ਜ਼ਿਲਾ ਮੈਜਿਸਟਰੇਟ ਨੇ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਆਦੇਸ਼

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲੇ ਵਿੱਚ ਗਰਮੀਆਂ ਨੂੰ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ  ਸਰਦੀਆਂ ਨੂੰ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਅਤੇ ਗਊ ਵੰਸ਼ ਦੀ ਢੋਆ-ਢੁਆਈ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਇਸ ਹੁਕਮ ਰਾਹੀਂ ਜਿਹਨਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ, ਉਹਨਾਂ ਨੂੰ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਾਉਣ ਦੇ ਆਦੇਸ਼ ਵੀ ਦਿੱਤੇ ਗਏ ਹਨ।
ਇਸ ਤੋਂ ਇਲਾਵਾ ਉਹਨਾਂ ਜਿਲੇ ਵਿੱਚ ਮੂੰਹ ਢੱਕ ਕੇ ਦੋ ਪਹੀਆ ਵਾਹਨ ਚਲਾਉਣ ‘ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਜਿਲੇ ਵਿੱਚ ਕੋਈ ਵੀ ਪੁਰਸ਼ ਜਾਂ ਇਸਤਰੀ ਮੂੰਹ ਢੱਕ ਕੇ ਦੋਪਹੀਆ ਵਾਹਨ ਨਹੀਂ ਚਲਾ ਸਕੇਗਾ। ਇਕ ਹੋਰ ਹੁਕਮ ਰਾਹੀਂ ਜ਼ਿਲਾ ਮੈਜਿਸਟਰੇਟ ਨੇ ਫੌਜਦਾਰੀ ਜਾਬਤਾ ਸੰਘ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲੇ ਦੇ ਸਮੂਹ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਪਾਬੰਦੀਸ਼ੁੰਦਾ ਅਤੇ ਨਕਲੀ ਪੈਸਟੀਸਾਈਡ ਦੀ ਵਿਕਰੀ ਕਿਸੇ ਵੀ ਸੂਰਤ ਵਿੱਚ ਨਾ ਕਰਨ। ਉਕਤ ਤੋਂ ਇਲਾਵਾ ਜ਼ਿਲਾ ਮੈਜਿਸਟਰੇਟ ਵਲੋਂ ਜਿਲਾ ਹੁਸ਼ਿਆਰਪੁਰ ਦੀ ਹਦੂਦ ਦੇ ਅੰਦਰ ਵੱਡੀਆਂ-ਛੋਟੀਆਂ ਨਹਿਰਾਂ, ਚੋਅ ਦੇ ਬੰਧ ਅਤੇ ਦਰਿਆ ਬਿਆਸ ਦੇ ਕੰਢੇ ਬਣੇ ਧੁੱਸੀ ਬੰਧ ਵਿੱਚ ਕਿਸੇ ਵੀ ਵਿਅਕਤੀ ਵਲੋਂ ਡੰਗਰਾਂ ਨੂੰ ਪਾਣੀ ਪਿਲਾਉਣ ਜਾਂ ਨਹਾਉਣ ‘ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਗਈ ਹੈ।
ਜਿਲਾ ਮੈਜਿਸਟਰੇਟ ਨੇ ਜ਼ਿਲੇ ਦੀ ਹੱਦ ਅੰਦਰ ਮਿਲਟਰੀ ਵਰਦੀ ਅਤੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ, ਮੋਟਰ ਸਾਈਕਲਾਂ, ਮੋਟਰ ਗੱਡੀਆਂ ਦੀ ਵਰਤੋਂ ਕਰਨ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਮਿਲਟਰੀ ਅਧਿਕਾਰੀਆਂ ‘ਤੇ ਲਾਗੂ ਨਹੀਂ ਹੋਵੇਗਾ।
ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲਾ ਮੈਜਿਸਟਰੇਟ ਨੇ ਪਾਬੰਦੀ ਲਗਾਈ ਹੈ ਕਿ ਜ਼ਿਲਾ ਹੁਸ਼ਿਆਰਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੋਈ ਵੀ ਵਿਅਕਤੀ ਜਾਂ ਪੰਚਾਇਤ ਜਾਂ ਨਗਰ ਕੌਂਸਲ ਜਾਂ ਨਗਰ ਪੰਚਾਇਤ ਸਬੰਧਤ ਉਪ-ਮੰਡਲ ਮੈਜਿਸਟਰੇਟ ਦੀ ਲਿਖਤੀ ਪੂਰਵ ਪ੍ਰਵਾਨਗੀ ਤੋਂ ਬਿਨਾਂ ਕੋਈ ਛੱਪੜ ਨਹੀਂ ਪੂਰੇਗਾ।
ਇਸ ਤੋਂ ਇਲਾਵਾ ਜ਼ਿਲਾ ਮੈਜਿਸਟਰੇਟ ਨੇ ਇਕ ਹੋਰ ਹੁਕਮ ਜਾਰੀ ਕਰਦਿਆਂ ਪਾਬੰਦੀ ਲਗਾਈ ਹੈ ਕਿ ਜਿਲੇ ਵਿੱਚ ਪੈਂਦੇ ਸਾਰੇ ਮੈਰਿਜ ਪੈਲਸਾਂ ਵਿੱਚ ਕੋਈ ਵੀ ਵਿਅਕਤੀ ਵਿਆਹ ਸ਼ਾਦੀਆਂ ਜਾਂ ਕਿਸੇ ਹੋਰ ਮੌਕੇ ‘ਤੇ ਕਿਸੇ ਵੀ ਤਰਾਂ ਦੇ ਹਥਿਆਰ ਦੀ ਵਰਤੋਂ ਨਹੀਂ ਕਰੇਗਾ। ਮੈਰਿਜ ਪੈਲੇਸ ਦੇ ਮਾਲਕ ਇਸ ਗੱਲ ਨੂੰ ਯਕੀਨੀ ਬਣਾਉਣਗੇ ਕਿ ਕੋਈ ਵੀ ਵਿਅਕਤੀ ਮੈਰਿਜ ਪੈਲੇਸ ਵਿੱਚ ਫੰਕਸ਼ਨ ਸਮੇਂ ਹਥਿਆਰ ਦੀ ਵਰਤੋਂ ਨਾ ਕਰੇ। ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ ਅਤੇ ਜਿਹਨਾਂ ਨੂੰ ਆਪਣੇ ਨਾਲ ਹਥਿਆਰ ਰੱਖਣ ਦੇ ਅਧਿਕਾਰ ਮਿਲੇ ਹਨ, ਕੇਵਲ ਉਹ ਹੀ ਵਿਅਕਤੀ ਆਪਣੇ ਨਾਲ ਹਥਿਆਰ ਰੱਖ ਸਕਣਗੇ। ਉਕਤ ਸਾਰੇ ਹੁਕਮ 11 ਮਈ 2019 ਤੱਕ ਲਾਗੂ ਰਹਿਣਗੇ।

Advertisements

LEAVE A REPLY

Please enter your comment!
Please enter your name here