ਮੈੜੀ ਮੇਲਾ: ਸ਼ਰਧਾਲੂਆਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ: ਡਿਪਟੀ ਕਮਿਸ਼ਨਰ ਰਿਆਤ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਪੰਜਾਬ ਤੋਂ ਮੈੜੀ ਮੇਲੇ ਵਿੱਚ ਜਾਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜ਼ਿਲਾ ਪ੍ਰਸ਼ਾਸ਼ਨ ਵਲੋਂ ਸੰਗਤਾਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਯਕੀਨੀ ਬਣਾਏ ਜਾਣਗੇ। ਉਹ ਅੱਜ ਮੈੜੀ ਮੇਲੇ ਸਬੰਧੀ ਸੁਚਾਰੂ ਪ੍ਰਬੰਧਾਂ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ। ਉਹਨਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਪਿੰਡ ਮੈੜੀ (ਜ਼ਿਲਾ ਊਨਾ, ਤਹਿਸੀਲ ਅੰਬ) ਵਿਖੇ ਡੇਰਾ ਬਾਬਾ ਵਡਭਾਗ ਸਿੰਘ ਹੋਲੀ ਮੇਲਾ 3 ਮਾਰਚ ਤੋਂ 12 ਮਾਰਚ ਤੱਕ ਹੋ ਰਿਹਾ ਹੈ।  ਉਹਨਾਂ ਕਿਹਾ ਕਿ ਇਸ ਮੇਲੇ ਵਿੱਚ ਪੰਜਾਬ ਤੋਂ ਭਾਰੀ ਗਿਣਤੀ ਵਿੱਚ ਸ਼ਰਧਾਲੂ ਪਹੁੰਚਣਗੇ, ਜਿਸ ਲਈ ਜ਼ਿਲਾ ਪ੍ਰਸ਼ਾਸ਼ਨ ਹੁਸ਼ਿਆਰਪੁਰ ਵਲੋਂ ਉਚਿਤ ਪ੍ਰਬੰਧ ਕੀਤੇ ਜਾ ਰਹੇ ਹਨ।

Advertisements

-ਸੁਚਾਰੂ ਪ੍ਰਬੰਧਾਂ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਅਪਨੀਤ ਰਿਆਤ ਨੇ ਕਿਹਾ ਕਿ ਮੇਲੇ ਲਈ ਪ੍ਰਸ਼ਾਸ਼ਨ ਵਲੋਂ ਡਿਉਟੀ ਮੈਜਿਸਟਰੇਟ ਵੀ ਤਾਇਨਾਤ ਕੀਤੇ ਜਾਣਗੇ। ਉਹਨਾਂ ਅਪੀਲ ਕਰਦਿਆਂ ਕਿਹਾ ਕਿ ਸ਼ਰਧਾਲੂ ਟਰੈਕਟਰ-ਟਰਾਲੀਆਂ, ਟਰੱਕਾਂ, ਕੈਂਟਰਾਂ ਅਤੇ ਹੋਰ ਸਮਾਨ ਢੋਹਣ ਵਾਲੇ ਵਾਹਨਾਂ ‘ਤੇ ਨਾ ਜਾਣ। ਉਹਨਾਂ ਸਕੱਤਰ ਰਿਜ਼ਨਲ ਟਰਾਂਸਪੋਰਟ ਅਥਾਰਟੀ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਅਜਿਹੇ ਵਾਹਨਾਂ ਦੀ ਚੈਕਿੰਗ ਯਕੀਨੀ ਬਣਾਈ ਜਾਵੇ, ਕਿਉਂਕਿ ਅਜਿਹੇ ਵਾਹਨ ਹਾਦਸਿਆਂ ਦਾ ਕਾਰਨ ਬਣਦੇ ਹਨ। ਉਹਨਾਂ ਓਵਰ ਲੋਡਿਡ ਵਾਹਨਾਂ ‘ਤੇ ਵੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਹਨਾਂ ਕਿਹਾ ਕਿ ਸ਼ਰਧਾਲੂ ਕਿਸੇ ਵੀ ਪ੍ਰਕਾਰ ਦੀ ਅਸੁਵਿਧਾ ਤੋਂ ਬਚਣ ਲਈ ਭਾਰ ਢੋਹਣ ਵਾਲੇ ਵਾਹਨਾਂ ‘ਤੇ ਮੈੜੀ ਮੇਲੇ ਲਈ ਨਾ ਜਾਣ।

-ਸ਼ਰਧਾਲੂਆਂ ਨੂੰ ਟਰੈਕਟਰ-ਟਰਾਲੀਆਂ, ਟਰੱਕ ਅਤੇ ਹੋਰ ਭਾਰ ਢੋਹਣ ਵਾਲੇ ਵਾਹਨਾਂ ‘ਤੇ ਨਾ ਜਾਣ ਦੀ ਕੀਤੀ ਅਪੀਲ

ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਰੂਟ ਮੁਤਾਬਕ ਮੈਡੀਕਲ ਟੀਮਾਂ, ਐਂਬੂਲੈਂਸ, ਫਸਟ ਏਡ ਕਿੱਟਾਂ ਤੋਂ ਇਲਾਵਾ ਡਾਕਟਰਾਂ ਦੀ ਟੀਮ ਤਾਇਨਾਤ ਕੀਤੀ ਜਾਵੇ, ਤਾਂ ਜੋ ਫੌਰੀ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਉਹਨਾਂ ਐਸ.ਡੀ.ਐਮ. ਹੁਸ਼ਿਆਰਪੁਰ ਨੂੰ ਨਿਰਦੇਸ਼ ਦਿੱਤੇ ਕਿ ਲੰਗਰ, ਲਾਊਡ ਸਪੀਕਰ ਆਦਿ ਦੀ ਮਨਜ਼ੂਰੀ ਸਮੇਂ ਸਿਰ ਦਿੱਤੀ ਜਾਵੇ। ਇਸ ਤੋਂ ਇਲਾਵਾ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਵੀ ਲਿਖਤੀ ਤੌਰ ‘ਤੇ ਲਿਖ ਕੇ ਲਿਆ ਜਾਵੇ, ਤਾਂ ਜੋ ਲੰਗਰ ਕਮੇਟੀਆਂ ਵਲੋਂ ਪਲਾਸਟਿਕ ਦੀ ਵਰਤੋਂ ਨਾ ਕੀਤੀ ਜਾ ਸਕੇ। ਉਹਨਾਂ ਨਗਰ ਨਿਗਮ ਨੂੰ ਸਫ਼ਾਈ ਪ੍ਰਬੰਧਾਂ ਤੋਂ ਇਲਾਵਾ ਕੂੜੇਦਾਨਾਂ ਦਾ ਪ੍ਰਬੰਧ ਕਰਨ ਲਈ ਵੀ ਕਿਹਾ।

ਅਪਨੀਤ ਰਿਆਤ ਨੇ ਜ਼ਿਲਾ ਪੁਲਿਸ ਨੂੰ ਸ਼ਰਧਾਲੂਆਂ ਲਈ ਵਿਸ਼ੇਸ਼ ਰੂਟ ਪਲਾਨ ਤਿਆਰ ਕਰਨ ਦੇ ਨਿਰਦੇਸ਼ ਵੀ ਦਿੱਤੇ, ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਵੀ ਤਰਾਂ ਦੀ ਟਰੈਫਿਕ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਇਲਾਵਾ ਪੰਜਾਬ-ਹਿਮਾਚਲ ਬਾਰਡਰ ‘ਤੇ ਪਾਰਕਿੰਗ ਦਾ ਪ੍ਰਬੰਧ ਕਰਨ ਲਈ ਵੀ ਕਿਹਾ। ਇਸ ਮੌਕੇ ਐਸ.ਡੀ.ਐਮ. ਹੁਸ਼ਿਆਰਪੁਰ ਅਮਿਤ ਮਹਾਜਨ, ਸਕੱਤਰ ਰਿਜ਼ਨਲ ਟਰਾਂਸਪੋਰਟ ਅਥਾਰਟੀ ਕਰਨ ਸਿੰਘ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here