ਜਿਲਾ ਮੈਜਿਸਟਰੇਟ ਨੇ ਜਾਰੀ ਕੀਤੇ 12 ਵੱਖ-ਵੱਖ ਪਾਬੰਦੀਆਂ ਦੇ ਨਿਰਦੇਸ਼ 

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)।  ਜਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਵਲੋਂ ਵੱਖ-ਵੱਖ ਪਾਬੰਦੀਆਂ ਦੇ 12 ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਕੀਤੇ ਪਹਿਲੇ ਹੁਕਮ ਅਨੁਸਾਰ ਜ਼ਿਲੇ ਅੰਦਰ ਹਰੇ ਅੰਬ ਦੇ ਬਹੁਤ ਹੀ ਮਹੱਤਵਪੂਰਨ ਦਰਖੱਤਾਂ ਦੀ ਕਟਾਈ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਜੇਕਰ ਉਕਤ ਦਰੱਖਤਾਂ ਨੂੰ ਵਿਸ਼ੇਸ਼ ਹਾਲਾਤ ਵਿੱਚ ਕੱਟਣਾ ਜ਼ਰੂਰੀ ਹੋਵੇ ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ। ਇਸ ਮੰਤਵ ਲਈ ਵਣ ਵਿਭਾਗ ਵੱਲੋਂ ਉਹ ਹੀ ਪ੍ਰਕ੍ਰਿਆ ਅਪਣਾਈ ਜਾਵੇਗੀ, ਜਿਹੜੀ ਕਿ ਪੰਜਾਬ ਭੂਮੀ ਸੁਰੱਖਿਆ ਐਕਟ-1900 ਦਫਾ-4 ਅਤੇ 5 ਅਧੀਨ ਬੰਦ ਰਕਬੇ ਵਿੱਚ ਪਰਮਿੱਟ ਦੇਣ ਲਈ ਅਪਣਾਈ ਜਾਂਦੀ ਹੈ।

Advertisements

ਜਿਲਾ ਮੈਜਿਸਟਰੇਟ ਨੇ ਅਗਲੇ ਹੁਕਮ ਵਿੱਚ ਜ਼ਿਲਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ‘ਤੇ ਜਾਂ ਜਨਤਕ ਥਾਵਾਂ ‘ਤੇ ਨਾ ਚੁਰਾਉਣ ਦੇ ਹੁਕਮ ਜਾਰੀ ਕੀਤੇ ਹਨ। ਅਗਲੇ ਹੁਕਮ ਵਿੱਚ ਜ਼ਿਲੇ ਦੀ ਹਦੂਦ ਅੰਦਰ ਗੱਡੀਆਂ ਵਿੱਚ ਕਾਲੀ ਫ਼ਿਲਮ ਦੀ ਦੁਰਵਰਤੋਂ ਕਰਨ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਜ਼ਿਲਾ ਮੈਜਿਸਟਰੇਟ ਨੇ ਇਕ ਹੋਰ ਹੁਕਮ ਜਾਰੀ ਕਰਦਿਆਂ ਪਾਬੰਦੀ ਲਗਾਈ ਹੈ ਕਿ ਜ਼ਿਲੇ ਵਿੱਚ ਪੈਂਦੇ ਸਾਰੇ ਮੈਰਿਜ ਪੈਲਸਾਂ ਵਿੱਚ ਕੋਈ ਵੀ ਵਿਅਕਤੀ ਵਿਆਹ ਸ਼ਾਦੀਆਂ ਜਾਂ ਕਿਸੇ ਹੋਰ ਮੌਕੇ ‘ਤੇ ਕਿਸੇ ਵੀ ਤਰਾਂ ਦੇ ਹਥਿਆਰ ਦੀ ਵਰਤੋਂ ਨਹੀਂ ਕਰੇਗਾ। ਮੈਰਿਜ ਪੈਲੇਸ ਦੇ ਮਾਲਕ ਇਸ ਗੱਲ ਨੂੰ ਯਕੀਨੀ ਬਣਾਉਣਗੇ ਕਿ ਕੋਈ ਵੀ ਵਿਅਕਤੀ ਮੈਰਿਜ ਪੈਲੇਸ ਵਿੱਚ ਫੰਕਸ਼ਨ ਸਮੇਂ ਹਥਿਆਰ ਦੀ ਵਰਤੋਂ ਨਾ ਕਰੇ। ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ ਅਤੇ ਜਿਹਨਾਂ ਨੂੰ ਆਪਣੇ ਨਾਲ ਹਥਿਆਰ ਰੱਖਣ ਦੇ ਅਧਿਕਾਰ ਮਿਲੇ ਹਨ, ਕੇਵਲ ਉਹ ਹੀ ਵਿਅਕਤੀ ਆਪਣੇ ਨਾਲ ਹਥਿਆਰ ਰੱਖ ਸਕਣਗੇ।
ਜਿਲਾ  ਮੈਜਿਸਟਰੇਟ ਨੇ ਇਹ ਵੀ ਪਾਬੰਦੀ ਲਗਾਈ ਹੈ ਕਿ ਜ਼ਿਲਾ ਹੁਸ਼ਿਆਰਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੋਈ ਵੀ ਵਿਅਕਤੀ ਜਾਂ ਪੰਚਾਇਤ ਜਾਂ ਨਗਰ ਕੌਂਸਲ ਜਾਂ ਨਗਰ ਪੰਚਾਇਤ ਸਬੰਧਤ ਉਪ-ਮੰਡਲ ਮੈਜਿਸਟਰੇਟ ਦੀ ਲਿਖਤੀ ਪੂਰਵ ਪ੍ਰਵਾਨਗੀ ਤੋਂ ਬਿਨਾਂ ਕੋਈ ਛੱਪੜ ਨਹੀਂ ਪੂਰੇਗਾ। ਜ਼ਿਲੇ ਵਿੱਚ ਸਰਦੀਆਂ ਨੂੰ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਅਤੇ ਗਰਮੀਆਂ ਨੂੰ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਗਊ ਵੰਸ਼ ਦੀ ਢੋਆ-ਢੁਆਈ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਹੁਕਮ ਰਾਹੀਂ ਜਿਹਨਾਂ  ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ, ਉਹਨਾਂ ਨੂੰ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਾਉਣ ਦੇ ਆਦੇਸ਼ ਵੀ ਦਿੱਤੇ ਗਏ ਹਨ।

          ਜ਼ਿਲਾ ਮੈਜਿਸਟਰੇਟ ਸ਼੍ਰੀਮਤੀ ਈਸ਼ਾ ਕਾਲੀਆ ਵਲੋਂ ਜ਼ਿਲਾ ਹੁਸ਼ਿਆਰਪੁਰ ਦੀ ਹਦੂਦ ਦੇ ਅੰਦਰ ਵੱਡੀਆਂ-ਛੋਟੀਆਂ ਨਹਿਰਾਂ, ਚੋਅ ਦੇ ਬੰਧ ਅਤੇ ਦਰਿਆ ਬਿਆਸ ਦੇ ਕੰਢੇ ਬਣੇ ਧੁੱਸੀ ਬੰਧ ਵਿੱਚ ਕਿਸੇ ਵੀ ਵਿਅਕਤੀ ਵਲੋਂ ਡੰਗਰਾਂ ਨੂੰ ਪਾਣੀ ਪਿਲਾਉਣ ਜਾਂ ਨਹਾਉਣ ‘ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਗਈ ਹੈ। ਇਕ ਹੋਰ ਹੁਕਮ ਜਾਰੀ ਕਰਦਿਆਂ ਪਿੰਡਾਂ ਦੇ ਪ੍ਰਬੰਧਕਾਂ ਨੂੰ ਪਿੰਡਾਂ ਵਿੱਚ ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਰਾਤ ਸਮੇਂ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਪਿੰਡਾਂ ਵਿੱਚ ਰਾਤ ਸਮੇਂ ਲੋਕਾਂ ਦੀ ਜਾਨ ਤੇ ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਹਨਾਂ ਜ਼ਿਲੇ ਦੇ ਸਾਰੇ ਪਿੰਡਾਂ ਦੀਆਂ ਗਲੀਆਂ/ਰਸਤਿਆਂ ਵਿਚ ਨਜਾਇਜ਼ ਬੋਰ ਕਰਨ ‘ਤੇ ਪਾਬੰਦੀ ਲਗਾ ਦਿੱਤੀ ਹੈ। ਜਾਰੀ ਕੀਤੇ ਹੁਕਮ ਅਨੁਸਾਰ ਪ੍ਰਾਈਵੇਟ ਵਿਅਕਤੀ ਆਪਣੀ ਹੀ ਮਲਕੀਅਤ ਵਾਲੀ ਭੂਮੀ ਵਿਚ ਬੋਰ ਕਰਵਾ ਸਕਦੇ ਹਨ।
ਜਿਲਾ ਮੈਜਿਸਟ੍ਰੇਟ ਨੇ ਜ਼ਿਲਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਗੈਰ-ਕਾਨੂੰਨੀ ਹੁੱਕਾ ਬਾਰ ਚਲਾਉਣ ‘ਤੇ ਪਾਬੰਦੀ ਦਾ ਹੁਕਮ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਅਤੇ 18-ਐਮੂਨੀਸ਼ਨ ਡਿਪੂ, ਉਚੀ ਬਸੀ ਦੀ ਬਾਹਰਲੀ ਚਾਰਦੀਵਾਰੀ ਦੇ ਇਕ ਹਜ਼ਾਰ ਯਾਰਡ (914 ਮੀਟਰ) ਗਜ਼ ਦੇ ਘੇਰੇ ਅੰਦਰ ਆਮ ਲੋਕਾਂ ਨੂੰ ਕਿਸੇ ਵੀ ਤਰਾਂ ਦੀ ਉਸਾਰੀ (ਸਿਵਾਏ ਸਰਕਾਰੀ ਉਸਾਰੀ) ਕਰਨ ‘ਤੇ ਪੂਰਨ ਤੌਰ ‘ਤੇ ਰੋਕ ਲਗਾ ਦਿੱਤੀ ਗਈ ਹੈ।

ਉਕਤ ਤੋਂ ਇਲਾਵਾ ਧਾਰਾ 144 ਸੀ.ਆਰ.ਪੀ.ਸੀ. 1973 ਦੇ ਤਹਿਤ ਜ਼ਿਲਾ ਹੁਸ਼ਿਆਰਪੁਰ ਵਿਖੇ ਸੀਮਨ ਦਾ ਅਣ ਅਧਿਕਾਰਤ ਤੌਰ ‘ਤੇ ਭੰਡਾਰਨ ਕਰਨ, ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਪਸ਼ੂ ਪਾਲਣ ਵਿਭਾਗ, ਪੰਜਾਬ ਦੀਆਂ ਸਮੂਹ ਵੈਟਰਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ਡਿਸਪੈਂਸਰੀਆਂ ਅਤੇ ਪੋਲੀਕਲੀਨਿਕ, ਪਸ਼ੂ ਪਾਲਣ ਵਿਭਾਗ, ਪੰਜਾਬ ਮਿਲਕਫੈਡ ਅਤੇ ਕਾਲਜ ਆਫ਼ ਵੈਟਨਰੀ ਸਾਇੰਸ, ਗਡਵਾਸੂ ਲੁਧਿਆਣਾ ਵੱਲੋਂ ਚਲਾਏ ਜਾ ਰਹੇ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ, ਕੋਈ ਹੋਰ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ ਜੋ ਕਿ ਪਸ਼ੂ ਪਾਲਣ ਵਿਭਾਗ, ਪੰਜਾਬ ਵੱਲੋਂ ਪ੍ਰੋਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਗਏ ਬੋਵਾਇਨ ਸੀਮਨ ਨੂੰ ਵਰਤ ਰਹੇ ਹਨ, ਪ੍ਰੋਗਰੈਸਿਵ ਡੇਅਰੀ ਫਾਰਮਜ਼ ਐਸੋਸੀਏਸ਼ਨ, ਪੰਜਾਬ ਦੇ ਮੈਂਬਰ ਜਿਹਨਾਂ ਨੇ ਕੇਵਲ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ ‘ਤੇ ਲਾਗੂ ਨਹੀਂ ਹੋਵੇਗੀ। ਉਕਤ 12 ਹੁਕਮ 22 ਮਈ 2019 ਤੱਕ ਲਾਗੂ ਰਹਿਣਗੇ।

 

LEAVE A REPLY

Please enter your comment!
Please enter your name here