ਘਰਾਂ ਦਾ ਸਰਵੇ ਕਰ ਰਹੇ ਸਟਾਫ ਨਾਲ ਸਹਿਯੋਗ ਨਾ ਕਰਨ ਤੇ ਹੋਵੇਗੀ ਕਾਨੂੰਨੀ ਕਾਰਵਾਈ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਮਹਾਂਮਾਰੀ ਦੇ ਇਸ ਨਾਜ਼ਕ ਦੌਰ ਵਿੱਚ ਜਨਤਾ ਨੂੰ ਕੋਵਿਡ-19 ਦੇ ਨਾਲ-ਨਾਲ ਡੇਂਗੂ ਤੋਂ ਸੁਰੱਖਿਅਤ ਰੱਖਣ ਲਈ ਜ਼ਿਲਾ ਪ੍ਰਸਾਸ਼ਨ ਵਲੋਂ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਜਿੱਥੇ ਸਿਹਤ ਵਿਭਾਗ ਵਲੋਂ ਕੋਰੋਨਾ ਸਬੰਧੀ ਵਿਸ਼ੇਸ਼ ਡਿਊਟੀ ਨਿਭਾਈ ਜਾ ਰਹੀ ਹੈ, ਉਥੇ ਵਿਭਾਗ ਦੀ ਅਗਵਾਈ ਵਿੱਚ ਕਰੀਬ 50 ਵਲੰਟੀਅਰਾਂ ਵਾਲੀ ਡੇਂਗੂ ਜਾਂਚ ਟੀਮ ਤਾਇਨਾਤ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇਨਾਂ ਵਲੰਟੀਅਰਾਂ ਵਲੋਂ ਘਰਾਂ ਦਾ ਸਰਵੇ ਕਰਕੇ ਡੇਂਗੂ ਦੀ ਜਾਂਚ ਕਰਨ ਦੇ ਨਾਲ-ਨਾਲ ਕੋਵਿਡ-19 ਦੇ ਮੱਦੇਨਜ਼ਰ ਜਾਗਰੂਕਤਾ ਵੀ ਫੈਲਾਈ ਜਾ ਰਹੀ ਹੈ।

Advertisements

ਡਿਪਟੀ ਕਮਿਸ਼ਨਰ ਨੇ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਕੋਵਿਡ-19 ਅਤੇ ਡੇਂਗੂ ਨਾਲ ਸਬੰਧਤ ਡਿਊਟੀ ਕਰ ਰਹੇ ਸਟਾਫ ਨਾਲ ਸਹਿਯੋਗ ਕੀਤਾ ਜਾਵੇ ਅਤੇ ਸਹਿਯੋਗ ਨਾ ਕਰਨ ‘ਤੇ ਐਪੀਡੈਮਿਕ ਡਿਜੀਜ਼ ਐਕਟ ਤਹਿਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਹਨਾਂ ਕਿਹਾ ਕਿ ਇਸ ਔਖੀ ਘੜੀ ਵਿੱਚ ਸਭ ਦੇ ਸਹਿਯੋਗ ਦੀ ਲੋੜ ਹੈ, ਤਾਂ ਜੋ ਕੋਰੋਨਾ ਖਿਲਾਫ ਜੰਗ ਜਿੱਤਣ ਦੇ ਨਾਲ-ਨਾਲ ਡੇਂਗੂ ਦੀ ਰੋਕਥਾਮ ਵੀ ਯਕੀਨੀ ਬਣਾਈ ਜਾ ਸਕੇ। ਉਨਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਸੁਚਾਰੂ ਢੰਗ ਨਾਲ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਹੁਣ ਬਾਰਿਸ਼ਾਂ ਦੇ ਸੀਜ਼ਨ ਦੌਰਾਨ ਸਿਹਤ ਵਿਭਾਗ ਵਲੋਂ ਡੇਂਗੂ ਦੇ ਲਾਰਵੇ ਦੀ ਜਾਂਚ ਕਰਨ ਲਈ ਘਰਾਂ ਦਾ ਸਰਵੇ ਕੀਤਾ ਜਾ ਰਿਹਾ ਹੈ ਅਤੇ ਦੇਖਣ ਵਿੱਚ ਆਇਆ ਹੈ ਕਿ ਕੁਝ ਘਰਾਂ ਵਿੱਚ ਸਟਾਫ ਨਾਲ ਸਹਿਯੋਗ ਨਹੀਂ ਕੀਤਾ ਜਾ ਰਿਹਾ।

ਉਹਨਾਂ ਕਿਹਾ ਕਿ ਇਹ ਸਟਾਫ ਆਪ ਦੀ ਸੁਰੱਖਿਆ ਲਈ ਹੀ ਸਰਵੇ ਕਰ ਰਿਹਾ ਹੈ, ਇਸ ਲਈ ਕਿਸੇ ਵੀ ਤਰਾਂ ਦਾ ਦੁਰਵਿਵਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਪਨੀਤ ਰਿਆਤ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਡੇਂਗੂ ਦਾ ਲਾਰਵਾ ਖੜੇ ਪਾਣੀ ਵਿੱਚ ਫੈਲਦਾ ਹੈ, ਇਸ ਲਈ ਘਰਾਂ ਅਤੇ ਆਲੇ-ਦੁਆਲੇ ਜ਼ਿਆਦਾ ਦੇਰ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਉਨਾਂ ਕਿਹਾ ਕਿ ਹੁਸ਼ਿਆਰਪੁਰ ਵਿਖੇ ਡੇਂਗੂ ਜਾਂਚ ਟੀਮ ਵਲੋਂ ਘਰਾਂ ਦੇ ਸਰਵੇ ਦੌਰਾਨ ਜਿੱਥੇ ਡੇਂਗੂ ਦਾ ਲਾਰਵਾ ਸਾਹਮਣੇ ਆਉਣ ਤੇ ਤੁਰੰਤ ਇਸਨੂੰ ਨਸ਼ਟ ਕੀਤਾ ਜਾ ਰਿਹਾ ਹੈ, ਉਥੇ ਚਲਾਨ ਵੀ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਕੋਵਿਡ-19 ਤੋਂ ਬਚਾਅ ਸਬੰਧੀ ਸਮਾਜਿਕ ਦੂਰੀ ਬਰਕਰਾਰ ਰੱਖਣ, ਘਰੋਂ ਬਾਹਰ ਜਾਣ ਸਮੇਂ ਮਾਸਕ ਦੀ ਵਰਤੋਂ ਯਕੀਨੀ ਬਣਾਉਣ ਅਤੇ ਸਮੇਂ-ਸਮੇਂ ਤੇ 20 ਸੈਕਿੰਡ ਤੱਕ ਹੱਥ ਧੋਣ ਵਰਗੀਆਂ ਸਾਵਧਾਨੀਆਂ ਵਰਤਣ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ।

1 COMMENT

  1. Staff allowed by Deputy commissioner hoshiarpur have any identity Card or anything else. Through which people can ensure they are government staff not thief or anything else??? It will help for people security.

LEAVE A REPLY

Please enter your comment!
Please enter your name here