ਮੰਤਰੀ ਮੰਡਲ ਨੇ ਵਿਧਾਇਕਾਂ ਲਈ ਲਾਭ ਦੇ ਅਹੁਦੇ ਬਾਰੇ ਨਵੇਂ ਬਿੱਲ ਨੂੰ ਦਿੱਤੀ ਹਰੀ ਝੰਡੀ

ਚੰਡੀਗੜ (ਦਾ ਸਟੈਲਰ ਨਿਊਜ਼)। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੇ ਪੰਜਾਬ ਮੰਤਰੀ ਮੰਡਲ ਨੇ ਵਿਧਾਇਕਾਂ ਨੂੰ ਹੋਰ ਬਹੁਤ ਸਾਰੀਆਂ ਨਵੀਆਂ ਸ਼੍ਰੇਣੀਆਂ ਵਿੱਚ ‘ਲਾਭ ਦਾ ਅਹੁਦਾ’ ਰੱਖਣ ਯੋਗ ਬਣਾਉਣ ਲਈ ਇਕ ਨਵਾਂ ਕਾਨੂੰਨ ਬਣਾਏ ਜਾਣ ਲਈ ਰਾਹ ਪੱਧਰਾ ਕਰ ਦਿੱਤਾ ਹੈ। ਮੰਤਰੀ ਮੰਡਲ ਦੀ ਸਹਿਮਤੀ ਮਿਲਣ ਤੋਂ ਬਾਅਦ ਇਸ ‘ਦੀ ਪੰਜਾਬ ਸਟੇਟ ਲੈਜਿਸਲੇਚਰ (ਪੀ੍ਰਵੈਂਸ਼ਨ ਆਫ ਡਿਸਕੁਆਲੀਫਿਕੇਸ਼ਨ) (ਸੋਧ) ਬਿੱਲ-2018 ਨੂੰ ਵਿਧਾਨ ਸਭਾ ਦੇ ਆਉਂਦੇ ਸਮਾਗਮ ਵਿੱਚ ਸਦਨ ‘ਚ ਰੱਖਿਆ ਜਾਵੇਗਾ।

Advertisements

ਇਕ ਸਰਕਾਰੀ ਬੁਲਾਰੇ ਅਨੁਸਾਰ ਇਸ ਬਿੱਲ ਵਿੱਚ ਪ੍ਰਸਤਾਵਿਤ ਸੋਧਾਂ ਦੇ ਅਨੁਸਾਰ ਲਾਭ ਦੇ ਅਹੁਦੇ ਦੀਆਂ ਵੱਖ-ਵੱਖ ਸ਼੍ਰੇਣੀਆਂ ਨੂੰ ਅਹੁਦਾ/ਆਫ਼ਿਸ ਦੀ ਮੌਜੂਦਾ ਸੂਚੀ ਵਿੱਚ ਸ਼ਾਮਲ ਕੀਤਾ ਜਾਵੇਗਾ। ਇਸ ਦੇ ਅਨੁਸਾਰ ਇਨਾਂ ਅਹੁਦਿਆਂ ‘ਤੇ ਵਿਧਾਇਕ ਬਣੇ ਰਹੇ ਸਕਣਗੇ ਅਤੇ ਉਹ ਅਯੋਗ ਨਹੀਂ ਹੋਣਗੇ। ਇਹ ਸੋਧ ਪ੍ਰਸ਼ਾਸਨ ਦੇ ਮੌਜੂਦਾ ਦੌਰ ਦੀਆਂ ਉਲਝਣਾਂ ਦੇ ਹੱਲ ਵਾਸਤੇ ਲਿਆਂਦੀ ਗਈ ਹੈ। ਇਸ ਦੇ ਵਿੱਚ ਨਵਾਂ ਸੈਕਸ਼ਨ 1-ਏ ਸ਼ਾਮਲ ਕੀਤਾ ਗਿਆ ਹੈ ਜਿਸ ਵਿੱਚ ‘ਲਾਜ਼ਮੀ ਭੱਤਿਆਂ’ ਨੂੰ ‘ਸੰਵਿਧਾਨਿਕ ਸੰਸਥਾ’ ਅਤੇ ‘ਗੈਰ-ਸੰਵਿਧਾਨਿਕ ਸੰਸਥਾ’ ਵਿੱਚ ਪ੍ਰਭਾਸ਼ਿਤ ਕੀਤਾ ਗਿਆ ਹੈ।

ਸੈਕਸ਼ਨ 1(ਏ) ਦੇ ਅਨੁਸਾਰ ‘ਲਾਜ਼ਮੀ ਭੱਤਿਆਂ’ ਦਾ ਮਤਲਬ ਕੁਝ ਅਜਿਹੀ ਰਾਸ਼ੀ ਤੋਂ ਹੋਵੇਗਾ ਜੋ ਅਹੁਦੇ ‘ਤੇ ਮੌਜੂਦ ਵਿਅਕਤੀ ਨੂੰ ਰੋਜ਼ਾਨਾ ਭੱਤੇ, ਸਫ਼ਰੀ ਭੱਤੇ, ਮਕਾਨ ਭੱਤੇ ਜਾਂ ਯਾਤਰਾ ਭੱਤੇ ਦੇ ਰੂਪ ਵਿੱਚ ਦਿੱਤੀ ਜਾਵੇਗੀ ਤਾਂ ਜੋ ਉਹ ਅਹੁਦੇ ਦੇ ਕੰਮਕਾਜ ਨੂੰ ਨਿਭਾਉਣ ਲਈ ਆਉਂਦੇ ਕਿਸੇ ਵੀ ਖ਼ਰਚੇ ਵਾਸਤੇ ਪ੍ਰਤੀਫਲ ਦੇ ਰੂਪ ਵਿੱਚ ਇਸ ਦੀ ਪ੍ਰਾਪਤੀ ਦੇ ਯੋਗ ਹੋ ਸਕੇ। ਇਸ ਐਕਟ ਦੇ ਸੈਕਸ਼ਨ-2 ਦੇ ਹੇਠ ਲਾਭ ਦੇ ਅਹੁਦੇ ਦੀਆਂ ਸ਼੍ਰੇਣੀਆਂ ਨੂੰ ਸ਼ਾਮਲ ਤੇ ਵਾਧਾ ਕੀਤਾ ਜਾਵੇਗਾ। ਇਸ ਐਕਟ ਦੇ ਸੈਕਸ਼ਨ-2 ਅਨੁਸਾਰ ਇਸ ਵਿੱਚ ਇਕ ਮੰਤਰੀ (ਸਮੇਤ ਮੁੱਖ ਮੰਤਰੀ) ਰਾਜ ਮੰਤਰੀ ਜਾਂ ਉਪ ਮੰਤਰੀ, ਚੇਅਰਮੈਨ, ਉਪ ਚੇਅਰਮੈਨ, ਡਿਪਟੀ ਚੇਅਰਮੈਨ, ਰਾਜ ਯੋਜਨਾ ਬੋਰਡ ਦੇ ਅਹੁਦੇ, ਵਿਧਾਨ ਸਭਾ ਵਿੱਚ ਮਾਨਤਾ ਪ੍ਰਾਪਤ ਪਾਰਟੀ ਅਤੇ ਮਾਨਤਾ ਪ੍ਰਾਪਤ ਗਰੁੱਪ (ਹਰੇਕ ਲੀਡਰ ਅਤੇ ਹਰੇਕ ਡਿਪਟੀ ਲੀਡਰ) ਦੇ ਅਹੁਦੇ, ਵਿਧਾਨ ਸਭਾ ਵਿੱਚ ਚੀਫ ਵਿੱਪ, ਡਿਪਟੀ ਚੀਫ ਵਿੱਪ ਜਾਂ ਵਿੱਪ ਦਾ ਅਹੁਦੇ ਸ਼ਾਮਲ ਕੀਤੇ ਗਏ ਹਨ।

ਬਿੱਲ ਦਾ ਸੈਕਸ਼ਨ-2 ਸੋਧਿਆ ਗਿਆ ਹੈ ਜਿਸ ਦੇ ਅਨੁਸਾਰ ਇਸ ਵਿੱਚ ਇਕ ਕਮੇਟੀ ਦੇ ਚੇਅਰਮੈਨ ਜਾਂ ਮੈਂਬਰ ਜੋ ਸਰਕਾਰ ਨੂੰ ਸਲਾਹ ਦੇਣ ਦੇ ਉਦੇਸ਼ ਨਾਲ ਆਰਜ਼ੀ ਤੌਰ ‘ਤੇ ਸਥਾਪਤ ਕੀਤੀ ਗਈ ਹੈ ਜਾਂ ਜਨਤਕ ਮਹੱਤਤਾ ਦੇ ਮਾਮਲੇ ਬਾਰੇ ਕੋਈ ਅਥਾਰਟੀ ਦੇ ਅਹੁਦੇ ‘ਤੇ ਮੌਜੂਦ ਕੋਈ ਵਿਅਕਤੀ ਲਾਜ਼ਮੀ ਭੱਤਿਆਂ ਨੂੰ ਛੱਡ ਕੇ ਕੋਈ ਹੋਰ ਮਿਹਨਤਾਨੇ ਲਈ ਹੱਕਦਾਰ ਨਹੀਂ ਹੈ, ਸ਼ਾਮਲ ਕੀਤਾ ਗਿਆ ਹੈ। ਇਸ ਵਿੱਚ ਕਿਸੇ ਵੀ ਸੰਵਿਧਾਨਿਕ ਜਾਂ ਗੈਰ-ਸੰਵਿਧਾਨਿਕ ਸੰਸਥਾ ਦੇ ਚੇਅਰਮੈਨ, ਡਾਇਰੈਕਟਰ ਜਾਂ ਮੈਂਬਰ ਦੇ ਅਹੁਦੇ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਜੇ ਉਹ ਲਾਜ਼ਮੀ ਭੱਤਿਆਂ ਨੂੰ ਛੱਡ ਕੇ ਕਿਸੇ ਹੋਰ ਮਿਹਨਤਾਨੇ ਦਾ ਹੱਕਦਾਰ ਨਹੀਂ ਹੈ।

LEAVE A REPLY

Please enter your comment!
Please enter your name here