ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਪਿੰਡ ਮੂਨਕ ਕਲਾਂ ਤੇ ਮੂਨਕ ਖੁਰਦ ਵਿਖੇ ਕਰਵਾਈ ਮੌਕ ਡਰਿੱਲ

ਹੁਸ਼ਿਆਰਪੁਰ/ਟਾਂਡਾ ਉੜਮੁੜ(ਦ ਸਟੈਲਰ ਨਿਊਜ਼),ਰਿਪੋਰਟ:ਰਿਸ਼ੀਪਾਲ। ਜ਼ਿਲਾ ਪ੍ਰਸਾਸ਼ਨ ਵਲੋਂ ਕੋਵਿਡ-19 (ਕੋਰੋਨਾ ਵਾਇਰਸ) ਦੇ ਮੱਦੇਨਜ਼ਰ ਵਿੱਢੇ ਜਾਗਰੂਕਤਾ ਅਭਿਆਨ ਅਤੇ ਕੋਰੋਨਾ ਵਾਇਰਸ ਨਾਲ ਸਬੰਧਿਤ ਕੇਸ ਸਾਹਮਣੇ ਆਉਣ ‘ਤੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪਿੰਡ ਮੂਨਕ ਕਲਾਂ ਅਤੇ ਮੂਨਕ ਖੁਰਦ ਵਿਖੇ ਮੌਕ ਡਰਿੱਲ ਕਰਵਾਈ ਗਈ। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਦੇ ਨਿਰਦੇਸ਼ਾਂ ‘ਤੇ ਕਰਵਾਈ ਗਈ ਇਹ ਮੌਕ ਡਰਿੱਲ ਐਸ.ਡੀ.ਐਮ. ਦਸੂਹਾ ਜੋਤੀ ਬਾਲਾ ਦੀ ਪ੍ਰਧਾਨਗੀ ਹੇਠ ਕਰਵਾਈ ਗਈ। ਇਸ ਮੌਕੇ ਸਿਵਲ ਸਰਜਨ ਡਾ. ਜਸਵੀਰ ਸਿੰਘ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਨੋਡਲ ਅਫ਼ਸਰ ਡਾ. ਸੈਲੇਸ਼, ਡੀ.ਐਸ.ਪੀ. ਗੁਰਪ੍ਰੀਤ ਸਿੰਘ ਅਤੇ ਨਾਇਬ ਤਹਿਸੀਲਦਾਰ ਓਂਕਾਰ ਸਿੰਘ ਵੀ ਮੌਜੂਦ ਸਨ।

Advertisements

 

-ਕੋਰੋਨਾ ਵਾਇਰਸ ਤੋਂ ਬਚਾਅ ਲਈ ਸਾਵਧਾਨੀਆਂ ਜ਼ਰੂਰੀ: ਡਿਪਟੀ ਕਮਿਸ਼ਨਰ

ਮੌਕ ਡਰਿੱਲ ਦੌਰਾਨ ਉਹ ਸਾਰੀਆਂ ਗਤੀਵਿਧੀਆਂ ਕੀਤੀਆਂ ਗਈਆਂ, ਜੋ ਕੋਰੋਨਾ ਵਾਇਰਸ ਦਾ ਮਰੀਜ਼ ਸਾਹਮਣੇ ਆਉਣ ‘ਤੇ ਕੀਤੀਆਂ ਜਾਣਗੀਆਂ। ਉਕਤ ਦੋਨਾਂ ਪਿੰਡਾਂ ਵਿੱਚ 50 ਘਰਾਂ ਪਿੱਛੇ ਇਕ ਮੈਡੀਕਲ ਟੀਮ ਤਾਇਨਾਤ ਕੀਤੀ ਗਈ, ਜਿਹਨਾਂ ਵਲੋਂ ਘਰ-ਘਰ ਜਾ ਕੇ ਜਾਂਚ ਕੀਤੀ ਗਈ ਅਤੇ ਕੋਰੋਨਾ ਵਾਇਰਸ ਦੇ ਲੱਛਣ ਸਾਹਮਣੇ ਆਉਣ ‘ਤੇ ਮਰੀਜ਼ ਨੂੰ ਸਿਵਲ ਹਸਪਤਾਲ ਭੇਜਿਆ ਗਿਆ, ਜਿੱਥੇ ਉਸਨੂੰ ਆਈਸੋਲੇਸ਼ਨ ਵਾਰਡ ਵਿੱਚ ਰੱਖਿਆ ਗਿਆ।

-ਕਿਹਾ, ਅਫਵਾਹਾਂ ਤੋਂ ਸੁਚੇਤ ਰਹਿਣ ਦੀ ਲੋੜ, ਜ਼ਿਲੇ ‘ਚ ਕੋਰੋਨਾ ਵਾਇਰਸ ਦਾ ਕੋਈ ਕੇਸ ਨਹੀਂ

ਮੌਕ ਡਰਿੱਲ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਮੌਕ ਡਰਿੱਲ ਦਾ ਉਦੇਸ਼ ਕੋਰੋਨਾ ਵਾਇਰਸ ਦਾ ਕੇਸ ਸਾਹਮਣੇ ਆਉਣ ‘ਤੇ ਕੀਤੇ ਜਾਣ ਵਾਲੇ ਪ੍ਰਬੰਧਾਂ ਅਤੇ ਵਿਭਾਗਾਂ ਦੇ ਆਪਸੀ ਤਾਲਮੇਲ ਦਾ ਜਾਇਜ਼ਾ ਲੈਣਾ ਹੈ, ਤਾਂ ਜੋ ਸਮੇਂ-ਸਿਰ ਕੋਰੋਨਾ ਵਾਇਰਸ ਨਾਲ ਨਜਿੱਠਿਆ ਜਾ ਸਕੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਵਾਇਰਸ ਦੇ ਮੱਦੇਨਜ਼ਰ ਜਾਗਰੂਕਤਾ ਮੁਹਿੰਮ ਵਿੱਢਣ ਦੇ ਆਦੇਸ਼ ਦਿੱਤੇ ਗਏ ਹਨ, ਜਿਸ ਸਦਕਾ ਜਿੱਥੇ ਜ਼ਿਲਾ ਵਾਸੀਆਂ ਨੂੰ ਜਾਗਰੂਕ ਕੀਤਾ ਰਿਹਾ ਹੈ, ਉਥੇ ਮੌਕ ਡਰਿੱਲ ਕਰਵਾ ਕੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਸ਼ੱਕੀ ਮਰੀਜ਼ਾਂ ਲਈ ਸਿਵਲ ਹਸਪਤਾਲ ਅਤੇ ਸਬ-ਡਵੀਜ਼ਨਲ ਹਸਪਤਾਲਾਂ ਵਿੱਚ ਆਈਸੋਲੇਸ਼ਨ ਵਾਰਡ ਤਿਆਰ ਕੀਤੇ ਗਏ ਹਨ।

-‘ਮੌਕ ਡਰਿੱਲ ਦਾ ਉਦੇਸ਼ ਸ਼ੱਕੀ ਮਰੀਜ਼ ਸਾਹਮਣੇ ਆਉਣ ‘ਤੇ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲੈਣਾ’

ਅਪਨੀਤ ਰਿਆਤ ਨੇ ਦੱਸਿਆ ਕਿ ਭਾਵੇਂ ਹੁਸ਼ਿਆਰਪੁਰ ਜ਼ਿਲੇ ਵਿੱਚ ਕੋਰੋਨਾ ਵਾਇਰਸ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ, ਪਰ ਫਿਰ ਵੀ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਬਹੁਤ ਜ਼ਰੂਰੀ ਹਨ। ਉਹਨਾਂ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਖਾਂਸੀ, ਬੁਖਾਰ ਜਾਂ ਸਾਹ ਲੈਣ ਵਿੱਚ ਤਕਲੀਫ ਆਦਿ ਲੱਛਣ ਸਾਹਮਣੇ ਆਉਣ ‘ਤੇ ਤੁਰੰਤ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ। ਉਹਨਾਂ ਸਿਹਤ ਵਿਭਾਗ ਨੂੰ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਦੇ ਨਿਰਦੇਸ਼ ਵੀ ਦਿੱਤੇ। ਉਹਨਾਂ ਵੱਖ-ਵੱਖ ਵਿਭਾਗਾਂ ਅਤੇ ਅਦਾਰਿਆਂ ਨੂੰ ਕਿਹਾ ਕਿ ਜੇਕਰ ਕੋਈ ਸ਼ੱਕੀ ਮਰੀਜ਼ ਸਾਹਮਣੇ ਆਉਂਦਾ ਹੈ, ਤਾਂ ਤੁਰੰਤ ਸਿਹਤ ਸੰਸਥਾ (ਸਟੇਟ ਕੰਟਰੋਲ ਰੂਮ 8872090029, 1722920074) ਨਾਲ ਸੰਪਰਕ ਕੀਤਾ ਜਾਵੇ ਅਤੇ ਸਹਾਇਤਾ ਮਿਲਣ ਤੱਕ ਸ਼ੱਕੀ ਮਰੀਜ਼ ਨੂੰ ਵੱਖਰੀ ਚੋਣ ਕੀਤੀ ਹੋਈ ਜਗਾ ‘ਤੇ ਰੱਖਿਆ ਜਾਵੇ।

ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਹੱਥਾਂ ਨੂੰ ਸਾਫ ਰੱਖਣ, ਹੱਥ ਸਮੇਂ-ਸਮੇਂ ‘ਤੇ ਸਾਬਣ ਤੇ ਪਾਣੀ ਨਾਲ ਘੱਟੋ-ਘੱਟ 20 ਸੈਕਿੰਡ ਤੱਕ ਸਾਫ ਕਰਦੇ ਰਹੋ ਜਾਂ ਐਲਕੋਹਲ ਬੇਸਡ ਸੈਨੀਟਾਈਜ਼ਰ ਦੀ ਵਰਤੋਂ ਕਰੋ, ਖਾਂਸੀ ਜਾਂ ਛਿੱਕਦੇ ਸਮੇਂ ਰੁਮਾਲ ਜਾਂ ਟਿਸ਼ੂ ਨਾਲ ਮੂੰਹ ਢੱਕ ਕੇ ਰੱਖੋ ਅਤੇ ਜੇਕਰ ਰੁਮਾਲ ਨਹੀਂ ਹੈ ਤਾਂ ਆਪਣੀ ਕੂਹਣੀ ਨੂੰ ਇਕੱਠਾ ਕਰਕੇ ਮੂੰਹ ਢੱਕੋ, ਉਪਰੰਤ ਸਾਬਣ ਨਾਲ ਚੰਗੀ ਤਰਾਂ ਹੱਥਾਂ ਨੂੰ ਧੋਵੋ, ਭੀੜ ਵਾਲੀ ਜਗ•ਾ ‘ਤੇ ਨਾ ਜਾਓ।

ਇਸ ਤੋਂ ਇਲਾਵਾ ਆਪਣੀਆਂ ਅੱਖਾਂ, ਮੂੰਹ ਅਤੇ ਨੱਕ ਨੂੰ ਨਾ ਛੂਹੋ। ਉਹਨਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਪਿਛਲੇ 14 ਦਿਨਾਂ ਵਿੱਚ ਕੋਵਿਡ-19 ਨਾਲ ਪ੍ਰਭਾਵਿਤ ਖੇਤਰ ਜਾਂ ਪ੍ਰਭਾਵਿਤ ਵਿਅਕਤੀ ਦੇ ਸੰਪਰਕ ਵਿੱਚ ਆਇਆ ਹੈ ਤਾਂ ਉਹ ਭੀੜ-ਭੜੱਕੇ ਵਾਲੀ ਜਗ•ਾ ਵਿੱਚ ਨਾ ਜਾਵੇ ਅਤੇ ਉਹ ਆਪਣੇ ਆਪ ਨੂੰ 14 ਦਿਨਾਂ ਤੱਕ ਘਰ ਵਿੱਚ ਵੱਖਰਾ ਰੱਖੇ। ਉਹਨਾਂ ਦੱਸਿਆ ਕਿ ਸਿਹਤ ਸਬੰਧੀ ਜਾਣਕਾਰੀ ਅਤੇ ਸੁਝਾਵਾਂ ਲਈ ਟੋਲ ਫਰੀ ਨੰਬਰ 104 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਮੌਕ ਡਰਿੱਲ ਦੌਰਾਨ ਜਾਗਰੂਕਤਾ ਸਮੱਗਰੀ ਵੀ ਵੰਡੀ ਗਈ। ਇਸ ਮੌਕੇ ਸਿਹਤ ਵਿਭਾਗ ਦੇ ਮੀਡੀਆ ਵਿੰਗ ਵਲੋਂ ਗੁਰਵਿੰਦਰ ਸਿੰਘ, ਕੁਲਵੀਰ ਸਿੰਘ, ਜਸਵਿੰਦਰ ਸਿੰਘ ਅਤੇ ਹੋਰ ਪੈਰਾ ਮੈਡੀਕਲ ਸਟਾਫ ਹਾਜ਼ਰ ਸੀ।

LEAVE A REPLY

Please enter your comment!
Please enter your name here