ਮੁੱਖ ਮੰਤਰੀ ਦੀ ਹੁਸ਼ਿਆਰਪੁਰ ਫੇਰੀ ਲਈ ਤਿਆਰੀਆਂ ਮੁਕੰਮਲ, ਕੈਬਨਿਟ ਮੰਤਰੀ ਅਰੋੜਾ ਨੇ ਲਿਆ ਜਾਇਜਾ 

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ 4 ਮਾਰਚ ਨੂੰ ਹੁਸ਼ਿਆਰਪੁਰ ਦੀ ਫੇਰੀ ਦੌਰਾਨ ਜ਼ਿਲਾ ਪ੍ਰਸਾਸ਼ਨ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਕੀਤੇ ਜਾ ਰਹੇ ਪ੍ਰਬੰਧਾਂ ਦਾ ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਜਾਇਜ਼ਾ ਲਿਆ। ਇਸ ਮੌਕੇ ਉਹਨਾਂ ਦੇ ਨਾਲ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਅਤੇ ਐਸ.ਐਸ.ਪੀ. ਜੇ. ਏਲਨਚੇਲੀਅਨ ਵੀ ਮੌਜੂਦ ਸਨ। ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 4 ਮਾਰਚ ਨੂੰ ਹੁਸ਼ਿਆਰਪੁਰ ਵਿਖੇ ਆ ਰਹੇ ਹਨ ਅਤੇ ਰੌਸ਼ਨ ਗਰਾਊਂਡ ਹੁਸ਼ਿਆਰਪੁਰ ਵਿਖੇ ਕਰਵਾਏ ਜਾ ਰਹੇ ਸਮਾਰੋਹ ਦੌਰਾਨ ਕਰੀਬ 150 ਕਰੋੜ ਰੁਪਏ ਦੇ 7 ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ।

Advertisements

ਉਹਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਰੀਬ 81 ਕਰੋੜ ਰੁਪਏ ਦੀ ਲਾਗਤ ਨਾਲ ਰੇਲਵੇ ਓਵਰ ਬ੍ਰਿਜ ਦਾ ਨੀਂਹ ਪੱਥਰ ਰੱਖਣ ਤੋਂ ਇਲਾਵਾ ਕਰੀਬ 45 ਕਰੋੜ ਰੁਪਏ ਦੀ ਲਾਗਤ ਨਾਲ ਕੈਂਸਰ ਹਸਪਤਾਲ, 5.12 ਕਰੋੜ ਰੁਪਏ ਦੀ ਲਾਗਤ ਨਾਲ ਫੂਡ ਸਟਰੀਟ, 6.12 ਕਰੋੜ ਰੁਪਏ ਦੀ ਲਾਗਤ ਨਾਲ ਕਮਿਉਨਿਟੀ ਸੈਂਟਰ, 4.19 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਲੜਕੀਆਂ ਦਾ ਹੋਸਟਲ ਅਤੇ ਕਾਲਜ ਵਿਖੇ ਹੀ 2.42 ਕਰੋੜ ਰੁਪਏ ਦੀ ਲਾਗਤ ਨਾਲ ਲਾਇਬ੍ਰੇਰੀ, 7 ਕਰੋੜ ਰੁਪਏ ਦੀ ਲਾਗਤ ਨਾਲ ਲਾਜਵੰਤੀ ਸਟੇਡੀਅਮ ਵਿਖੇ ਮਲਟੀਪਰਪਜ਼ ਇਨਡੋਰ ਹਾਲ ਸਮੇਤ ਕੁੱਲ 7 ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਜਾ ਰਹੇ ਹਨ।

ਸ੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 100 ਫੀਸਦੀ ਸੀਵਰੇਜ ਅਤੇ ਵਾਟਰ ਸਪਲਾਈ ਲਈ ਕਰੀਬ 101 ਕਰੋੜ ਰੁਪਏ ਵੀ ਖਰਚੇ ਜਾ ਰਹੇ ਹਨ, ਜਦਕਿ ਹੁਸ਼ਿਆਰਪੁਰ ਦੀਆਂ ਸੜਕਾਂ ਲਈ ਸੂਬਾ ਸਰਕਾਰ ਵਲੋਂ ਕਰੀਬ 15 ਕਰੋੜ ਵੀ ਖਰਚੇ ਜਾ ਰਹੇ ਹਨ, ਜਿਸ ਨਾਲ ਹੁਸ਼ਿਆਰਪੁਰ ਦੀ ਨੁਹਾਰ ਬਦਲ ਜਾਵੇਗੀ। ਉਹਨਾਂ ਸੱਦਾ ਦਿੰਦਿਆਂ ਕਿਹਾ ਕਿ ਜ਼ਿਲਾ ਵਾਸੀ 4 ਮਾਰਚ ਨੂੰ 12 ਵਜੇ ਕਰਵਾਏ ਜਾ ਰਹੇ ਸਮਾਰੋਹ ਵਿਚ ਪਹੁੰਚਣ। ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੌਂਪੀ ਗਈ ਜ਼ਿੰਮੇਵਾਰੀ ਤਨਦੇਹੀ ਅਤੇ ਮਿਹਨਤ ਨਾਲ ਨਿਭਾਈ ਜਾਵੇ, ਤਾਂ ਜੋ ਕਰਵਾਏ ਜਾ ਰਹੇ ਸਮਾਰੋਹ ਨੂੰ ਸਫਲ ਬਣਾਇਆ ਜਾ ਸਕੇ। ਉਹਨਾਂ ਕਿਹਾ ਕਿ ਸੁਰੱਖਿਆ ਪੱਖੋਂ ਕਿਸੇ ਵੀ ਕਿਸਮ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਹਨਾਂ ਨਿਰਦੇਸ਼ ਦਿੰਦਿਆਂ ਕਿਹਾ ਕਿ ਆਮ ਜਨਤਾ ਲਈ ਪੀਣ ਵਾਲੇ ਪਾਣੀ ਤੋਂ ਲੈ ਕੇ ਸਾਰੇ ਪ੍ਰਬੰਧ ਯਕੀਨੀ ਬਣਾਏ ਜਾਣ। ਇਸ ਤੋਂ ਇਲਾਵਾ ਪਾਰਕਿੰਗ ਅਤੇ ਟ੍ਰੈਫਿਕ ਪ੍ਰਬੰਧ ਵੀ ਸੁਚਾਰੂ ਢੰਗ ਨਾਲ ਨੇਪਰੇ ਚਾੜੇ ਜਾਣ, ਤਾਂ ਜੋ ਆਵਾਜਾਈ ਵਿਚ ਕਿਸੇ ਵੀ ਤਰਾਂ ਦਾ ਕੋਈ ਵਿਘਨ ਨਾ ਪੈ ਸਕੇ। 

LEAVE A REPLY

Please enter your comment!
Please enter your name here