550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ 21 ਤੋਂ 23 ਨਵੰਬਰ ਤੱਕ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ (ਰੌਸ਼ਨੀ ਤੇ ਆਵਾਜ਼) ਸ਼ੋਅ 21 ਨਵੰਬਰ ਤੋਂ 23 ਨਵੰਬਰ ਤੱਕ ਰੌਸ਼ਨ ਗਰਾਊਂਡ ਹੁਸ਼ਿਆਰਪੁਰ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਦੌਰਾਨ ਗੁਰੂ ਸਾਹਿਬ ਦੇ ਜੀਵਨ, ਉਦਾਸੀਆਂ ਤੇ ਉਪਦੇਸ਼ਾਂ ਬਾਰੇ ਜਾਣੂੰ ਕਰਵਾਉਣ ਲਈ ਅਤਿ-ਆਧੁਨਿਕ ਤਕਨੀਕ ਦੀ ਵਰਤੋਂ ਕੀਤੀ ਜਾਵੇਗੀ। ਉਹ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰੋਗਰਾਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ  ਰੌਸ਼ਨ ਗਰਾਊਂਡ ਹੁਸ਼ਿਆਰਪੁਰ ਵਿਖੇ 21 ਤੋਂ 23 ਨਵੰਬਰ ਤੱਕ ਡਿਜੀਟਲ ਮਿਊਜੀਅਮ ਸਥਾਪਿਤ ਕੀਤਾ ਜਾਵੇਗਾ, ਜੋ ਲੋਕਾਂ ਦੇ ਦੇਖਣ ਲਈ ਤਿੰਨੋ ਦਿਨ ਸਵੇਰੇ 7 ਵਜੇ ਤੋਂ ਸ਼ਾਮ 5:30 ਵਜੇ ਤੱਕ ਖੁੱਲਾ ਰਹੇਗਾ। ਉਹਨਾਂ ਅੱਗੇ ਦੱਸਿਆ ਕਿ ਅਤਿ-ਆਧੁਨਿਕ ਤਕਨੀਕਾਂ ਵਾਲੇ ਇਸ ਮਿਊਜ਼ੀਅਮ ਵਿਚ ਗੁਰੂ ਸਾਹਿਬ ਦੇ ਜੀਵਨ ਬਿਰਤਾਂਤ ਨੂੰ ਮਲਟੀ ਮੀਡੀਆ ਤਕਨੀਕਾਂ ਜ਼ਰੀਏ ਰੂਪਮਾਨ ਕੀਤਾ ਜਾਵੇਗਾ। ਉਹਨਾਂ ਕਿਹਾ ਕਿ 22 ਤੇ 23 ਨਵੰਬਰ ਦੀ ਸ਼ਾਮ ਨੂੰ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ ‘ਤੇ ਚਾਨਣਾ ਪਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਚੱਲਣਗੇ, ਜੋ ਕਿ ਦੋਵੇਂ ਦਿਨ ਸ਼ਾਮ 6.15 ਤੋਂ 7 ਵਜੇ ਅਤੇ ਰਾਤ 7.45 ਤੋਂ 8.30 ਵਜੇ ਤੱਕ ਹੋਣਗੇ। ਉਨਾਂ ਕਿਹਾ ਕਿ ਰੰਗਦਾਰ ਦ੍ਰਿਸ਼ ਪੇਸ਼ਕਾਰੀਆਂ, ਅਤਿ-ਆਧੁਨਿਕ ਲੇਜ਼ਰ ਤਕਨੀਕਾਂ ਅਤੇ ਵਿਲੱਖਣ ਧੁਨੀਆਂ ਵਾਲੇ 45 ਮਿੰਟ ਦੇ ਲਾਈਟ ਐਂਡ ਸਾਊਂਡ ਸ਼ੋਅ ਅਦਭੁੱਤ ਨਜ਼ਾਰਾ ਪੇਸ਼ ਕਰਨਗੇ।

Advertisements

ਡਿਪਟੀ ਕਮਿਸ਼ਨਰ ਨੇ ਸੁਚੱਜੇ ਪ੍ਰਬੰਧਾਂ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਈਸ਼ਾ ਕਾਲੀਆ ਨੇ ਜਿਲੇ ਦੇ ਸਮੂਹ ਸਕੂਲਾਂ ਤੇ ਕਾਲਜਾਂ ਦੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਇਸ ਡਿਜੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਦੀ ਅਲੌਕਿਕ ਪੇਸ਼ਕਾਰੀ ਦਾ ਅਨੰਦ ਲੈਣ ਦੀ ਅਪੀਲ ਕਰਦਿਆਂ, ਜ਼ਿਲੇ ਦੇ ਸਮੂਹ ਵਸਨੀਕਾਂ ਨੂੰ ਵੀ ਇਹਨਾਂ ਤਿੰਨਾਂ ਦਿਨਾਂ ਦੌਰਾਨ ਹੁੰਮ-ਹੁੰਮਾ ਕੇ ਰੌਸ਼ਨ ਗਰਾਊਂਡ, ਹੁਸ਼ਿਆਰਪੁਰ ਪੁੱਜਣ ਲਈ ਆਖਿਆ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮੂਹ ਸੰਗਤਾਂ ਲਈ ਵਿਸ਼ੇਸ਼ ਤੌਰ ‘ਤੇ ਤਿਆਰ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ ਦਾਖਲਾ ਬਿਲਕੁਲ ਮੁਫ਼ਤ ਹੈ ਅਤੇ ਸੰਗਤਾਂ ਆਪਣੇ ਪਰਿਵਾਰ ਸਮੇਤ ਸ਼ੋਅ ਦਾ ਅਨੰਦ ਮਾਣ ਸਕਦੀਆਂ ਹਨ।

ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਜਿਥੇ ਜ਼ਿਲਾ ਪੁਲਿਸ ਨੂੰ ਸੁਰੱਖਿਆ ਅਤੇ ਪਾਰਕਿੰਗ ਦੇ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ, ਉਥੇ ਗਰਾਊਂਡ ਦੀ ਸਾਫ਼-ਸਫ਼ਾਈ ਲਈ ਨਗਰ ਨਿਗਮ ਨੂੰ ਹਦਾਇਤ ਕੀਤੀ। ਉਹਨਾਂ ਕਿਹਾ ਕਿ ਪ੍ਰਬੰਧਾਂ ਪੱਖੋਂ ਕਿਸੇ ਪ੍ਰਕਾਰ ਦੀ ਕੋਈ ਕਮੀ ਪੇਸ਼ੀ ਨਹੀਂ ਰਹਿਣੀ ਚਾਹੀਦੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ ਸੂਦਨ, ਐਸ.ਡੀ.ਐਮ. ਹੁਸ਼ਿਆਰਪੁਰ ਅਮਿਤ ਸਰੀਨ, ਜ਼ਿਲਾ ਸਿੱਖਿਆ ਅਫ਼ਸਰ (ਸ) ਮੋਹਨ ਸਿੰਘ ਲੇਹਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here