ਸ਼ਹੀਦ ਪੁਲਿਸ ਜਵਾਨਾਂ ਅਤੇ ਅਰਧ ਸੈਨਿਕ ਬਲਾਂ ਨੂੰ ਯਾਦ ਕਰਦਿਆਂ ਦਿੱਤੀ ਸ਼ਰਧਾਂਜ਼ਲੀ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਪੰਜਾਬ ਪੁਲਿਸ ਜ਼ਿਲਾ ਹੁਸ਼ਿਆਰਪੁਰ ਵਲੋਂ ਪੁਲਿਸ ਲਾਈਨ ਹੁਸ਼ਿਆਰਪੁਰ ਵਿਖੇ ਦੇਸ਼ ਦੇ ਸ਼ਹੀਦ ਪੁਲਿਸ ਜਵਾਨਾਂ ਅਤੇ ਅਰਧ ਸੈਨਿਕ ਬਲਾਂ ਨੂੰ ਯਾਦ ਕਰਕੇ ਸ਼ਰਧਾ ਸੁਮਨ ਅਰਪਿਤ ਕੀਤੇ ਗਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਪੀ. (ਐਚ.) ਪਰਮਿੰਦਰ ਸਿੰਘ ਹੀਰ ਅਤੇ ਐਸ.ਪੀ. ਮੈਡਮ ਮਨਜੀਤ ਕੌਰ ਦੀ ਅਗਵਾਈ ਵਿੱਚ ਪੁਲਿਸ ਜਵਾਨਾਂ ਵਲੋਂ ਹਥਿਆਰ ਉਲਟੇ ਕਰਕੇ ਸ਼ੌਕ ਸਲਾਮੀ ਦਿੱਤੀ ਗਈ ਅਤੇ ਸਾਰੇ ਅਧਿਕਾਰੀਆਂ ਤੇ ਪੁਲਿਸ ਕਰਮਚਾਰੀਆਂ ਵਲੋਂ ਦੋ ਮਿੰਟ ਦਾ ਮੌਨ ਧਾਰ ਕੇ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਦਿੱਤੀ ਗਈ।

Advertisements

ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ ਸੂਦਨ ਨੇ ਪੁਲਿਸ ਸ਼ਹੀਦੀ ਦਿਵਸ ਪਰੇਡ (ਪੁਲਿਸ ਕੋਮੈਮੋਰੇਸ਼ਨ ਡੇਅ ਪਰੇਡ) ਦੀ ਇਤਿਹਾਸਕ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ 21 ਅਕਤੂਬਰ 1959 ਨੂੰ ਹਾਟ ਸਪਰਿੰਗ (ਲੱਦਾਖ) ਵਿਖੇ ਚੀਨੀ ਫੌਜੀਆਂ ਵਲੋਂ ਘਾਤ ਲਾ ਕੇ ਕੀਤੇ ਹਮਲੇ ਵਿੱਚ ਸੀ.ਆਰ.ਪੀ.ਐਫ. ਦੇ 10 ਜਵਾਨਾਂ ਦੇ ਸ਼ਹੀਦ ਹੋਣ ਦੀ ਯਾਦ ਵਿੱਚ ਇਹ ਦਿਵਸ ਮਨਾਇਆ ਜਾਂਦਾ ਹੈ। ਉਹਨਾਂ ਕਿਹਾ ਕਿ ਪੂਰੇ ਭਾਰਤ ਵਿੱਚ ਡਿਊਟੀ ਦੌਰਾਨ ਸੈਂਕੜੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਅੱਤਵਾਦ ਖਿਲਾਫ਼ ਲੜਾਈ ਵਿੱਚ ਬਲੀਦਾਨ ਦਿੱਤਾ ਤੇ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਰਾਜ ਵਿੱਚ ਮੁੜ ਅਮਨ ਤੇ ਕਾਨੂੰਨ ਦੀ ਬਹਾਲੀ ਲਿਆਉਣ ਵਿੱਚ ਯੋਗਦਾਨ ਪਾਇਆ। ਉਹਨਾਂ ਕਿਹਾ ਕਿ ਅੱਜ ਦਾ ਦਿਨ ਇਨਾਂ ਸ਼ਹੀਦਾਂ ਦੇ ਪਰਿਵਾਰਾਂ ਦੇ ਗੌਰਵ ਨੂੰ ਵਧਾਉਣ ਅਤੇ ਪੁਲਿਸ ਫੋਰਸ ਵਲੋਂ ਉਹਨਾਂ ਦੇ ਹਰ ਦੁੱਖ-ਸੁੱਖ ਵਿੱਚ ਢੱਟ ਕੇ ਖੜਨ ਦੇ ਪ੍ਰਣ ਨੂੰ ਦੁਹਰਾਉਣ ਲਈ ਵੀ ਮਨਾਇਆ ਜਾਂਦਾ ਹੈ।

ਐਸ.ਪੀ. (ਐਚ.) ਪਰਮਿੰਦਰ ਸਿੰਘ ਹੀਰ ਨੇ ਕਿਹਾ ਕਿ ਹਰ ਸਾਲ ਦੇਸ਼ ਦੀ ਅੰਦਰੂਨੀ, ਏਕਤਾ ਤੇ ਅਖੰਡਤਾ ਦੀ ਰਾਖੀ ਕਰਦਿਆਂ ਸ਼ਹਾਦਤ ਦਾ ਜਾਮ ਪੀਣ ਵਾਲੇ ਦੇਸ਼ ਦੇ ਸਮੂਹ ਪੁਲਿਸ ਅਤੇ ਅਰਧ ਸੈਨਿਕ ਬੱਲ ਜਵਾਨਾਂ ਦੀ ਕੁਰਬਾਨੀ ਨੂੰ ਸਿਜਦਾ ਕਰਨ ਲਈ ਵੀ ਇਸ ਸ਼ਹੀਦੀ ਦਿਵਸ ‘ਤੇ ਸ਼ਹੀਦਾਂ ਨੂੰ ਸ਼ਰਧਾਂਜ਼ਲੀਆਂ ਭੇਟ ਕੀਤੀਆਂ ਜਾਂਦੀਆਂ ਹਨ। ਉਹਨਾਂ ਪੰਜਾਬ ਪੁਲਿਸ ਨੇ ਦੇਸ਼ ਦੇ ਹਿੰਸਾਗ੍ਰਸਤ ਇਲਾਕਿਆਂ ਵਿੱਚ ਅਤੇ ਅੱਤਵਾਦ ਵਿਰੋਧੀ ਲੜਾਈ ਦੌਰਾਨ ਆਪਣੀਆਂ ਜਾਨਾਂ ਦੀ ਕੁਰਬਾਨੀ ਦੇ ਕੇ ਅਮਨ ਕਾਨੂੰਨ ਬਹਾਲ ਰੱਖਿਆ ਹੈ। ਉਹਨਾਂ ਦੱਸਿਆ ਕਿ ਇਸ ਸਾਲ 1 ਸਤੰਬਰ 2018 ਤੋਂ 31 ਅਗਸਤ 2019 ਤੱਕ ਭਾਰਤ ਵਿੱਚ 292 ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਦੇ ਅਧਿਕਾਰੀ ਤੇ ਕਰਮਚਾਰੀ ਆਪਣੀ ਡਿਊਟੀ ਦੌਰਾਨ ਸ਼ਹੀਦ ਹੋਏ ਹਨ।

ਇਸ ਉਪਰੰਤ ਸ਼ਹੀਦ ਪਰਿਵਾਰਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ ਅਤੇ ਉਹਨਾਂ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ ਨੂੰ ਹਦਾਇਤਾਂ ਵੀ ਕੀਤੀਆਂ। ਇਸ ਦੌਰਾਨ ਸ਼ਹੀਦਾਂ ਦੇ ਪਰਿਵਾਰਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਆ ਵੀ ਗਿਆ। ਇਸ ਮੌਕੇ ਡੀ.ਐਸ.ਪੀ. (ਐਚ) ਦਲਜੀਤ ਸਿੰਘ ਖੱਖ, ਡੀ.ਐਸ.ਪੀ. ਟਾਂਡਾ ਗੁਰਪ੍ਰੀਤ ਸਿੰਘ ਅਤੇ ਹੋਰ ਪੁਲਿਸ ਅਫ਼ਸਰ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here