ਕੈਬਨਿਟ ਮੰਤਰੀ ਅਰੋੜਾ ਨੇ ਬੁੱਧ ਰਾਮ ਕਲੋਨੀ ਵਿੱਚ ਆਊਟਡੋਰ ਜਿੰਮ ਦਾ ਕੀਤਾ ਉਦਘਾਟਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਰਿਪੋਰਟ-  ਗੁਰਜੀਤ ਸੋਨੂੰ।  ਸਥਾਨਕ ਹਲਕਾ ਵਿਧਾਇਕ ਅਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ਼੍ਰੀ ਸੁੰਦਰ ਸ਼ਾਮ ਅਰੋੜਾ ਵਲੋਂ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਇਕ ਨਿਵੇਕਲੀ ਪਹਿਲ ਕਰਦਿਆਂ ਸ਼ਹਿਰ ਦੀਆਂ ਪ੍ਰਮੁੱਖ ਪਾਰਕਾਂ ਵਿਚ ਆਊਟਡੋਰ ਜਿੰਮ ਲਗਾਏ ਜਾ ਰਹੇ ਹਨ। ਚੰਡੀਗੜ• ਦੀ ਤਰਜ਼ ‘ਤੇ ਆਊਟਡੋਰ ਜਿੰਮ ਲਗਾਉਣ ਦੀ ਸ਼ੁਰੂ ਕੀਤੀ ਲੜੀ ਤਹਿਤ ਅੱਜ ਕੈਬਨਿਟ ਮੰਤਰੀ ਨੇ ਬੁੱਧ ਰਾਮ ਕਲੋਨੀ, ਹੁਸ਼ਿਆਰਪੁਰ ਦੀ ਪਾਰਕ ਵਿਚ ਆਊਟਡੋਰ ਜਿੰਮ ਦਾ ਉਦਘਾਟਨ ਕਰਕੇ ਜਨਤਾ ਨੂੰ ਸਮਰਪਿਤ ਕੀਤਾ। ਉਹਨਾਂ ਜਿੰਮ ਦਾ ਉਦਘਾਟਨ ਕਲੋਨੀ ਦੇ ਸਭ ਤੋਂ ਬਜ਼ੁਰਗ ਵਿਅਕਤੀ ਤੋਂ ਕਰਵਾਇਆ, ਉਪਰੰਤ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਦੀ ਸੁਣੀਆਂ।
ਉਦਯੋਗ ਤੇ ਵਣਜ ਮੰਤਰੀ, ਪੰਜਾਬ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ-ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ‘ਮਿਸ਼ਨ ਤੰਦਰੁਸਤ ਪੰਜਾਬ’ ਦੀ ਸ਼ੁਰੂਆਤ ਕੀਤੀ ਗਈ ਹੈ, ਤਾਂ ਜੋ ਸੂਬਾ ਵਾਸੀਆਂ ਨੂੰ ਸਿਹਤਮੰਦ ਬਣਾਇਆ ਜਾ ਸਕੇ। ਉਹਨਾਂ ਕਿਹਾ ਕਿ ਸਰਕਾਰ ਦੇ ਇਸ ਮਿਸ਼ਨ ਨੂੰ ਸਫਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Advertisements

 ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨਾਲ ਕੀਤਾ ਹਰ ਵਾਅਦਾ ਨਿਭਾਇਆ ਜਾਵੇਗਾ

ਉਹਨਾਂ ਕਿਹਾ ਕਿ ਮਿਸ਼ਨ ਤਹਿਤ ਹੀ ਸ਼ਹਿਰ ਦੀਆਂ ਪ੍ਰਮੁੱਖ ਪਾਰਕਾਂ ਵਿਚ ਆਊਟਡੋਰ ਜਿੰਮ ਲਗਾਏ ਜਾ ਰਹੇ ਹਨ ਅਤੇ ਹੁਣ ਤੱਕ ਕਰੀਬ 20 ਲੱਖ ਰੁਪਏ ਦੀ ਲਾਗਤ ਨਾਲ 7 ਜਿੰਮ ਲਗਵਾ ਦਿੱਤੇ ਗਏ ਹਨ। ਉਹਨਾਂ ਕਿਹਾ ਕਿ ਆਊਟਡੋਰ ਜਿੰਮ ਲਗਾਉਣ ਦੀ ਲੜੀ ਇਸੇ ਤਰਾਂ ਜਾਰੀ ਰਹੇਗੀ। ਉਹਨਾਂ ਨਾਲ ਹੀ ਅਪੀਲ ਕਰਦਿਆਂ ਕਿਹਾ ਕਿ ਇਲਾਕਾ ਵਾਸੀ ਵੀ ਸਿਹਤਮੰਦ ਰਹਿਣ ਲਈ ਇਹਨਾਂ ਜਿੰਮਾਂ ਦਾ ਵੱਧ ਤੋਂ ਵੱਧ ਫਾਇਦਾ ਚੁੱਕਣ। ਉਹਨਾਂ ਕਿਹਾ ਕਿ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਮਿਲਾਵਟਖੋਰਾਂ ‘ਤੇ ਸ਼ਿਕੰਜਾ ਵੀ ਕੱਸਿਆ ਜਾ ਰਿਹਾ ਹੈ, ਤਾਂ ਜੋ ਸੂਬਾ ਵਾਸੀਆਂ ਨੂੰ ਮਿਆਰੀ ਖਾਣ-ਪੀਣ ਵਾਲੀਆਂ ਵਸਤਾਂ ਮੁਹੱਈਆ ਕਰਵਾਈਆਂ ਜਾ ਸਕਣ।


ਸ਼੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨਾਲ ਕੀਤਾ ਹਰੇਕ ਵਾਅਦਾ ਪੂਰਾ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸਰਕਾਰ ਵਲੋਂ ਜਿਥੇ ਪੰਜਾਬ ਦੀ ਕਿਸਾਨੀ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ, ਉਥੇ ਉਦਯੋਗਿਕ ਖੇਤਰ ਵਿਚ ਵੀ ਪਹਿਲਕਦਮੀਆਂ ਕੀਤੀਆਂ ਗਈਆਂ ਹਨ, ਜਿਸ ਸਦਕਾ ਸੂਬੇ ਵਿਚ ਵੱਡੇ-ਵੱਡੇ ਉਦਗੋਗਿਕ ਯੂਨਿਟ ਸਥਾਪਿਤ ਹੋ ਰਹੇ ਹਨ। ਉਹਨਾਂ ਕਿਹਾ ਕਿ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਸਰਕਾਰ ਵਲੋਂ ‘ਘਰ-ਘਰ ਰੋਜ਼ਗਾਰ ਯੋਜਨਾ’ ਤਹਿਤ ਮੈਗਾ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ ਅਤੇ ਜ਼ਿਲੇ ਵਿੱਚ ਲਗਾਏ ਜਾ ਰਹੇ ਰੋਜ਼ਗਾਰ ਮੇਲਿਆਂ ਦਾ ਨੌਜਵਾਨ ਵੱਧ ਤੋਂ ਵੱਧ ਲਾਹਾ ਲੈਣ।
ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਲੋਕ ਭਲਾਈ ਸਕੀਮਾਂ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਜਿੱਥੇ ‘ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ’ ਦੀ ਸ਼ੁਰੂਆਤ ਕੀਤੀ ਗਈ ਹੈ, ਉਥੇ ‘ਸਰਬੱਤ ਸਿਹਤ ਬੀਮਾ ਯੋਜਨਾ’ ਸਿਹਤ ਸਹੂਲਤਾਂ ਦੇ ਖੇਤਰ ਵਿਚ ਹਣ ਤੱਕ ਦੀ ਸਭ ਤੋਂ ਵੱਡੀ ਉਪਲਬੱਧੀ ਹੈ। ਉਹਨਾਂ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਸਰਕਾਰ ਵਲੋਂ ‘ਡੈਪੋ ਅਤੇ ‘ਬਡੀ’ ਪ੍ਰੋਗਰਾਮ ਵੀ ਸ਼ੁਰੂ ਕੀਤੇ ਗਏ ਹਨ। ਉਹਨਾਂ ਅਪੀਲ ਕਰਦਿਆਂ ਕਿਹਾ ਕਿ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਸਭ ਨੂੰ ਅੱਗੇ ਆਉਣ ਦੀ ਲੋੜ ਹੈ। ਉਹਨਾਂ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣਦਿਆਂ ਕਿਹਾ ਕਿ ਕਿਸੇ ਵੀ ਯੋਗ ਵਿਅਕਤੀ ਨੂੰ ਸਹੂਲਤਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ।
ਇਸ ਮੌਕੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਐਡਵੋਕੇਟ ਰਾਕੇਸ਼ ਮਰਵਾਹਾ, ਜ਼ਿਲਾ ਪ੍ਰਧਾਨ ਕਾਂਗਰਸ ਡਾ. ਕੁਲਦੀਪ ਨੰਦਾ, ਡਾ. ਅਜੈ ਬੱਗਾ, ਅਸ਼ੋਕ ਗਿਲਹੋਤਰਾ, ਬ੍ਰਿਜ ਲਾਲ ਆਨੰਦ, ਪ੍ਰੋ. ਰਘੂਨਾਥ ਰਾਏ ਮਨੋਚਾ, ਸੁਮੇਸ਼ ਸੋਨੀ ਤੋਂ ਇਲਾਵਾ ਭਾਰੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਸਨ।

LEAVE A REPLY

Please enter your comment!
Please enter your name here