ਕੋਰੋਨਾ ਤੋਂ ਡਰਨ ਦੀ ਨਹੀਂ, ਇਕਜੁੱਟਤਾ ਨਾਲ ਮੁਕਾਬਲਾ ਕਰਨ ਦੀ ਲੋੜ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਕੋਵਿਡ-19 (ਕੋਰੋਨਾ ਵਾਇਰਸ) ਦੇ ਮੱਦੇਨਜ਼ਰ ਜ਼ਿਲਾ ਪ੍ਰਸਾਸ਼ਨ ਵਲੋਂ ਸੁਚਾਰੂ ਢੰਗ ਨਾਲ ਅਹਿਮ ਕਦਮ ਚੁੱਕੇ ਜਾ ਰਹੇ ਹਨ, ਤਾਂ ਜੋ ਕਿਸੇ ਵੀ ਪ੍ਰਕਾਰ ਦੀ ਸਥਿਤੀ ਨਾਲ ਨਜਿੱਠਿਆ ਜਾ ਸਕੇ। ਉਹਨਾਂ ਕਿਹਾ ਕਿ ਜ਼ਿਲਾ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਬਲਕਿ ਇਕਜੁੱਟਤਾ ਨਾਲ ਸਰਕਾਰ ਅਤੇ ਪ੍ਰਸਾਸ਼ਨ ਵਲੋਂ ਜਾਰੀ ਕੀਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਕੇ ਮੁਕਾਬਲਾ ਕਰਨ ਦੀ ਲੋੜ ਹੈ। ਉਹਨਾਂ ਦੱਸਿਆ ਕਿ ਹੁਣ ਤੱਕ ਜ਼ਿਲੇ ਵਿੱਚ 8 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿਹਨਾਂ ਵਿਚੋਂ ਇਕ ਪੋਜੀਟਿਵ, 6 ਨੈਗੇਟਿਵ ਅਤੇ ਇਕ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਉਹਨਾਂ 24 ਘੰਟੇ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਹੀਆਂ ਸਿਹਤ ਵਿਭਾਗ ਦੀਆਂ ਟੀਮਾਂ ਦੀ ਸ਼ਲਾਘਾ ਕੀਤੀ ਕਿ ਉਹਨਾਂ ਵਲੋਂ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਡਿਊਟੀ ਨਿਭਾਈ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਬਚਾਅ ਲਈ ਜਾਗਰੂਕਤਾ ਅਤੇ ਸਾਵਧਾਨੀਆਂ ਵਰਤਣੀਆਂ ਬਹੁਤ ਜ਼ਰੂਰੀ ਹਨ। ਉਹਨਾਂ ਕਿਹਾ ਕਿ ਹੱਥਾਂ ਨੂੰ ਸਾਫ ਰੱਖੋ, ਹੱਥ ਸਮੇਂ-ਸਮੇਂ ‘ਤੇ ਸਾਬਣ ਤੇ ਪਾਣੀ ਨਾਲ ਘੱਟੋ-ਘੱਟ 20 ਸੈਕਿੰਡ ਤੱਕ ਸਾਫ ਕਰਦੇ ਰਹੋ ਜਾਂ ਐਲਕੋਹਲ ਬੇਸਡ ਸੈਨੀਟਾਈਜ਼ਰ ਦੀ ਵਰਤੋਂ ਕਰੋ, ਖਾਂਸੀ ਜਾਂ ਛਿੱਕਦੇ ਸਮੇਂ ਰੁਮਾਲ ਜਾਂ ਟਿਸ਼ੂ ਨਾਲ ਮੂੰਹ ਢੱਕ ਕੇ ਰੱਖੋ ਅਤੇ ਜੇਕਰ ਰੁਮਾਲ ਨਹੀਂ ਹੈ ਤਾਂ ਆਪਣੀ ਕੂਹਣੀ ਨੂੰ ਇਕੱਠਾ ਕਰਕੇ ਮੂੰਹ ਢੱਕੋ, ਉਪਰੰਤ ਸਾਬਣ ਨਾਲ ਚੰਗੀ ਤਰਾਂ ਹੱਥਾਂ ਨੂੰ ਧੋਵੋ, ਭੀੜ ਵਾਲੀ ਜਗਾ ‘ਤੇ ਨਾ ਜਾਓ। ਇਸ ਤੋਂ ਇਲਾਵਾ ਆਪਣੀਆਂ ਅੱਖਾਂ, ਮੂੰਹ ਅਤੇ ਨੱਕ ਨੂੰ ਨਾ ਛੂਹੋ।
ਉਹਨਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਪਿਛਲੇ 14 ਦਿਨਾਂ ਵਿੱਚ ਕੋਵਿਡ-19 ਨਾਲ ਪ੍ਰਭਾਵਿਤ ਖੇਤਰ ਜਾਂ ਪ੍ਰਭਾਵਿਤ ਵਿਅਕਤੀ ਦੇ ਸੰਪਰਕ ਵਿੱਚ ਆਇਆ ਹੈ ਤਾਂ ਉਹ ਭੀੜ-ਭੜੱਕੇ ਵਾਲੀ ਜਗਾ ਵਿੱਚ ਨਾ ਜਾਵੇ ਅਤੇ ਉਹ ਆਪਣੇ ਆਪ ਨੂੰ 14 ਦਿਨਾਂ ਤੱਕ ਘਰ ਵਿੱਚ ਵੱਖਰਾ ਰੱਖੇ।
ਹੁਣ ਤੱਕ 8 ਮਰੀਜ਼ਾਂ ਦੇ ਸੈਂਪਲ ਲਏ, ਇਕ ਪੋਜ਼ੀਟਿਵ ਕੇਸ ਆਇਆ ਸਾਹਮਣੇ
ਸ਼੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਖਾਂਸੀ, ਬੁਖਾਰ ਜਾਂ ਸਾਹ ਲੈਣ ਵਿੱਚ ਤਕਲੀਫ ਆਦਿ ਲੱਛਣ ਸਾਹਮਣੇ ਆਉਣ ‘ਤੇ ਤੁਰੰਤ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ। ਉਹਨਾਂ ਦੱਸਿਆ ਕਿ ਜੇਕਰ ਕੋਈ ਸ਼ੱਕੀ ਮਰੀਜ਼ ਸਾਹਮਣੇ ਆਉਂਦਾ ਹੈ, ਤਾਂ ਤੁਰੰਤ ਜ਼ਿਲਾ ਪੱਧਰੀ ਕੰਟਰੋਲ ਰੂਮ ਨੰਬਰਾਂ 94659-45501 ਅਤੇ 78378-13713 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਹਨਾਂ ਦੱਸਿਆ ਕਿ 24 ਘੰਟੇ ਲਈ ਸਟੇਟ ਲੈਵਲ ‘ਤੇ ਵੀ ਕੰਟਰੋਲ ਰੂਮ (8872090029, 1722920074) ਸਥਾਪਿਤ ਕੀਤੇ ਗਏ ਹਨ। ਇਸ ਤੋਂ ਇਲਾਵਾ ਸਿਹਤ ਸਬੰਧੀ ਜਾਣਕਾਰੀ ਅਤੇ ਸੁਝਾਵਾਂ ਲਈ ਟੋਲ ਫਰੀ ਨੰਬਰ 104 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਪੋਜ਼ੀਟਿਵ ਮਰੀਜ਼ ਜ਼ਿਲੇ ਦੇ ਪਿੰਡ ਮੋਰਾਂਵਾਲੀ ਦਾ ਵਸਨੀਕ ਹੈ, ਜੋ ਮ੍ਰਿਤਕ ਬਲਦੇਵ ਸਿੰਘ ਵਾਸੀ ਪਠਲਾਵਾ (ਨਵਾਂ ਸ਼ਹਿਰ) ਦੇ ਸੰਪਰਕ ਵਿੱਚ ਆਇਆ ਸੀ। ਉਹਨਾਂ ਕਿਹਾ ਕਿ ਇਸ ਵਿਅਕਤੀ ਦੇ ਪਰਿਵਾਰਕ ਮੈਂਬਰ ਜਿਹਨਾਂ ਦੇ ਸੈਂਪਲ ਨੈਗੇਟਿਵ ਆਏ ਹਨ, ਨੂੰ ਅਹਿਤਿਆਤ ਵਜੋਂ ਕੁਆਰਨਟਾਈਨ ਸੈਂਟਰ ਬੀਣੇਵਾਲ ਸਿਹਤ ਵਿਭਾਗ ਦੀ ਨਿਗਰਾਨੀ ਵਿੱਚ ਭੇਜ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਮਰੀਜ਼ ਦੇ ਸੰਪਰਕ ਵਿੱਚ ਆਏ ਹੋਰ ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਜਿਸ ਵਿਅਕਤੀ ਦੇ ਸੈਂਪਲ ਦੀ ਰਿਪੋਰਟ ਅਜੇ ਬਾਕੀ ਹੈ, ਉਹ ਸਿਵਲ ਹਸਪਤਾਲ ਵਿਖੇ ਆਈਸੋਲੇਸ਼ਨ ਵਾਰਡ ਵਿੱਚ ਸਿਹਤ ਵਿਭਾਗ ਦੀ ਨਿਗਰਾਨੀ ਹੇਠ ਹੈ।

LEAVE A REPLY

Please enter your comment!
Please enter your name here