ਝੋਨੇ ਦੀ ਸਿੱਧੀ ਬਿਜਾਈ ਦੀ ਸਫਲਤਾ ਨਦੀਨਾਂ ਦੀ ਰੋਕਥਾਮ ਤੇ ਨਿਰਭਰ : ਬਲਾਕ ਖੇਤੀ ਬਾੜੀ ਅਫਸਰ

ਪਠਾਨਕੋਟ (ਦ ਸਟੈਲਰ ਨਿਊਜ਼)। ਕਰੋਨਾ ਵਾਇਰਸ ਦੇ ਚੱਲਦਿਆਂ ਝੋਨੇ ਦੀ ਲਵਾਈ ਲਈ ਮਜ਼ਦੂਰਾਂ ਦੀ ਸੰਭਾਵਿਤ ਘਾਟ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲਾ ਪਠਾਨਕੋਟ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਉਸ਼ਾਹਿਤ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ਤਹਿਤ ਬਲਾਕ ਪਠਾਨਕੋਟ ਦੇ ਪਿੰਡ ਕਟਾਰੂਚੱਕ ਦੇ ਕਿਸਾਨ ਸਰਵਨ ਸਿੰਘ ਦੇ ਖੇਤਾਂ ਵਿੱਚ ਕਣਕ ਬੀਜਣ ਵਾਲੀ ਜ਼ੀਰੋ ਡਰਿਲ ਵਿੱਚ ਕੁਝ ਤਬਦੀਲੀਆਂ ਕਰਕੇ ਝੋਨੇ ਦੀ ਸਿੱਧੀ ਬਿਜਾਈ ਦਾ ਪ੍ਰਦਰਸ਼ਨੀ ਪਲਾਟ ਐਗਰੀਕਲਚਰਲ ਟੈਕਨਾਲੋਜੀ ਮੈਨੇਜਮੈਂਟ ਏਜੰਸੀ ( ਆਤਮਾ) ਤਹਿਤ ਲਗਾਇਆ ਗਿਆਂ। ਇਸ ਮੌਕੇ ਡਾ.ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ, ਡਾ. ਪ੍ਰਿਤਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ, ਸੁਭਾਸ਼ ਚੰਦਰ, ਜਤਿੰਦਰ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ, ਲਵ ਕੁਮਾਰ ਬਲਾਕ ਤਕਨਾਲੋਜੀ ਮੈਨੇਜ਼ਰ (ਆਤਮਾ), ਧਰਮਿੰਦਰ ਸਿੰਘ ਸਰਪੰਚ ਲਦਪਾਲਵਾਂ, ਸੁਰਜੀਤ ਸਿੰਘ, ਸਰਬਜੀਤ ਸਿੰਘ, ਨਿਰਪਜੀਤ ਸਿੰਘ ਖੇਤੀ ਉਪ ਨਿਰੀਖਕ, ਅਮਨਦੀਪ ਸਿੰਘ, ਅਰਮਾਨ  ਮਹਾਜਨ ਸਹਾਇਕ ਤਕਨਾਲੋਜੀ ਪ੍ਰਬੰਧਕ(ਆਤਮਾ), ਸਰਵਨ ਸਿੰਘ, ਸਮੇਤ ਕਈ ਕਿਸਾਨ ਹਾਜ਼ਰ ਸਨ।

Advertisements

ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ  ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਮਿਸ਼ਨ ਫਤਿਹ ਚਲਾਇਆ ਹੋਇਆ ਹੈ ਜਿਸ ਦਾ ਇੱਕ ਹੀ ਉਦੇਸ ਹੈ ਪੰਜਾਬ ਨੂੰ ਕਰੋਨਾ ਮੁਕਤ ਕਰਨਾ ਅਤੇ ਕਰੋਨਾ ਤੋਂ ਪ੍ਰੁਭਾਵਿਤ ਖੇਤਰਾਂ ਅਤੇ ਲੋਕਾਂ ਨੂੰ ਸੰਕਟ ਵਿੱਚੋਂ ਕੱਢਣਾ। ਉਹਨਾਂ ਕਿਹਾ ਕਿ ਇਸ ਵਾਰ ਝੋਨੇ ਦੀ ਲਵਾਈ ਦੋਰਾਨ ਮਜਦੂਰਾਂ ਦੀ ਘਾਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਪੰਜਾਬ ਸਰਕਾਰ ਦੇ ਆਦੇਸਾਂ ਅਨੁਸਾਰ ਝੋਨੇ ਦੀ ਸਿੱਧੀ ਬਿਜਾਈ,ਕਰੋਨਾ ਵਾਇਰਸ ਦੇ ਚੱਲਦਿਆਂ ਕੱਦੂ ਵਾਲੇ ਝੋਨੇ ਦੀ ਲਵਾਈ ਸਮੇਂ ਆਉਣ ਵਾਲੀ ਮਜ਼ਦੂਰਾਂ ਦੀ ਸੰਭਾਵਤ ਘਾਟ ਦਾ ਇਕ ਬੇਹਤਰ ਬਦਲ ਹੈ। ਉਹਨਾਂ ਕਿਹਾ ਕਿ ਜੂਨ ਮਹੀਨੇ ਵਿਚ ਸਿੱਧੀ ਬਿਜਾਈ ਨਾਲ ਬੀਜੀ ਝੋਨੇ ਦੀ ਫਸਲ ਚੰਗਾ ਝਾੜ ਅਤੇ ਮਿਆਰ ਦਿੰਦੀ ਹੈ ਅਤੇ ਮਈ ਮਹੀਨੇ ਵਿਚ ਅਗੇਤੀ ਬਿਜਾਈ ਕਰਨ ਨਾਲ ਪਾਣੀ ਦੀ ਕਫਤ ਜ਼ਿਆਦਾ ਹੁੰਦੀ ਹੈ ਅਤੇ ਨਦੀਨਾਂ ਦੀ ਸਮੱਸਿਆ ਵੀ ਜ਼ਿਆਦਾ ਆਉਂਦੀ ਹੈ।

ਉਹਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੋ ਵੀ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨਾ ਚਾਹੁੰਦਾ ਹੈ ਉਹ ਖੇਤੀ ਮਾਹਿਰਾਂ ਨਾਲ ਸੰਪਰਕ ਕਰੇ ਤਾਂ ਜੋ ਸਹੀ ਤਕਨੀਕੀ ਅਗਵਾਈ ਦਿੱਤੀ ਜਾ ਸਕੇ ਅਤੇ ਕਿਸਾਨ ਨੂੰ ਕਿਸੇ ਕਿਸਮ ਦੀ ਸਮੱਸਿਆਂ ਦਾ ਸਾਹਮਣਾ ਨਾਂ ਕਰਨਾ ਲਵੇ। ਉਹਨਾਂ ਨੇ ਕਿਹਾ ਕਿ ਜੂਨ ਦਾ ਪਹਿਲਾ ਪੰਦਰਵਾੜਾ ਝੋਨੇ ਦੀ ਸਿੱਧੀ ਬਿਜਾਈ ਲਈ ਅਤੇ ਬਾਸਮਤੀ ਲਈ ਜੂਨ ਦਾ ਦੂਜਾ ਪੰਦਰਵਾੜਾਂ ਢੁਕਵਾਂ ਸਮਾਂ ਹੈ। ਉਹਨਾਂ ਕਿਹਾ ਕਿ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਪੀ ਆਰ 126 ਅਤੇ ਪੂਸਾ ਬਾਸਮਤੀ 1509 ਦੀ ਬਿਜਾਈ ਜੂਨ ਦੇ ਦੂਜੇ ਪੰਦਰਵਾੜੇ ਵਿੱਚ ਵੀ ਕੀਤੀ ਜਾ ਸਕਦੀ ਹੈ। ਉਹਨਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਤਰ ਵੱਤਰ ਵਿੱਚ ਹੀ ਕੀਤੀ ਜਾਵੇ ਤਾਂ ਬੇਹਤਰ ਹੈ।

ਉਹਨਾਂ ਕਿਹਾ ਕਿ ਰੌਣੀ ਉਪਰੰਤ ਖੇਤ ਤਰ ਵੱਤਰ ਦੀ ਹਾਲਤ ਵਿਚ ਆਉਣ ਤੇ ਦੋ ਵਾਰ ਹੱਲਾਂ ਨਾਲ ਵਾਹ ਕੇ ਤੇ ਸੁਹਾਗੇ ਦੀ ਦੋਹਰ ਜਾਂ ਤੇਹਰ ਪਾ ਕੇ ਤੁਰੰਤ ਬਿਜਾਈ ਕਰ ਦਿਉ। ਉਹਨਾਂ ਕਿਹਾ ਕਿ ਬਿਜਾਈ ਕਰਨ  ਤੋਂ ਪਹਿਲਾਂ ਬੀਜ ਨੂੰ 8-12 ਘੰਟੇ ਤਕ ਪਾਣੀ ਵਿਚ ਭਿਉਂ ਕੇ ਰੱਖਣ ਤੋਂ ਬਾਅਦ ਛਾਵੇਂ ਸੁਕਾ ਕੇ ਦਵਾਈ ਨਾਲ ਸੋਧ ਲਵੋ। ਉਹਨਾਂ ਨੇ ਕਿਹਾ ਕਿ  ਨਦੀਨਾਂ ਦੀ ਸਮੱਸਿਆ ਅਤੇ ਖੁਰਾਕੀ ਤੱਤਾਂ ਖਾਸ ਕਰਕੇ ਲੋਹੇ ਦੀ ਘਾਟ ਤੋਂ ਬਚਾਅ ਲਈ ਪਹਿਲਾ ਪਾਣੀ ਦੇਰੀ ਨਾਲ, ਤੇ ਤਕਰੀਬਨ 21 ਦਿਨਾਂ ਬਾਅਦ ਲਾਉ। ਉਹਨਾਂ ਕਿਹਾ ਕਿ ਬਹੁਤ ਸਾਰੇ ਕਿਸਾਨ ਇਸ ਵਿਧੀ ਵਿੱਚ ਰੁਚੀ ਦਿਖਾ ਰਹੇ ਹਨ ਅਤੇ ਕਈ ਕਿਸਾਨ ਪਹਿਲੀ ਵਾਰ ਇਸ ਵਿਧੀ ਨੂੰ ਅਪਣਾ ਰਹੇ ਹਨ ਇਸ ਲਈ ਇਸ ਤਕਨੀਕ ਦੇ ਤਕਨੀਕੀ ਨੁਕਤਿਆਂ ਨੂੰ ਸਮਝਣਾ ਬਹੁਤ ਜ਼ਰੂਰੀ ਹੈ ਤਾਂ ਜੋ ਕਿਸੇ ਕਿਸਮ ਦੀ ਸਮੱਸਿਆਂ ਨਾਂ ਆਵੇ।

LEAVE A REPLY

Please enter your comment!
Please enter your name here