
ਪਠਾਨਕੋਟ (ਦ ਸਟੈਲਰ ਨਿਊਜ਼)। ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਅਤੇ ਸਿੱਖਿਆ ਸੱਕਤਰ ਕ੍ਰਿਸਨ ਕੁਮਾਰ ਦੀ ਦੇਖ-ਰੇਖ ‘ਚ ਕੀਤੀਆਂ ਜਾ ਰਹੀਆਂ ਵਿਸ਼ੇਸ਼ ਪਹਿਲਕਦਮੀਆਂ ਤਹਿਤ ਰਾਜ ਦੇ ਸਰਕਾਰੀ ਸਕੂਲਾਂ ‘ਚ ਪੜਦੇ ਵਿਦਿਆਰਥੀਆਂ ਨੂੰ ਜ਼ਿੰਦਗੀ ਜਿਉਣ ਦੇ ਹੁਨਰ ਸਿਖਾਉਣ ਦੀ ਮੁਹਿੰਮ 3 ਅਕਤੂਬਰ ਤੋਂ ਆਰੰਭ ਕੀਤੀ ਜਾ ਰਹੀ ਹੈ। ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਰਾਜ ਹੈ, ਜਿਸ ਅੰਦਰ ਸਕੂਲੀ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ ਕੀਮਤਾਂ ਸਿਖਾਉਣ ਲਈ ਵਿਸ਼ੇਸ਼ ਵਿਸ਼ਾ ਸ਼ੁਰੂ ਕੀਤਾ ਗਿਆ ਹੈ। ਇਸ ਵਿਸ਼ੇ ਲਈ ‘ਸਵਾਗਤ ਜ਼ਿੰਦਗੀ’ ਸਿਰਲੇਖ ਅਧੀਨ ਵਿਸ਼ੇਸ਼ ਪੁਸਤਕਾਂ ਤਿਆਰ ਕੀਤੀਆਂ ਗਈਆਂ ਹਨ। ਇਹਨਾਂ ਸਬਦਾਂ ਦਾ ਪ੍ਰਗਟਾਵਾ ਜਿਲਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਜਗਜੀਤ ਸਿੰਘ ਅਤੇ ਜਿਲਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਬਲਦੇਵ ਰਾਜ ਨੇ ਕੀਤਾ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਅਨੁਸਾਰ 3 ਅਕਤੂਬਰ ਤੋਂ ਦੂਰਦਰਸ਼ਨ ਜਲੰਧਰ ‘ਤੇ ਹਫਤੇ ‘ਚ ਇੱਕ ਘੰਟੇ ਦਾ ਵਿਸ਼ੇਸ਼ ਲੈਕਚਰ ਚਲਾਇਆ ਜਾਵੇਗਾ. ਜੋ ਵੱਖ-ਵੱਖ ਜਮਾਤਾਂ ਨਾਲ ਸਬੰਧਤ ਹੋਵੇਗਾ। ਇਸ ਤੋਂ ਇਲਾਵਾ ਸਵਾਗਤ ਜਿੰਦਗੀ ਵਿਸੇ ਨਾਲ ਸਬੰਧਤ ਪੁਸਤਕਾਂ ਪ੍ਰੀ-ਪ੍ਰਾਇਮਰੀ ਤੋਂ ਲੈ ਕੇ 12ਵੀਂ ਜਮਾਤ ਤੱਕ ਵਿਦਿਆਰਥੀਆਂ ਦੇ ਪੱਧਰ ਅਨੁਸਾਰ ਵੱਖ-ਵੱਖ ਜਮਾਤਾਂ ਲਈ ਤਿਆਰ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਸਿੱਖਿਆ ਵਿਭਾਗ ‘ਚ ਸੇਵਾਵਾਂ ਨਿਭਾ ਰਹੇ ਨਾਮਵਰ ਲਿਖਾਰੀਆਂ ਦੇ ਲੇਖਾਂ ‘ਤੇ ਅਧਾਰਤ ਚਾਰ ਪੁਸਤਕਾਂ ਲਾਇਬਰੇਰੀਆਂ ਲਈ ‘ਜਿਉਣ ਦਾ ਹੁਨਰ’ ਸਿਰਲੇਖ ਹੇਠ ਤਿਆਰ ਕੀਤੀਆਂ ਗਈਆਂ ਹਨ। ਜੋ ਰਾਜ ਦੇ ਹਰੇਕ ਸਰਕਾਰੀ ਸਕੂਲ ਦੀ ਲਾਇਬਰੇਰੀ ‘ਚ ਪੁੱਜਦੀਆਂ ਕੀਤੀਆਂ ਜਾ ਰਹੀਆਂ ਹਨ।
ਇਸ ਸਬੰਧੀ ਉਪ ਜਿਲਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਰਾਜੇਸਵਰ ਸਲਾਰੀਆ ਅਤੇ ਉਪ ਜਿਲਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਰਮੇਸ ਲਾਲ ਠਾਕੁਰ ਨੇ ਕਿਹਾ ਕਿ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ ਕੀਮਤਾਂ ਸਿਖਾਉਣੀਆਂ ਵੀ ਬਹੁਤ ਜਰੂਰੀ ਹਨ। ਅਜੋਕੇ ਸਮੇਂ ‘ਚ ਬੱਚਿਆਂ ਨੂੰ ਜੀਵਨ ਜਾਚ ਸਿਖਾਉਣ ਲਈ ਸਿੱਖਿਆ ਵਿਭਾਗ ਵੱਲੋਂ ਵਿਸ਼ੇਸ਼ ਉੱਦਮ ਕੀਤਾ ਗਿਆ ਹੈ, ਜਿਸ ਤਹਿਤ ‘ਸਵਾਗਤ ਜ਼ਿੰਦਗੀ’ ਨਾਮ ਦਾ ਵਿਸ਼ਾ ਆਰੰਭ ਕੀਤਾ ਗਿਆ ਹੈ। ਇਸ ਸਬੰਧੀ ਵਿਭਾਗ ਵੱਲੋਂ ਮਾਹਿਰਾਂ ਦੀਆਂ ਸੇਵਾਵਾਂ ਲਈਆਂ ਗਈਆਂ ਹਨ ਅਤੇ ਬਹੁਤ ਹੀ ਮਿਆਰੀ ਪੁਸਤਕਾਂ ਤਿਆਰ ਕਰਵਾਈਆਂ ਗਈਆਂ ਹਨ ਜੋ ਬਹੁਤ ਹੀ ਰੋਚਕ ਤਰੀਕੇ ਨਾਲ ਹਰ ਜਮਾਤ ਦੇ ਵਿਦਿਆਰਥੀਆਂ ਨੂੰ ਉਹਨਾਂ ਦੇ ਪੱਧਰ ਅਨੁਸਾਰ ਜੀਵਨ ਜਾਚ ਸਿਖਾਉਣ ‘ਚ ਸਹਾਈ ਹੋਣਗੀਆਂ। ਇਸ ਮੌਕੇ ਤੇ ਡੀਐਮ ਸੰਜੀਵ ਸਰਮਾ, ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ, ਜਿਲਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਹਾਜਰ ਸਨ।












