‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਪੋਲੀਥੀਨ ਫਰੀ ਹੋਵੇਗਾ ਰੈਡ ਕਰਾਸ ਮੇਲਾ : ਡੀ.ਸੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਡੀ.ਸੀ. ਈਸ਼ਾ ਕਾਲੀਆ ਨੇ ਕਿਹਾ ਕਿ ਜ਼ਿਲਾ ਰੈਡ ਕਰਾਸ ਸੋਸਾਇਟੀ ਵਲੋਂ ਲਗਾਇਆ ਜਾ ਰਿਹਾ ਰੈਡ ਕਰਾਸ ਮੇਲਾ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਪੋਲੀਥੀਨ ਫਰੀ ਹੋਵੇਗਾ ਅਤੇ ਮੇਲੇ ਦੌਰਾਨ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਬਿਲਕੁਲ ਨਹੀਂ ਕਰਨ ਦਿੱਤੀ ਜਾਵੇਗੀ। ਉਹ ਅੱਜ ਜ਼ਿਲਾ ਰੈਡ ਕਰਾਸ ਸੋਸਾਇਟੀ ਦੇ ਮੈਂਬਰਾਂ ਨਾਲ ਇਸ ਸਬੰਧੀ ਕੀਤੀ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। Àਹਨਾਂ ਨੇ ਕਿਹਾ ਕਿ 2 ਫਰਵਰੀ ਨੂੰ ਰੌਸ਼ਨ ਗਰਾਊਂਡ ਹੁਸ਼ਿਆਰਪੁਰ ਵਿਖੇ ਰੈਡ ਕਰਾਸ ਮੇਲਾ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਬੱਚਿਆਂ ਦੀਆਂ ਮਨੋਰੰਜਕ ਗਤੀਵਿਧੀਆਂ ਤੋਂ ਇਲਾਵਾ ਵੱਖ-ਵੱਖ ਫੂਡ ਸਟਾਲ ਅਤੇ ਸੈਲਫ ਹੈਲਪ ਗਰੁੱਪਾਂ ਵਲੋਂ ਵੀ ਆਪਣੀਆਂ ਵਸਤਾਂ ਨਾਲ ਸਬੰਧਤ ਸਟਾਲ ਲਗਾਏ ਜਾਣਗੇ। ਉਹਨਾਂ ਨੇ ਕਿਹਾ ਕਿ ਜ਼ਿਲਾ ਰੈਡ ਕਰਾਸ ਸੋਸਾਇਟੀ ਵਲੋਂ ਲਗਾਏ ਜਾ ਰਹੇ ਰੈਡ ਕਰਾਸ ਮੇਲੇ ਨੂੰ ਇਕ ਯਾਦਗਾਰੀ ਬਣਾਇਆ ਜਾਵੇਗਾ। ਉਹਨਾਂ ਨੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸਟਾਲ ਲਗਾਉਣ ਵਾਲੇ ਵਿਅਕਤੀਆਂ ਲਈ ਇਹ ਜ਼ਰੂਰੀ ਹੋਵੇਗਾ ਕਿ ਉਹ ਪੋਲੀਥੀਨ ਦੀ ਵਰਤੋਂ ਨਾ ਕਰਨ। 

Advertisements

ਡੀ.ਸੀ-ਕਮ-ਚੇਅਰਪਰਸਨ ਜ਼ਿਲਾ ਰੈਡ ਕਰਾਸ ਸੋਸਾਇਟੀ ਈਸ਼ਾ ਕਾਲੀਆ ਨੇ ਕਿਹਾ ਕਿ ਰੈਡ ਕਰਾਸ ਮੇਲੇ ਦੌਰਾਨ ਵੱਖ-ਵੱਖ ਲੱਕੀ ਕੂਪਨ ਦੇ ਡਰਾਅ ਵੀ ਕੱਢੇ ਜਾ ਰਹੇ ਹਨ, ਜਿਸ ਵਿੱਚ ਇਕ ਸਕੂਟੀ, 2 ਲੈਪਟਾਪ, 10 ਮੋਬਾਇਲ, 5 ਟੈਬਸ, 10 ਕੈਲਕੁਲੇਟਰ ਅਤੇ 10 ਹੌਟ ਕੇਸ ਸ਼ਾਮਲ ਹਨ। ਉਹਨਾਂ ਨੇ ਕਿਹਾ ਕਿ ਇਹ ਕੂਪਨ ਸਾਰੇ ਸਕੂਲਾਂ, ਕਾਲਜਾਂ ਅਤੇ ਹੋਰ ਉਦਯੋਗਿਕ ਅਦਾਰਿਆਂ ਵਿੱਚ ਜ਼ਿਲਾ ਰੈਡ ਕਰਾਸ ਸੋਸਾਇਟੀ ਵਲੋਂ ਪਹੁੰਚਾਏ ਜਾ ਰਹੇ ਹਨ। ਇਸਤੋਂ ਇਲਾਵਾ ਜੇਕਰ ਕੋਈ ਵਿਅਕਤੀ ਨਿੱਜੀ ਤੌਰ ‘ਤੇ ਕੂਪਨ ਲੈਣਾ ਚਾਹੁੰਦਾ ਹੈ, ਤਾਂ ਉਹ ਜ਼ਿਲਾ ਰੈਡ ਕਰਾਸ ਸੋਸਾਇਟੀ ਦੇ ਦਫ਼ਤਰ ਸੰਪਰਕ ਕਰ ਸਕਦਾ ਹੈ। 

ਈਸ਼ਾ ਕਾਲੀਆ ਨੇ ਸਟਾਲ ਲਗਾਉਣ ਵਾਲੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਸਮੇਂ ਸਿਰ ਸਟਾਲ ਲਗਾਉਣੇ ਯਕੀਨੀ ਬਣਾਏ ਜਾਣ ਅਤੇ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਉਹਨਾਂ ਨੇ ਸੈਲਫ ਹੈਲਪ ਗਰੁੱਪਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਉਹ ਆਪਣੀਆਂ ਵਸਤਾਂ ਵੇਚਣ ਲਈ ਇਸ ਮੇਲੇ ਵਿੱਚ ਸ਼ਿਰਕਤ ਕਰ ਸਕਦੇ ਹਨ, ਜਿਸ ਲਈ ਪ੍ਰਸ਼ਾਸਨ ਵਲੋਂ ਉਹਨਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪਮ ਕਲੇਰ, ਸਕੱਤਰ ਜ਼ਿਲਾ ਰੈਡ ਕਰਾਸ ਸੋਸਾਇਟੀ ਨਰੇਸ਼ ਗੁਪਤਾ, ਡੀ.ਐਫ.ਐਸ.ਸੀ. ਰਜਨੀਸ਼ ਕੌਰ, ਸਹਾਇਕ ਕਮਿਸ਼ਨਰ ਨਗਰ ਨਿਗਮ ਸੰਜੀਵ ਤਿਵਾੜੀ, ਸਿਵਲ ਸਰਜਨ ਡਾ. ਰੇਨੂ ਸੂਦ, ਰਾਜੇਸ਼ ਜੈਨ, ਰਾਜੀਵ ਬਜਾਜ ਤੋਂ ਇਲਾਵਾ ਜ਼ਿਲਾ ਰੈਡ ਕਰਾਸ ਸੋਸਾਇਟੀ ਦੇ ਹੋਰ ਮੈਂਬਰ ਵੀ ਹਾਜ਼ਰ ਸਨ। 

LEAVE A REPLY

Please enter your comment!
Please enter your name here