ਕੋਵਿਡ-19 ਤੋਂ ਪ੍ਰਭਾਵਿਤ ਮਰੀਜ਼ਾਂ ਦੇ ਪਰਿਵਾਰਾਂ ਨੂੰ ਸਿਹਤ ਸਬੰਧੀ ਫੋਨ ਰਾਹੀਂ ਦਿੱਤੀ ਜਾਵੇਗੀ ਜਾਣਕਾਰੀ: ਡਿਪਟੀ ਕਮਿਸ਼ਨਰ

ਜਲੰਧਰ (ਦ ਸਟੈਲਰ ਨਿਊਜ਼)। ਕੋਵਿਡ-19 ਤੋਂ ਪ੍ਰਭਾਵਿਤ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਦੇ ਤਣਾਅ ਨੂੰ ਘੱਟ ਕਰਨ ਦੀ ਨਿਵੇਕਲੀ ਪਹਿਲ ਕਰਦਿਆਂ ਜ਼ਿਲਾ ਪ੍ਰਸ਼ਾਸਨ ਵਲੋਂ ਕੋਵਿਡ ਦੇ ਮਰੀਜ਼ਾਂ ਦੀ ਸਿਹਤ ਬਾਰੇ ਉਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਫੋਨ ਰਾਹੀਂ ਜਾਣਕਾਰੀ ਦੇਣ ਦੀ ਸਹੂਲਤ ਸ਼ੁਰੂ ਕੀਤੀ ਜਾ ਰਹੀ ਹੈ। ਜ਼ਿਲਾ ਪ੍ਰਸ਼ਾਸਨ ਵਲੋਂ ਸਿਵਲ ਹਸਪਤਾਲ ਦੇ ਮੈਡੀਕਲ ਸੁਪਰੰਡਟ ਡਾ.ਮਨਦੀਪ ਕੌਰ ਮਾਂਗਟ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ.ਅਨੂੰ ਨੂੰ ਸਿਵਲ ਹਸਪਤਾਲ ਵਿਖੇ ਇਹ ਟੈਲੀਫੋਨ ਸਹੂਲਤ ਸ਼ੁਰੂ ਕਰਨ ਅਤੇ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਹਤ ਸÎਥਿਤੀ ਬਾਰੇ 24 ਘੰਟੇ ਜਾਣਕਾਰੀ ਮੁਹੱਈਆ ਕਰਵਾਉਣ ਲਈ ਲੋੜੀਂਦਾ ਅਮਲਾ ਤਾਇਨਾਤ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਲੈਵਲ-2 ਅਤੇ ਲੈਵਲ-3 ਦੇ ਮਰੀਜ਼, ਜ਼ਿਨਾਂ ਦਾ ਇਲਾਜ ਸਰਕਾਰੀ ਜਾਂ ਪ੍ਰਾਈਵੇਟ ਹਸਪਤਾਲ ਵਿੱਚ ਚੱਲ ਰਿਹਾ ਹੈ ਸਬੰਧੀ ਜਾਣਕਾਰੀ ਰੋਜ਼ਾਨਾ ਪਰਿਵਾਰਕ ਮੈਂਬਰਾਂ ਨਾਲ ਸਾਂਝੀ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਜਦੋਂ ਕੋਵਿਡ ਤੋਂ ਪ੍ਰਭਾਵਿਤ ਮਰੀਜ਼ ਦਾ ਇਲਾਜ ਸ਼ੁਰੂ ਹੁੰਦਾ ਹੈ ਤਾਂ ਡਾਕਟਰੀ ਅਮਲੇ ਵਲੋਂ ਉਸ ਦੀ ਸਿਹਤ ਬਾਰੇ ਜਾਣਕਾਰੀ ਪਰਿਵਾਰਕ ਮੈਂਬਰਾਂ ਨਾਲ ਸਾਂਝੀ ਕੀਤੀ ਜਾਵੇਗੀ। ਉਨਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਕਰਕੇ ਮਰੀਜ਼ਾਂ ਦੇ ਪਰਿਵਾਰਾਂ ਨੂੰ ਸਿਹਤ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਪ੍ਰਾਪਤ ਕਰਨ ਵਿੱਚ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ,ਜਿਸ ਨਾਲ ਉਨਾਂ ਦੀਆਂ ਚਿੰਤਾਵਾਂ ਵਿੱਚ ਵਾਧਾ ਹੋ ਰਿਹਾ ਹੈ।  

Advertisements

ਸ੍ਰੀ ਥੋਰੀ ਨੇ ਕਿਹਾ ਕਿ ਸਬੰਧਿਤ ਅਧਿਕਾਰੀਆਂ ਨੂੰ ਟੈਲੀਫੋਨ ਰਾਹੀਂ ਮਰੀਜ਼ਾਂ ਦੇ ਪਰਿਵਾਰਕ ਮੈਬਰਾਂ ਨੂੰ ਰੋਜ਼ਾਨਾ ਜਾਣਕਾਰੀ ਮੁਹੱਈਆ ਕਰਵਾਉਣ ਲਈ ਜਲਦ ਤੋਂ ਜਲਦ ਸਹੂਲਤ ਸ਼ੁਰੂ ਕਰਨ ਦੀਆਂ ਹਦਾਇਤਾਂ ਕੀਤੀਆਂ ਜਾ ਚੁੱਕੀਆਂ ਹਨ, ਤਾਂ ਜੋ ਮਰੀਜ਼ਾਂ ਦੇ ਪਰਿਵਾਰਾਂ ‘ਤੇ ਮਰੀਜ਼ਾਂ ਦੀ ਸਿਹਤ ਦੀ ਸਥਿਤੀ ਨੂੰ ਲੈ ਕੇ ਬਣੇ ਤਣਾਅ ਨੂੰ ਘਟਾਇਆ ਜਾ ਸਕੇ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਿਸ਼ੇਸ਼ ਸਾਰੰਗਲ ਜੋ ਕਿ ਖੁਦ ਲੈਵਲ-3 ਦੇ ਟੈਰੇਟਰੀ ਹਸਪਤਾਲਾਂ ਦੇ ਇੰਚਾਰਜ ਵੀ ਹਨ, ਨੇ ਦੱਸਿਆ ਕਿ ਸਿਵਲ ਹਸਪਤਾਲ ਦੇ 5 ਵਲੰਟੀਅਰਾਂ ਨੂੰ ਇਸ ਸਹੂਲਤ ਲਈ ਤਾਇਨਾਤ ਕੀਤਾ ਜਾਵੇਗਾ, ਜੋ ਕਿ ਕੋਰੋਨਾ ਵਾਰਡ ਮੁਖੀਆਂ ਨਾਲ ਰਾਬਤਾ ਕਾਇਮ ਕਰਕੇ ਹਰ ਮਰੀਜ਼ ਦੀ ਸਿਹਤ ਸਥਿਤੀ ਬਾਰੇ ਜਾਣਕਾਰੀ ਹਾਸਿਲ ਕਰਨ ਉਪਰੰਤ ਤੁਰੰਤ ਪਰਿਵਾਰਕ ਮੈਂਬਰਾਂ ਨਾਲ ਸਾਂਝੀ ਕਰਨਗੇ। ਸ੍ਰੀ ਸਾਰੰਗਲ ਨੇ ਕਿਹਾ ਕਿ ਗੰਭੀਰ ਮਰੀਜ਼ਾਂ ਬਾਰੇ ਹਸਪਤਾਲਾਂ ਦੇ ਡਾਕਟਰ ਦਿਨ ਵਿੱਚ ਦੋ ਵਾਰ ਪਰਿਵਾਰਕ ਮੈਂਬਰਾਂ ਨਾਲ ਸਿਹਤ ਸਥਿਤੀ ਬਾਰੇ ਜਾਣਕਾਰੀ ਸਾਂਝੀ ਕਰਨਗੇ। ਉਨਾਂ ਦੱਸਿਆ ਕਿ ਡਿਪਟੀ ਮੈਡੀਕਲ ਕਮਿਸ਼ਨਰ ਡਾ.ਅਨੂੰ ਇਸ ਸਹੂਲਤ ਨੂੰ ਸ਼ੁਰੂ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਨੋਡਲ ਅਫ਼ਸਰ ਹੋਣਗੇ। ਉਨਾਂ ਕਿਹਾ ਕਿ ਪ੍ਰਾਈਵੇਟ ਹਸਪਤਾਲ ਅਗੋਂ ਇਹ ਸਹੂਲਤ ਸ਼ੁਰੂ ਕਰਨ ਲਈ ਨੋਡਲ ਅਫ਼ਸਰ ਤਾਇਨਾਤ ਕਰਨਗੇ। ਸ੍ਰੀ ਸਾਰੰਗਲ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਕਰਕੇ ਕੁਦਰਤੀ ਤੌਰ ‘ਤੇ ਸਾਰਿਆਂ ਦੇ ਮਨਾਂ ਅੰਦਰ ਤਣਾਅ ਬਣਿਆ ਹੋਇਆ ਹੈ ਅਤੇ ਇਹ ਵੀ ਸੁਭਾਵਿਕ ਹੀ ਹੈ ਕਿ ਕੋਵਿਡ ਦੇ ਮਰੀਜ਼ਾਂ ਦੇ ਪਰਿਵਾਰਕ ਮੈਂਬਰ ਬਹੁਤ ਮਾਨਸਿਕ ਦਬਾਅ ਹੇਠ ਹਨ, ਇਸ ਲਈ ਇਹ ਸਹੂਲਤ ਉਨਾਂ ਲਈ ਬਹੁਤ ਮਦਦਗਾਰ ਸਾਬਿਤ ਹੋਵੇਗੀ।

LEAVE A REPLY

Please enter your comment!
Please enter your name here