ਸ਼ਹਿਰਾਂ ਦੇ ਵਿਕਾਸ ਲਈ ਖਰਚੇ ਜਾਣਗੇ 5 ਹਜ਼ਾਰ ਕਰੋੜ ਰੁਪਏ : ਸਿੱਧੂ

ਹੁਸ਼ਿਆਰਪੁਰ/ਗੜਦੀਵਾਲਾ(ਦ ਸਟੈਲਰ ਨਿਊਜ਼)। ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਹਿਰਾਂ ਦੇ ਵਿਕਾਸ ਲਈ 5 ਹਜ਼ਾਰ ਕਰੋੜ ਰੁਪਏ ਖਰਚੇ ਜਾਣਗੇ, ਤਾਂ ਜੋ ਸ਼ਹਿਰਾਂ ਦੀ ਨੁਹਾਰ ਬਦਲੀ ਜਾ ਸਕੇ। ਉਹ ਜ਼ਿਲਾ ਪਰਿਸ਼ਦ ਗਰਾਉਂਡ ਹੁਸ਼ਿਆਰਪੁਰ ਵਿਖੇ ਕਰਵਾਏ ਗਏ ਸਮਾਰੋਹ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਹਨਾਂ ਦੇ ਨਾਲ ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਵੀ ਸਨ। ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸਿੱਧੂ ਨੇ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਵਲੋਂ ਪੰਜਾਬ ਦੀ ਖੁਸ਼ਹਾਲੀ ਅਤੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਹਨਾਂ ਹੁਸ਼ਿਆਰਪੁਰ ਦੇ ਵਿਕਾਸ ਕਾਰਜਾਂ ਲਈ 101 ਕਰੋੜ ਰੁਪਏ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਸਰਕਾਰ ਵਲੋਂ 100 ਪ੍ਰਤੀਸ਼ਤ ਸੀਵਰੇਜ਼, ਵਾਟਰ ਸਪਲਾਈ ਤੋਂ ਇਲਾਵਾ ਹੋਰ ਵੱਖ ਵੱਖ ਪ੍ਰੋਜੈਕਟ ਯਕੀਨੀ ਬਣਾਏ ਜਾਣਗੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਕ ਨਵੀਂ ਇਸ਼ਤਿਹਾਰ ਪਾਲਸੀ ਵੀ ਬਣਾਈ ਗਈ ਹੈ, ਜਿਸ ਨਾਲ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਵਧੇਰੇ ਰੈਵੀਨਿਊ ਇਕੱਤਰ ਕੀਤਾ ਜਾਵੇਗਾ, ਜੋ ਸੂਬੇ ਦੇ ਵਿਕਾਸ ਲਈ ਇਕ ਚੰਗਾ ਸੰਕੇਤ ਹੈ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਫਾਇਰ ਬ੍ਰਿਗੇਡ ਨੂੰ ਮਜ਼ਬੂਤ ਕਰਨ ਲਈ 550 ਕਰੋੜ ਰੁਪਏ ਖਰਚੇ ਜਾ ਰਹੇ ਹਨ। ਉਹਨਾਂ ਕਿਹਾ ਕਿ ਜ਼ਿਲਿਆਂ ਨੂੰ ਜਲਦੀ ਹੀ ਅਤਿ ਆਧੁਨਿਕ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਸਮੇਤ ਮਾਹਿਰ ਸਟਾਫ ਮੁਹੱਈਆ ਕਰਵਾਇਆ ਜਾਵੇਗਾ। ਉਹਨਾਂ ਕਿਹਾ ਕਿ 13 ਫਾਇਰਮੈਨਾਂ ਨੂੰ ਪਹਿਲੀ ਵਾਰ ਬਹਾਦਰੀ ਪੁਰਸਕਾਰ ਦੇਣਾ ਪੰਜਾਬ ਸਰਕਾਰ ਦੀ ਨਿਵੇਕਲੀ ਪਹਿਲ ਹੈ। ਉਹਨਾਂ ਆਸ ਪ੍ਰਗਟਾਉਂਦਿਆਂ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਵਿਕਾਸ ਕਾਰਜਾਂ ਦੇ ਮੁੱਦੇ ‘ਤੇ ਪੰਜਾਬ ਦੀਆਂ ਸਾਰੀਆਂ 13 ਸੀਟਾਂ ਜਿੱਤੀਆਂ ਜਾਣਗੀਆਂ। ਉਹਨਾਂ ਕਿਹਾ ਕਿ ਮੌਜੂਦਾ ਸਰਕਾਰ ਵਲੋਂ ਪੰਜਾਬ ਦੇ ਵਿਕਾਸ ਦੀ ਗਤੀ ਹੋਰ ਤੇਜ਼ ਕੀਤੀ ਜਾਵੇਗੀ, ਤਾਂ ਜੋ ਸੂਬੇ ਦੀ ਨੁਹਾਰ ਬਦਲੀ ਜਾ ਸਕੇ। ਉਹਨਾਂ ਕਿਹਾ ਕਿ ਪਿਛਲੀ ਸਰਕਾਰ ਨੇ ਸੂਬੇ ਨੂੰ ਲੁੱਟਣ ਤੋਂ ਸਿਵਾਏ ਕੁਝ ਨਹੀਂ ਕੀਤਾ। ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਵਿਕਾਸ ਪੱਖੋਂ ਕੋਈ ਕਮੀ ਬਾਕੀ ਨਹੀਂ ਛੱਡੀ ਜਾਵੇਗੀ। ਉਹਨਾਂ ਕਿਹਾ ਕਿ ਪੰਜਾਬ ਹੀ ਪਹਿਲਾ ਅਜਿਹਾ ਰਾਜ ਬਣਿਆ ਜਿਸ ਨੇ ਕਿਸਾਨਾਂ ਲਈ ਕਰਜ਼ਾ ਮੁਆਫ਼ੀ ਯੋਜਨਾ ਸ਼ੁਰੂ ਕੀਤੀ ਹੈ, ਜਿਸ ਨਾਲ ਸੂਬੇ ਦੀ ਕਿਸਾਨੀ ਹੋਰ ਮਜ਼ਬੂਤ ਹੋ ਗਈ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ ਸੁਚਾਰੂ ਢੰਗ ਨਾਲ ਕਾਨੂੰਨ ਵਿਵਸਥਾ ਲਾਗੂ ਕੀਤੀ ਗਈ ਹੈ, ਜਿਸ ਨਾਲ ਪੰਜਾਬ ਵਾਸੀਆਂ ਦਾ ਸਰਕਾਰ ‘ਤੇ ਵਿਸ਼ਵਾਸ਼ ਵਧਿਆ ਹੈ।
ਉਹਨਾਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਸ਼ਹਿਰ ਦੇ ਵਿਕਾਸ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੁਹੱਈਆ ਕਰਵਾਉਣ ਲਈ ਵੀ ਕਿਹਾ, ਜਿਸ ਨੂੰ ਸਿੱਧੂ ਨੇ ਪ੍ਰਵਾਨ ਕਰਦਿਆਂ 101 ਕਰੋੜ ਰੁਪਏ ਹੁਸ਼ਿਆਰਪੁਰ ਦੇ ਵਿਕਾਸ ਲਈ ਦੇਣ ਦਾ ਐਲਾਨ ਕੀਤਾ ਅਤੇ ਜਲਦੀ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੁਹੱਈਆ ਕਰਵਾਉਣ ਲਈ ਵੀ ਕਿਹਾ। ਇਸ ਦੌਰਾਨ ਸੁੰਦਰ ਸ਼ਾਮ ਅਰੋੜਾ ਨੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹੁਸ਼ਿਆਰਪੁਰ ਦੇ ਵਿਕਾਸ ਦੀ ਗਤੀ ਹੋਰ ਤੇਜ਼ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਜਲਦੀ ਹੀ ਸੂਬਾ ਸਰਕਾਰ ਵਲੋਂ ਟਰਸ਼ਰੀ ਕੈਂਸਰ ਕੇਅਰ ਯੂਨਿਟ ਵੀ ਬਣਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਗੜਦੀਵਾਲਾ ਵਿਖੇ ਸਮਾਰੋਹ ਦੌਰਾਨ 22 ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਹਲਕਾ ਵਿਧਾਇਕ ਟਾਂਡਾ ਸੰਗਤ ਸਿੰਘ ਗਿਲਜੀਆਂ ਨੇ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ ਇਸ ਨਾਲ ਗੜਦੀਵਾਲਾ ਵਿੱਚ 100 ਪ੍ਰਤੀਸ਼ਤ ਸੀਵਰੇਜ਼, ਵਾਟਰ ਸਪਲਾਈ ਅਤੇ ਹੋਰ ਵਿਕਾਸ ਕਾਰਜ ਯਕੀਨੀ ਬਣਾਏ ਜਾਣਗੇ। ਉਹਨਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਜਿਥੇ ਸ਼ਹਿਰਾਂ ਦਾ ਵਿਕਾਸ ਕੀਤਾ ਜਾ ਰਿਹਾ ਹੈ, ਉਥੇ ਪਿੰਡਾਂ ਦੀ ਵੀ ਨੁਹਾਰ ਬਦਲੀ ਜਾ ਰਹੀ ਹੈ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਪਹਿਲ ਦੇ ਆਧਾਰ ‘ਤੇ ਕੰਢੀ ਇਲਾਕੇ ਦਾ ਵਿਕਾਸ ਕਰਕੇ ਜਨਤਾ ਨੂੰ ਵੱਖ-ਵੱਖ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੌਕੇ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ ਨੇ ਵੀ ਸੰਬੋਧਨ ਕੀਤਾ।

ਇਸ ਮੌਕੇ ਡਾਇਰੈਕਟਰ ਸਥਾਨਕ ਸਰਕਾਰਾਂ ਕਰੁਨੇਸ਼ ਸ਼ਰਮਾ, ਡਿਪਟੀ ਕਮਿਸ਼ਨਰ ਈਸ਼ਾ ਕਾਲੀਆ, ਐਸ.ਐਸ.ਪੀ. ਜੇ. ਏਲਨਚੇਲੀਅਨ, ਕਮਿਸ਼ਨਰ ਨਗਰ ਨਿਗਮ ਬਲਵੀਰ ਰਾਜ ਸਿੰਘ, ਜ਼ਿਲਾ ਕਾਂਗਰਸ ਪ੍ਰਧਾਨ ਡਾ. ਕੁਲਦੀਪ ਨੰਦਾ, ਜੋਗਿੰਦਰ ਸਿੰਘ ਗਿਲਜੀਆਂ, ਕੁਸਮ ਆਦੀਆ, ਰਜਨੀਸ਼ ਟੰਡਨ, ਐਡਵੋਕੇਟ ਰਾਕੇਸ਼ ਮਰਵਾਹਾ, ਐਡਵੋਕੇਟ ਪੰਕਜ ਕ੍ਰਿਪਾਲ, ਇੰਦਰਜੀਤ ਕੌਰ, ਹਰਕ੍ਰਿਸ਼ਨ ਸੈਣੀ, ਕੈਪਟਨ ਬਹਾਦਰ ਸਿੰਘ, ਸਰੋਜ ਮਿਨਹਾਸ, ਰਮਨ ਕਪੂਰ, ਨਿਮਿਸ਼ਾ ਮਹਿਤਾ, ਯਾਮਨੀ ਗੋਮਰ ਤੋਂ ਇਲਾਵਾ ਵੱਖ-ਵੱਖ ਸਖਸ਼ੀਅਤਾਂ ਹਾਜ਼ਰ ਸਨ।

Advertisements

LEAVE A REPLY

Please enter your comment!
Please enter your name here