ਗਣਤੰਤਰ ਦਿਵਸ ਦੇ ਰਾਜ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਮੁਕੰਮਲ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲੇ ਵਿੱਚ ਗਣਤੰਤਰਤਾ ਦਿਵਸ ਦੇ ਰਾਜ ਪੱਧਰੀ ਸਮਾਰੋਹ ਨੂੰ ਸਫ਼ਲਤਾਪੂਰਵਕ ਨੇਪਰੇ ਚਾੜਨ ਲਈ ਜ਼ਿਲਾ ਪ੍ਰਸਾਸ਼ਨ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੱਸਿਆ ਕਿ ਪੁਲਿਸ ਲਾਈਨ ਹੁਸ਼ਿਆਰਪੁਰ ਵਿਖੇ 70ਵੇਂ ਗਣਤੰਤਰ ਦਿਵਸ ‘ਤੇ ਰਾਜ ਪੱਧਰੀ ਸਮਾਰੋਹ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਮਾਨਯੋਗ ਰਾਜਪਾਲ ਪੰਜਾਬ ਵੀ.ਪੀ.ਸਿੰਘ ਬਦਨੌਰ ਪਹੁੰਚ ਰਹੇ ਹਨ। ਉਹਨਾਂ ਦੱਸਿਆ ਕਿ ਸਮਾਰੋਹ ਨੂੰ ਸਫ਼ਲ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਪ੍ਰਸਾਸ਼ਨ ਵਲੋਂ ਜਿਥੇ ਸਾਰੇ ਪੁਖਤਾ ਪ੍ਰਬੰਧ ਕਰ ਲਏ ਗਏ ਹਨ, ਉਥੇ ਸੁਰੱਖਿਆ ਪੱਖੋਂ ਵੀ ਇੰਤਜ਼ਾਮ ਕੀਤੇ ਜਾ ਚੁੱਕੇ ਹਨ।

Advertisements

-ਸੁਣਨ ਤੋਂ ਅਸਮਰੱਥ ਦਿਵਆਂਗਜਨਾਂ ਨੂੰ ਪਹਿਲੀ ਵਾਰ ਮਿਲੇਗੀ ਮੁੱਖ ਮਹਿਮਾਨ ਦੇ ਭਾਸ਼ਣ ਦੌਰਾਨ ਸੰਕੇਤਕ ਭਾਸ਼ਾ ਦੀ ਸਹੂਲਤ 

ਉਹਨਾਂ ਸੱਦਾ ਦਿੰਦਿਆਂ ਕਿਹਾ ਕਿ ਜ਼ਿਲਾ ਵਾਸੀ ਹੁੰਮ-ਹੁੰਮਾ ਕੇ ਪਹੁੰਚਣ, ਤਾਂ ਜੋ ਇਸ ਮਹੱਤਵਪੂਰਨ ਦਿਹਾੜੇ ਨੂੰ ਸ਼ਰਧਾਪੂਰਵਕ ਅਤੇ ਉਤਸ਼ਾਹ ਨਾਲ ਮਨਾਇਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਾਜ ਪੱਧਰੀ ਸਮਾਰੋਹ ਦੌਰਾਨ ਪੰਜਾਬ ਸਰਕਾਰ ਵਲੋਂ ਇਕ ਵਿਸ਼ੇਸ਼ ਪਹਿਲ ਕਦਮੀ ਕੀਤੀ ਜਾ ਰਹੀ ਹੈ, ਜਿਸ ਤਹਿਤ ਮੁੱਖ ਮਹਿਮਾਨ ਦੇ ਭਾਸ਼ਣ ਦੌਰਾਨ ਸੰਕੇਤਕ ਮਾਹਿਰ ਵਲੋਂ ਸੰਕੇਤਕ ਭਾਸ਼ਾ ਦੀ ਵਰਤੋਂ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਸੁਣਨ ਤੋਂ ਅਸਮਰੱਥ ਦਿਵਆਂਗਜਨ ਲਈ ਇਹ ਸਹੂਲਤ ਕਾਫ਼ੀ ਫਾਇਦੇਮੰਦ ਸਾਬਤ ਹੋਵੇਗੀ। ਉਹਨਾਂ ਦੱਸਿਆ ਕਿ ਇਹ ਉਪਰਾਲਾ ਇਸ ਲਈ ਕੀਤਾ ਜਾ ਰਿਹਾ ਹੈ, ਤਾਂ ਜੋ ਦਿਵਆਂਗਜਨ ਨੂੰ ਵੀ ਮੁੱਖ ਮਹਿਮਾਨ ਦੇ ਭਾਸ਼ਣ ਤੋਂ ਸੇਧ ਮਿਲ ਸਕੇ।

ਉਹਨਾਂ ਦੱਸਿਆ ਕਿ ਇਹ ਨਿਵੇਕਲਾ ਉਪਰਾਲਾ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਤੌਰ ‘ਤੇ ਕੀਤਾ ਜਾ ਰਿਹਾ ਹੈ, ਤਾਂ ਜੋ ਦਿਵਆਂਗਜਨ ਨੂੰ ਸਮਾਨਤਾ ਦਾ ਦਰਜਾ ਦਿੰਦਿਆਂ ਉਹਨਾਂ ਨੂੰ ਵੀ ਇਸ ਰਾਸ਼ਟਰੀ ਪੁਰਬ ਦਾ ਆਨੰਦ ਮਾਨਣ ਦੇ ਨਾਲ-ਨਾਲ ਮੁੱਖ ਮਹਿਮਾਨ ਦੇ ਵਿਚਾਰਾਂ ਤੋਂ ਜਾਣੂ ਹੋਣ ਦਾ ਮੌਕਾ ਮਿਲ ਸਕੇ। ਈਸ਼ਾ ਕਾਲੀਆ ਨੇ ਦੱਸਿਆ ਕਿ ਇਸ ਉਕਤ ਸਹੂਲਤ ਲਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਵਿਸ਼ੇਸ਼ ਤੌਰ ‘ਤੇ ਲੁਧਿਆਣਾ ਤੋਂ ਸੰਕੇਤਕ ਭਾਸ਼ਾ ਮਾਹਿਰ ਪੰਕਜ ਸ਼ਰਮਾ ਆਪਣੀਆਂ ਸੇਵਾਵਾਂ ਦੇ ਰਹੇ ਹਨ। ਉਹਨਾਂ ਦੱਸਿਆ ਕਿ ਸਮਾਰੋਹ ਦੌਰਾਨ ਜਿਥੇ ਵੱਖ-ਵੱਖ ਵਿਭਾਗਾਂ ਵਲੋਂ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਕੀਆਂ ਕੱਢੀਆਂ ਜਾ ਰਹੀਆਂ, ਉਥੇ ਆਜ਼ਾਦੀ ਘੁਲਾਟੀਆਂ ਅਤੇ ਵਿਲੱਖਣ ਪ੍ਰਾਪਤੀਆਂ ਵਾਲੀਆਂ ਸਖਸ਼ੀਅਤਾਂ ਨੂੰ ਸਨਮਾਨਿਆ ਵੀ ਜਾਵੇਗਾ। ਇਸ ਤੋਂ ਇਲਾਵਾ ਸਕੂਲੀ ਵਿਦਿਆਰਥੀਆਂ ਵਲੋਂ ਸਭਿਆਚਾਰਕ ਅਤੇ ਦੇਸ਼ ਭਗਤੀ ਦਾ ਪ੍ਰੋਗਰਾਮ ਖਿੱਚ ਦਾ ਕੇਂਦਰ ਰਹੇਗਾ। ਉਹਨਾਂ ਦੱਸਿਆ ਕਿ ਮੁੱਖ ਮਹਿਮਾਨ ਵਲੋਂ ਲੋੜਵੰਦਾਂ ਨੂੰ ਟਰਾਈ ਸਾਈਕਲ, ਵੀਲਚੇਅਰਜ਼, ਸਿਲਾਈ ਮਸ਼ੀਨਾਂ ਤੋਂ ਇਲਾਵਾ ਮਾਈ ਭਾਗੋ ਵਿੱਦਿਆ ਸਕੀਮ ਤਹਿਤ ਵਿਦਿਆਰਥਣਾਂ ਨੂੰ ਸਾਈਕਲਾਂ ਦੀ ਵੰਡ ਵੀ ਕੀਤੀ ਜਾਵੇਗੀ।

LEAVE A REPLY

Please enter your comment!
Please enter your name here