ਮੰਡੀਆਂ ‘ਚ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ: ਈਸ਼ਾ ਕਾਲੀਆ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਈਸ਼ਾ ਕਾਲੀਆ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਣਕ ਦਾ ਇਕ-ਇਕ ਦਾਣਾ ਚੁੱਕਿਆ ਜਾਵੇਗਾ। ਉਹਨਾਂ ਦੱਸਿਆ ਕਿ ਕਣਕ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਅਦਾਇਗੀ, ਲਿਫਟਿੰਗ ਅਤੇ ਬਾਰਦਾਨੇ ਨਾਲ ਸਬੰਧਤ ਕਿਸੇ ਵੀ ਤਰਾਂ ਦੀ ਸਮੱਸਿਆ ਨਾਲ ਜੂਝਣ ਨਹੀਂ ਦਿੱਤਾ ਜਾਵੇਗਾ। ਉਹਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਣਕ ਦਾ ਨਾੜ/ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ, ਬਲਕਿ ਖੇਤਾਂ ਵਿਚ ਹੀ ਦਬਾਉਣ ਨੂੰ ਤਰਜ਼ੀਹ ਦੇਣ।

Advertisements

ਉਹਨਾਂ ਦੱਸਿਆ ਕਿ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਦੂਸ਼ਿਤ ਹੁੰਦਾ ਹੈ, ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲੇ ਦੀਆਂ 62 ਮੰਡੀਆਂ ਵਿੱਚ ਹੁਣ ਤੱਕ 2 ਲੱਖ 72 ਹਜ਼ਾਰ 442 ਮੀਟਰਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਬੀਤੀ ਸ਼ਾਮ ਤੱਕ 2 ਲੱਖ 72 ਹਜ਼ਾਰ 333 ਮੀਟਰਕ ਟਨ ਕਣਕ ਦੀ ਖਰੀਦ ਵੱਖ-ਵੱਖ ਏਜੰਸੀਆਂ ਵਲੋਂ ਕਰ ਲਈ ਗਈ ਹੈ। ਉਹਨਾਂ ਦੱਸਿਆ ਕਿ ਪਨਗਰੇਨ ਵਲੋਂ 58,468 ਮੀਟਰਕ ਟਨ, ਮਾਰਕਫੈਡ ਵਲੋਂ 55,246 ਮੀਟਰਕ ਟਨ, ਪਨਸਪ ਵਲੋਂ 45,313 ਮੀਟਰਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 26,967 ਮੀਟਰਕ ਟਨ, ਪੰਜਾਬ ਐਗਰੋ ਵਲੋਂ 24,490 ਮੀਟਰਕ ਟਨ, ਐਫ.ਸੀ.ਆਈ ਵਲੋਂ 55,778 ਮੀਟਰਕ ਟਨ, ਜਦਕਿ ਵਪਾਰੀਆਂ ਵਲੋਂ ਪ੍ਰਾਈਵੇਟ ਤੌਰ ‘ਤੇ 6,071 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।

ਈਸ਼ਾ ਕਾਲੀਆ ਨੇ ਕਿਹਾ ਕਿ ਕਰੀਬ 77 ਫੀਸਦੀ ਲਿਫਟਿੰਗ ਵੀ ਯਕੀਨੀ ਬਣਾ ਲਈ ਗਈ ਹੈ। ਉਹਨਾਂ ਸਬੰਧਤ ਅਧਿਕਾਰੀਆਂ ਨੂੰ ਲਿਫ਼ਟਿੰਗ ਵਿੱਚ ਹੋਰ ਤੇਜ਼ੀ ਲਿਆਉਣ ਲਈ ਹਦਾਇਤ ਕਰਦਿਆਂ ਕਿਹਾ ਕਿ ਕਿਸੇ ਵੀ ਤਰਾਂ ਦੀ ਢਿਲਮੱਠ ਦੀ ਨੀਤੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹਨਾਂ ਸਬੰਧਤ ਅਧਿਕਾਰੀਆਂ ਨੂੰ ਆਪੋ-ਆਪਣੇ ਅਧਿਕਾਰਤ ਖੇਤਰ ਵਿਚ ਆਉਂਦੀਆਂ ਮੰਡੀਆਂ ਦੀ ਲਗਾਤਾਰ ਨਿਗਰਾਨੀ ਰੱਖਣ ਲਈ ਆਖਿਆ, ਤਾਂ ਜੋ ਕਿਸੇ ਵੀ ਤਰਾਂ ਦੀ ਕਮੀ-ਪੇਸ਼ੀ ਨਾ ਰਹਿ ਸਕੇ। 

LEAVE A REPLY

Please enter your comment!
Please enter your name here