18 ਕਰੋੜ ਰੁਪਏ ਦੀ ਲਾਗਤ ਨਾਲ 62 ਵਿਕਾਸ ਕਾਰਜ ਹੋਣਗੇ ਮੁਕੰਮਲ: ਅਰੋੜਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਦੇ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਇਥੇ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਦੀ ਰਸਮੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਹੁਸ਼ਿਆਰਪੁਰ ਸ਼ਹਿਰ ਵਿੱਚ 18 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾਣਗੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਸ਼ੁਰੂਆਤ ਕਰਨ ਉਪਰੰਤ ਉਦਯੋਗ ਅਤੇ ਵਣਜ ਮੰਤਰੀ ਨੇ ਹੁਸ਼ਿਆਰਪੁਰ ਵਿੱਚ ਹੋਣ ਵਾਲੇ ਵੱਖ-ਵੱਖ 62 ਵਿਕਾਸ ਕਾਰਜਾਂ ਦਾ ਰਸਮੀ ਆਗਾਜ਼ ਕੀਤਾ। ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਇਸ ਪ੍ਰੋਗਰਾਮ ਦੇ ਦੂਜੇ ਪੜਾਅ ਤਹਿਤ ਵਿਕਾਸ ਕਾਰਜਾਂ ਦੇ ਮੁਕੰਮਲ ਹੋਣ ਨਾਲ ਸ਼ਹਿਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਨਵੀਂ ਦਿੱਖ ਮਿਲਣ ਦੇ ਨਾਲ-ਨਾਲ ਵਸਨੀਕਾਂ ਨੂੰ ਉਨਾਂ ਦੇ ਮੁਹੱਲਿਆਂ ਆਦਿ ਵਿੱਚ ਲੋੜੀਂਦੀਆਂ ਸਹੂਲਤਾਂ ਮੁਹੱਈਆ ਹੋਣਗੀਆਂ।

Advertisements

ਉਨਾਂ ਦੱਸਿਆ ਕਿ 18 ਕਰੋੜ ਰੁਪਏ ਦੀ ਲਾਗਤ ਨਾਲ ਸ਼ਹਿਰ ਵਿੱਚ ਹੋਣ ਵਾਲੇ ਵਿਕਾਸ ਕਾਰਜਾਂ ਵਿੱਚ ਮੁੱਖ ਤੌਰ ‘ਤੇ ਸੜਕਾਂ ਬਨਣ ਅਤੇ ਉਨਾਂ ਦੀ ਮੁਰੰਮਤ ਦੇ ਨਾਲ-ਨਾਲ ਮੁਹੱਲਿਆਂ ਦੀਆਂ ਗਲੀਆਂ ਵਿੱਚ ਇੰਟਰਲਾਕਿੰਗ ਤੋਂ ਇਲਾਵਾ ਲੋਕ ਨਿਰਮਾਣ ਵਿਭਾਗ ਵਲੋਂ 3.11 ਕਰੋੜ ਰੁਪਏ ਦੀ ਲਾਗਤ ਨਾਲ ਕਮਿਊਨਿਟੀ ਹਾਲ ਅਤੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਵਲੋਂ 1.99 ਕਰੋੜ ਰੁਪਏ ਦੀ ਲਾਗਤ ਨਾਲ ਸਟਾਰਮ ਵਾਟਰ ਦੇ ਕੰਮ ਸ਼ਾਮਲ ਹਨ।

ਹੁਸ਼ਿਆਰਪੁਰ ਸ਼ਹਿਰ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਉਦਯੋਗ ਮੰਤਰੀ ਨੇ ਦੱਸਿਆ ਕਿ ਸ਼ਹਿਰ ਵਿੱਚ ਸਾਰੇ ਸਰਕਾਰੀ ਐਲੀਮੈਂਟਰੀ ਸਕੂਲਾਂ ਵਿੱਚ ਸਮਾਰਟ ਕਲਾਸ ਰੂਮ ਅਤੇ ਸਾਫ਼ ਪਾਣੀ ਲਈ ਆਰ.ਓ. ਸਿਸਟਮ ਲਗਾਏ ਜਾ ਚੁੱਕੇ ਹਨ । ਇਸ ਤੋਂ ਇਲਾਵਾ ਸ਼ਹਿਰ ਵਿੱਚ 26 ਥਾਵਾਂ ‘ਤੇ 75 ਸੀ.ਸੀ.ਟੀ.ਵੀ. ਕੈਮਰੇ ਅਤੇ 100 ਓਪਨ ਜਿੰਮ ਸਥਾਪਿਤ ਕੀਤੇ ਜਾ ਚੁੱਕੇ ਹਨ। ਉਨਾਂ ਦੱਸਿਆ ਕਿ ਮਹਿਲਾ ਸਸ਼ਕਤੀਕਰਨ ਦੇ ਖੇਤਰ ਵਿੱਚ ਵੱਡੀ ਪੁਲਾਂਘ ਪੁੱਟਦਿਆਂ ਹੁਸ਼ਿਆਰਪੁਰ ਵਿੱਚ 38 ਲੋੜਵੰਦ, ਵਿਧਵਾਵਾਂ, ਤਲਾਕਸ਼ੁਦਾ ਅਤੇ ਦਿਵਆਂਗ ਮਹਿਲਾਵਾਂ ਨੂੰ ਈ-ਰਿਕਸ਼ਾ ਮੁਹੱਈਆ ਕਰਵਾ ਕੇ ਆਪਣੇ ਪੈਰੀਂ ਕੀਤਾ ਜਾ ਚੁੱਕਾ ਹੈ। ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਉਦਯੋਗਾਂ ਦੀ ਸਹੂਲਤ ਲਈ ਫੋਕਲ ਪੁਆਇੰਟ ਹੁਸ਼ਿਆਰਪੁਰ ਦੇ ਵਿਕਾਸ ਲਈ 10 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸੇ ਤਰਾਂ ਸਰਕਾਰੀ ਕਾਲਜ ਵਿੱਚ ਲਾਇਬ੍ਰੇਰੀ ਅਤੇ ਗਰਲਜ਼ ਹੋਸਟਲ ਬਣਾਇਆ ਗਿਆ ਹੈ। ਉਨਾਂ ਦੱਸਿਆ ਕਿ ਹੁਸ਼ਿਆਰਪੁਰ ਸ਼ਹਿਰ ਵਿੱਚ 100 ਫੀਸਦੀ ਐਲ.ਈ.ਡੀ. ਲਾਈਟਾਂ ਵਾਲੀਆਂ ਸਟਰੀਟ ਲਾਈਟਾਂ ਦਾ ਟੀਚਾ ਪਹਿਲਾਂ ਹੀ ਪੂਰਾ ਕਰ ਲਿਆ ਗਿਆ ਹੈ।

ਸ਼ਹਿਰ ਵਿੱਚ ਆਉਣ ਵਾਲੇ ਅਹਿਮ ਪ੍ਰੋਜੈਕਟਾਂ ਦੀ ਗੱਲ ਕਰਦਿਆਂ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਜ਼ਿਲੇ ਦੇ ਪਿੰਡ ਬੂਥਗੜ ਵਿੱਚ ਹੈਂਡੀਕਰਾਫ਼ਟ ਉਦਯੋਗ ਨੂੰ ਮੁੜ ਸੁਰਜੀਤ ਕਰਨ ਲਈ 1.42 ਕਰੋੜ ਰੁਪਏ ਦੀ ਲਾਗਤ ਨਾਲ ਹੈਂਡੀਕਰਾਫ਼ਟ ਕਲੱਸਟਰ ਦੀ ਸਥਾਪਤੀ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਹੁਸ਼ਿਆਰਪੁਰ ਵਿੱਚ ਆਰਮੀ ਟਰੇਨਿੰਗ ਇੰਸਟੀਚਿਊਟ ਦੀ ਸਥਾਪਨਾ ਦੇ ਨਾਲ-ਨਾਲ ਮੈਡੀਕਲ ਕਾਲਜ, ਕੈਂਸਰ ਹਸਪਤਾਲ ਅਤੇ ਰੇਲਵੇ ਫਲਾਈ ਓਵਰ ਮੁੱਖ ਪ੍ਰੋਜੈਕਟ ਹਨ।ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਇਸ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਅਰੋੜਾ ਨੇ ਦੱਸਿਆ ਕਿ 11 ਹਜ਼ਾਰ ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰੋਗਰਾਮ ਤਹਿਤ ਪੰਜਾਬ ਦੀ ਸ਼ਹਿਰੀ ਆਬਾਦੀ ਨੂੰ ਲੋੜੀਂਦੀਆਂ ਸਹੂਲਤਾਂ, ਆਧੁਨਿਕ ਬੁਨਿਆਦੀ ਢਾਂਚਾ ਆਦਿ ਮੁਹੱਈਆ ਕਰਵਾਇਆ ਜਾਵੇਗਾ।

ਉਨਾਂ ਦੱਸਿਆ ਕਿ ਮੁੱਖ ਮੰਤਰੀ ਵਲੋਂ ਇਸ ਪ੍ਰੋਗਰਾਮ ਤਹਿਤ ਸ਼ੁਰੂ ਹੋਣ ਵਾਲੇ ਕਾਰਜਾਂ ਨੂੰ ਇਕ ਸਾਲ ਦੇ ਅੰਦਰ-ਅੰਦਰ ਮੁਕੰਮਲ ਕਰਵਾਉਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨਾਂ ਦੱਸਿਆ ਕਿ ਮਿਊਂਸਪਲ ਖੇਤਰਾਂ ਵਿੱਚ ਸੀਵਰੇਜ਼ ਅਤੇ ਜਲ ਸਪਲਾਈ ਨੈਟਵਰਕ ਨੂੰ ਮਜ਼ਬੂਤ ਕਰਕੇ ਪੀਣਯੋਗ ਪਾਣੀ ਮੁਹੱਈਆ ਕਰਵਾਉਣਾ, ਵਿਗਿਆਨਕ ਢੰਗ ਨਾਲ ਠੋਸ ਰਹਿੰਦ-ਖੂੰਹਦ ਦਾ ਨਿਪਟਾਰਾ, ਹਰ ਘਰ ਅਤੇ ਜਨਤਕ ਥਾਵਾਂ ‘ਤੇ ਪਖਾਨੇ ਅਤੇ ਸ਼ਹਿਰਾਂ ਦੇ ਵਿਕਾਸ ਕਾਰਜਾਂ ਨੂੰ ਅਮਲੀ ਜਾਮਾ ਪਹਿਨਾਉਣਾ ਪ੍ਰੋਗਰਾਮ ਦੇ ਮੁੱਖ ਉਦੇਸ਼ ਹਨ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਪਹਿਲੇ ਪੜਾਅ ਤਹਿਤ ਕਰੀਬ 3000 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਨੂੰ ਸਫ਼ਲਤਾਪੂਰਵਕ ਨੇਪਰੇ ਚਾੜਿਆ ਜਾ ਚੁੱਕਾ ਹੈ
ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਬ੍ਰਹਮ ਸ਼ੰਕਰ ਜਿੰਪਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ, ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਨਗਰ ਨਿਗਮ ਕਮਿਸ਼ਨਰ ਬਲਵੀਰ ਰਾਜ ਸਿੰਘ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here