ਜ਼ਿਲਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਮੀਟਿੰਗਾਂ

ਜਲੰਧਰ (ਦ ਸਟੈਲਰ ਨਿਊਜ਼)। ਕੋਵਿਡ-19 ਨਾਲ ਨਜਿੱਠਣ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿੱਢੇ ਮਿਸ਼ਨ ਫਤਹਿ ਅਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਚਲਾਏ ਲੋਕ ਸਾਂਝੇਦਰੀ ਪ੍ਰੋਗਰਾਮ’ ਤਹਿਤ ਜ਼ਿਲੇ ਦੇ ਲੋਕਾਂ ਨੂੰ ਕੋਵਿਡ ਸੇਫਟੀ ਪ੍ਰੋਟੋਕੋਲ ਅਤੇ ਸਮੇਂ ਸਿਰ ਜਾਂਚ ਕਰਵਾਉਣ ਸਬੰਧੀ ਜਾਗਰੂਕ ਕਰਨ ਦੇ ਮਕਸਦ ਨਾਲ ਜੁਆਇੰਟ ਕਮਿਸ਼ਨਰ ਨਗਰ ਨਿਗਮ ਹਰਚਰਨ ਸਿੰਘ ਦੀ ਅਗਵਾਈ ਵਿੱਚ ਜ਼ਿਲਾ ਪ੍ਰਸ਼ਾਸਨ ਦੀਆਂ ਟੀਮਾਂ ਨੇ ਅੱਜ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਮੀਟਿੰਗਾਂ ਕੀਤੀਆਂ।

Advertisements

ਮੀਟਿੰਗਾਂ ਦੌਰਾਨ ਟੀਮਾਂ ਨੇ ਜਿਥੇ ਲੋਕਾਂ ਨੂੰ ਕੋਵਿਡ-19 ਤੋਂ ਬਚਣ ਲਈ ਜਲਦੀ ਟੈਸਟ ਕਰਵਾਉਣ ਸਬੰਧੀ ਜਾਗਰੂਕ ਕੀਤਾ ਉਥੇ ਕਰੋਨਾ ਵਾਇਰਸ ਤੋਂ ਮਨੁੱਖੀ ਜਾਨਾਂ ਨੂੰ ਬਚਾਉਣ ਵਾਸਤੇ ਇਲਾਜ ਦੀ ਮਹੱਤਤਾ ਬਾਰੇ ਜਾਣੂੰ ਕਰਵਾਇਆ। ਟੀਮਾਂ ਨੇ ਲੋਕਾਂ ਨੂੰ ਜਾਗਰੂਕ ਕੀਤਾ ਕਿ ਜੇਕਰ ਕਿਸੇ ਨੂੰ ਖਾਂਸੀ, ਜ਼ੁਕਾਮ, ਬੁਖਾਰ ਜਾਂ ਕੋਈ ਹੋਰ ਲੱਛਣ ਹੋ ਜਾਂਦਾ ਹੈ ਜਾਂ ਕੋਈ ਕੋਵਿਡ ਪੋਜ਼ੀਟਿਵ ਵਿਅਕਤੀ ਦੇ ਸੰਪਰਕ ਵਿੱਚ ਆਇਆ ਹੈ ਤਾਂ ਉਸਨੂੰ ਤੁਰੰਤ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ ਅਤੇ ਕੋਵਿਡ ਟੈਸਟ ਕਰਵਾਉਣਾ ਚਾਹੀਦਾ ਹੈ।

ਟੀਮ ਦੇ ਮੈਂਬਰਾਂ ਨੇ ਬਜ਼ੁਰਗਾਂ ਜਾਂ ਹੋਰ ਗੰਭੀਰ ਬੀਮਾਰੀ ਤੋਂ ਪੀੜਤ ਵਿਅਕਤੀਆਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨਾਂ ਕੋਵਿਡ ਬਾਰੇ ਫੈਲੀਆਂ ਅਫਵਾਹਾਂ ਅੰਗ ਕੱਢ ਲੈਣ, ਮੁਨਾਫ਼ਾਖੋਰੀ ਤੇ ਗਲਤ ਜਾਣਕਾਰੀ ਨੂੰ ਵੀ ਖਾਰਿਜ ਕੀਤਾ ਅਤੇ ਮਿਥਕਾ ਨੂੰ ਦੂਰ ਕੀਤਾ। ਉਨਾਂ ਲੋਕਾਂ ਨੂੰ ਕੋਵਿਡ-19 ਤੋਂ ਬਚਣ ਲਈ ਮਾਸਕ ਪਹਿਨਣ, ਹੱਥਾਂ ਨੂੰ ਅਕਸਰ ਧੋਂਦੇ ਰਹਿਣ ਸਬੰਧੀ ਜਾਗਰੂਕ ਕੀਤਾ ਅਤੇ ਕਿਹਾ ਕਿ ਜੇਕਰ ਉਨਾਂ ਨੂੰ ਘਰੋਂ ਬਾਹਰ ਨਿਕਲਣਾ ਪੈਂਦਾ ਹੈ ਤਾਂ ਉਚਿਤ ਦੂਰੀ ਬਣਾ ਕੇ ਰੱਖਣ।

ਇਸ ਸਬੰਧੀ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪ੍ਰੋਗਰਾਮ ਦਾ ਉਦੇਸ਼ ਲੋਕਾਂ ਨੂੰ ਕੋਵਿਡ-19 ਤੋਂ ਬਚਣ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਅਤੇ ਸਮੇਂ ਸਿਰ ਜਾਂਚ ਕਰਵਾਉਣ ਲਈ ਜਾਗਰੂਕ ਕਰਨਾ ਹੈ।ਉਨਾਂ ਦੱਸਿਆ ਕਿ ਇਸ ਪ੍ਰੋਗਰਾਮ ਅਧੀਨ ਸ਼ਹਿਰੀ ਖੇਤਰ ਦੇ ਐਮ ਸੀ ਵਾਰਡ ਅਤੇ ਦਿਹਾਤੀ ਪੱਟੀ ਦੇ ਪਿੰਡ ਨੂੰ ਛੋਟੇ ਖੇਤਰਾਂ ਵਿੱਚ ਵੰਡਿਆ ਗਿਆ ਹੈ ਅਤੇ ਪ੍ਰਸ਼ਾਸਨ ਦੀਆਂ ਵੱਖ-ਵੱਖ ਟੀਮਾਂ ਗਠਿਤ ਕੀਤੀਆਂ ਗਈਆਂ ਹਨ, ਜਿਨਾਂ ਵਿੱਚ ਮਿਊਂਸੀਪਲ ਕੌਂਸਲਰ, ਸਰਪੰਚ, ਡਾਕਟਰ, ਸਕੂਲ ਅਧਿਆਪਕ, ਨੌਜਵਾਨ ਜਾਂ ਧਾਰਮਿਕ ਆਗੂ ਸ਼ਾਮਲ ਹਨ। ਉਨਾਂ ਦੱਸਿਆ ਕਿ ਇਹ ਟੀਮਾਂ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰ ਰਹੀਆਂ ਹਨ ਅਤੇ ਲੋਕਾਂ ਨੂੰ ਇਸ ਲਾਗ ਦੀ ਬੀਮਾਰੀ ਦੀ ਰੋਕਥਾਮ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਗਰੂਕ ਕਰ ਰਹੀਆਂ ਹਨ। ਉਨਾਂ ਕਿਹਾ ਕਿ ਮੁੱਢਲੀ ਰੋਕਥਾਮ ਨੂੰ ਯਕੀਨੀ ਬਣਾ ਕੇ ਕੋਵਿਡ -19 ਦੇ ਪ੍ਰਸਾਰ ਨੂੰ ਕਾਬੂ ਕਰਨ ਵਿੱਚ ਲੋਕਾਂ ਦੀ ਭਾਗੀਦਾਰੀ ਸਮੇਂ ਦੀ ਲੋੜ ਹੈ। ਉਨਾਂ ਦੱਸਿਆ ਕਿ ਨੋਡਲ ਅਫਸਰਾਂ ਵੱਲੋਂ ਟੀਮਾਂ ਦਾ ਗਠਨ ਪਹਿਲਾਂ ਹੀ ਕਰ ਦਿੱਤਾ ਗਿਆ ਹੈ ਅਤੇ ਲੋਕ ਸਾਂਝੇਦਰੀ ਪ੍ਰੋਗਰਾਮ ਤਹਿਤ ਜਾਗਰੂਕਤਾ ਗਤੀਵਿਧੀਆਂ ਬਾਰੇ ਵਿਸਥਾਰਤ ਪ੍ਰੋਗਰਾਮ ਪਹਿਲਾਂ ਹੀ ਤਿਆਰ ਕੀਤਾ ਜਾ ਚੁੱਕਾ ਹੈ। ਡਿਪਟੀ ਕਮਿਸ਼ਨਰ ਨੇ ਪ੍ਰੋਗਰਾਮ ਨੂੰ ਸਫਲ ਬਣਾਉਣ ਅਤੇ ਕੋਵਿਡ 19 ਮਹਾਂਮਾਰੀ ਦੇ ਖਾਤਮੇ ਲਈ ਲੋਕਾਂ ਦੇ ਪੂਰਨ ਸਹਿਯੋਗ ਦੀ ਮੰਗ ਕੀਤੀ।

LEAVE A REPLY

Please enter your comment!
Please enter your name here