ਪਠਾਨਕੋਟ (ਦ ਸਟੈਲਰ ਨਿਊਜ)। ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਖੁੱਲੇ ਵਿੱਚ ਸਾੜਣ ਤੇ ਲਗਾਈ ਪਾਬੰਦੀ ਦੇ ਮੱਦੇਨਜ਼ਰ ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਵੱਲੋਂ ਜ਼ਿਲਾ ਪਠਾਨਕੋਟ ਵਿੱਚ ਕਣਕ ਦੇ ਨਾੜ ਨੂੰ ਅੱਗ ਲਗਾ ਕੇ ਸਾੜਣ ਤੇ ਪਾਬੰਦੀ ਲਗਾਈ ਗਈ ਹੈ, ਪਰ ਇਸ ਦੇ ਬਾਵਜੂਦ ਕੁਝ ਕਿਸਾਨਾਂ ਵੱਲੋਂ ਕਣਕ ਦੀ ਨਾੜ ਨੂੰ ਅੱਗ ਲਗਾ ਕੇ ਹਵਾ ਨੂੰ ਪ੍ਰਦੂਸ਼ਤ ਕੀਤਾ ਜਾ ਰਿਹਾ ਹੈ। ਦੂਸਰੇ ਪਾਸੇ ਨਾੜ ਨੂੰ ਅੱਗ ਲਗਾਉਂਣ ਨਾਲ ਦੂਜੇ ਕਿਸਾਨਾਂ ਦੀ ਫਸਲਾਂ ਦਾ ਨੁਕਸਾਨ ਵੀ ਹੋ ਰਿਹਾ ਹੈ। ਅਜਿਹੇ ਹੀ ਕੁਝ ਕਿਸਾਨਾਂ ਵੱਲੋਂ ਬਲਾਕ ਪਠਾਨਕੋਟ/ਘਰੋਟਾ ਦੇ ਪਿੰਡ ਘਰੋਟਾ ਖੁਰਦ ਦੇ ਕਿਸਾਨਾਂ ਵੱਲੋਂ ਕਣਕ ਦੇ ਨਾੜ ਨੂੰ ਅੱਗ ਲਗਾ ਕੇ ਸਾੜ ਦਿੱਤਾ ਗਿਆ। ਪੰਜਾਬ ਰਿਮੋਟ ਸੈਂਸਿੰਗ ਸੈਂਟਰ ਲੁਧਿਆਣਾ ਵੱਲੋਂ ਸੈਟੇਲਾਈਟ ਰਾਹੀਂ ਕਣਕ ਦੇ ਨਾੜ ਨੂੰ ਅੱਗ ਲਗਾਉਂਣ ਦੇ ਵਾਕਿਆ ਬਾਰੇ ਰੋਜ਼ਾਨਾ ਸੂਚਨਾ ਭੇਜੀ ਜਾਂਦੀ ਹੈ। ਜਿਸ ਅਨੁਸਾਰ ਮੋਨੀਟਰਿੰਗ ਟੀਮਾਂ ਵੱਲੋਂ ਮੌਕੇ ਤੇ ਪਹੁੰਚ ਕੇ ਸੰਬੰਧਤ ਕਿਸਾਨਾਂ ਵਿਰੁਧ ਕਾਰਵਾਈ ਕੀਤੀ ਜਾਂਦੀ ਹੈ। ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੇ ਹੁਕਮਾਂ ਤੇ ਕਾਰਵਾਈ ਕਰਦਿਆਂ ਮੋਨੀਟਰਿੰਗ ਟੀਮ ਵੱਲੋਂ ਡਾ. ਅਮਰੀਕ ਸਿੰਘ ਦੀ ਅਗਵਾਈ ਹੇਠ ਮੋਨੀਟਰਿੰਗ ਟੀਮ ਨੇ ਮੌਕੇ ਤੇ ਪਹੁੰਚ ਕੇ ਕਿਸਾਨਾਂ ਤੋਂ ਪ੍ਰਦੂਸ਼ਣ ਕੰਪਨਸ਼ੇਸ਼ਨ ਵਸੂਲਿਆ ਗਿਆ। ਇਸ ਟੀਮ ਵਿੱਚ ਸੁਭਾਸ਼ ਚੰਦਰ, ਗੁਰਦਿੱਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ, ਪਟਵਾਰੀ ਦਿਨੇਸ਼ ਕੁਮਾਰ, ਨਿਰਪਜੀਤ ਸਿੰਘ ਖੇਤੀ ਉਪ ਨਿਰੀਖਕ, ਥਾਣਾ ਮੁਖੀ ਪੁਲਿਸ ਸਟੇਸ਼ਨ ਘਰੋਟਾ ਦੇ ਨੁਮਾਇੰਦੇ, ਅਮਨਦੀਪ ਸਿੰਘ ਸਹਾਇਕ ਤਕਨਾਲੋਜੀ ਪ੍ਰਬੰਧਕ ਸ਼ਾਮਲ ਸਨ।
ਇਸ ਬਾਰੇ ਜਾਣਕਾਰੀ ਦਿੰਦਿਆਂ ਡਾ.ਅਮਰੀਕ ਸਿੰਘ ਨੇ ਦੱਸਿਆ ਕਿ ਅਜੋਕੇ ਸਮੇਂ ਵਿੱਚ ਕਰੋਨਾ ਵਾਇਰਸ ਦੇ ਖਤਰੇ ਕਾਰਨ ਪੈਦਾ ਹੋਏ ਹਾਲਾਤਾਂ ਵਿੱਚ ਕਣਕ ਦੇ ਨਾੜ ਨੂੰ ਅੱਗ ਲਾਉਣ ਨਾਲ ਹਵਾ ਦਾ ਪ੍ਰਦੂਸ਼ਣ ਵਧ ਜਾਂਦਾ ਹੈ ਜਿਸ ਕਾਰਨ ਸਿਹਤ ਸੰਬੰਧੀ ਮੁਸ਼ਕਿਲਾਂ ਵਿੱਚ ਹੋਰ ਵਾਧਾ ਹੋ ਰਿਹਾ ਹੈ,ਇਸ ਲਈ ਕਣਕ ਦੇ ਨਾੜ ਨੂੰ ਸਾੜਣ ਦੀ ਬਿਜਾਏ ਖੇਤਾਂ ਵਿੱਚ ਵਾਹ ਕੇ ਨਸ਼ਟ ਕਰ ਦੇਣਾ ਚਾਹੀਦਾ ਹੈ। ਉਨਾਂ ਕਿਹਾ ਕਿ ਜੇਕਰ ਕੋਈ ਕਿਸਾਨ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਸਾੜਦਾ ਹੈ ਤਾਂ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਅੱਗ ਲਗਾਉਣ ਵਾਲੇ ਕਿਸਾਨਾਂ ਤੋਂ 2500/- ਰੁਪਏ ਤੋਂ 15000/-ਰੁਪਏ ਤੱਕ ਦਾ ਵਾਤਾਵਰਣ ਦੁਸ਼ਿਤ ਕਰਨ ਦਾ ਜੁਰਮਾਨਾ ਵਸੂਲਣ ਦਾ ਪ੍ਰਾਵਾਦਾਨ ਕੀਤਾ ਗਿਆ ਹੈ। ਉਨਾਂ ਕਿਹਾ ਕਿ ਸੰਬੰਧਤ ਕਿਸਾਨ ਵਿਰੁੱਧ ਕਾਨੂੰਨ ਦੀ ਉਲੰਘਣਾ ਕਾਰਨ ਕੇਸ ਵੀ ਦਰਜ ਕੀਤਾ ਜਾ ਸਕਦਾ ਹੈ।ਉਨਾਂ ਕਿਹਾ ਕਿ ਨਾੜ ਨੂੰ ਅੱਗ ਲਗਾ ਕੇ ਸਾੜਣ ਨਾਲ ਵੱਡੀ ਮਾਤਰਾ ਵਿੱਚ ਜ਼ਹਿਰੀਲੀਆਂ ਗੈਸਾਂ ਪੈਦਾ ਹੋਣ ਕਾਰਨ ਮਨੁੱਖਾਂ ਵਿੱਚ ਸਾਹ, ਅੱਖਾਂ ਵਿੱਚ ਜਲਣ ਅਤੇ ਚਮੜੀ ਦੇ ਰੋਗਾਂ ਦਾ ਖਤਰਾ ਪੈਦਾ ਹੋ ਜਾਂਦਾ ਹੈ। ਉਨਾਂ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਲਗਾ ਕੇ ਸਾੜਣ ਨਾਲ ਪੈਦਾ ਹੋਣ ਵਾਲੀਆਂ ਉਪਰੋਕਤ ਗੈਸਾਂ ਕੋਵਿਡ-19 ਬਿਮਾਰੀ ਲਈ ਬਹੁਤ ਖਤਰਨਾਕ ਹਨ। ਉਨਾਂ ਕਿਹਾ ਕਿ ਇਸ ਬਿਮਾਰੀ ਦੇ ਪਸਾਰ ਨੂੰ ਰੋਕਣ ਲਈ ਜ਼ਰੁਰੀ ਹੈ ਕਿ ਕਣਕ ਦੇ ਨਾੜ ਨੂੰ ਅੱਗ ਨਾਂ ਲਗਾਈ ਜਾਵੇ ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾਵੇ। ਖੇਤੀ ਵਿਸਥਾਰ ਅਫਸਰ ਸੁਭਾਸ਼ ਚੰਦਰ ਨੇ ਕਿਹਾ ਕਿ ਕਣਕ ਦੀ ਕਟਾਈ ਤੋਂ ਬਾਅਦ ਤਵੀਆਂ ਜਾਂ ਉਲਟਾਵੇਂ ਹੱਲ ਨਾਲ ਨਾੜ ਦੀ ਰਹਿੰਦ ਖੂੰਹਦ ਨੂੰ ਜ਼ਮੀਨ ਵਿੱਚ ਦਬਾਇਆ ਜਾ ਸਕਦਾ ਹੈ, ਜਿਸ ਨਾਲ ਮਿੱਟੀ ਦੀ ਸਿਹਤ ਨੂੰ ਸੁਧਾਰ ਹੁੰਦਾ ਹੈ ਅਤੇ ਵਾਤਾਵਰਣ ਵੀ ਪ੍ਰਦੂਸਤ ਨਹੀਂ ਹੁੰਦਾ। ਉਹਨਾਂ ਕਿਹਾ ਕਿ ਤੂੜੀ ਬਨਾਉਣ ਉਪਰੰਤ ਜੇਕਰ ਖੇਤ ਭਾਰੀ ਅਤੇ ਜ਼ਿਆਦਾ ਸੁੱਕਾ ਹੈ ਤਾਂ ਪਾਣੀ ਲਾਉਣ ਉਪਰੰਤ ਵੱਤਰ ਆਉਣ ਤੇ ਤਵੀਆਂ ਜਾਂ ਉਲਟਾਵੇਂ ਹੱਲ ਖੇਤ ਨੂੰ ਵਾਹਿਆ ਜਾ ਸਕਦਾ। ਉਨਾਂ ਕਿਹਾ ਕਿ ਘਰੋਟਾ ਖੁਰਦ ਅਤੇ ਘਰੋਟਾ ਕਲਾ ਦੇ ਕਿਸਾਨਾਂ ਤੋਂ 7500/- ਰੁਪਏ ਬਤੌਰ ਪ੍ਰਦੂਸ਼ਣ ਕੰਪਨਸ਼ੇਸ਼ਣ ਵਸੂਲਿਆ ਗਿਆ ਹੈ।