
ਪਠਾਨਕੋਟ (ਦ ਸਟੈਲਰ ਨਿਊਜ਼)। ਜਿਲਾ ਪ੍ਰਸ਼ਾਸਨ ਵਲੋਂ ਕੋਰੋਨਾ ਮਹਾਮਾਰੀ ਨੂੰ ਕਾਬੂ ਕਰਨ ਲਈ ਹਰ ਪੱਧਰ ‘ਤੇ ਪੁੱਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਜਿਸ ਤਹਿਤ ਵਿਦੇਸ਼ਾਂ ਤੋਂ ਆਏ ਵਿਅਕਤੀਆਂ ਤੋਂ ਇਲਾਵਾ ਹੋਰ ਪ੍ਰਭਾਵਿਤ ਜਿਲਿਆਂ ਤੇ ਰਾਜਾਂ ਤੋਂ ਆਏ ਵਿਅਕਤੀਆਂ ਨੂੰ ਵੀ ਏਕਾਂਤਵਾਸ ਕੀਤਾ ਗਿਆ ਹੈ।

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਪੰਜਾਬ ਦੇ ਪ੍ਰਭਾਵਿਤ ਜਿਲਿਆਂ ਤੇ ਹੋਰ ਰਾਜਾਂ ਤੋਂ ਪਠਾਨਕੋਟ ਜਿਲੇ ਵਿਚ ਪ੍ਰਵੇਸ਼ ਕਰਨ ਵਾਲੇ ਹਰ ਵਿਅਕਤੀ ਦਾ ਵੇਰਵਾ ਲੈਕੇ ਉਹਨਾਂ ਨੂੰ ਘਰਾਂ ਵਿਚ ਏਕਾਂਤਵਾਸ ਕੀਤਾ ਜਾਵੇ। ਉਹਨਾਂ ਦੱਸਿਆ ਕਿ ਜਿਲਾ ਪਠਾਨਕੋਟ ਵਿੱਚ ਜਿਨਾਂ ਲੋਕਾਂ ਦੀ ਕਰੋਨਾ ਰਿਪੋਰਟ ਪਾਜੀਟਿਵ ਆਈ ਹੈ ਉਹਨਾਂ ਨਾਲ ਸਬੰਧਤ ਕਰੀਬ 336 ਲੋਕਾਂ ਨੂੰ ਉਹਨਾਂ ਦੇ ਘਰਾਂ ਅੰਦਰ ਅਤੇ ਬਾਹਰੀ ਸੂਬਿਆਂ ਤੋਂ ਜਿਲਾ ਪਠਾਨਕੋਟ ਵਿਖੇ ਜੰਮੂ ਕਸਮੀਰ ਨੂੰ ਜਾਣ ਵਾਲੇ ਪ੍ਰਵਾਸੀ ਮਜਦੂਰ ਜਿਨਾਂ ਦੀ ਸੰਖਿਆ ਕਰੀਬ 1300 ਤੋਂ ਜਿਆਦਾ ਹੈ ਨੂੰ ਵੀ ਵੱਖ-ਵੱਖ ਸੈਲਟਰ ਸਥਾਨਾਂ ਤੇ ਏਕਾਂਤਵਾਸ ਵਿੱਚ ਰੱਖਿਆ ਗਿਆ ਹੈ, ਜਿਨਾਂ ਦੀ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਵਲੋਂ ਨਿਗਰਾਨੀ ਵੀ ਕੀਤੀ ਜਾ ਰਹੀ ਹੈ ਕਿ ਉਹ ਨਿਯਮਾਂ ਦੀ ਉਲੰਘਣਾ ਕਰਕੇ ਘਰਾਂ ਤੋਂ ਬਾਹਰ ਜਾਂ ਜਨਤਕ ਥਾਂਵਾਂ ‘ਤੇ ਨਾ ਜਾਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਨਾਲ ਪੰਚਾਇਤ ਤੇ ਮਾਲ ਵਿਭਾਗ ਆਦਿ ਦੇ ਕਰਮਚਾਰੀ ਵੀ ਇਨਾਂ ਏਕਾਂਤਵਾਸ ਕੀਤੇ ਗਏ ਵਿਅਕਤੀਆਂ ਦੀ ਨਿਰੰਤਰ ਨਿਗਰਾਨੀ ਕਰ ਰਹੇ ਹਨ। ਉਹਨਾਂ ਦੱਸਿਆ ਕਿ ਭਾਂਵੇ ਏਕਾਂਤਵਾਸ ਕੀਤੇ ਗਏ ਵਿਅਕਤੀ ਪੂਰੀ ਤਰਾਂ ਤੰਦਰੁਸਤ ਹਨ ਫਿਰ ਵੀ ਮੌਜੂਦਾ ਹਾਲਾਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਕਿਸੇ ਵੀ ਬਾਹਰਂੋ ਆਏ ਵਿਅਕਤੀ ਨੂੰ ਏਕਾਂਤਵਾਸ ਤੋਂ ਛੋਟ ਨਹੀਂ ਦਿੱਤੀ ਜਾ ਸਕਦੀ। ਉਹਨਾਂ ਕਿਹਾ ਕਿ ਜਿਲਾ ਪ੍ਰਸ਼ਾਸਨ ਵਲੋਂ ਏਕਾਂਤਵਾਸ ਕੀਤੇ ਵਿਅਕਤੀਆਂ ਦਾ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਉਨਾਂ ਨੂੰ ਸਮੇਂ ਸਮੇਂ ਤੇ ਭੋਜਨ, ਅਤੇ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਹਨਾਂ ਅੱਗੇ ਦੱਸਿਆ ਇਨਾਂ ਏਕਾਂਤਵਾਸ ਕੀਤੇ ਵਿਅਕਤੀਆਂ ਨੂੰ ਸਿਹਤ ਵਿਭਾਗ ਵੱਲੋਂ ਜਾਗਰੁਕ ਕੀਤਾ ਜਾ ਰਿਹਾ ਹੈ ਕਿ ਉਹ ਆਪਣੇ ਘਰਾਂ ਵਿਚ ਰਹਿਣ ਅਤੇ ਪੰਜਾਬ ਸਰਕਾਰ ਵਲੋਂ ਦਿਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ। ਉਹਨਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਉਹ ਘਰਾਂ ਵਿਚ ਰਹਿ ਕੇ ਕੋਰੋਨਾ ਵਿਰੁੱਧ ਇਸ ਜੰਗ ਵਿਚ ਸਰਕਾਰ ਦਾ ਸਾਥ ਦੇਕੇ ਅਹਿਮ ਭੂਮਿਕਾ ਨਿਭਾਉਣ।












