ਜ਼ਿਲਾ ਪ੍ਰਸ਼ਾਸਨ ਨੇ ਟਿੱਡੀ ਦਲ ਦੀ ਰੋਕਥਾਮ ਲਈ ਉਲੀਕੀ ਰਣਨੀਤੀ

ਪਠਾਨਕੋਟ (ਦ ਸਟੈਲਰ ਨਿਊਜ਼)। ਟਿੱਡੀ ਦਲ ਦੀ ਰੋਕਥਾਮ ਲਈ ਐਕਸ਼ਨ ਪਲਾਨ ਤਿਆਰ ਕਰਨ ਸਬੰਧੀ ਅੱਜ ਅਭਿਜੀਤ ਕਪਲਿਸ ਵਧੀਕ ਡਿਪਟੀ ਕਮਿਸ਼ਨਰ(ਜ) ਦੀ ਪ੍ਰਧਾਨਗੀ ਹੇਠ ਸਬੰਧਤ ਵਿਭਾਗਾਂ ਦੇ ਮੁਖੀਆਂ ਦੀ ਮੀਟਿੰਗ ਜਿਲਾ ਪ੍ਰਬੰਧਕੀ ਕੰਪਲੈਕਸ ਵਿੱਚ ਸਥਿਤ ਉਹਨਾਂ ਦੇ ਦਫਤਰ ਵਿਖੇ ਆਯੋਜਿਤ ਕੀਤੀ ਗਈ। ਮੀਟਿੰਗ ਦੋਰਾਨ ਵੱਖ-ਵੱਖ ਵਿਭਾਗਾਂ ਨੂੰ ਕੰਮ ਵੰਡ ਕੇ ਆਪਸੀ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ ਗਿਆ। ਉਹਨਾਂ ਕਿਹਾ ਕਿ ਇਸ ਸਬੰਧੀ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਪੰਚਾਇਤਾਂ ਨਾਲ ਤਾਲਮੇਲ ਕਰਕੇ ਹਮਲੇ ਸਬੰਧੀ ਰੋਜ਼ਾਨਾ ਸਰਵੇ ਕੀਤਾ ਜਾਵੇ। ਉਹਨਾਂ ਹਦਾਇਤ ਕੀਤੀ ਕਿ ਸਾਰੇ ਵਿਭਾਗ ਆਪਣੇ-ਆਪਣੇ ਨੋਡਲ ਅਫ਼ਸਰ ਨਿਯੁਕਤ ਕਰਕੇ ਇਸ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਨੂੰ ਸੂਚਿਤ ਕਰਨ। ਇਸ ਤੋਂ ਇਲਾਵਾ ਉਹਨਾਂ ਜ਼ਿਲਾ ਪੱਧਰੀ ਵੱਟਸ ਐਪ ਗਰੁੱਪ ਬਣਾ ਕੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਅਤੇ ਨੋਡਲ ਅਫ਼ਸਰਾਂ ਨੂੰ ਇਸ ਵਿਚ ਸ਼ਾਮਿਲ ਕਰਨ ਦੀ ਵੀ ਹਦਾਇਤ ਕੀਤੀ।

Advertisements


 ਡਿਪਟੀ ਕਮਿਸ਼ਨਰ ਵੱਲੋਂ ਸਰਕਾਰ ਵੱਲੋਂ ਜਾਰੀ ਨੁਕਤਿਆਂ ਨੂੰ ਅਮਲ ਵਿਚ ਲਿਆਉਣ ਦੀ ਹਦਾਇਤ

ਉਹਨਾਂ ਕਿਹਾ ਕਿ ਖੇਤੀਬਾੜੀ ਅਤੇ ਹੋਰਨਾਂ ਸਬੰਧਤ ਵਿਭਾਗਾਂ ਨੂੰ ਸਪਰੇਅ ਪੰਪਾਂ ਨੂੰ ਤਿਆਰ ਰੱਖਣ ਅਤੇ ਸਪਰੇਅ ਲਈ ਪਾਣੀ ਦੇ ਸੋਮਿਆਂ ਦੀ ਸ਼ਨਾਖ਼ਤ ਕਰਕੇ ਪਲਾਨ ਤਿਆਰ ਕਰਨ ਦੇ ਵੀ ਦਿਸ਼ਾ-ਨਿਰਦੇਸ਼ ਦਿੱਤੇ ਤਾਂ ਜੋ ਮੌਕੇ ‘ਤੇ ਕਿਸੇ ਵੀ ਤਰਾਂ ਦੀ ਮੁਸ਼ਕਿਲ ਪੇਸ਼ ਨਾ ਆਵੇ। ਉਹਨਾਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਟਰੋਲ ਆਪਰੇਸ਼ਨ ਸਮੇਂ ਟਿਊਬਵੈੱਲਾਂ ਤੋਂ ਪਾਣੀ ਦੀ ਸਪਲਾਈ ਲਈ ਬਿਜਲੀ ਸਪਲਾਈ ਨਿਰੰਤਰ ਜਾਰੀ ਰੱਖੀ ਜਾਵੇ। ਉਹਨਾਂ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਸਪਰੇਅ ਆਪਰੇਸ਼ਨ ਦੌਰਾਨ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਸਿਹਤ ਸਹੂਲਤਾਂ ਤੁਰੰਤ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ। ਇਸੇ ਤਰਾਂ ਪੁਲਿਸ ਵਿਭਾਗ ਨੂੰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਦੀ ਹਦਾਇਤ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ(ਜ) ਨੇ ਸਰਕਾਰ ਵੱਲੋਂ ਜਾਰੀ ਗਿਆਰਾਂ ਨੁਕਤਿਆਂ ਨੂੰ ਅਮਲ ਵਿਚ ਲਿਆਉਣ ਲਈ ਸਾਰੇ ਵਿਭਾਗਾਂ ਨੂੰ ਜਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਕਿਹਾ ਤਾਂ ਜੋ ਇਸ ਕੀੜੇ ਤੋਂ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕੇ। ਇਸ ਸਬੰਧੀ ਉਹਨਾਂ ਮੌਕ ਡਰਿੱਲ ਕਰਨ ਦੇ ਵੀ ਆਦੇਸ਼ ਦਿੱਤੇ।

ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਤਰਨਪਾਲ ਸਿੰਘ ਨੇ ਦੱਸਿਆ ਕਿ ਇਹ ਕੀੜਾ ਰੇਗਿਸਤਾਨੀ ਟਿੱਡੀ ਦਲ ਹੈ। ਉਹਨਾਂ ਦੱਸਿਆ ਕਿ ਇਸ ਸਾਲ ਵਾਤਾਵਰਨ ਅਨੁਕੂਲ ਹੋਣ ਕਰਕੇ ਇਹ ਕੀੜਾ ਮਹਾਂਮਾਰੀ ਦਾ ਰੂਪ ਧਾਰਨ ਕਰ ਚੁੱਕਾ ਹੈ, ਜੋ ਕਿ ਰੇਗਿਸਤਾਨ ਇਲਾਕੇ ਈਰਾਨ ਅਤੇ ਪਾਕਿਸਤਾਨ ਰਸਤੇ ਭਾਰਤ ਦੇ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਨਾਲ ਲਗਦੇ ਸੂਬਿਆਂ ਵਿਚ ਦਾਖ਼ਲ ਹੋ ਚੁੱਕਾ ਹੈ। ਉਹਨਾਂ ਦੱਸਿਆ ਕਿ ਇਹ ਕੀੜਾ ਸਾਡੀਆਂ ਫ਼ਸਲਾਂ, ਦਰੱਖਤਾਂ ਅਤੇ ਹਰੇ ਮਾਦੇ ਨੂੰ ਖਾਂਦਾ ਹੈ ਅਤੇ ਵੱਡੀ ਗਿਣਤੀ ਦੇ ਝੁੰਡਾਂ ਵਿਚ ਹਮਲਾ ਕਰਕੇ ਨੁਕਸਾਨ ਪਹੁੰਚਾਉਂਦਾ ਹੈ। ਉਹਨਾਂ ਦੱਸਿਆ ਕਿ ਦਿਨ ਵੇਲੇ ਇਹ ਹਵਾ ਵਿਚ ਉੱਡਦਾ ਹੈ ਅਤੇ ਰਾਤ ਨੂੰ ਦਰੱਖਤਾਂ ‘ਤੇ ਝੁੰਡ ਬਣਾ ਕੇ ਬੈਠਦਾ ਹੈ।

ਉਹਨਾਂ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਕੀੜੇ ਦੇ ਹਮਲੇ  ਦੀ ਸੂਰਤ ਵਿਚ ਇਸ ਸਬੰਧੀ ਤੁਰੰਤ ਖੇਤੀਬਾੜੀ ਵਿਭਾਗ, ਜ਼ਿਲਾ ਪ੍ਰਸ਼ਾਸਨ ਜਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਦੇ ਧਿਆਨ ਵਿਚ ਲਿਆਂਦਾ ਜਾਵੇ। ਉਹਨਾਂ ਦੱਸਿਆ ਕਿ ਦਿਨ ਵੇਲੇ ਉੱਚੀਆਂ ਆਵਾਜ਼ਾਂ ਨਾਲ ਇਸ ਕੀੜੇ ਨੂੰ ਆਪਣੀਆਂ ਫ਼ਸਲਾਂ ਅਤੇ ਘਰਾਂ ਤੋਂ ਉਡਾਇਆ ਜਾ ਸਕਦਾ ਹੈ ਅਤੇ ਰਾਤ ਵੇਲੇ ਖੇਤੀਬਾੜੀ ਮਾਹਿਰਾਂ ਦੀ ਦੇਖ-ਰੇਖ ਵਿਚ ਜਦ ਇਹ ਦਰੱਖਤਾਂ ‘ਤੇ ਆਰਾਮ ਕਰਦਾ ਹੈ, ਕੀਟਨਾਸ਼ਕ ਸਪਰੇਅ ਕਰਕੇ ਇਸ ਨੂੰ ਖ਼ਤਮ ਕੀਤਾ ਜਾ ਸਕਦਾ ਹੈ। ਉਹਨਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਪੰਜਾਬ ਵੱਲੋਂ ਇਸ ਦੀ ਰੋਕਥਾਮ ਲਈ ਕੀੜੇਮਾਰ ਦਵਾਈਆਂ ਦਾ ਪ੍ਰਬੰਧ ਕੀਤਾ ਜਾ ਚੁੱਕਾ ਹੈ।

LEAVE A REPLY

Please enter your comment!
Please enter your name here