ਸੁਰੱਖਿਅਤ ਖੇਤੀ ਲਈ ਝੋਨੇ ਹੇਠੋਂ ਰਕਬਾ ਕੱਢ ਕੇ ਬਦਲਵੀਆਂ ਫਸਲਾਂ ਹੇਠ ਲਿਆਉਣਾ ਜ਼ਰੂਰੀ: ਡਾ. ਅਮਰੀਕ ਸਿੰਘ

ਪਠਾਨਕੋਟ (ਦ ਸਟੈਲਰ ਨਿਊਜ਼)। ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ ਸੁਤੰਤਰ ਕੁਮਾਰ ਐਰੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਬਲਾਕ ਪਠਾਨਕੋਟ ਵਿੱਚ ਫਸਲਾਂ ਦੀ ਰਹਿੰਦ ਖੂੰਹਦ ਦੀ ਖੇਤਾਂ ਵਿੱਚ ਸੰਭਾਲ ਅਤੇ ਸਾਉਣੀ ਸੀਜ਼ਨ ਦੌਰਾਨ ਮੱਕੀ ਦੀ ਫਸਲ ਨੂੰ ਉਤਸ਼ਾਹਿਤ ਕਰਨ ਲਈ  ਚਲਾਈ ਜਾ ਰਹੀ ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਪਿੰਡ ਘਰੋਟਾ ਅਤੇ ਕੋਠੇ ਕੌਂਤਰਪੁਰ ਵਿੱਚ ਵੱਖ-ਵੱਖ ਕਿਸਾਨਾਂ ਵੱਲੋਂ ਕਾਸਤ ਕੀਤੀ ਮੱਕੀ ਦੀ ਫਸਲ ਦਾ ਜਾਇਜ਼ਾ ਲਿਆ। ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਦੀ ਅਗਵਾਈ ਵਾਲੀ ਟੀਮ ਵਿੱਚ ਗੁਰਦਿੱਤ ਸਿੰਘ, ਸੁਭਾਸ਼ ਚੰਦਰ ਖੇਤੀਬਾੜੀ ਵਿਸਥਾਰ ਅਫਸਰ,ਨਿਰਪਜੀਤ ਸਿੰਘ ਖੇਤੀ ਉਪ ਨਿਰੀਖਕ, ਅਮਨਦੀਪ ਸਿੰਘ ਸਹਾਇਕ ਤਕਨਾਲੋਜੀ ਪ੍ਰਬੰਧਕ ਸ਼ਾਮਿਲ ਸਨ। ਅਗਾਂਹ ਵਧੂ ਮੱਕੀ ਉਤਪਾਦਕ ਬਲਵਾਨ ਸਿੰਘ ਦੇ ਖੇਤਾਂ ਵਿੱਚ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਝੋਨੇ ਦੀ ਕਾਸ਼ਤ ਉਹਨਾਂ ਖੇਤਰਾਂ ਵਿੱਚ ਹੀ ਕੀਤੀ ਜਾਣੀ ਚਾਹੀਦੀ ਹੈ ਜਿਥੇ ਪਾਣੀ ਦੀ ਬਹੁਤਾਤ ਅਤੇ ਭਾਰੀਆਂ ਜ਼ਮੀਨਾਂ ਹਨ।

Advertisements

ਉਹਨਾਂ ਕਿਹਾ ਕਿ ਬਲਾਕ ਪਠਾਨਕੋਟ ਪੰਜਾਬ ਵਿੱਚ ਬਹੁਤ ਸਾਰਾ ਰਕਬਾ ਅਜਿਹਾ ਹੈ ਜਿਥੇ ਜ਼ਮੀਨ ਰੇਤਲੀ ਕਣ ਵਾਲੀ ਅਤੇ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਵੀ ਬਹੁਤ ਨੀਵਾਂ ਹੈ ਅਜਿਹੇ ਖੇਤਰਾਂ ਵਿੱਚ ਮੱਕੀ ਦੀ ਕਾਸਤ ਬਹੁਤ ਹੀ ਸਫਲਤਾ ਪੂਰਵਕ ਕੀਤੀ ਜਾ ਸਕਦੀ ਹੈ। ਉਨਾਂ ਕਿਹਾ ਕਿ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਵਿੱਚ ਲਗਾਤਾਰ ਆ ਰਹੀ ਗਿਰਾਵਟ ਕਾਰਨ ਪੰਜਾਬ ਸਰਕਾਰ ਨੇ ਮੱਕੀ ਦੀ ਫਸਲ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ ਹੈ। ਉਨਾਂ ਦੱਸਿਆ ਕਿ ਇਸ ਪ੍ਰੋਗਰਾਮ ਅਨੁਸਾਰ ਸਾਉਣੀ ਸੀਜ਼ਨ ਦੌਰਾਨ ਬਲਾਕ ਪਠਾਨਕੋਟ ਵਿੱਚ ਝੋਨੇ ਹੇਠੋਂ 3000 ਹੈਕਟੇਅਰ ਰਕਬਾ ਕੱਢ ਕੇ ਮੱਕੀ ਦੀ ਫਸਲ ਹੇਠ ਲਿਆਂਦਾ ਜਾਵੇਗਾ। ਉਨਾਂ ਕਿਹਾ ਕਿ ਮੱਕੀ ਦੀ ਫਸਲ ਤੋਂ ਵਧੇਰੇ ਪੈਦਾਵਾਰ ਲੈਣ ਲਈ ਪ੍ਰਤੀ ਏਕੜ ਬੂਟਿਆਂ ਦੀ ਗਿਣਤੀ 32000-33000 ਹੋਣੀ ਬਹੁਤ ਜ਼ਰੂਰੀ ਹੈ। ਉਨਾਂ ਕਿਹਾ ਕਿ ਜੇਕਰ ਕਣਕ ਦੀ ਫਸਲ ਨੂੰ ਸਿਫਾਰਸ਼ਾਂ ਅਨੁਸਾਰ ਡਾਇਆ ਖਾਦ ਪਾਈ ਗਈ ਹੋਵੇ ਤਾਂ ਸਾਉਣੀ ਦੀਆਂ ਫਸਲਾਂ ਨੂੰ ਡਾਇਆ ਖਾਦ ਪਾਉਣ ਦੀ ਜ਼ਰੂਰਤ ਨਹੀਂ। ਉਨਾਂ ਦੱਸਿਆਂ ਕਿ ਹਾੜੀ ਸੀਜ਼ਨ ਦੌਰਾਨ ਬੇਮੌਸਮੀ ਬਰਸਾਤਾਂ ਕਾਰਨ ਕਾਫੀ ਰਕਬੇ ਵਿੱਚ ਕਣਕ ਦੀ ਫਸਲ ਖਰਾਬ ਹੋ ਗਈ ਸੀ। ਜਿਸ ਨੂੰ ਮੁੱਖ ਰੱਖਦਿਆਂ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਵਿਸ਼ੇਸ਼ ਹੁਕਮਾਂ ਤੇ ਬਹਾਰ ਰੁੱਤ ਦੀ ਮੱਕੀ,ਗਰਮ ਰੁੱਤ ਦੇ ਮਾਂਹ ਅਤੇ ਮੂੰਗੀ ਨੂੰ ਉਤਸਾਹਿਤ ਕਰਨ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਗਿਆ ਸੀ ਤਾਂ ਜੋ ਝੋਨੇ ਦੀ ਲਵਾਈ ਤੋਂ ਪਹਿਲਾਂ, ਹੋਏ ਨੁਕਸਾਨ ਦੀ ਕੁਝ ਨਾਂ ਕੁਝ ਭਰਪਾਈ ਹੋ ਸਕੇ।ਉਨਾਂ ਕਿਹਾ ਕਿ ਬਹਾਰ ਰੁੱਤ ਦੀ ਮੱਕੀ ਦੀ ਕਾਸਤ ਵਿੱਚ ਇਸ ਗੱਲ ਤੇ ਜ਼ੋਰ ਦਿੱਤਾ ਗਿਆ ਕਿ ਮੱਕੀ ਦੀ ਕਾਸਤ ਕੇਰ ਕੇ ਜਾਂ ਚੋਗ ਕੇ ਪ੍ਰਤੀ ਏਕੜ ਪੌਦੇ 32-33 ਹਜ਼ਾਰ ਕਰ ਲਏ ਜਾਣ ਤਾਂ ਜੋ ਪੈਦਾਵਾਰ ਪ੍ਰਤੀ ਏਕੜ 35-40 ਕੁਇੰਟਲ ਲਈ ਜਾ ਸਕੇ।

ਉਹਨਾਂ ਕਿਹਾ ਕਿ ਇਸ ਵੇਲੇ ਵਿਸ਼ਵ ਪੱਧਰ ਤੇ ਅਨਾਜ ਵਾਲੀਆਂ ਫਸਲਾਂ ਦੀ ਮੰਗ ਵਧਣ ਕਾਰਨ ਮੱਕੀ ਦਾ ਭਾਅ 2000 ਪ੍ਰਤੀ ਕੁਇੰਟਲ ਰਹਿਣ ਦੀ ਸੰਭਾਵਨਾ ਹੈ। ਉਹਨਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਦੀ ਹੀ ਚੋਣ ਕੀਤੀ ਜਾਵੇ ਅਤੇ ਬਿਜਾਈ ਪਹਿਲੀ ਜੂਨ ਤੋਂ 15 ਜੂਨ ਤੱਕ ਕੀਤੀ ਜਾਵੇ। ਉਨਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਕੋਲ ਕਣਕ ਵਾਲੀ ਜ਼ੀਰੋ ਟਿਲੇਜ਼ ਡਰਿਲ ਹੈ ਤਾਂ ਡਰਿੱਲ ਨੂੰ ਘੱਟ ਖਰਚੇ ਵਿੱਚ ਝੋਨਾ ਬੀਜਣ ਵਾਲੀ ਡਰਿੱਲ ਵਿੱਚ ਤਬਦੀਲ ਕੀਤਾ ਜਾ ਸਕਦਾ ਹੈ। ਗੁਰਦਿੱਤ ਸਿੰਘ ਨੇ ਕਿਹਾ ਕਿ ਮੱਕੀ ਦੀ ਕਾਸਤ ਛੱਟੇ ਦੀ ਬਿਜਾਏ ਕੇਰ ਕੇ ਜਾਂ ਵੱਟਾਂ ਉੱਪਰ ਚੋਗ ਕੇ ਕਰਨੀ ਚਾਹੀਦੀ ਹੈ ਤਾਂ ਜੋ ਪ੍ਰਤੀ ਏਕੜ ਮੱਕੀ ਦੇ ਪੌਦਿਆਂ ਦੀ ਗਿਣਤੀ ਪੂਰੀ ਕਰਕੇ ਪਰਤੀ ਏਕੜ ਵਧੇਰੇ ਪੈਦਾਵਾਰ ਲਈ ਜਾ ਸਕੇ। ਬਲਵਾਨ ਸਿੰਘ ਨੇ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਪ੍ਰੇਰਨਾ ਸਦਕਾ 3 ਏਕੜ ਵਿੱਚ ਮੱਕੀ ਦੀ ਕਾਸਤ ਹੱਥ ਨਾਲ ਚੱਲਣ ਵਾਲੀ ਮਸ਼ੀਨ ਨਾਲ ਕੀਤੀ ਗਈ ਸੀ ਜਿਸ ਬੁਹਤ ਵਧੀਆ ਨਤੀਜੇ ਰਹਿਣ ਦੀ ਸੰਭਾਵਨਾ ਹੈ। ਉਨਾਂ ਮੰਗ ਕੀਤੀ ਕਿ ਜੰਗਲੀ ਅਤੇ ਅਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨਾ ਚਾਹੀਦਾ ਹੈ ਕਿਉਂਕਿ ਇਹ ਜਾਨਵਰ ਫਸਲਾਂ ਦਾ ਬਹੁਤ ਨੁਕਸਾਨ ਕਰਦੇ ਹਨ।

LEAVE A REPLY

Please enter your comment!
Please enter your name here