Sunday, October 11, 2026
Home Latest ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਵਿਧਾਨ ਸਭਾ ਵੱਲੋਂ ਖੇਤੀ ਆਰਡੀਨੈਂਸ...

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਵਿਧਾਨ ਸਭਾ ਵੱਲੋਂ ਖੇਤੀ ਆਰਡੀਨੈਂਸ ਰੱਦ

ਚੰਡੀਗੜ (ਦ ਸਟੈਲਰ ਨਿਊਜ਼)। ਪੰਜਾਬ ਵਿਧਾਨ ਸਭਾ ਨੇ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੇਸ਼ ਇੱਕ ਮਤਾ ਪਾਸ ਕਰਦਿਆਂ ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀਬਾੜੀ ਆਰਡੀਨੈਂਸ ਅਤੇ ਸੰਭਾਵਿਤ ਬਿਜਲੀ ਬਿੱਲ ਰੱਦ ਕਰ ਦਿੱਤੇ। ਇਹ ਮਤਾ ਵਿਧਾਨ ਸਭਾ ਵੱਲੋਂ ਬਹੁਮਤ ਨਾਲ ਪਾਸ ਕੀਤਾ ਗਿਆ। ਮਤਾ ਪੇਸ਼ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਤਿੰਨੋਂ ਆਰਡੀਨੈਂਸਾਂ ਕਾਰਨ ਹੋਈਆਂ ਚਿੰਤਾਵਾਂ ਅਤੇ ਪ੍ਰੇਸ਼ਾਨੀਆਂ ਪ੍ਰਤੀ ਗੰਭੀਰਤਾ ਨਾਲ ਚਿੰਤਤ ਹੈ: ਕਿਸਾਨ ਉਪਜ ਵਪਾਰ ਅਤੇ ਵਣਜ (ਤਰੱਕੀ ਅਤੇ ਸਹੂਲਤ) ਆਰਡੀਨੈਂਸ, 2020, ਕਿਸਾਨ (ਸਸ਼ਕਤੀਕਰਨ ਅਤੇ ਸੁਰੱਖਿਆ) ਸਮਝੌਤੇ ‘ਤੇ ਮੁੱਲ ਦਾ ਬੀਮਾ ਅਤੇ ਫਾਰਮ ਸੇਵਾਵਾਂ ਆਰਡੀਨੈਂਸ, 2020, ਅਤੇ ਜ਼ਰੂਰੀ ਚੀਜ਼ਾਂ (ਸੋਧ) ਆਰਡੀਨੈਂਸ, 2020, ਜੋ ਕਿ ਕੇਂਦਰ ਸਰਕਾਰ ਦੁਆਰਾ ਜਾਰੀ ਕੀਤੇ ਗਏ ਹਨ ਅਤੇ ਪ੍ਰਸਤਾਵਿਤ ਬਿਜਲੀ (ਸੋਧ) ਬਿੱਲ 2020, ਜੋ ਕਿ ਨਾ ਸਿਰਫ ਪੰਜਾਬ ਦੇ ਲੋਕਾਂ, ਖਾਸਕਰ ਕਿਸਾਨਾਂ ਤੇ ਬੇਜ਼ਮੀਨੇ ਮਜ਼ਦੂਰਾਂ ਦੇ ਹਿੱਤਾਂ ਦੇ ਵਿਰੁੱਧ ਹਨ ਅਤੇ ਰਾਜ ਵਿੱਚ ਸਥਾਪਿਤ ਕੀਤੀ ਗਈ ਤੇ ਸਮੇਂ ਨਾਲ ਉਪਯੋਗੀ ਸਾਬਤ ਹੋਈ ਖੇਤੀਬਾੜੀ ਮਾਰਕੀਟਿੰਗ ਪ੍ਰਣਾਲੀ ਅਤੇ ਭਾਰਤ ਦੇ ਸੰਵਿਧਾਨ ਦੇ ਵੀ ਵਿਰੁੱਧ ਹਨ।

Advertisements

ਸੰਵਿਧਾਨ ਦੀ ਦੂਜੀ ਸੂਚੀ ਵਿੱਚ ਦਰਜ 14 ਨੰਬਰ ਦੀ ਐਂਟਰੀ ਵਿਚ ਖੇਤੀਬਾੜੀ ਨੂੰ ਰਾਜਾਂ ਦਾ ਵਿਸ਼ਾ ਬਣਾਇਆ ਗਿਆ ਹੈ, ਇਸ ਲਈ ਇਹ ਆਰਡੀਨੈਂਸ ਰਾਜਾਂ ਦੇ ਕਾਰਜਾਂ ਅਤੇ ਸੰਵਿਧਾਨ ਵਿਚ ਦਰਜ ਸਹਿਕਾਰੀ ਸੰਘਵਾਦ ਦੀ ਭਾਵਨਾ ਦੇ ਵਿਰੁੱਧ ਹਨ ਅਤੇ ਦੁਖੀ ਵਿਕਰੀ ਨੂੰ ਉਤਸ਼ਾਹਤ ਕਰਨਗੇ। ਉਨਾਂ ਅੱਗੇ ਕਿਹਾ ਕਿ ਇਸ ਲਈ ਇਹ ਸਦਨ ਕੇਂਦਰ ਸਰਕਾਰ ਨੂੰ ਅਪੀਲ ਕਰਦਾ ਹੈ ਕਿ ਇਨਾਂ ਆਰਡੀਨੈਂਸਾਂ ਅਤੇ ਪ੍ਰਸਤਾਵਿਤ ਬਿਜਲੀ (ਸੋਧ) ਬਿੱਲ 2020 ਨੂੰ ਤੁਰੰਤ ਵਾਪਸ ਲਿਆ ਜਾਵੇ। ਇਸ ਦੀ ਬਜਾਏ, ਘੱਟੋ ਘੱਟ ਸਮਰਥਨ ਮੁੱਲ (ਐਮ.ਐਸ.ਪੀ.) ‘ਤੇ ਅਨਾਜ ਅਤੇ ਹੋਰ ਖੇਤੀਬਾੜੀ ਉਪਜਾਂ ਦੀ ਖਰੀਦ ਲਈ ਇਕ ਨਵਾਂ ਆਰਡੀਨੈਂਸ ਜਾਰੀ ਕੀਤਾ ਜਾਵੇ, ਜੋ ਕਿ ਕਿਸਾਨਾਂ ਦਾ ਕਾਨੂੰਨੀ ਅਧਿਕਾਰ ਹੈ ਅਤੇ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਦੁਆਰਾ ਸਰਕਾਰੀ ਖਰੀਦ ਦੀ ਨਿਰੰਤਰਤਾ ਹੈ। ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ, ਕਾਂਗਰਸ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਤੇ ਗੁਰਕੀਰਤ ਸਿੰਘ ਕੋਟਲੀ, ਆਪ ਦੇ ਵਿਧਾਇਕ ਕੰਵਰ ਸੰਧੂ ਤੇ ਕੁਲਤਾਰ ਸਿੰਘ ਸੰਧਵਾਂ ਅਤੇ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਨੇ ਇਸ ਮਤੇ ਦਾ ਸਮਰਥਨ ਕੀਤਾ। ਕੁਝ ਮੈਂਬਰਾਂ ਨੇ ਆਪਣੀ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਇਨਾਂ ਆਰਡੀਨੈਂਸਾਂ ਨਾਲ ਚਿਰਾਂ ਤੋਂ ਚੱਲਿਆ ਆ ਰਿਹਾ ਆੜਤੀਆ ਤੇ ਤੋਲੇ ਦਾ ਸਿਸਟਮ ਖਤਮ ਹੋ ਜਾਵੇਗਾ।

ਆਪਣੀ ਦਲੀਲ ਨੂੰ ਅੱਗੇ ਵਧਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਆਰਡੀਨੈਂਸ ਪੰਜਾਬ ਤੇ ਕਿਸਾਨ ਵਿਰੋਧੀ ਹਨ ਅਤੇ ਇਨਾਂ ਦੇ ਲਾਗੂ ਹੋਣ ਨਾਲ ਸੂਬਾ ਅੱਸੀਵਿਆਂ ਦੇ ਕਾਲੇ ਦੌਰ ਵੱਲ ਮੁੜ ਧੱਕਿਆ ਜਾਵੇਗਾ ਕਿਉਂਕਿ ਇਹ ਇਕ ਸਰਹੱਦੀ ਸੂਬਾ ਹੈ ਜਿੱਥੇ ਪਾਕਿਸਤਾਨ ਦੇਸ਼ ਵਿੱਚ ਅਸ਼ਾਂਤੀ ਪੈਦਾ ਕਰਨ ਲਈ ਹਮੇਸ਼ਾ ਹੀ ਮਾਹੌਲ ਖਰਾਬ ਕਰਨ ਦੀ ਤਾਕ ਵਿੱਚ ਰਹਿੰਦਾ ਹੈ। ਸਮਰਥਨ ਮੁੱਲ ਨੂੰ ਐਮ.ਐਸ.ਪੀ. ਅਤੇ ਕੌਮੀ ਖੁਰਾਕ ਸੁਰੱਖਿਆ ਯਕੀਨੀ ਬਣਾਉਣ ਲਈ ਲਾਜ਼ਮੀ ਕਰਾਰ ਦਿੰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਇਨਾਂ ਆਰਡੀਨੈਂਸਾਂ ਨਾਲ ਪੰਜਾਬ ਦੀ ਕਿਸਾਨੀ ਆਰਥਿਕ ਤੌਰ ‘ਤੇ ਤਬਾਹ ਹੋ ਜਾਵੇਗੀ ਖਾਸ ਕਰਕੇ 70 ਫੀਸਦੀ ਉਹ ਕਿਸਾਨ ਜਿਨਾਂ ਕੋਲ ਪੰਜ ਏਕੜ ਤੋਂ ਘੱਟ ਜ਼ਮੀਨ ਹੈ। ਉਨਾਂ ਮੱਕੀ ਦੀ ਮਿਸਾਲ ਦਿੰਦੇ ਹੋਏ ਕਿਹਾ ਕਿ ਐਮ.ਐਸ.ਪੀ. ਲਾਗੂ ਹੋਣ ਦੇ ਬਾਵਜੂਦ ਇਹ ਬਹੁਤ ਘੱਟ ਕੀਮਤ ਭਾਵ ਪ੍ਰਤੀ ਕੁਇੰਟਲ 600 ਰੁਪਏ ਦੇ ਹਿਸਾਬ ਨਾਲ ਵਿਕੀ ਹੈ। ਉਨਾਂ ਅੱਗੇ ਦੱਸਿਆ ਕਿ ਇਹ ਦੂਜੀ ਵਾਰ ਹੈ ਜਦੋਂ ਪੰਜਾਬ ਦੇ ਕੀਮਤੀ ਸੋਮਿਆਂ ਨੂੰ ਢਾਹ ਲਾਉਣ ਦੀ ਕੋਸ਼ਿਸ਼ ਹੋਈ ਹੈ। ਪਹਿਲੀ ਵਾਰ ਸਾਲ 2004 ਵਿੱਚ ਅਜਿਹੀ ਕੋਸ਼ਿਸ਼ ਹੋਈ ਸੀ ਪਰ ਉਸ ਸਮੇਂ ਉਨਾਂ ਨੇ ਵਿਧਾਨ ਸਭਾ ਨੇ ਨਹਿਰੀ ਪਾਣੀਆਂ ਦੀ ਵੰਡ ਵਾਲੇ ਇਕਰਾਰਨਾਮੇ ਨੂੰ ਰੱਦ ਕਰਕੇ ਸੂਬੇ ਅਤੇ ਇਸ ਦੇ ਖੇਤੀਬਾੜੀ ਪ੍ਰਧਾਨ ਅਰਥਚਾਰੇ ਨੂੰ ਵੱਡੇ ਸੰਕਟ ਤੋਂ ਬਚਾਅ ਲਿਆ ਗਿਆ ਸੀ। ਉਨਾਂ ਇਹ ਵੀ ਕਿਹਾ ਕਿ ਇਹ ਮਤਾ ਪੰਜਾਬ ਦਾ ਰੋਸ ਪ੍ਰਗਟਾਉਣ ਲਈ ਸੰਸਦ ਦੇ ਦੋਵਾਂ ਸਦਨਾਂ ਨੂੰ ਭੇਜਿਆ ਜਾਵੇਗਾ।

ਤੱਥਾਂ ਦਾ ਹਵਾਲਾ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨਾਂ ਆਰਡੀਨੈਂਸਾਂ ਦਾ ਮੂਲ ਅਧਾਰ ਸ਼ਾਂਤਾ ਕੁਮਾਰ ਕਮੇਟੀ ਦੀਆਂ ਸਿਫਾਰਸ਼ਾਂ ਹਨ ਜਿਨਾਂ ਦੇ ਨਤੀਜੇ ਕੌਮੀ ਪੱਧਰ ‘ਤੇ ਵੀ ਭੈੜੇ ਨਿਕਲ ਸਕਦੇ ਹਨ ਕਿਉਂ ਜੋ ਸਿੱਟੇ ਵਜੋਂ ਐਫ.ਸੀ.ਆਈ. ਦੀ ਹੋਂਦ ਮਿੱਟ ਜਾਵੇਗੀ ਅਤੇ ਇਸ ਦੇ ਨਾਲ ਹੀ ਪੰਜਾਬ ਮੰਡੀ ਬੋਰਡ ਵੀ ਆਪਣੀ ਹੋਂਦ ਬਚਾਅ ਨਹੀਂ ਸਕੇਗਾ ਜੋ ਕਿ ਪੇਂਡੂ ਖੇਤਰਾਂ ਅਤੇ ਲਿੰਕ ਸੜਕਾਂ ਦੇ ਵਿਕਾਸ ਦਾ ਕੰਮ ਕਰਦਾ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਵਿਚ ਨਾ ਆਉਣ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਆਨੰਦਪੁਰ ਸਾਹਿਬ ਮਤੇ ਨੂੰ ਲਿਆਉਣ ਵਾਲੀ ਪਾਰਟੀ ਅਜਿਹੇ ਜ਼ਰੂਰੀ ਮੌਕੇ ਜਾਣਬੁੱਝ ਕੇ ਵਿਧਾਨ ਸਭਾ ਵਿਚੋਂ ਗੈਰ-ਹਾਜ਼ਰ ਰਹੀ ਹੈ। ਉਨਾਂ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜਿਨ•ਾਂ ਨੇ ਇਹ ਦਾਅਵਾ ਕੀਤਾ ਸੀ ਕਿ ਇਹ ਆਰਡੀਨੈਂਸ ਪੰਜਾਬ ਦੇ ਖੇਤੀਬਾੜੀ ਖੇਤਰ ਨੂੰ ਕੋਈ ਨੁਕਸਾਨ ਨਹੀਂ ਪਹੁੰਚਾਉਣਗੇ, ਦੁਆਰਾ ਦਿੱਤੇ ਗਏ ਭਰੋਸੇ ‘ਤੇ ਕੌਣ ਯਕੀਨ ਕਰੇਗਾ। ਪੰਜਾਬ ਦੇ ਦੇਸ਼ ਦਾ ਅੰਨ ਭੰਡਾਰ ਹੋਣ ਦੇ ਅਕਸ ਨੂੰ ਉਭਾਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ 60ਵਿਆਂ ਦੌਰਾਨ ਪੰਜਾਬ ਦੇ ਕਿਸਾਨਾਂ ਨੇ ਦੇਸ਼ ਦੀ ਆਬਾਦੀ ਦਾ ਦੋ ਫੀਸਦੀ ਹਿੱਸਾ ਹੋਣ ਦੇ ਬਾਵਜੂਦ ਪੂਰੇ ਦੇਸ਼ ਲਈ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਇਆ।

ਸਮਾਂ ਬੀਤਣ ਦੇ ਨਾਲ ਸੂਬੇ ਵਿੱਚ ਜ਼ਮੀਨੀ ਪਾਣੀ ਦਾ ਪੱਧਰ ਘਟਦਾ ਚਲਾ ਗਿਆ ਪਰ ਸੂਬੇ ਦੇ ਕਿਸਾਨਾਂ ਨੇ ਫਿਰ ਵੀ ਦੇਸ਼ ਲਈ ਖੁਰਾਕ ਉਤਪਾਦਨ ਪੱਖੋਂ ਸਭ ਤੋਂ ਮੋਹਰੀ ਹੋਣ ਦਾ ਮਾਣ ਹਾਸਲ ਕੀਤਾ। ਪਰ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਬਾਂਹ ਫੜਣ ਦੀ ਥਾਂ ਸਗੋਂ ਕਿਸਾਨ ਵਿਰੋਧੀ ਨੀਤੀਆਂ ਅਪਣਾਈਆਂ ਜਾ ਰਹੀਆਂ ਹਨ। ਸਮੂਹ ਖੇਤੀਬਾੜੀ ਪ੍ਰਧਾਨ ਸੂਬਿਆਂ ਖਾਸ ਕਰਕੇ ਹਰਿਆਣਾ ਨੂੰ ਜਜ਼ਬਾਤੀ ਅਪੀਲ ਕਰਦੇ ਹੋਏ ਮੁੱਖ ਮੰਤਰੀ ਨੇ ਉਨਾਂ ਨੂੰ ਪਾਰਟੀ ਪੱਧਰ ਤੋਂ ਉਪਰ ਉਠ ਕੇ ਅਜਿਹੇ ਆਰਡੀਨੈਂਸਾਂ ਦਾ ਵਿਰੋਧ ਕਰਨ ਦਾ ਹੋਕਾ ਦਿੱਤਾ। ਮੁੱਖ ਮੰਤਰੀ ਨੇ ਉਹਨਾਂ ਸਾਰੀਆਂ ਪਾਰਟੀਆਂ ਦਾ ਧੰਨਵਾਦ ਕੀਤਾ ਜਿਨਾਂ ਨੇ ਇਸ ਅਹਿਮ ਮੌਕੇ ਸੂਬਾ ਸਰਕਾਰ ਦਾ ਸਾਥ ਦਿੱਤਾ। ਭਾਜਪਾ ਦੇ ਵਿਧਾਇਕ ਦਿਨੇਸ਼ ਸਿੰਘ ਨੇ ਆਰਡੀਨੈਂਸਾਂ ਦੇ ਹੱਕ ਵਿੱਚ ਬੋਲਦੇ ਹੋਏ ਕਿਹਾ ਕਿ ਇਹ ਕਿਤੇ ਵੀ ਇਨਾਂ ਆਰਡੀਨੈਂਸਾਂ ਵਿੱਚ ਲਿਖਿਆ ਨਹੀਂ ਗਿਆ ਕਿ ਐਮ.ਐਸ.ਪੀ. ਪ੍ਰਥਾ ਖਤਮ ਕਰ ਦਿੱਤੀ ਜਾਵੇਗੀ। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਸਦਨ ਵਿਚੋਂ ਗੈਰ-ਹਾਜ਼ਰ ਸਨ।

LEAVE A REPLY

Please enter your comment!
Please enter your name here