ਰੈਡ ਕਰਾਸ ਮੇਲੇ ਲਈ ਅਮਿਤ ਮਿੱਤਲ ਨੇ ਦਿੱਤਾ ਇਕ ਲੱਖ ਰੁਪਏ ਦਾ ਯੋਗਦਾਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲਾ ਰੈਡ ਕਰਾਸ ਸੋਸਾਇਟੀ ਵਲੋਂ 2 ਫਰਵਰੀ ਨੂੰ ਰੌਸ਼ਨ ਗਰਾਉਂਡ ਹੁਸ਼ਿਆਰਪੁਰ ਵਿਖੇ ਲਗਾਏ ਜਾ ਰਹੇ ਰੈਡ ਕਰਾਸ ਮੇਲੇ ਲਈ ਵਾਈਸ ਚੇਅਰਮੈਨ ਸੋਨਾਲੀਕਾ ਇੰਟਰਨੈਸ਼ਨਲ ਟਰੈਕਟਰ ਲਿਮਟਡ ਅਮਿਤ ਸਾਗਰ ਮਿੱਤਲ ਵਲੋਂ ਇਕ ਲੱਖ ਰੁਪਏ ਦਾ ਯੋਗਦਾਨ ਦਿੱਤਾ ਗਿਆ ਹੈ। ਇਸ ਇਕ ਲੱਖ ਰੁਪਏ ਦਾ ਚੈਕ ਅੱਜ ਸੋਨਾਲੀਕਾ ਦੇ ਸੀ.ਐਸ.ਆਰ. ਮੁਖੀ ਐਸ.ਕੇ. ਪੋਮਰਾ ਨੇ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੂੰ ਸੌਂਪਿਆ। ਇਸ ਮੌਕੇ ਜ਼ਿਲਾ ਲੋਕ ਸੰਪਰਕ ਅਫ਼ਸਰ ਹਾਕਮ ਥਾਪਰ ਅਤੇ ਸਕੱਤਰ ਜ਼ਿਲਾ ਰੈਡ ਕਰਾਸ ਸੋਸਾਇਟੀ ਨਰੇਸ਼ ਗੁਪਤਾ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਸ਼ਲਾਘਾ ਕਰਦਿਆਂ ਕਿਹਾ ਕਿ ਦਾਨੀ ਸੱਜਣਾਂ ਵਲੋਂ ਪਾਏ ਯੋਗਦਾਨ ਸਦਕਾ ਜ਼ਿਲਾ ਰੈਡ ਕਰਾਸ ਸੋਸਾਇਟੀ ਵਲੋਂ ਵੱਖ-ਵੱਖ ਲੋਕ ਭਲਾਈ ਸਕੀਮਾਂ ਚਲਾਈਆਂ ਗਈਆਂ ਹਨ। ਉਹਨਾਂ ਕਿਹਾ ਕਿ ਜ਼ਿਲਾ ਰੈਡ ਕਰਾਸ ਸੋਸਾਇਟੀ ਵਲੋਂ ‘ਸਾਂਝੀ ਰਸੋਈ’ ਵੀ ਚਲਾਈ ਜਾ ਰਹੀ ਹੈ, ਜਿਸ ਵਿੱਚ ਰੋਜ਼ਾਨਾ 10 ਰੁਪਏ ਵਿੱਚ ਪੇਟ ਭਰ ਪੌਸ਼ਟਿਕ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ।

Advertisements

ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਰੈਡ ਕਰਾਸ ਵਲੋਂ ਮੁਫ਼ਤ ਸਿਲਾਈ ਦੀ ਸਿਖਲਾਈ ਤੋਂ ਇਲਾਵਾ ਸਿਹਤ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਰੈਡ ਕਰਾਸ ਸੋਸਾਇਟੀ ਵਲੋਂ ਹੀ ਰੈਡ ਕਰਾਸ ਮੇਲਾ 2 ਫਰਵਰੀ ਨੂੰ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਵੱਧ ਤੋਂ ਵੱਧ ਲੋਕ ਸ਼ਿਰਕਤ ਕਰਨ। ਉਹਨਾਂ ਦੱਸਿਆ ਕਿ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਇਹ ਮੇਲਾ ਪੋਲੀਥੀਨ ਫਰੀ ਹੋਵੇਗਾ ਅਤੇ ਮੇਲੇ ਦੌਰਾਨ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਬਿਲਕੁੱਲ ਨਹੀਂ ਕਰਨ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਜ਼ਿਲਾ ਰੈਡ ਕਰਾਸ ਸੋਸਾਇਟੀ ਈਸ਼ਾ ਕਾਲੀਆ ਨੇ ਦੱਸਿਆ ਕਿ ਰੈਡ ਕਰਾਸ ਮੇਲੇ ਵਿੱਚ ਸਭਿਆਚਾਰਕ ਪ੍ਰੋਗਰਾਮ ਤੋਂ ਇਲਾਵਾ ਜਾਦੂਗਰ, ਕੱਠਪੁਤਲੀ ਸ਼ੋਅ, ਬਾਇਓ ਸਕੋਪ, ਗੇਮਜ਼ ਤੋਂ ਇਲਾਵਾ ਬੱਚਿਆਂ ਦੀਆਂ ਮਨੋਰੰਜਕ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਵੱਖ-ਵੱਖ ਫੂਡ ਸਟਾਲ ਅਤੇ ਸੈਲਫ ਹੈਲਪ ਗਰੁੱਪਾਂ ਵਲੋਂ ਵੀ ਆਪਣੀਆਂ ਵਸਤਾਂ ਨਾਲ ਸਬੰਧਤ ਸਟਾਲ ਲਗਾਏ ਜਾਣਗੇ।

ਉਹਨਾਂ ਨਿਰਦੇਸ਼ ਦਿੰਦਿਆਂ ਕਿਹਾ ਕਿ ਸਟਾਲ ਲਗਾਉਣ ਵਾਲੇ ਵਿਅਕਤੀਆਂ ਲਈ ਇਹ ਜ਼ਰੂਰੀ ਹੋਵੇਗਾ ਕਿ ਉਹ ਪੋਲੀਥੀਨ ਦੀ ਵਰਤੋਂ ਨਾ ਕਰਨ। ਉਹਨਾਂ ਕਿਹਾ ਕਿ ਜਿਹੜੇ ਅਦਾਰੇ ਆਪਣਾ ਸਟਾਲ ਲਗਾਉਣਾ ਚਾਹੁੰਦੇ ਹਨ, ਉਹ ਸਕੱਤਰ ਜ਼ਿਲਾ ਰੈਡ ਕਰਾਸ ਸੋਸਾਇਟੀ ਨਾਲ ਸੰਪਰਕ ਕਰ ਸਕਦੇ ਹਨ। ਈਸ਼ਾ ਕਾਲੀਆ ਨੇ ਦੱਸਿਆ ਕਿ ਰੈਡ ਕਰਾਸ ਮੇਲੇ ਦੌਰਾਨ ਵੱਖ-ਵੱਖ ਲੱਕੀ ਕੂਪਨ ਦੇ ਡਰਾਅ ਵੀ ਕੱਢੇ ਜਾ ਰਹੇ ਹਨ, ਜਿਸ ਵਿੱਚ ਇਕ ਸਕੂਟੀ, 2 ਲੈਪਟਾਪ, 10 ਮੋਬਾਇਲ, 5 ਟੈਬਸ, 10 ਕੈਲਕੁਲੇਟਰ ਅਤੇ 10 ਹੌਟ ਕੇਸ ਸ਼ਾਮਲ ਹਨ। ਉਹਨਾਂ ਕਿਹਾ ਕਿ ਇਹ ਕੂਪਨ ਸਾਰੇ ਸਕੂਲਾਂ, ਕਾਲਜਾਂ ਅਤੇ ਹੋਰ ਉਦਯੋਗਿਕ ਅਦਾਰਿਆਂ ਵਿੱਚ ਜ਼ਿਲਾ ਰੈਡ ਕਰਾਸ ਸੋਸਾਇਟੀ ਵਲੋਂ ਪਹੁੰਚਾਏ ਜਾ ਰਹੇ ਹਨ। ਇਸ ਤੋਂ ਇਲਾਵਾ ਜੇਕਰ ਕੋਈ ਵਿਅਕਤੀ ਨਿੱਜੀ ਤੌਰ ‘ਤੇ ਕੂਪਨ ਲੈਣਾ ਚਾਹੁੰਦਾ ਹੈ, ਤਾਂ ਉਹ ਜ਼ਿਲਾ ਰੈਡ ਕਰਾਸ ਸੋਸਾਇਟੀ ਦੇ ਦਫ਼ਤਰ ਸੰਪਰਕ ਕਰ ਸਕਦਾ ਹੈ। 

LEAVE A REPLY

Please enter your comment!
Please enter your name here