ਕਿਸਾਨ ਪਰਿਵਾਰ ਨੂੰ ਮਿਲੇਗਾ ਪੰਜ ਲੱਖ ਰੁਪਏ ਤੱਕ ਨਗਦੀ ਰਹਿਤ ਇਲਾਜ: ਡਿਪਟੀ ਕਮਿਸ਼ਨਰ

ਪਠਾਨਕੋਟ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਸਾਲ 2020-21 ਲਈ ‘ਆਯੂਸ਼ਮਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ’ ਤਹਿਤ ਸਿਹਤ ਬੀਮੇ ਦਾ ਲਾਭ ਲੈਣ ਲਈ 24 ਜੁਲਾਈ, 2020 ਤੱਕ ਅਰਜ਼ੀਆਂ ਦੇਣ ਦੀ ਅਪੀਲ ਕੀਤੀ ਹੈ ਜਿਸ ਨਾਲ ਹਰੇਕ ਲਾਭਪਾਤਰੀ ਪਰਿਵਾਰ ਨੂੰ ਪੰਜ ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਮੁਹੱਈਆ ਹੋਵੇਗਾ। ਇਹ ਪ੍ਰਗਟਾਵ ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸਨਰ ਨੇ ਦੱਸਿਆ ਕਿ ‘ਜੇ’ ਫਾਰਮ ਅਤੇ ‘ਗੰਨਾ ਤੋਲ ਪਰਚੀ’ ਵਾਲੇ ਸਾਰੇ ਕਿਸਾਨ ਇਸ ਸਕੀਮ ਦਾ ਲਾਭ ਲੈਣ ਲਈ ਯੋਗ ਹਨ ਜਿਨਾਂ ਨੂੰ 24 ਜੁਲਾਈ ਤੱਕ ਘੋਸ਼ਣਾ ਪੱਤਰ ਲੋੜੀਂਦੇ ਦਸਤਾਵੇਜ਼ਾਂ ਸਮੇਤ ਸਬੰਧਤ ਮਾਰਕੀਟ ਕਮੇਟੀ ਦਫ਼ਤਰ ਜਾਂ ਆਪਣੇ ਆੜਤੀਏ ਕੋਲ ਜਮਾਂ ਕਰਵਾਉਣੇ ਹੋਣਗੇ। ਉਹਨਾਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਕਿਸਾਨਾਂ ਦੇ ਬੀਮੇ ਦਾ ਸਮੁੱਚਾ ਪ੍ਰੀਮੀਅਮ ਅਦਾ ਕੀਤਾ ਜਾਵੇਗਾ ਜਿਸ ਕਰਕੇ ਕਿਸਾਨਾਂ ਨੂੰ ਇਸ ਲਈ ਕੋਈ ਫੀਸ ਵੀ ਨਹੀਂ ਦੇਣੀ ਪਵੇਗੀ।

Advertisements

ਉਹਨਾਂ ਦੱਸਿਆ ਕਿ ਇਸ ਸਿਹਤ ਬੀਮਾ ਸਕੀਮ ਤਹਿਤ ਲਾਭਪਾਤਰੀ ਦਿਲ ਦੇ ਅਪ੍ਰੇਸ਼ਨ, ਕੈਂਸਰ ਦੇ ਇਲਾਜ, ਜੋੜ ਬਦਲਾਉਣ ਅਤੇ ਐਕਸੀਡੈਂਟ ਦੇ ਕੇਸਾਂ ਵਰਗੇ ਵੱਡੇ ਅਪ੍ਰੇਸ਼ਨਾਂ ਦੇ ਇਲਾਜ ਸਮੇਤ 1396 ਬਿਮਾਰੀਆਂ ਲਈ 546 ਸੂਚੀਬੱਧ ਹਸਪਤਾਲਾਂ ਅਤੇ 208 ਸਰਕਾਰੀ ਹਸਪਤਾਲਾਂ ਵਿੱਚ ਪੰਜ ਲੱਖ ਰੁਪਏ ਤੱਕ ਦਾ ਇਲਾਜ ਕਰਵਾ ਸਕਦੇ ਹਨ।
ਉਹਨਾਂ ਦੱਸਿਆ ਕਿ ਸਾਲ 2020-21 ਦੌਰਾਨ ਜ਼ਿਲੇ ਸਮੇਤ ਸੂਬਾ ਭਰ ਦੇ 8.70 ਲੱਖ ‘ਜੇ’ ਫਾਰਮ ਹੋਲਡਰ ਕਿਸਾਨਾਂ ਅਤੇ 80,000 ਗੰਨਾ ਉਤਪਾਦਕਾਂ ਨੂੰ ਸਿਹਤ ਬੀਮਾ ਯੋਜਨਾ ਦਾ ਲਾਭ ਮਿਲੇਗਾ ਜਦਕਿ ਇਸ ਸਕੀਮ ਦੇ ਪਹਿਲੇ ਸਾਲ 2019-20 ਦੌਰਾਨ ਪੰਜ ਲੱਖ ਕਿਸਾਨ ਇਸ ਯੋਜਨਾ ਦੇ ਘੇਰੇ ਹੇਠ ਆਏ ਸਨ ਜਿਨਾਂ ਨੂੰ ਮੰਡੀ ਬੋਰਡ ਵੱਲੋਂ ਸਾਲ 2015 ਵਿੱਚ ਜਾਰੀ ਕੀਤੇ ‘ਜੇ’ ਫਾਰਮਾਂ ਦੇ ਆਧਾਰ ‘ਤੇ ਯੋਗ ਪਾਇਆ ਗਿਆ ਸੀ।

ਉਹਨਾਂ ਦੱਸਿਆ ਕਿ ਮੰਡੀ ਬੋਰਡ ਵੱਲੋਂ ਇਕ ਜਨਵਰੀ, 2020 ਨੂੰ ਅਤੇ ਉਸ ਤੋਂ ਬਾਅਦ 8.70 ਲੱਖ ਕਿਸਾਨਾਂ ਨੂੰ ਉਹਨਾਂ ਦੀ ਖੇਤੀਬਾੜੀ ਉਪਜ ਵੇਚਣ ਲਈ ‘ਜੇ’ ਫਾਰਮ ਹੋਲਰਡਾਂ ਵਜੋਂ ਰਜਿਸਟਰਡ ਕੀਤਾ ਗਿਆ ਹੈ ਅਤੇ ਇਸੇ ਤਰਾਂ ਇਕ ਨਵੰਬਰ, 2019 ਤੋਂ 31 ਮਾਰਚ, 2020 ਦੇ ਪਿੜਾਈ ਸੀਜ਼ਨ ਦੌਰਾਨ ਗੰਨੇ ਦੀ ਫਸਲ ਵੇਚਣ ਵਾਲੇ 80,000 ਗੰਨਾ ਉਤਪਾਦਕ ਹਨ ਜੋ ਇਸ ਯੋਜਨਾ ਲਈ ਸਾਰੇ ਹੀ ਯੋਗ ਮੰਨੇ ਜਾਣਗੇ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਨਾਂ ਨੂੰ ਸਕੀਮ ਵਿੱਚ ਸ਼ਾਮਿਲ ਕਰਨ ਦੀ ਹਰੀ ਝੰਡੀ ਦੇਣ ਨਾਲ ਸਾਰੇ 9.50 ਲੱਖ ਕਿਸਾਨ ਤੇ ਉਹਨਾਂ ਦੇ ਪਰਿਵਾਰ 20 ਅਗਸਤ, 2020 ਤੋਂ ਸਕੀਮ ਦਾ ਲਾਭ ਲੈਣ ਦੇ ਹੱਕਦਾਰ ਬਣ ਜਾਣਗੇ।

ਉਹਨਾਂ ਦੱਸਿਆ ਕਿ ਮਾਰਕੀਟ ਕਮੇਟੀਆਂ ਨੂੰ ਵੀ ਬਿਨਾਂ ਕਿਸੇ ਦਿੱਕਤ ਦੇ ਇਸ ਸਹੂਲਤ ਦਾ ਲਾਭ ਲੈਣ ਨੂੰ ਯਕੀਨੀ ਬਣਾਉਣ ਵਿੱਚ ਕਿਸਾਨਾਂ ਦੀ ਸਹਾਇਤਾ ਕਰਨ ਲਈ ਆਖਿਆ ਗਿਆ ਹੈ। ਉਹਨਾਂ ਦੱਸਿਆ ਕਿ ਮੰਡੀ ਬੋਰਡ ਨੇ ਯੋਗ ਕਿਸਾਨਾਂ ਪਾਸੋਂ ਅਰਜ਼ੀਆਂ ਦੀ ਮੰਗ ਕੀਤੀ ਹੈ ਤਾਂ ਕਿ ਹਰੇਕ ਕਿਸਾਨ ਨੂੰ ਇਸ ਦਾ ਲਾਭ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਸਕੇ। ਇਛੁੱਕ ਕਿਸਾਨਾਂ ਵੱਲੋਂ ਸਵੈ-ਘੋਸ਼ਣਾ ਪੱਤਰ ਵਾਲਾ ਫਾਰਮ ਸਬੰਧਤ ਮਾਰਕੀਟ ਕਮੇਟੀ ਦਫ਼ਤਰ ਜਾਂ ਆੜਤੀਆ ਫਰਮ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ ਜਾਂ ਫੇਰ ਪੰਜਾਬ ਮੰਡੀ ਬੋਰਡ ਦੀ ਵੈੱਬਸਾਈਟ www.mandiboard.nic.in ਤੋਂ ਵੀ ਡਾਊਨਲੋਡ ਕੀਤਾ ਜਾ ਸਕਦਾ ਹੈ। ਮੰਡੀ ਬੋਰਡ ਵੱਲੋਂ ਕਿਸਾਨਾਂ ਪਾਸੋਂ ਅਰਜ਼ੀਆਂ ਪ੍ਰਾਪਤ ਹੋਣ ਤੋਂ ਬਾਅਦ ਵਿਸ਼ੇਸ਼ ਤੌਰ ‘ਤੇ ਬਣਾਏ ਪੋਰਟਲ ‘ਤੇ ਅਪਲੋਡ ਕਰ ਦਿੱਤਾ ਜਾਵੇਗਾ ਜਿਸ ਤੋਂ ਬਾਅਦ ਯੋਗ ਕਿਸਾਨਾਂ ਨੂੰ ‘ਸਿਹਤ ਬੀਮਾ ਕਾਰਡ’ ਜਾਰੀ ਹੋ ਜਾਣਗੇ। ਉਹਨਾਂ ਦੱਸਿਆ ਕਿ ਇਸ ਨਗਦੀ ਰਹਿਤ ਸਕੀਮ ਨਾਲ ਸਾਰੀਆਂ ਬਿਮਾਰੀਆਂ ਜਿਨਾਂ ਨੂੰ 24 ਘੰਟੇ ਤੋਂ ਵੱਧ ਸਮੇਂ ਲਈ ਹਸਪਤਾਲ ਵਿੱਚ ਦਾਖਲ ਹੋਣ ਦੀ ਲੋੜ ਹੁੰਦੀ ਹੈ ਜਾਂ ਦਿਨ ਦੀ ਦੇਖਭਾਲ ਦੇ ਇਲਾਜ ਬਾਰੇ ਸਕੀਮ ਹੇਠ ਸੂਚੀਬੱਧ ਹਨ, ਦਾ ਇਲਾਜ ਹੋਵੇਗਾ।

ਉਹਨਾਂ ਦੱਸਿਆ ਕਿ ਇਸ ਬੀਮਾ ਯੋਜਨਾ ਤਹਿਤ ਕਿਸਾਨ ਪਰਿਵਾਰ ਵਿੱਚ ਘਰ ਦੇ ਮੁਖੀ ਤੋਂ ਇਲਾਵਾ ਪਤੀ/ਪਤਨੀ, ਮਾਤਾ/ਪਿਤਾ, ਅਣਵਿਆਹੇ ਬੱਚੇ, ਤਲਾਕਸ਼ੁਦਾ ਧੀ ਅਤੇ ਉਸ ਦੇ ਨਾਬਾਲਗ ਬੱਚੇ, ਵਿਧਵਾ ਨੂੰਹ ਅਤੇ ਉਸ ਦੇ ਨਾਬਾਲਗ ਬੱਚੇ ਲਾਭ ਦੇ ਹੱਕਦਾਰ ਮੰਨੇ ਜਾਣਗੇ। ਉਹਨਾਂ ਅੱਗੇ ਦੱਸਿਆ ਕਿ ਇਸ ਸਬੰਧੀ ਕੋਈ ਵੀ ਹੋਰ ਜਾਣਕਾਰੀ ਹਾਸਲ ਕਰਨ ਲਈ ਟੋਲ ਫ੍ਰੀ ਨੰਬਰ 104 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਦੱਸਣਯੋਗ ਹੈ ਕਿ ਸੂਬਾ ਸਰਕਾਰ ਨੇ 20 ਅਗਸਤ, 2019 ਨੂੰ ‘ਆਯੂਸ਼ਮਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ’ ਦੀ ਸ਼ੁਰੂਆਤ ਕੀਤੀ ਕੀਤੀ ਸੀ ਜਿਸ ਤਹਿਤ 45 ਲੱਖ ਪਰਿਵਾਰਾਂ ਨੂੰ ਇਸ ਯੋਜਨਾ ਦੇ ਘੇਰੇ ਹੇਠ ਲਿਆਂਦਾ ਗਿਆ ਸੀ ਜੋ ਪੰਜਾਬ ਦੇ ਲੋਕਾਂ ਲਈ ਬਹੁਤ ਸਹਾਈ ਸਿੱਧ ਹੋਈ।

LEAVE A REPLY

Please enter your comment!
Please enter your name here