ਡਿਪਟੀ ਕਮਿਸ਼ਨਰ ਵਲੋਂ ਵੈਲਨੈਸ ਕਲੀਨਿਕ ਦਾ ਦੌਰਾ

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼),ਰਿਪੋਰਟ- ਗੁਰਜੀਤ ਸੋਨੂੰ।  ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਅੱਜ ਸਿਹਤ ਅਤੇ ਤੰਦਰੁਸਤ ਕੇਂਦਰ (ਵੈਲਨੈਸ ਕਲੀਨਿਕ) ਅਸਲਾਮਾਬਾਦ ਦਾ ਅਚਾਨਕ ਦੌਰਾ ਕਰਕੇ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ। ਉਹਨਾਂ ਸਿਹਤ ਮੁਲਾਜ਼ਮਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮਰੀਜ਼ਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਿੱਚ ਕੋਈ ਕਮੀ ਨਾ ਛੱਡੀ ਜਾਵੇ। ਉਹਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸ਼ਨ ਜ਼ਿਲਾ ਵਾਸੀਆਂ ਨੂੰ ਸੁਚਾਰੂ ਢੰਗ ਨਾਲ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਸਿਹਤ ਅਤੇ ਤੰਦਰੁਸਤ ਕੇਂਦਰ ਸਵੇਰੇ 8 ਵਜੇ ਤੋਂ 2 ਵਜੇ ਤੱਕ ਅਤੇ ਸ਼ਾਮ 4 ਵਜੇ ਤੋਂ 7 ਵਜੇ ਤੱਕ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਿਹਾ ਹੈ। ਉਹਨਾਂ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਦਵਾਈਆਂ ਤੋਂ ਇਲਾਵਾ ਲੈਬਾਰਟਰੀ ਦੀ ਚੈਕਿੰਗ ਵੀ ਕੀਤੀ। ਉਹਨਾਂ ਸਿਹਤ ਮੁਲਾਜ਼ਮਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਕੇਂਦਰ ਵਿੱਚ ਸਾਫ਼-ਸਫ਼ਾਈ ਦਾ ਖਾਸ ਧਿਆਨ ਰੱਖਿਆ ਜਾਵੇ, ਤਾਂ ਜੋ ਮਰੀਜ਼ਾਂ ਨੂੰ ਕਿਸੇ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਕਿਹਾ ਕਿ ਪਿੰਡ ਬੁਢਾਬੜ ਅਤੇ ਅਸਲਾਮਾਬਾਦ ਸਮੇਤ ਜ਼ਿਲੇ ਵਿੱਚ ਦੋ ਵੈਲਨੈਸ ਕਲੀਨਿਕ ਖੋਲੇ ਗਏ ਹਨ।
ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਬਿਮਾਰੀਆਂ ਤੋਂ ਬਚਣ ਲਈ ਪਰਹੇਜ਼ ਵੀ ਬਹੁਤ ਜ਼ਰੂਰੀ ਹੈ, ਇਸ ਲਈ ਹਰੇਕ ਵਿਅਕਤੀ ਨੂੰ ਬਾਰਸ਼ਾਂ ਦੌਰਾਨ ਹੋਣ ਵਾਲੀਆਂ ਬਿਮਾਰੀਆਂ ਬਾਰੇ ਜਾਣਕਾਰੀ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਬਚਾਅ ਨਾਲ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਸਿਹਤ ਵਿਭਾਗ ਅਤੇ ਨਗਰ ਨਿਗਮ ਦੀਆਂ ਸਾਂਝੀਆਂ ਟੀਮਾਂ ਵਲੋਂ ਘਰਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ, ਤਾਂ ਜੋ ਡੇਂਗੂ ਅਤੇ ਮਲੇਰੀਆਂ ਫੈਲਾਉਣ ਵਾਲੇ ਮੱਛਰਾਂ ਦੇ ਲਾਰਵੇ ਦੀ ਜਾਂਚ ਕੀਤੀ ਜਾ ਸਕੇ। ਉਹਨਾਂ ਕਿਹਾ ਕਿ ਪ੍ਰਸ਼ਾਸ਼ਨ ਵਲੋਂ ਵਿੱਢੀ ਇਸ ਮੁਹਿੰਮ ਤਹਿਤ ਵੱਡੇ ਪੱਧਰ ‘ਤੇ ਜਿਥੇ ਜਾਗਰੂਕਤਾ ਫੈਲਾਈ ਜਾ ਰਹੀ ਹੈ, ਉਥੇ ਡੇਂਗੂ ਦਾ ਲਾਰਵਾ ਪਾਏ ਜਾਣ ‘ਤੇ ਚਲਾਨ ਵੀ ਕੀਤੇ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਮਰੀਜ਼ਾਂ ਨਾਲ ਗੱਲਬਾਤ ਕਰਕੇ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਨਾਲ ਹੀ ਜਾਗਰੂਕ ਕਰਦਿਆਂ ਕਿਹਾ ਕਿ ਪੰਛੀਆਂ ਲਈ ਰੱਖੇ ਖਾਲੀ ਬਰਤਨਾਂ, ਟਾਇਰਾਂ, ਕੂਲਰਾਂ ਆਦਿ ਵਿੱਚ ਪਾਣੀ ਖੜਾ ਹੋਣ ਨਾਲ ਮੱਛਰ ਦਾ ਲਾਰਵਾ ਪੈਦਾ ਹੁੰਦਾ ਹੈ, ਇਸ ਲਈ ਚਾਹੀਦਾ ਹੈ ਕਿ ਆਪਣੇ ਆਲੇ-ਦੁਆਲੇ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਉਹਨਾਂ ਕਿਹਾ ਕਿ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆਂ ਵਰਗੀਆਂ ਬਿਮਾਰੀਆਂ ਦਾ ਸ਼ੱਕ ਹੋਣ ‘ਤੇ ਤੁਰੰਤ ਨੇੜੇ ਦੇ ਸਿਹਤ ਕੇਂਦਰ ਸੰਪਰਕ ਕੀਤਾ ਜਾਵੇ। ਉਹਨਾਂ ਕਿਹਾ ਕਿ ਨਸ਼ੇ ਦੀ ਦਲਦਲ ਵਿੱਚ ਫਸੇ ਮਰੀਜ਼ਾਂ ਦੇ ਇਲਾਜ ਲਈ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਵੀ ਬਣਾਏ ਗਏ ਹਨ, ਤਾਂ ਜੋ ਅਜਿਹੇ ਮਰੀਜ਼ ਨਸ਼ੇ ਤੋਂ ਆਜ਼ਾਦ ਹੋ ਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਹੋ ਸਕਣ। ਉਹਨਾਂ ਕਿਹਾ ਕਿ ਮੁੜ ਵਸੇਬਾ ਕੇਂਦਰ ਵਿੱਚ ਵੱਖ-ਵੱਖ ਕਿੱਤਾ ਮੁਖੀ ਕੋਰਸ ਵੀ ਕਰਵਾਏ ਜਾ ਰਹੇ ਹਨ। ਇਸ ਤੋਂ ਇਲਾਵਾ ਜ਼ਿਲਾ ਰੈਡ ਕਰਾਸ ਸੋਸਾਇਟੀ ਵਲੋਂ ਕੰਪਿਊਟਰ ਸੈਂਟਰ ਵੀ ਮੁੜ ਵਸੇਬਾ ਕੇਂਦਰ ਵਿੱਚ ਚਲਾਇਆ ਗਿਆ ਹੈ, ਤਾਂ ਜੋ ਮਰੀਜ਼ ਨਸ਼ਾ ਛੱਡਣ ਤੋਂ ਬਾਅਦ ਆਪਣੇ ਪੈਰਾਂ ਸਿਰ ਖੜੇ ਹੋ ਸਕਣ। ਇਸ ਮੌਕੇ ਸਿਵਲ ਸਰਜਨ ਡਾ. ਰੇਨੂ ਸੂਦ ਵੀ ਮੌਜੂਦ ਸਨ।

Advertisements

LEAVE A REPLY

Please enter your comment!
Please enter your name here