ਪੁਲਿਸ ਵਲੋਂ ਮਾਸਕ ਨਾ ਪਾਉਣ ਵਾਲੇ 47496 ਵਿਅਕਤੀਆਂ ਨੂੰ ਕੀਤਾ ਗਿਆ ਜੁਰਮਾਨਾ

ਜਲੰਧਰ(ਦ ਸਟੈਲਰ ਨਿਊਜ਼)। ਕੋਵਿਡ-19 ਮਹਾਂਮਾਰੀ ਦੀ ਰੋਕਥਾਮ ਲਈ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਨਾਲ ਸਖਤੀ ਨਾਲ ਨਜਿੱਠਿਆ ਜਾ ਰਿਹਾ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮਾਸਕ ਪਾਉਣ ਸਬੰਧੀ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ ਪੁਲਿਸ ਕਮਿਸ਼ਨਰੇਟ ਵਲੋਂ ਹੁਣ ਤੱਕ ਮਾਸਕ ਨਾ ਪਾਉਣ ਵਾਲੇ  47496 ਵਿਅਕਤੀਆਂ ਨੂੰ 2.30 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੁਲਿਸ ਵੱਲੋਂ ਹੁਣ ਤੱਕ ਮਾਸਕ ਨਾ ਪਾਉਣ ‘ਤੇ  47496 ਚਲਾਨ ਕੀਤੇ ਗਏ ਹਨ ਅਤੇ ਉਲੰਘਣਾ ਕਰਨ ਵਾਲਿਆਂ ਤੋਂ 2,30,93,600 ਰੁਪਏ ਦਾ ਜੁਰਮਾਨਾ ਵਸੂਲਿਆ ਹੈ। ਉਹਨਾਂ ਦੱਸਿਆ ਕਿ ਜਿਥੇ ਹੋਮ ਕੁਆਰੰਟੀਨ ਦੀ ਉਲੰਘਣਾ ਕਰਨ ਵਾਲੇ 47 ਵਿਅਕਤੀਆਂ ਨੂੰ 88,000 ਰੁਪਏ ਜੁਰਮਾਨਾ ਕੀਤਾ ਗਿਆ ਹੈ ਉਥੇ ਜਨਤਕ ਥਾਵਾਂ ‘ਤੇ ਥੁੱਕਣ ਵਾਲੇ 454 ਵਿਅਕਤੀਆਂ ਨੂੰ 116600 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਸ਼੍ਰੀ ਭੁੱਲਰ ਨੇ ਅੱਗੇ ਦੱਸਿਆ ਕਿ ਹੁਣ ਤੱਕ 65203 ਟਰੈਫਿਕ ਚਲਾਨ ਕਰਕੇ 2542 ਵਾਹਨਾਂ ਨੂੰ ਜ਼ਬਤ ਕੀਤਾ ਜਾ ਚੁੱਕਾ ਹੈ। ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਵੱਲੋਂ 93 ਚੋਪਹੀਆ ਵਾਹਨਾਂ ਨੂੰ ਓਵਰ ਲੋਡਿਡ ਹੋਣ ਕਰਕੇ 195000 ਰੁਪਏ ਅਤੇ 41 ਆਟੋ ਰਿਕਸ਼ਾ ਨੂੰ ਓਵਰ ਲੋਡਿਡ ਹੋਣ ‘ਤੇ 22000 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਜਦਕਿ 239 ਲੋਕਾਂ ਨੂੰ ਸਮਾਜਿਕ ਦੂਰੀ ਦੇ ਨਿਯਮ ਦੀ ਉਲੰਘਣਾ ਕਰਨ ‘ਤੇ 490000 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।
ਉਹਨਾਂ ਕਿਹਾ ਕਿ ਅੱਜ ਜਿਥੇ 116 ਟਰੈਫਿਕ ਚਲਾਨ ਕੀਤੇ ਗਏ ਹਨ ਉਥੇ ਪੁਲਿਸ ਕਮਿਸ਼ਨਰੇਟ ਵੱਲੋਂ 132 ਵਿਅਕਤੀਆਂ ਨੂੰ ਮਾਸਕ ਨਾ ਪਾਉਣ ‘ਤੇ 66000 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।
ਸ੍ਰੀ ਭੁੱਲਰ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਆਉਣ ਵਾਲੇ ਦਿਨਾਂ ਦੌਰਾਨ ਵੀ ਜਾਰੀ ਰੱਖਿਆ ਜਾਵੇਗਾ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਲਾਜ਼ਮੀ ਪਾਲਣਾ ਕੀਤੀ ਜਾਵੇ।

Advertisements

LEAVE A REPLY

Please enter your comment!
Please enter your name here