ਪ੍ਰਸ਼ਾਸਨ ਵੱਲੋਂ ਬਿਨਾਂ ਸੁਪਰ ਐਸਐਮਐਸ ਦੇ ਚੱਲਦੀ ਕੰਬਾਈਨ ਜ਼ਬਤ, 50000 ਰੁਪਏ ਜੁਰਮਾਨਾ ਲਗਾਇਆ

ਜਲੰਧਰ(ਦ ਸਟੈਲਰ ਨਿਊਜ਼)। ਜ਼ਿਲ੍ਹੇ ਵਿੱਚ ਬਿਨਾਂ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਐਸਐਮਐਸ) ਤੋਂ ਚੱਲ ਰਹੀਆਂ ਕੰਬਾਈਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਅਜਿਹੀ ਇਕ ਕੰਬਾਈਨ ਨੂੰ ਜ਼ਬਤ ਕੀਤਾ ਹੈ ਅਤੇ 50000 ਰੁਪਏ ਦਾ ਵਾਤਾਵਰਣ ਮੁਆਵਜ਼ਾ ਭਰਨ ਦੇ ਹੁਕਮ ਦਿੱਤੇ ਹਨ। ਇਹ ਕਾਰਵਾਈ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਕੀਤੀ ਗਈ ਹੈ, ਜਿਨ੍ਹਾਂ ਨੇ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਘੱਟ ਕਰਨ ਦੇ ਉਪਰਾਲੇ ਵਜੋਂ ਸਿਰਫ ਸੁਪਰ ਐਸਐਮਐਸ ਨਾਲ ਲੈਸ ਮਸ਼ੀਨਾਂ ਨਾਲ ਹੀ ਝੋਨੇ ਦੀ ਕਟਾਈ ਕਰਨ ਦਾ ਹੁਕਮ ਦਿੱਤਾ ਸੀ। ਕਾਰਜਕਾਰੀ ਇੰਜੀਨੀਅਰ ਕੁਲਦੀਪ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਦੀ ਇਹ ਕੰਬਾਈਨ ਕਾਲਾ ਬਕਰਾ ਖੇਤਰ ਦੇ ਖੇਤਾਂ ਵਿਚੋਂ ਜ਼ਬਤ ਕੀਤੀ ਗਈ ਹੈ, ਜਿਸ ‘ਤੇ ਸੁਪਰ ਐਸਐਮਐਸ ਲੱਗਿਆ ਨਹੀਂ ਹੋਇਆ ਸੀ।

Advertisements

ਉਨ੍ਹਾਂ ਅੱਗੇ ਦੱਸਿਆ ਕਿ ਮਸ਼ੀਨ ਜ਼ਬਤ ਕਰਨ ਤੋਂ ਇਲਾਵਾ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਨਾਲ ਸਬੰਧਤ ਕੰਬਾਈਨ ਮਾਲਕ ਸੁਖਵਿੰਦਰ ਸਿੰਘ ਨੂੰ 50000 ਰੁਪਏ ਵਾਤਾਵਰਣ ਮੁਆਵਜ਼ਾ ਜਮ੍ਹਾ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਕੋਰੋਨਾ ਵਾਇਰਸ ਮਹਾਮਾਰੀ ਦੇ ਚੱਲਦਿਆਂ ਪਰਾਲੀ ਸਾੜਨ ਵਾਲੀਆਂ ਘਟਨਾਵਾਂ ਨੂੰ ਰੋਕਣਾ ਜ਼ਰੂਰੀ ਹੈ, ਜੋ ਹਵਾ ਦੀ ਗੁਣਵੱਤਾ ਨੂੰ ਪ੍ਰਦੂਸ਼ਿਤ ਕਰ ਕੇ ਸਥਿਤੀ ਨੂੰ ਖ਼ਰਾਬ ਕਰ ਸਕਦੀਆਂ ਹਨ, ਵਿਸ਼ੇਸ਼ ਕਰਕੇ ਸਹਿ-ਰੋਗਾਂ ਵਾਲੇ ਲੋਕਾਂ ਨੂੰ ਵਧੇਰੇ ਜੋਖਮ ਵਿੱਚ ਪਾ ਸਕਦੀਆਂ ਹਨ।

ਉਨ੍ਹਾਂ ਨੇ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਕਿਸਾਨਾਂ ਅਤੇ ਕੰਬਾਈਨ ਮਾਲਕਾਂ ਨੂੰ ਨਵੀਂ ਹਾਈ-ਟੈਕਨਾਲੋਜੀ ਅਪਣਾ ਕੇ ਪਰਾਲੀ ਪ੍ਰਬੰਧਨ ਦੇ ਤਰੀਕਿਆਂ ਦਾ ਸਹਾਰਾ ਲੈਣ ਦਾ ਸੱਦਾ ਦਿੱਤਾ। ਉਨ੍ਹਾਂ ਦੱਸਿਆ ਕਿ ਝੋਨੇ ਦੀ ਫਸਲ ਦੀ ਕਟਾਈ ਮੁੱਖ ਤੌਰ ‘ਤੇ ਕੰਬਾਈਨਾਂ ਨਾਲ ਕੀਤੀ ਜਾਂਦੀ ਹੈ ਅਤੇ ਜਦੋਂ ਸੁਪਰ ਐਸਐਮਐਸ ਕੰਬਾਈਨ ਦੇ ਪਿਛਲੇ ਪਾਸੇ ਜੁੜਿਆ ਹੁੰਦਾ ਹੈ  ਤਾਂ ਇਹ ਝੋਨੇ ਦੀ ਪਰਾਲੀ ਦੇ ਛੋਟੇ-ਛੋਟੇ ਟੁੱਕੜੇ ਕਰ ਦਿੰਦਾ ਹੈ, ਜਿਸ ਨਾਲ ਹੋਰ ਮਸ਼ੀਨਾਂ ਨੂੰ ਖੇਤ ਵਿਚ ਚਲਾਉਣਾ ਸੌਖਾ ਹੋ ਜਾਂਦਾ ਹੈ। ਸੁਪਰ ਐਸਐਮਐਸ ਇਕੱਲਾ ਪਰਾਲੀ ਸਾੜਨ ਦੇ ਰੁਝਾਨ ਨੂੰ ਖਤਮ ਕਰਨ ਦੀ ਸੰਭਾਵਨਾ ਰੱਖਦਾ ਹੈ ਕਿਉਂਕਿ ਦੂਜੀਆਂ ਬਿਜਾਈ ਮਸ਼ੀਨਾਂ ਖੇਤ ਵਿਚ ਮੌਜੂਦ ਰਹਿੰਦ-ਖੂੰਹਦ ਨੂੰ ਵਾਹੁਣ ਵੇਲੇ ਹੀ ਕਣਕ ਦੀ ਸਿੱਧੀ ਬਿਜਾਈ ਕਰ ਸਕਦੀਆਂ ਹਨ।

LEAVE A REPLY

Please enter your comment!
Please enter your name here