ਵਿਦਿਆਰਥੀਆਂ ਅਤੇ ਮਾਪਿਆਂ ਵੱਲੋਂ ਆਨ-ਲਾਈਨ ਪੇਪਰਾਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ: ਸਿੱਖਿਆ ਅਧਿਕਾਰੀ

ਪਠਾਨਕੋਟ (ਦ ਸਟੈਲਰ ਨਿਊਜ਼)। ਸਾਰੇ ਸੰਸਾਰ ਵਿੱਚ ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਸਾਰੇ ਕਾਰਜ ਠੱਪ ਹੋ ਕੇ ਰਹਿ ਗਏ ਹਨ। ਇਹਨਾਂ ਹਾਲਾਤਾਂ ਵਿੱਚ ਸਰਕਾਰ ਵੱਲੋਂ ਇਹਤਿਹਾਤ ਵਜੋਂ ਕਰਫਿਊ ਅਤੇ ਲਾਕਡਾਊਨ ਕਾਰਨ ਸਿੱਖਿਆ ਦੇ ਖੇਤਰ ਵਿੱਚ ਵੀ ਕਾਫੀ ਪ੍ਰਭਾਵ ਪਿਆ ਹੈ। ਸਿੱਖਿਆ ਵਿਭਾਗ ਪੰਜਾਬ ਵੱਲੋਂ ਬੱਚਿਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਸਕੂਲ ਬੰਦ ਕੀਤੇ ਗਏ ਹਨ। ਬੱਚਿਆਂ ਦੀ ਪੜਾਈ ਦਾ ਨੁਕਸਾਨ ਨਾ ਹੋਵੇ, ਇਸ ਨੂੰ ਧਿਆਨ ਵਿੱਚ ਰੱਖਦਿਆਂ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਵੱਖ-ਵੱਖ ਸਾਧਨਾਂ ਰਾਹੀਂ ਆਨਲਾਈਨ ਪੜਾਈ ਉਪਲੱਬਧ ਕਰਵਾਉਣ ਲਈ ਕਰਫਿਊ ਸੁਰੂ ਹੋਣ ਸਮੇਂ ਤੋਂ ਹੀ ਆਨਲਾਈਨ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਹੁਣ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਆਨਲਾਈਨ ਪੇਪਰ ਲਏ ਜਾ ਰਹੇ ਹਨ, ਆਨਲਾਈਨ ਪੇਪਰਾਂ ਵਿੱਚ ਵਿਦਿਆਰਥੀਆਂ ਅਤੇ ਮਾਪਿਆਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਵਿੱਦਿਅਕ ਮੁਕਾਬਲਿਆਂ ਵਿੱਚ ਵੀ ਵੱਧ ਚੜ ਕੇ ਹਿੱਸਾ ਲਿਆ ਜਾ ਰਿਹਾ ਹੈ। ਇਹਨਾਂ ਸਬਦਾਂ ਦਾ ਪ੍ਰਗਟਾਵਾ ਜਿਲਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਜਗਜੀਤ ਸਿੰਘ ਅਤੇ ਉਪ ਜਿਲਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਰਾਜੇਸਵਰ ਸਲਾਰੀਆ ਵੱਲੋਂ ਨਵੇਂ ਦਾਖਲੇ, ਮਾਸਿਕ ਪੇਪਰਾਂ ਅਤੇ ਵਿੱਦਿਅਕ ਮੁਕਾਬਲਿਆਂ ਨੂੰ ਲੈਕੇ ਸਕੂਲ ਦਾ ਦੌਰਾ ਕਰਨ ਦੌਰਾਨ ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕੀਤਾ ਗਿਆ।

Advertisements

ਇਸ ਦੌਰਾਨ ਸਕੂਲ ਪ੍ਰਿੰਸੀਪਲ ਆਰਤੀ ਗੁਪਤਾ ਨੇ ਜਿਲਾ ਸਿੱਖਿਆ ਅਫਸਰ ਅਤੇ ਉਪ ਜਿਲਾ ਸਿੱਖਿਆ ਅਫਸਰ ਦਾ ਗੁਲਦਸਤੇ ਨਾਲ ਸਵਾਗਤ ਕੀਤਾ। ਜਿਲਾ ਸਿੱਖਿਆ ਅਫਸਰ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਮਾਸਕ ਅਤੇ ਸਟੇਸਨਰੀ ਵੰਡੀ ਅਤੇ ਕੋਵਿਡ 19 ਤੋਂ ਬਚਾਅ ਲਈ ਸਰਕਾਰ ਦੀਆਂ ਹਦਾਇਤਾਂ ਦਾ ਪਾਲਣ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਉਹਨਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਆਨਲਾਈਨ ਸਿੱਖਿਆ ਲਈ ਡੀ.ਡੀ. ਪੰਜਾਬੀ ਅਤੇ ਸਵਯਮ ਪ੍ਰਭਾ ਰਾਹੀਂ ਕਲਾਸਾਂ ਦੀ ਪੜਾਈ ਕਰਵਾਉਣ ਲਈ ਕੀਤੀ ਪਹਿਲਕਦਮੀ ਅਤੇ ਸਮਾਜ ਨੂੰ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਉਣ ਲਈ ਕੀਤੇ ਜਾ ਰਹੇ ਯਤਨਾਂ ਸਦਕਾ ਸਮਾਜ ਦੇ ਸਾਰੇ ਵਰਗਾਂ ਵੱਲੋਂ ਸਿੱਖਿਆ ਵਿਭਾਗ ਦੀ ਰੱਜ ਕੇ ਤਾਰੀਫ ਕੀਤੀ ਜਾ ਰਹੀ ਹੈ।  ਉਨਾਂ ਕਿਹਾ ਕਿ ਅਧਿਆਪਕਾਂ ਵੱਲੋਂ ਸਾਰੇ ਵਿਦਿਆਰਥੀਆਂ ਦੀ ਪੜਾਈ ਦਾ ਧਿਆਨ ਰੱਖਦਿਆਂ ਸਿੱਖਿਆ ਵਿਭਾਗ ਵੱਲੋਂ ਭੇਜੀ ਜਾ ਰਹੀ ਸਿੱਖਣ-ਸਮੱਗਰੀ ਨੂੰ ਸਰਕਾਰੀ ਸਕੂਲਾਂ ਵਿੱਚ ਨਾ ਪੜਨ ਵਾਲੇ ਬੱਚਿਆਂ ਨੂੰ ਵੀ ਭੇਜਿਆ ਜਾ ਰਿਹਾ ਹੈ। ਬਹੁਤ ਸਾਰੇ ਮਾਪੇ ਸਿੱਖਿਆ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਬੱਚਿਆਂ ਦੇ ਬਿਹਤਰ ਭਵਿੱਖ ਲਈ ਉਨਾਂ ਨੂੰ ਪ੍ਰਾਈਵੇਟ ਸਕੂਲਾਂ ਵਿੱਚੋਂ ਹਟਾ ਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਰਹੇ ਹਨ। ਆਨਲਾਈਨ ਪੇਪਰਾਂ ਸਬੰਧੀ ਉਨਾਂ ਨੇ ਦੱਸਿਆ ਕਿ ਜਿਹੜੇ ਵਿਦਿਆਰਥੀਆਂ ਕੋਲ ਸਮਾਰਟ ਫੋਨ ਨਹੀਂ ਹਨ ਉਨਾਂ ਵਿਦਿਆਰਥੀਆਂ ਦੇ ਘਰਾਂ ਤੱਕ ਅਧਿਆਪਕਾਂ ਵੱਲੋਂ ਪ੍ਰਸਨ ਪੱਤਰ ਪਹੁੰਚਾਏ ਜਾ ਰਹੇ ਹਨ। ਇਸ ਦੇ ਨਾਲ ਹੀ ਵਿਦਿਆਰਥੀਆਂ ਵੱਲੋਂ ਆਪਣੇ ਅਧਿਆਪਕਾਂ ਦੀ ਦੇਖ-ਰੇਖ ਵਿੱਚ ਵਿੱਦਿਅਕ ਮੁਕਾਬਲਿਆਂ ਵਿੱਚ ਭਾਗ ਲਿਆ ਜਾ ਰਿਹਾ ਹੈ। ਇਸ ਮੌਕੇ ਤੇ ਮੀਡੀਆ ਕੋਆਰਡੀਨੇਟਰ ਬਲਕਾਰ ਅੱਤਰੀ ਸਮੇਤ ਸਕੂਲ ਦਾ ਸਮੂਹ ਸਟਾਫ ਹਾਜਰ ਸੀ।

LEAVE A REPLY

Please enter your comment!
Please enter your name here