ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦਾ ਸਤਿਕਾਰ: ਡਿਪਟੀ ਕਮਿਸ਼ਨਰ ਨੇ ਸੁਣੀਆਂ ਪਰਿਵਾਰਾਂ ਦੀਆਂ ਸਮੱਸਿਆਵਾਂ

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼), ਰਿਪੋਰਟ: ਗੁਰਜੀਤ ਸੋਨੂੰ। ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਜ਼ਿਲਾ ਪ੍ਰਸ਼ਾਸ਼ਨ ਵਲੋਂ ‘ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦਾ ਸਤਿਕਾਰ’ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਹਰ ਬੁੱਧਵਾਰ ਡਿਪਟੀ ਕਮਿਸ਼ਨਰ ਵਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੱਸਿਆਵਾਂ ਸੁਣੀਆਂ ਅਤੇ ਇਹਨਾਂ ਸਮੱਸਿਆਵਾਂ ਦੇ ਜਲਦੀ ਹੱਲ ਦਾ ਭਰੋਸਾ ਵੀ ਦਿੱਤਾ। ਈਸ਼ਾ ਕਾਲੀਆ ਨੇ ਕਿਹਾ ਕਿ ਪ੍ਰਸ਼ਾਸ਼ਨ ਵਲੋਂ ਸ਼ੁਰੂ ਕੀਤੀ ਇਸ ਮੁਹਿੰਮ ਤਹਿਤ ਜੇਕਰ ਕਿਸੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰ ਨੂੰ ਕੋਈ ਸਮੱਸਿਆ ਹੈ, ਤਾਂ ਉਹ ਬੁੱਧਵਾਰ ਵਾਲੇ ਦਿਨ ਉਹਨਾਂ ਨੂੰ ਜਾਣੂ ਕਰਵਾ ਸਕਦੇ ਹਨ।

Advertisements

ਉਹਨਾਂ ਕਿਹਾ ਕਿ ਸਟੇਟ ਪੱਧਰ ਦੇ ਮਸਲੇ ਪੰਜਾਬ ਸਰਕਾਰ ਦੇ ਧਿਆਨ ਵਿੱਚ ਲਿਆ ਦਿੱਤੇ ਜਾਣਗੇ। ਉਹਨਾਂ ਕਿਹਾ ਕਿ ਸਟਾਫ਼ ਸਿਲੈਕਸ਼ਨ ਕਮਿਸ਼ਨ ਵਲੋਂ ਕਰੀਬ 55 ਹਜ਼ਾਰ ਪੋਸਟਾਂ ਕੱਢੀਆਂ ਗਈਆਂ ਹਨ, ਜਿਨਾਂ ਵਿੱਚ ਬੀ.ਐਸ.ਐਫ਼, ਐਸ.ਆਈ.ਐਸ.ਐਫ, ਸੀ.ਆਰ.ਪੀ.ਐਫ, ਆਈ.ਟੀ.ਬੀ.ਪੀ, ਐਸ.ਐਸ.ਬੀ, ਐਨ.ਆਈ.ਏ ਅਤੇ ਰਾਈਫਲਮੈਨ (ਜਨਰਲ ਡਿਊਟੀ) ਅਸਮ ਰਾਈਫਲ ਵਿੱਚ ਕਾਂਸਟੇਬਲ ਸ਼ਾਮਲ ਹਨ। ਉਹਨਾਂ ਕਿਹਾ ਕਿ ਇਹਨਾਂ ਪੋਸਟਾਂ ਲਈ ਫਿਜ਼ੀਕਲ ਅਤੇ ਲਿਖਤੀ ਟੈਸਟ ਦੀ ਮੁਫ਼ਤ ਸਿਖਲਾਈ ਦਿੱਤੀ ਜਾ ਰਹੀ ਹੈ ਅਤੇ ਇਹ ਸਿਖਲਾਈ ਪ੍ਰਾਪਤ ਕਰਨ ਲਈ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੇ ਯੋਗ ਨੌਜਵਾਨ 17 ਸਤੰਬਰ ਤੱਕ ਪੁਲਿਸ ਲਾਈਨ ਹੁਸ਼ਿਆਰਪੁਰ ਵਿਖੇ ਸਕਰੀਨਿੰਗ ਟੈਸਟ ਲਈ ਆ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਕਤ ਪੋਸਟਾਂ ਲਈ ਆਨ ਲਾਈਨ ਰਜਿਸਟਰੇਸ਼ਨ ਸਬੰਧੀ ਸਮੱਸਿਆ ਸਾਹਮਣੇ ਆਉਣ ‘ਤੇ ਜ਼ਿਲਾ ਰੋਜ਼ਗਾਰ ਅਫ਼ਸਰ ਜਾਂ ਸਹਾਇਕ ਕਮਿਸ਼ਨਰ ਮੇਜਰ ਅਮਿਤ ਸਰੀਨ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਸਕੂਲੀ ਬੱਸਾਂ ਵਿੱਚ ਪ੍ਰੈਸ਼ਰ ਹਾਰਨਾਂ ਦਾ ਮਸਲਾ ਧਿਆਨ ਵਿੱਚ ਲਿਆਉਣ’ਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਰ.ਟੀ.ਏ. ਅਤੇ ਪੁਲਿਸ ਵਿਭਾਗ ਵਲੋਂ ਸਾਂਝੇ ਤੌਰ ‘ਤੇ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਆਵਾਜ਼ੀ ਪ੍ਰਦੂਸ਼ਣ ‘ਤੇ ਕੰਟਰੋਲ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਜਿਹੜੀਆਂ ਸਕੂਲੀ ਬੱਸਾਂ ਟਰੈਫਿਕ ਨਿਯਮਾਂ ਦੀਆਂ ਉਲੰਘਣਾ ਕਰਦੀਆਂ ਪਾਈਆਂ ਗਈਆਂ, ਉਹਨਾਂ ਬੱਸਾਂ ਦੇ ਸਖ਼ਤੀ ਨਾਲ ਚਲਾਨ ਕੀਤੇ ਜਾਣਗੇ। ਉਹਨਾਂ ਕਿਹਾ ਕਿ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਹੁਸ਼ਿਆਰਪੁਰ ਵਲੋਂ ਵੀ ਵੱਡੇ ਪੱਧਰ ‘ਤੇ ਵਾਹਨਾਂ ਦੀ ਚੈਕਿੰਗ ਕਰਕੇ ਪ੍ਰੈਸ਼ਰ ਹਾਰਨਾਂ ਦਾ ਚਲਾਨ ਕੱਟਿਆ ਜਾ ਰਿਹਾ ਹੈ।

ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੇ ਜ਼ਿਲਾ ਪ੍ਰਸ਼ਾਸ਼ਨ ਵਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹਨਾਂ ਨੂੰ ਆਪਣੀ ਸਮੱਸਿਆ ਦੇ ਹੱਲ ਲਈ ਹੁਣ ਦਫ਼ਤਰਾਂ ਦੇ ਚੱਕਰ ਨਹੀਂ ਕੱਟਣੇ ਪੈਂਦੇ, ਬਲਕਿ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਖੁੱਲੇ ਮਾਹੌਲ ਵਿੱਚ ਸਮੱਸਿਆ ਦੱਸਣ ਦਾ ਮੌਕਾ ਮਿਲ ਰਿਹਾ ਹੈ। ਉਹਨਾਂ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਵਲੋਂ ਕੀਤੀ ਗਈ ਇਸ ਪਹਿਲਕਦਮੀ ਦੀ ਸਰਾਹਨਾ ਕਰਦਿਆਂ ਖੁਸ਼ੀ ਵੀ ਪ੍ਰਗਟਾਈ। ਇਸ ਮੌਕੇ ਸਹਾਇਕ ਕਮਿਸ਼ਨਰ ਮੇਜਰ ਅਮਿਤ ਸਰੀਨ, ਜ਼ਿਲਾ ਫਰੀਡਮ ਫਾਈਟਰ ਉਤਰਾ ਅਧਿਕਾਰੀ ਸੰਸਥਾ ਦੇ ਪ੍ਰਧਾਨ ਗੁਰਦੇਵ ਸਿੰਘ ਕੋਟਫਤੂਹੀ, ਸੀਨੀਅਰ ਵਾਈਸ ਪ੍ਰਧਾਨ ਮਨਜੀਤ ਸਿੰਘ, ਪ੍ਰਭ ਸਿੰਘ, ਹੀਰਾ ਲਾਲ ਪੁਰੀ, ਜਸਪਾਲ ਸਿੰਘ, ਗੁਰਮੇਲ ਸਿੰਘ ਹਾਰਟਾ, ਸਤਵੰਤ ਸਿੰਘ, ਅਮਨਦੀਪ ਸਿੰਘ, ਕੈਲਾਸ਼ ਰਾਣੀ, ਅਮਨ ਸਿੰਘ ਧੂਤਕਲਾਂ, ਅਮਰੀਕ ਸਿੰਘ, ਜੈਮਲ ਸਿੰਘ ਅਤੇ ਹੋਰ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।

LEAVE A REPLY

Please enter your comment!
Please enter your name here