ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਲੌਕਡਾਊਨ ਦੌਰਾਨ ਜ਼ਿਲੇ ਵਿੱਚ ਵਿਹਲੇ ਬੈਠੇ ਪ੍ਰਵਾਸੀ ਮਜ਼ਦੂਰਾਂ ਨੂੰ ਰੋਜ਼ਗਾਰ ਦਿਵਾਉਣ ਲਈ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਲਿੰਕ ਜਾਰੀ ਕੀਤਾ ਗਿਆ ਹੈ, ਜਿਸ ਤਹਿਤ ਬੀ.ਡੀ.ਪੀ.ਓਜ਼ ਅਤੇ ਈ.ਓਜ਼ ਆਪਣੇ ਅਧੀਨ ਪੈਂਦੇ ਏਰੀਏ ਵਿੱਚ ਵੱਧ ਤੋਂ ਵੱਧ ਪ੍ਰਵਾਸੀ ਮਜ਼ਦੂਰਾਂ ਦੀ ਰਜਿਸਟਰੇਸ਼ਨ ਕਰਵਾਉਣ। ਉਹ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕਰ ਰਹੇ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ.ਈ.ਓ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ੍ਰੀ ਹਰਬੀਰ ਸਿੰਘ ਅਤੇ ਕਮਿਸ਼ਨਰ ਨਗਰ ਨਿਗਮ ਸ੍ਰੀ ਬਲਵੀਰ ਰਾਜ ਸਿੰਘ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਲੌਕਡਾਊਨ ਦੌਰਾਨ ਪ੍ਰਵਾਸੀ ਮਜ਼ਦੂਰਾਂ ਨੂੰ ਪਹਿਲ ਦੇ ਆਧਾਰ ‘ਤੇ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

Advertisements

ਉਹਨਾਂ ਕਿਹਾ ਕਿ ਇਸੇ ਵਚਨਬੱਧਤਾ ਸਦਕਾ ਜ਼ਿਲਾ ਪ੍ਰਸਾਸ਼ਨ ਵਲੋਂ ਪ੍ਰਵਾਸੀ ਮਜ਼ਦੂਰਾਂ ਲਈ ‘ਘਰ-ਘਰ ਰੋਜ਼ਗਾਰ ਯੋਜਨਾ’ ਤਹਿਤ ‘ਪੁਨਰਵਾਸ’ ਮਿਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ। ਉਹਨਾਂ ਕਿਹਾ ਕਿ ਕੋਵਿਡ-19 ਦੀ ਇਸ ਨਾਜ਼ੁਕ ਘੜੀ ਦੌਰਾਨ ਜਿਥੇ ‘ਪੁਨਰਵਾਸ’ ਮਿਸ਼ਨ ਰਾਹੀਂ ਪ੍ਰਵਾਸੀ ਮਜ਼ਦੂਰਾਂ ਨੂੰ ਰੋਜ਼ਗਾਰ ਪ੍ਰਾਪਤ ਹੋਵੇਗਾ, ਉਥੇ ਉਦਯੋਗਾਂ ਅਤੇ ਵਪਾਰਕ ਅਦਾਰਿਆਂ ਦੀ ਮੰਗ ਵੀ ਪੂਰੀ ਹੋ ਜਾਵੇਗੀ। ਉਹਨਾਂ ਕਿਹਾ ਕਿ ਪ੍ਰਵਾਸੀ ਮਜ਼ਦੂਰਾਂ ਦੀ ਰਜਿਸਟਰੇਸ਼ਨ ਲਈ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਲਿੰਕ ਤਿਆਰ ਕੀਤਾ ਗਿਆ ਹੈ ਅਤੇ ਇਹ ਲਿੰਕ ਮਜ਼ਦੂਰਾਂ ਦੀ ਸਹੂਲਤ ਲਈ ਹਿੰਦੀ ਅਤੇ ਪੰਜਾਬੀ ਵਿੱਚ ਉਪਲਬੱਧ ਹੈ। ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਦੂਸਰਾ ਲਿੰਕ ਉਦਯੋਗਾਂ, ਵਪਾਰਕ ਅਦਾਰਿਆਂ, ਦੁਕਾਨਾਂ, ਸ਼ੋਅ ਰੂਮਾਂ, ਠੇਕੇਦਾਰਾਂ ਆਦਿ ਲਈ ਹੋਵੇਗਾ, ਜਿਸ ਵਿੱਚ ਉਹ ਆਪਣੀ ਡਿਮਾਂਡ ਭੇਜ ਸਕਦੇ ਹਨ, ਕਿ ਉਹਨਾਂ ਨੂੰ ਕਿਸ ਕੈਟਾਗਿਰੀ ਦੇ ਵਿਅਕਤੀਆਂ ਦੀ ਲੋੜ ਹੈ।

ਉਹਨਾਂ ਕਿਹਾ ਕਿ ਜਾਰੀ ਕੀਤੇ ਗਏ ਦੋ ਲਿੰਕਾਂ ਰਾਹੀਂ ਇਕੱਠੀ ਕੀਤੀ ਜਾਣਕਾਰੀ ਦੇ ਹਿਸਾਬ ਨਾਲ ਦੋਨਾਂ ਵਰਗਾਂ ਦੀ ਡਿਮਾਂਡ ਨੂੰ ਪੂਰਾ ਕੀਤਾ ਜਾਵੇਗਾ। ਉਹਨਾਂ ਜਨਰਲ ਮੈਨੇਜਰ ਜ਼ਿਲਾ ਉਦਯੋਗ ਕੇਂਦਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਦਯੋਗਾਂ ਨੂੰ ਲਿੰਕ ਬਾਰੇ ਵੱਧ ਤੋਂ ਵੱਧ ਜਾਣੂ ਕਰਵਾਇਆ ਜਾਵੇ ਅਤੇ ਇਸ ਲਿੰਕ ਜ਼ਰੀਏ ਆਪਣੀ ਡਿਮਾਂਡ ਦੇਣ ਲਈ ਕਿਹਾ ਜਾਵੇ, ਤਾਂ ਜੋ ਪ੍ਰਵਾਸੀ ਮਜ਼ਦੂਰਾਂ ਲਈ ਵੱਧ ਤੋਂ ਵੱਧ ਰੋਜ਼ਗਾਰ ਪੈਦਾ ਕੀਤਾ ਜਾ ਸਕੇ। ਉਹਨਾਂ ਕੰਟਰੋਲ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਨੂੰ ਭੱਠਿਆਂ, ਸ਼ੈਲਰਾਂ ਅਤੇ ਪੈਟਰੋਲ ਪੰਪਾਂ ਆਦਿ ਵਿੱਚ ਮਜ਼ਦੂਰਾਂ ਦੀ ਡਿਮਾਂਡ ਸਬੰਧੀ ਜਾਣਕਾਰੀ ਦੇਣ ਲਈ ਕਿਹਾ। ਉਹਨਾਂ ਵੱਖ-ਵੱਖ ਵਿਭਾਗਾਂ ਵਲੋਂ ਵਿੱਢੇ ਗਏ ਵਿਕਾਸ ਕਾਰਜਾਂ ਵਿੱਚ ਵੀ ਵੱਧ ਤੋਂ ਵੱਧ ਪ੍ਰਵਾਸੀ ਮਜ਼ਦੂਰਾਂ ਨੂੰ ਰੋਜ਼ਗਾਰ ਦੇਣ ਦੀ ਹਦਾਇਤ ਕੀਤੀ।

ਡਿਪਟੀ ਕਮਿਸ਼ਨਰ ਨੇ ਅਪੀਲ ਕਰਦਿਆਂ ਕਿਹਾ ਕਿ ਰੋਜ਼ਗਾਰ ਪ੍ਰਾਪਤ ਦੇ ਚਾਹਵਾਨ ਪ੍ਰਵਾਸੀ ਮਜ਼ਦੂਰਾਂ ਤੋਂ ਇਲਾਵਾ ਜਿਹਨਾਂ ਉਦਯੋਗਾਂ ਅਤੇ ਵਪਾਰਕ ਅਦਾਰਿਆਂ ਨੂੰ ਕਾਮਿਆਂ ਦੀ ਲੋੜ ਹੈ, ਉਹ District Public Relations Office Hoshiarpur ਜਾਂ  DBEE Hoshiarpur  ਦੇ ਫੇਸਬੁੱਕ ਪੇਜ਼ ‘ਤੇ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰਕੇ ਰੋਜਗਾਰ ਪ੍ਰਾਪਤ ਸਬੰਧੀ ਬਿਨੈਪੱਤਰ/ਡਿਮਾਂਡ ਦੇ ਸਕਦੇ ਹਨ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਇਸ ਮੌਕੇ ਜ਼ਿਲਾ ਰੋਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਅਫ਼ਸਰ ਸ਼੍ਰੀ ਕਰਮ ਚੰਦ, ਐਲ.ਡੀ.ਐਮ.  ਆਰ.ਕੇ. ਚੋਪੜਾ, ਫੰਕਸ਼ਨਲ ਮੈਨੇਜਰ ਉਦਯੋਗ ਵਿਭਾਗ ਅਰੁਣ ਕੁਮਾਰ ਤੋਂ ਇਲਾਵਾ ਹੋਰ  ਅਧਿਕਾਰੀ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here