ਜ਼ਿਲਾ ਮੈਜਿਸਟਰੇਟ ਨੇ ਜਾਰੀ ਕੀਤੇ 11 ਵੱਖ-ਵੱਖ ਪਾਬੰਦੀਆਂ ਦੇ ਹੁਕਮ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਵਲੋਂ ਵੱਖ-ਵੱਖ 11 ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਕੀਤੇ ਗਏ ਪਹਿਲੇ ਹੁਕਮ ਵਿੱਚ ਜ਼ਿਲੇ ਦੀ ਹਦੂਦ ਅੰਦਰ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ‘ਤੇ ਜਾਂ ਜਨਤਕ ਥਾਵਾਂ ‘ਤੇ ਨਾ ਚੁਰਾਉਣ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਜ਼ਿਲੇ ਦੀ ਹਦੂਦ ਅੰਦਰ ਗੱਡੀਆਂ ਵਿੱਚ ਕਾਲੀ ਫ਼ਿਲਮ ਦੀ ਦੁਰਵਰਤੋਂ ਕਰਨ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।

Advertisements

ਜ਼ਿਲਾ ਮੈਜਿਸਟਰੇਟ ਵਲੋਂ ਜਾਰੀ ਕੀਤੇ ਅਗਲੇ ਹੁਕਮ ਤਹਿਤ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਅਤੇ 18-ਐਮੂਨੀਸ਼ਨ ਡਿਪੂ, ਉਚੀ ਬਸੀ ਦੀ ਬਾਹਰਲੀ ਚਾਰਦੀਵਾਰੀ ਦੇ ਇਕ ਹਜ਼ਾਰ ਯਾਰਡ (914 ਮੀਟਰ) ਗਜ਼ ਦੇ ਘੇਰੇ ਅੰਦਰ ਆਮ ਲੋਕਾਂ ਨੂੰ ਕਿਸੇ ਵੀ ਤਰ ਦੀ ਉਸਾਰੀ (ਸਿਵਾਏ ਸਰਕਾਰੀ ਉਸਾਰੀ) ਕਰਨ ‘ਤੇ ਪੂਰਨ ਤੌਰ ‘ਤੇ ਰੋਕ ਲਗਾ ਦਿੱਤੀ ਗਈ ਹੈ।

ਇਕ ਹੋਰ ਹੁਕਮ ਜਾਰੀ ਕਰਦਿਆਂ ਪਿੰਡਾਂ ਦੇ ਪ੍ਰਬੰਧਕਾਂ ਨੂੰ ਪਿੰਡਾਂ ਵਿੱਚ ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਰਾਤ ਸਮੇਂ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਪਿੰਡਾਂ ਵਿੱਚ ਰਾਤ ਸਮੇਂ ਲੋਕਾਂ ਦੀ ਜਾਨ ਤੇ ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਹਨਾਂ ਜ਼ਿਲੇ ਦੇ ਸਾਰੇ ਪਿੰਡਾਂ ਦੀਆਂ ਗਲੀਆਂ/ਰਸਤਿਆਂ ਵਿਚ ਨਜਾਇਜ਼ ਬੋਰ ਕਰਨ ‘ਤੇ ਪਾਬੰਦੀ ਲਗਾ ਦਿੱਤੀ ਹੈ।

ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਵਲੋਂ ਜਾਰੀ ਕੀਤੇ ਅਗਲੇ ਹੁਕਮ ਅਨੁਸਾਰ ਜ਼ਿਲੇ ਵਿੱਚ ਪੋਲਟਰੀ ਫਾਰਮਾਂ/ਰਾਇਸ ਸ਼ੈਲਰਾਂ/ਭੱਠਿਆਂ ਅਤੇ ਹੋਰ ਸਮਾਲ ਸਕੇਲ ਇੰਡਸਟਰੀਜ਼ ਦੇ ਮਾਲਕਾਂ ਦੇ ਨਾਲ-ਨਾਲ ਘਰੇਲੂ ਨੌਕਰ ਰੱਖਣ ਵਾਲਿਆਂ ਦੇ ਨਾਮ ਹੁਕਮ ਜਾਰੀ ਕੀਤੇ ਹਨ ਕਿ ਉਹ ਆਪਣੇ ਅਧੀਨ ਕੰਮ ਕਰਨ ਵਾਲੇ ਵਿਅਕਤੀਆਂ ਦਾ ਨਾਮ, ਪੂਰਾ ਪਤਾ, ਤਿੰਨ ਫੋਟੋਆਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ) ਆਪਣੇ ਘਰਾਂ ਵਿੱਚ ਰਜਿਸਟਰ ਲਾ ਕੇ ਰੱਖਣ ਅਤੇ ਉਹਨਾਂ ਦੇ ਸਾਰੇ ਰਿਸ਼ਤੇਦਾਰਾਂ ਦੇ ਐਡਰੈਸ ਲਿਖ ਕੇ ਰੱਖਣ। ਨੌਕਰ ਦੇ ਫਿੰਗਰ ਪ੍ਰਿੰਟ ਮਾਲਕ ਆਪਣੇ ਰਜਿਸਟਰ ਵਿੱਚ ਲਾ ਕੇ ਰੱਖਣ ਅਤੇ ਇਹ ਸਾਰਾ ਰਿਕਾਰਡ ਇਲਾਕੇ ਦੇ ਥਾਣੇ ਜਾਂ ਪੁਲਿਸ ਚੌਂਕੀ ਵਿੱਚ ਵੀ ਤੁਰੰਤ ਦਰਜ ਕਰਵਾਉਣ।

ਜ਼ਿਲਾ ਮੈਜਿਸਟਰੇਟ ਵਲੋਂ ਜ਼ਿਲੇ ਦੀਆਂ ਹੱਦਾਂ ਅੰਦਰ ਬਿਨਾਂ ਉਪ ਮੰਡਲ ਮੈਜਿਸਟਰੇਟ ਦੀ ਪ੍ਰਵਾਨਗੀ ਦੇ ਕਿਸੇ ਕਿਸਮ ਦਾ ਜਲੂਸ ਕੱਢਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ, ਨਾਅਰੇਬਾਜ਼ੀ ਕਰਨ, ਲਾਠੀਆਂ, ਗੈਰ ਲਾਇਸੰਸੀ ਅਸਲਾ, ਤੇਜ਼ ਧਾਰ ਟਾਕੂਆਂ ਨੂੰ ਚੁੱਕਣ ਆਦਿ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਹੁਕਮ ਸਰਕਾਰੀ ਸਮਾਗਮਾਂ, ਕਾਨਫਰੰਸਾਂ ਅਤੇ ਮੀਟਿੰਗਾਂ ਆਦਿ ‘ਤੇ ਲਾਗੂ ਨਹੀਂ ਹੋਵੇਗਾ। ਕੋਈ ਵੀ ਸਿਆਸੀ ਪਾਰਟੀ ਰੈਲੀ/ਜਲਸਾ ਕਰਨ ਲਈ ਸਬੰਧਤ ਐਸ.ਡੀ.ਐਮ. ਪਾਸੋਂ ਲਿਖਤੀ ਪ੍ਰਵਾਨਗੀ ਵੀ ਜ਼ਰੂਰੀ ਹੈ। ਇਹ ਹੁਕਮ ਪੰਜਾਬ ਪੁਲਿਸ, ਹੋਮ ਗਾਰਡ, ਵਿਆਹ ਸ਼ਾਦੀਆਂ, ਮਾਤਮੀ ਸ਼ੋਕ ਸਮਾਗਮਾਂ ‘ਤੇ ਲਾਗੂ ਨਹੀਂ ਹੋਵੇਗਾ।

ਜ਼ਿਲਾ ਮੈਜਿਸਟਰੇਟ ਨੇ ਅਗਲਾ ਹੁਕਮ ਜਾਰੀ ਕੀਤਾ ਹੈ ਕਿ ਪੰਜਾਬ ਇੰਸਟਰੂਮੈਂਟ ਕੰਟਰੋਲ ਐਕਟ 1950 ਦੀ ਧਾਰਾ 3 ਅਨੁਸਾਰ ਕੋਈ ਵੀ ਵਿਅਕਤੀ ਜਾਂ ਸਿਆਸੀ ਪਾਰਟੀ ਜਲਸੇ ਜਾਂ ਜਲੂਸ ਅਤੇ ਰੈਲੀ ਦੌਰਾਨ ਸਬੰਧਤ ਉਪ ਮੰਡਲ ਮੈਜਿਸਟਰੇਟ ਦੀ ਲਿਖਤੀ ਪ੍ਰਵਾਨਗੀ ਤੋਂ ਬਿਨਾਂ ਕਿਸੇ ਵੀ ਅਜਿਹੇ ਯੰਤਰ ਜਾਂ ਆਵਾਜ਼ੀ ਪ੍ਰਦੂਸ਼ਣ ਪੈਦਾ ਕਰਨ ਵਾਲੀ ਸਮੱਗਰੀ ਦੀ ਵਰਤੋਂ ਦਿਨ ਜਾਂ ਰਾਤ ਸਮੇਂ ਨਹੀਂ ਕਰੇਗਾ, ਜਿਸ ਦੀ ਆਵਾਜ਼ ਉਸ ਦੀ ਹਦੂਦ ਤੋਂ ਬਾਹਰ ਸੁਣਦੀ ਹੋਵੇ। ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲੇ ਦੀ ਹੱਦ ਅੰਦਰ ਮਿਲਟਰੀ ਵਰਦੀ ਅਤੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ, ਮੋਟਰ ਸਾਈਕਲਾਂ, ਮੋਟਰ ਗੱਡੀਆਂ ਦੀ ਵਰਤੋਂ ਕਰਨ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਮਿਲਟਰੀ ਅਧਿਕਾਰੀਆਂ ‘ਤੇ ਲਾਗੂ ਨਹੀਂ ਹੋਵੇਗਾ।

ਜ਼ਿਲਾ ਮੈਜਿਸਟਰੇਟ ਵਲੋਂ ਮਕਾਨ ਮਾਲਕਾਂ, ਮਕਾਨ ‘ਤੇ ਕਾਬਜ਼ ਵਿਅਕਤੀਆਂ, ਮਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਉਹਨਾਂ ਵਲੋਂ ਜੋ ਵੀ ਮਕਾਨ ਕਿਰਾਏ ‘ਤੇ ਦਿੱਤੇ ਹੋਣ ਜਾਂ ਭਵਿੱਖ ਵਿੱਚ ਕਿਰਾਏ ‘ਤੇ ਦਿੱਤੇ ਜਾਣ, ਉਹਨਾਂ ਵਿੱਚ ਰਹਿਣ ਵਾਲੇ ਵਿਅਕਤੀ ਦਾ ਨਾਂ ਅਤੇ ਪੂਰਾ ਪਤਾ ਆਪਣੇ ਇਲਾਕੇ ਦੇ ਥਾਣੇ/ਪੁਲਿਸ ਚੌਕੀ ਵਿੱਚ ਤੁਰੰਤ ਦਰਜ ਕਰਾਉਣ ਦਾ ਹੁਕਮ ਜਾਰੀ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਜ਼ਿਲੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਕੰਪਨੀਆਂ ਦੀਆਂ ਵੱਖ-ਵੱਖ ਰੂਟਾਂ ‘ਤੇ ਚੱਲਣ ਵਾਲੀਆਂ ਬੱਸਾਂ ਅੰਦਰ ਟੇਪ ਰਿਕਾਰਡਾਂ ਦੁਆਰਾ ਅਸ਼ਲੀਲ ਗਾਣੇ ਸੁਣਾਉਣ ਅਤੇ ਵੀਡੀਓ ਦੁਆਰਾ ਅਸ਼ਲੀਲ ਫ਼ਿਲਮਾਂ ਦਿਖਾਉਣ ‘ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਉਕਤ  ਹੁਕਮ 23 ਦਸੰਬਰ 2019 ਤੱਕ ਲਾਗੂ ਰਹਿਣਗੇ।

LEAVE A REPLY

Please enter your comment!
Please enter your name here