ਫੁਲ ਡਰੈਸ ਰਿਹਰਸਲ ਵਿੱਚ ਦਿਸਿਆ ਦੇਸ਼ ਭਗਤੀ ਦਾ ਜਜ਼ਬਾ, ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। 26 ਜਨਵਰੀ ਨੂੰ ਮਨਾਏ ਜਾ ਰਹੇ ਰਾਜ ਪੱਧਰੀ ਗਣਤੰਤਰਤਾ ਦਿਵਸ ਸਮਾਰੋਹ ਸਬੰਧੀ ਪੁਲਿਸ ਲਾਈਨ ਹੁਸ਼ਿਆਰਪੁਰ ਵਿਖੇ ਫੁਲ ਡਰੈਸ ਰਿਹਰਸਲ ਕਰਵਾਈ ਗਈ, ਜਿਸ ਵਿੱਚ ਵੱਖ-ਵੱਖ ਸਕੂਲੀ ਬੱਚਿਆਂ ਵਲੋਂ ਪੇਸ਼ ਕੀਤੇ ਗਏ ਦੇਸ਼ ਭਗਤੀ ਦੇ ਪ੍ਰੋਗਰਾਮ ਅਤੇ ਵੱਖ-ਵੱਖ ਟੁਕੜੀਆਂ ਵਲੋਂ ਕੀਤੇ ਗਏ ਮਾਰਚ ਪਾਸਟ ਤੋਂ ਦੇਸ਼ ਭਗਤੀ ਦਾ ਜਜ਼ਬਾ ਸਾਫ਼ ਨਜ਼ਰ ਆ ਰਿਹਾ ਸੀ। ਇਸ ਫੁਲ ਡਰੈਸ ਰਿਹਰਸਲ ਦਾ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਜਾਇਜ਼ਾ ਲੈਂਦਿਆਂ ਕਿਹਾ ਕਿ 26 ਜਨਵਰੀ ਨੂੰ ਗਣਤੰਤਰਤਾ ਦਿਵਸ ‘ਤੇ ਪੁਲਿਸ ਲਾਈਨ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਰੋਹ ਦੇ ਮੁੱਖ ਮਹਿਮਾਨ ਮਾਨਯੋਗ ਰਾਜਪਾਲ ਪੰਜਾਬ ਵੀ.ਪੀ. ਸਿੰਘ ਬਦਨੌਰ ਹੋਣਗੇ। ਉਹਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸ਼ਨ ਵਲੋਂ ਗਣਤੰਤਰਤਾ ਦਿਵਸ ਦੇ ਮਹੱਤਵਪੂਰਨ ਦਿਹਾੜੇ ਨੂੰ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਲਈ ਪੁਖਤਾ ਪ੍ਰਬੰਧ ਕਰ ਲਏ ਗਏ ਹਨ।

Advertisements

ਫੁਲ ਡਰੈਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਨੇ ਨਿਸ਼ਚਿਤ ਸਮੇਂ ਦੌਰਾਨ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਇਸ ਮੌਕੇ ਉਹਨਾਂ ਦੇ ਨਾਲ ਐਸ.ਐਸ.ਪੀ. ਜੇ. ਏਲਨਚੇਲੀਅਨ ਵੀ ਸਨ। ਪਰੇਡ ਕਮਾਂਡਰ ਡੀ.ਐਸ.ਪੀ. ਗੁਰਸ਼ੇਰ ਸਿੰਘ ਸੰਧੂ ਦੀ ਅਗਵਾਈ ਵਿੱਚ ਪੀ.ਏ.ਪੀ. ਜਲੰਧਰ ਦੇ ਬੈਂਡ ਸਮੇਤ 16 ਟੁਕੜੀਆਂ ਪੀ.ਆਰ.ਟੀ.ਸੀ. ਜਹਾਨਖੇਲਾਂ, ਪੰਜਾਬ ਪੁਲੀਸ, ਚੰਡੀਗੜ ਪੁਲਿਸ, ਜੰਮੂ-ਕਸ਼ਮੀਰ ਪੁਲਿਸ, ਮਹਿਲਾ ਪੁਲਿਸ, ਸੀਮਾ ਸੁਰੱਖਿਆ ਬੱਲ, ਪੰਜਾਬ ਹੋਮਗਾਰਡਜ਼, ਐਨ.ਸੀ.ਸੀ., ਗਰਲਜ਼ ਗਾਈਡਜ਼ ਅਤੇ ਸਕਾਊਟਸ ਦੀਆਂ ਟੁਕੜੀਆਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਇਸ ਸ਼ਾਨਦਾਰ ਮਾਰਚ ਪਾਸਟ ਵਲੋਂ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ ਗਈ। ਟੁਕੜੀਆਂ ਵਿੱਚ ਪੀ.ਆਰ.ਟੀ.ਸੀ. ਜਹਾਨਖੇਲਾਂ ਦੀਆਂ 4 ਟੁਕੜੀਆਂ ਸ਼ਾਮਲ ਹਨ। ਸਭਿਆਚਾਰਕ ਪ੍ਰੋਗਰਾਮ ਤੋਂ ਪਹਿਲਾਂ ਮਾਸ ਪੀ.ਟੀ. ਸ਼ੋਅ ਹੋਇਆ, ਜਿਸ ਵਿੱਚ 10 ਸਕੂਲਾਂ ਦੇ ਕਰੀਬ 1100 ਵਿਦਿਆਰਥੀ ਸ਼ਾਮਲ ਸਨ। ਉਪਰੰਤ ਨੰਨੇ-ਮੁੰਨੇ ਸਕੂਲੀ ਬੱਚਿਆਂ ਨੇ ਪੂਰੇ ਉਤਸ਼ਾਹ ਨਾਲ ਆਪੋ-ਆਪਣਾ ਹੁਨਰ ਬਿਖੇਰਿਆ। ਫੁਲ ਡਰੈਸ ਰਿਹਰਸਲ ਉਪਰੰਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ 26 ਜਨਵਰੀ ਨੂੰ ਆਪੋ-ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਈ ਜਾਵੇ।

ਮਾਈ ਭਾਗੋ ਵਿਦਿਆ ਸਕੀਮ ਤਹਿਤ ਵਿਦਿਆਰਥਣਾਂ ਨੂੰ ਸੌਂਪੇ ਜਾਣਗੇ ਸਾਈਕਲ

ਈਸ਼ਾ ਕਾਲੀਆ ਨੇ ਕਿਹਾ ਕਿ ਇਸ ਮਹੱਤਵਪੂਰਨ ਦਿਹਾੜੇ ‘ਤੇ ਜਿਥੇ ਆਜ਼ਾਦੀ ਘੁਲਾਟੀਆਂ ਅਤੇ ਉਹਨਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਜਾ ਰਿਹਾ ਹੈ, ਉਥੇ ਵੱਖ-ਵੱਖ ਖੇਤਰਾਂ ਵਿੱਚ ਵਿਲੱਖਣ ਯੋਗਦਾਨ ਪਾਉਣ ਵਾਲੇ ਵਿਅਕਤੀਆਂ ਨੂੰ ਵੀ ਸਨਮਾਨਿਆ ਜਾਵੇਗਾ। ਉਹਨਾਂ ਕਿਹਾ ਕਿ ਲੋੜਵੰਦਾਂ ਨੂੰ ਵੀਲਚੇਅਰਜ਼, ਟਰਾਈ ਸਾਈਕਲ ਅਤੇ ਸਿਲਾਈ ਮਸ਼ੀਨਾਂ ਵੀ ਵੰਡੀਆਂ ਜਾ ਰਹੀਆਂ ਹਨ, ਜਦਕਿ ਮਾਈ ਭਾਗੋ ਵਿਦਿਆ ਸਕੀਮ ਤਹਿਤ ਯੋਗ ਵਿਦਿਆਰਥਣਾਂ ਨੂੰ ਸਾਈਕਲਾਂ ਦੀ ਵੰਡ ਵੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਸਮਾਰੋਹ ਵਿੱਚ ਮੁੱਖ ਮਹਿਮਾਨ ਵਲੋਂ 50 ਸਾਈਕਲਾਂ ਦੀ ਵੰਡ ਕਰਕੇ ਪੰਜਾਬ ਸਰਕਾਰ ਦੀ ਇਸ ਸਕੀਮ ਅਧੀਨ ਸਾਈਕਲ ਵੰਡਣ ਦੀ ਸ਼ੁਰੂਆਤ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਮਾਈ ਭਾਗੋ ਵਿਦਿਆ ਸਕੀਮ ਤਹਿਤ ਜ਼ਿਲੇ ਵਿੱਚ ਕਰੀਬ 9252 ਸਾਈਕਲ ਵੰਡੇ ਜਾ ਰਹੇ ਹਨ, ਜਿਸ ਤਹਿਤ 11ਵੀਂ ਕਲਾਸ ਦੀਆਂ ਵਿਦਿਆਰਥਣਾਂ ਨੂੰ 4953 ਅਤੇ 12ਵੀਂ ਕਲਾਸ ਦੀਆਂ ਵਿਦਿਆਰਥਣਾਂ ਨੂੰ 4299 ਸਾਈਕਲ ਵੰਡੇ ਜਾਣਗੇ। ਉਹਨਾਂ ਕਿਹਾ ਕਿ ਇਸ ਸਕੀਮ ਤਹਿਤ ਜ਼ਿਲੇ ਦੇ 130 ਸਕੂਲਾਂ ਨੂੰ ਇਸ ਸਕੀਮ ਦਾ ਫਾਇਦਾ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਸ ਮੌਕੇ ਵੱਖ-ਵੱਖ ਵਿਭਾਗਾਂ ਵਲੋਂ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ। ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਗਣਤੰਤਰਤਾ ਦਿਵਸ ਦੇ ਰਾਜ ਪੱਧਰੀ ਸਮਾਰੋਹ ਦੌਰਾਨ ਪਰਿਵਾਰ ਅਤੇ ਬੱਚਿਆਂ ਸਮੇਤ ਸ਼ਿਰਕਤ ਕਰਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪਮ ਕਲੇਰ, ਐਸ.ਡੀ.ਐਮ. ਹੁਸ਼ਿਆਰਪੁਰ ਅਮਰਪ੍ਰੀਤ ਕੌਰ ਸੰਧੂ, ਆਈ.ਏ.ਐਸ. ਅਧਿਕਾਰੀ ਗੌਤਮ ਜੈਨ, ਐਸ.ਪੀ. (ਐਚ) ਸ੍ਰੀ ਬਲਬੀਰ ਸਿੰਘ, ਸਹਾਇਕ ਕਮਿਸ਼ਨਰ (ਜ) ਰਣਦੀਪ ਸਿੰਘ ਹੀਰ, ਜ਼ਿਲਾ ਲੋਕ ਸੰਪਰਕ ਅਫ਼ਸਰ ਹਾਕਮ ਥਾਪਰ, ਜ਼ਿਲਾ ਸਿੱਖਿਆ ਅਫ਼ਸਰ (ਸੈਕੰ:) ਮੋਹਨ ਸਿੰਘ ਲੇਹਲ ਤੋਂ ਇਲਾਵਾ ਹੋਰ ਵੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। 

LEAVE A REPLY

Please enter your comment!
Please enter your name here