ਪਰਾਲੀ ਨੂੰ ਅੱਗ ਲਗਾਉਣਾ ਮਨੁੱਖੀ ਸਿਹਤ ਲਈ ਖਤਰਨਾਕ : ਡਿਪਟੀ ਕਮਿਸ਼ਨਰ 

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼),ਰਿਪੋਰਟ- ਗੁਰਜੀਤ ਸੋਨੂੰ। ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣਾ ਮਨੁੱਖੀ ਸਿਹਤ ਲਈ ਬੜਾ ਖਤਰਨਾਕ ਹੈ। ਉਹਨਾਂ ਦੱਸਿਆ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਪੈਦਾ ਹੁੰਦਾ ਪ੍ਰਦੂਸ਼ਣ ਗਰਭਵਤੀ ਔਰਤਾਂ ਅਤੇ ਨਵ-ਜੰਮੇ ਬੱਚਿਆਂ ਲਈ ਬਹੁਤ ਨੁਕਸਾਨਦੇਹ ਹੈ, ਇਸ ਲਈ ਕਿਸਾਨਾਂ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੇ ਪ੍ਰਬੰਧਨ ਵੱਲ ਧਿਆਨ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਕਿਸਾਨ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਆਧੁਨਿਕ ਖੇਤੀ ਮਸ਼ੀਨਾਂ ਕਿਰਾਏ ‘ਤੇ ਲੈ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਦੀ ਵਰਤੋਂ ਪਸ਼ੂਆਂ ਦੇ ਸੁੱਕੇ ਚਾਰੇ ਵਜੋਂ ਕੀਤੀ ਜਾ ਸਕਦੀ ਹੈ, ਇਸ ਲਈ ਜਿੱਥੇ ਪਰਾਲੀ ਦਾ ਨਿਪਟਾਰਾ ਅਸਾਨੀ ਨਾਲ ਹੋ ਸਕੇਗਾ, ਉਥੇ ਪਸ਼ੂ ਪਾਲਣ ਲਈ ਸਸਤਾ ਚਾਰਾ ਉਪਲੱਬਧ ਹੋ ਸਕਦਾ ਹੈ। ਉਹਨਾਂ ਦੱਸਿਆ ਕਿ ਖੇਤਾਂ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਤਾਂ ਪ੍ਰਦੂਸ਼ਿਤ ਹੁੰਦਾ ਹੀ ਹੈ, ਜ਼ਮੀਨ ਵਿੱਚ ਮੌਜੂਦ ਮਿੱਤਰ ਕੀੜੇ ਅਤੇ ਹੋਰ ਉਪਜਾਊ ਤੱਤ ਵੀ ਨਸ਼ਟ ਹੋ ਜਾਂਦੇ ਹਨ।

Advertisements

-ਕਿਹਾ, ਪਸ਼ੂਆਂ ਲਈ ਸੁੱਕੇ ਚਾਰੇ ਵਜੋਂ ਵਰਤੀ ਜਾ ਸਕਦੀ ਹੈ ਝੋਨੇ ਦੀ ਪਰਾਲੀ

ਉਹਨਾਂ ਦੱਸਿਆ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਨੁਸਾਰ ਪਰਾਲੀ ਨੂੰ ਅੱਗ ਲਗਾਉਣ ‘ਤੇ ਪ੍ਰਤੀ ਏਕੜ 2856 ਕਿਲੋ ਕਾਰਬਨ ਡਾਈਆਕਸਾਈਡ, 120 ਕਿਲੋ ਕਾਰਬਨ ਮੋਨੋਆਕਸਾਈਡ, 4 ਕਿਲੋ ਸਲਫਰ ਡਾਈਆਕਸਾਈਡ ਅਤੇ 6 ਕਿਲੋ ਧੂੜ ਦੇ ਕਣ ਪੈਦਾ ਹੁੰਦੇ ਹਨ। ਉਹਨਾਂ ਦੱਸਿਆ ਕਿ ਇਹ ਹਾਨੀਕਾਰਕ ਗੈਸਾਂ ਮਨੁੱਖ ਅਤੇ ਜਾਨਵਰਾਂ ਦੀ ਸਿਹਤ ਲਈ ਕਾਫ਼ੀ ਘਾਤਕ ਹਨ।

ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਕਿਸਾਨਾਂ ਵਲੋਂ ਖੇਤੀ ਦੇ ਨਾਲ-ਨਾਲ ਪਸ਼ੂ ਪਾਲਣ ਦਾ ਕਿੱਤਾ ਵੀ ਕੀਤਾ ਜਾਂਦਾ ਹੈ ਅਤੇ ਕਿਸਾਨ ਇਸ ਸਮੇਂ ਪਸ਼ੂਆਂ ਲਈ ਹਰੇ ਚਾਰੇ ਨਾਲ ਸੁੱਕੇ ਚਾਰੇ ਵਜੋਂ ਤੂੜੀ ਦੀ ਵਰਤੋਂ ਕਰਦੇ ਹਨ ਜੋ ਕਰੀਬ 350 ਰੁਪਏ ਪ੍ਰਤੀ ਕੁਇੰਟਲ ਹੈ। ਉਹਨਾਂ ਦੱਸਿਆ ਕਿ ਜੇਕਰ ਪਰਾਲੀ ਦੀ ਵਰਤੋਂ ਕੀਤੀ ਜਾਵੇ ਤਾਂ ਇਹ ਕੇਵਲ 100 ਰੁਪਏ ਪ੍ਰਤੀ ਕੁਇੰਟਲ ਹੀ ਪੈਂਦੀ ਹੈ। ਉਹਨਾਂ ਦੱਸਿਆ ਕਿ ਪਰਾਲੀ ਦੇ ਪ੍ਰਬੰਧਨ ਦੇ ਕਈ ਤਰੀਕੇ ਹਨ ਪਰ ਚਾਰੇ ਵੱਜੋਂ ਵਰਤੋਂ ਕਿਸਾਨਾਂ ਲਈ ਸਭ ਤੋਂ ਸਸਤਾ ਅਤੇ ਲਾਭਕਾਰੀ ਤਰੀਕਾ ਹੈ, ਕਿਉਂਕਿ ਇਸ ਤਰੀਕੇ ਵਿੱਚ ਮਹਿੰਗੀ ਤੂੜੀ ਦੀ ਬੱਚਤ ਕਰਕੇ ਸਸਤੀ ਪਰਾਲੀ ਦੀ ਵਰਤੋਂ ਕੀਤੀ ਜਾ ਸਕਦੀ ਹੈ। ਉਹਨਾਂ ਦੱਸਿਆ ਕਿ ਪਰਾਲੀ ਦੇ ਪੌਸ਼ਟਿਕ ਗੁਣ ਹੋਰ ਫਸਲਾਂ ਦੀ ਤੂੜੀ ਦੇ ਲਗਭਗ ਬਰਾਬਰ ਹੀ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਹਿਰਾਂ ਅਨੁਸਾਰ ਪਰਾਲੀ ਨੂੰ ਕਟਾਈ ਤੋਂ 2 ਤੋਂ 10 ਦਿਨ ਵਿਚਕਾਰ ਸੰਭਾਲ ਲਿਆ ਜਾਵੇ ਤਾਂ ਇਸ ਨੂੰ ਪਸ਼ੂ ਜ਼ਿਆਦਾ ਪਸੰਦ ਕਰਦੇ ਹਨ। ਪਸ਼ੂ ਪਾਲਣ ਵਿਭਾਗ ਦੀ ਸਲਾਹ ਨਾਲ ਪਰਾਲੀ ਦਾ ਯੂਰੀਆ ਨਾਲ ਉਪਚਾਰ ਕਰਕੇ ਇਸ ਦਾ ਸੁਆਦ ਅਤੇ ਪੌਸ਼ਟਿਕਤਾ ਹੋਰ ਵਧਾਈ ਜਾ ਸਕਦੀ ਹੈ। ਉਹਨਾਂ ਦੱਸਿਆ ਕਿ ਪਸ਼ੂਆਂ ਲਈ ਪਰਾਲੀ ਦਾ ਅਚਾਰ ਵੀ ਬਣਾਇਆ ਜਾ ਸਕਦਾ ਹੈ।

LEAVE A REPLY

Please enter your comment!
Please enter your name here