ਪਰਾਲੀ ਪ੍ਰਬੰਧਨ ਸਬੰਧੀ ਖੇਤੀ ਭਵਨ ਵਿਖੇ ਲਗਾਇਆ ਜ਼ਿਲਾ ਪੱਧਰੀ ਜਾਗਰੂਕਤਾ ਕੈਂਪ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਜ਼ਿਲਾ ਪੱਧਰੀ ਪਸਾਰ ਅਦਾਰੇ, ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਗੜਸ਼ੰਕਰ ਦੇ ਸਹਿਯੋਗ ਨਾਲ ਪਰਾਲੀ ਪ੍ਰਬੰਧਨ ਜ਼ਿਲਾ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਖੇਤੀ ਭਵਨ ਗੜਸ਼ੰਕਰ ਵਿਖੇ ਕੀਤਾ ਗਿਆ। ਇਸ ਕੈਂਪ ਵਿੱਚ ਮੁੱਖ ਮਹਿਮਾਨ ਵੱਜੋਂ ਉਪ ਮੰਡਲ ਮੈਜਿਸਟ੍ਰੇਟ ਗੜਸ਼ੰਕਰ ਹਰਬੰਸ ਸਿੰਘ ਨੇ ਸ਼ਮੂਲੀਅਤ ਕੀਤੀ। ਉਹਨਾਂ ਦੱਸਿਆ ਕਿ ਪਰਾਲੀ ਸੰਭਾਲਣਾ ਅਜੋਕੇ ਸਮੇਂ ਦੀ ਮੁੱਖ ਲੋੜ ਹੈ।

Advertisements

ਉਹਨਾਂ ਕਿਹਾ ਕਿ ਕਿਸਾਨ ਝੋਨੇ ਦੀ ਪਰਾਲੀ ਨੂੰ ਨਾ ਸਾੜਣ ਅਤੇ ਉਪਲੱਬਧ ਮਸ਼ੀਨਰੀ ‘ਤੇ ਤਕਨੀਕਾਂ ਰਾਹੀਂ ਇਸ ਦਾ ਯੋਗ ਪ੍ਰਬੰਧ ਕਰਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ। ਉਹਨਾਂ ਦੱਸਿਆ ਕਿ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਮਸ਼ੀਨਰੀ ਸਬਸਿਡੀ ‘ਤੇ ਉਪਲਬੱਧ ਕਰਵਾਈ ਜਾ ਰਹੀ ਹੈ। ਉਹਨਾਂ ਕੁਦਰਤੀ ਸੋਮਿਆਂ ਦੀ ਸਾਂਭ-ਸੰਭਾਲ ਅਤੇ ਫ਼ਸਲੀ ਰਹਿੰਦ-ਖੂੰਹਦ ਦੀ ਸੁਚੱਜੀ ਵਰਤੋਂ ਕਰਕੇ ਵਾਤਾਵਰਣ ਪੱਖੀ ਤਕਨੀਕਾਂ ਅਪਣਾਉਣ ਲਈ ਵੀ ਕਿਸਾਨਾਂ ਨੂੰ ਪ੍ਰੇਰਿਤ ਕੀਤਾ।

ਡਿਪਟੀ ਡਾਇਰੈਕਟਰ (ਟ੍ਰੇਨਿੰਗ), ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ  ਡਾ. ਮਨਿੰਦਰ ਸਿੰਘ ਬੈਂਸ ਨੇ ਕਿਸਾਨ ਭਲਾਈ ਸਬੰਧੀ ਕੇਂਦਰ ਦੀਆਂ ਪਸਾਰ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਹਨਾਂ ਦੱਸਿਆ ਕਿ ਪਿਛਲੇ ਸਾਲ ਦੀ ਤਰਾਂ ਇਸ ਵਾਰ ਵੀ ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਮੁਹਿੰਮ ਰੂਪ ਵਿੱਚ ਪਰਾਲੀ ਪ੍ਰਬੰਧਨ ਪਿੰਡਾਂ, ਸਕੂਲ/ਕਾਲਜਾ ਵਿੱਚ ਜਾਗਰੂਕਤਾ ਕੈਂਪਾਂ, ਸਿਖਲਾਈ ਪ੍ਰੋਗਰਾਮਾਂ, ਪ੍ਰਦਰਸ਼ਨੀਆਂ, ਕੰਧਾਂ ‘ਤੇ ਪੇਂਟਿੰਗ ਅਤੇ ਖੇਤੀ ਸਾਹਿਤ ਰਾਹੀਂ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਡਾ. ਬੌਂਸ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ ਅਤੇ ਸਮੂਹਿਕ ਰੂਪ ਵਿੱਚ ਇਸ ਮੁਹਿੰਮ ਨੂੰ ਸਫਲ ਕਰਨ ਲਈ ਪ੍ਰੇਰਿਆ।

ਗੜਸ਼ੰਕਰ ਬਲਾਕ ਦੇ ਖੇਤੀਬਾੜੀ ਅਫਸਰ, ਡਾ. ਸੁਭਾਸ਼ ਚੰਦਰ ਨੇ ਵਿਭਾਗ ਦੀਆਂ ਕਿਸਾਨ ਭਲਾਈ ਸਕੀਮਾਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਉਹਨਾਂ ਇਹ ਵੀ ਦੱਸਿਆ ਕਿ ਬਲਾਕ ਵਿੱਚ ਪਰਾਲੀ ਪ੍ਰਬੰਧਨ ਲਈ ਸਾਲ 2019-20 ਦੌਰਾਨ ਚਾਰ ਮਸ਼ੀਨਰੀ ਬੈਂਕਾਂ ਦਾ ਗਠਨ ਕੀਤਾ ਗਿਆ ਹੈ ਅਤੇ ਕਿਸਾਨ ਪਰਾਲੀ ਪ੍ਰਭੰਧਨ ਸਬੰਧਿਤ ਮਸ਼ੀਨਰੀ ਦੀ ਵਰਤੋਂ ਸਾਂਝੇ ਤੌਰ ‘ਤੇ ਕਰਣ ਤਾਂ ਜੋ ਇਸ ਦਾ ਪੂਰਾ ਫਾਇਦਾ ਲਿਆ ਜਾ ਸਕੇ । ਡਾ. ਸੁਭਾਸ਼ ਚੰਦਰ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਮਨਾਉਂਦੇ ਹੋਏ, ਵਾਤਾਵਰਣ ਸੰਭਾਲਣ ਅਤੇ ਪਰਾਲੀ ਪ੍ਰਬੰਧਨ ਲਈ ਵੀ ਕਿਸਾਨਾਂ ਨੂੰ ਲਾਮਬੰਦ ਕੀਤਾ।

ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਵੱਖ-ਵੱਖ ਮਾਹਿਰਾਂ ਡਾ. ਪਵਿੱਤਰ ਸਿੰਘ, ਡਾ. ਸੁਖਵਿੰਦਰ ਸਿੰਘ ਔਲਖ, ਇੰਜ: ਨਵਦੀਪ ਸਿੰਘ, ਡਾ. ਕਿਰਨਜੀਤ ਸਿੰਘ ਅਤੇ ਡਾ. ਗੁਰਿੰਦਰ ਸਿੰਘ ਵਲੋਂ ਪਰਾਲੀ ਵਿੱਚ ਮੌਜੂਦ ਵੱਖ-ਵੱਖ ਤੱਤਾਂ ਦੀ ਮਹੱਤਤਾ, ਜੀਵਾਣੂ ਖਾਦਾਂ ਦੀ ਮਹੱਤਤਾ, ਮਿੱਟੀ ਪਰਖ, ਖੁੰਭ ਉਤਪਾਦਨ, ਸਬਜੀਆਂ ਦੀ ਕਾਸ਼ਤ, ਹਾੜੀ ਦੀ ਫ਼ਸਲਾਂ ਦੀ ਕਾਸਤ, ਖੇਤੀ ਮਸ਼ੀਨਰੀ ਰਾਹੀਂ ਝੋਨੇ ਦੀ ਪਰਾਲੀ ਪ੍ਰਬੰਧਨ ਬਾਰੇ ਵਿਸਥਾਰ ਨਾਲ ਤਕਨੀਕੀ ਜਾਣਕਾਰੀ ਵੀ ਸਾਂਝੀ ਕੀਤੀ। ਇਸ ਮੌਕੇ ਝੋਨੇ ਦੀ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਵਾਲੇ ਅਗਾਂਹਵਧੂ ਕਿਸਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਕਿਸਾਨਾਂ ਦੀ ਸਹੂਲਤ ਲਈ ਕਣਕ, ਗੋਭੀ ਸਰੋਂ, ਰਾਇਆ, ਤਾਰਾਮੀਰਾ, ਪਿਆਜ, ਦਾਲਾਂ ਤੇ ਤੇਲਬੀਜ ਕਿੱਟ, ਕਣਕ ਲਈ ਜੀਵਾਣੂ ਖਾਦ, ਫਲਦਾਰ ਬੂਟੇ, ਪਸ਼ੂਆਂ ਲਈ ਧਾਤਾਂ ਦਾ ਚੂਰਾ, ਪਸ਼ੂ ਚਾਟ ਇੱਟ ਅਤੇ ਖੇਤੀ ਸਾਹਿਤ ਵੀ ਉਪਲਬੱਧ ਕਰਵਾਇਆ ਗਿਆ। ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਹੋਰ ਸਰਕਾਰੀ ਵਿਭਾਗਾਂ ਵਲੋਂ ਖੇਤੀਬਾੜੀ ਅਤੇ ਪਰਾਲੀ ਪ੍ਰਬੰਧਨ ਸਬੰਧੀ ਵੱਖ-ਵੱਖ ਸਵੈ-ਸਹਾਇਤਾ ਸਮੂਹਾਂ ਤੇ ਪ੍ਰਾਈਵੇਟ ਅਦਾਰਿਆਂ ਵਲੋਂ ਆਪਣੇ ਪਦਾਰਥਾਂ ਬਾਬਤ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ।

LEAVE A REPLY

Please enter your comment!
Please enter your name here