰਜ਼ਾ ਮੁਆਫ਼ੀ ਯੋਜਨਾ, ਘਰ-ਘਰ ਰੋਜ਼ਗਾਰ ਯੋਜਨਾ, ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਤੇ ਹਰ ਵੀਰਵਾਰ ਦਿਵਿਆਂਗਾਂ ਦਾ ਸਤਿਕਾਰ ਮੁਹਿੰਮ ਦਾ ਆਗਾਜ਼ ਵੀ ਕੀਤਾ ਜਾਵੇਗਾ। ਇਸ ਮੌਕੇ ‘ਤੇ ਆਈ.ਏ.ਐਸ. (ਅੰਡਰ ਟਰੇਨਿੰਗ) ਗੌਤਮ ਜੈਨ, ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪਮ ਕਲੇਰ, ਐਸ.ਪੀ. (ਐਚ) ਬਲਬੀਰ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਆਰ.ਪੀ. ਸਿੰਘ, ਸਹਾਇਕ ਕਮਿਸ਼ਨਰ (ਅੰਡਰ ਟਰੇਨਿੰਗ) ਅਮਿਤ ਸਰੀਨ, ਜ਼ਿਲਾ ਲੋਕ ਸੰਪਰਕ ਅਫ਼ਸਰ ਹਾਕਮ ਥਾਪਰ, ਜ਼ਿਲਾ ਸਿੱਖਿਆ (ਸ) ਮੋਹਨ ਸਿੰਘ ਲੇਹਲ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।
 

LEAVE A REPLY

Please enter your comment!
Please enter your name here