ਪੰਜਾਬ ਸਰਕਾਰ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਰੜੀ ਸਜ਼ਾ ਦਿਵਾਉਣ ਲਈ ਵਚਨਬੱਧ: ਅਰੁਣਾ ਚੌਧਰੀ

ਟਾਂਡਾ/ ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਨੇੜਲੇ ਪਿੰਡ ਜਲਾਲਪੁਰ ਵਿੱਚ ਛੇ ਸਾਲਾ ਬੱਚੀ ਨਾਲ ਬਲਾਤਕਾਰ ਤੇ ਕਤਲ ਦੀ ਹੌਲਨਾਕ ਘਟਨਾ ‘ਤੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਅਤੇ ਹਮਦਰਦੀ ਪ੍ਰਗਟਾਉਣ ਪਹੁੰਚੇ ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮਾਮਲੇ ਵਿੱਚ ਹੋ ਰਹੀ ਕਾਰਵਾਈ ਦੀ ਨਿੱਜੀ ਤੌਰ ‘ਤੇ ਦੇਖਰੇਖ ਕਰ ਰਹੇ ਹਨ ਤਾਂ ਜੋ ਇਸ ਘਿਨਾਉਣੇ ਜੁਰਮ ਦੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਖਤ ਤੋਂ ਸਖਤ ਸਜਾ ਦਵਾਈ ਜਾ ਸਕੇ। ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਅਤੇ ਹਲਕਾ ਉੜਮੁੜ ਤੋਂ ਵਿਧਾਇਕ ਸੰਗਤ ਸਿੰਘ ਗਿਲਜੀਆਂ ਅਤੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਸਮੇਤ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਂਦਿਆਂ, ਮਹਿਲਾ ਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਸੰਕਟ ਅਤੇ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਮੋਢੇ ਨਾਲ ਮੋਢਾ ਲਾ ਕੇ ਖੜੀ ਹੈ ਅਤੇ ਦੋਸ਼ੀ ਕਿਸੇ ਵੀ ਕੀਮਤ ‘ਤੇ ਬਖ਼ਸ਼ੇ ਨਹੀਂ ਜਾਣਗੇ।

Advertisements

ਉਨਾਂ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਵਿੱਚ ਜਲਦ ਹੀ ਚਲਾਨ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ ਜਿਸ ਉਪਰੰਤ ਕੇਸ ਦੀ ਸੁਣਵਾਈ ਫਾਸਟ ਟਰੈਕ ‘ਤੇ ਕਰਵਾ ਕੇ ਦੋਸ਼ੀਆਂ ਨੂੰ ਮਿਸਾਲੀ ਸਜਾ ਦਿਵਾਈ ਜਾਵੇਗੀ। ਪਰਿਵਾਰ ਵੱਲੋਂ ਮੰਤਰੀ ਨੂੰ ਦੱਸਿਆ ਗਿਆ ਕਿ ਪਰਿਵਾਰ ਦੀ ਇੱਕੋ-ਇੱਕ ਮੰਗ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਖਤ ਸਜ਼ਾ ਦਿਵਾਉਣਾ ਹੈ ਜਿਸ ਉੱਤੇ ਅਰੁਣਾ ਚੌਧਰੀ ਨੇ ਕਿਹਾ ਕਿ ਪੰਜਾਬ ਸਰਕਾਰ ਘੱਟੋ-ਘੱਟ ਸਮੇਂ ਵਿੱਚ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜਾ ਦਿਵਾਉਣ ਲਈ ਵਚਨਬੱਧ ਹੈ ਤਾਂ ਜੋ ਅੱਗੇ ਤੋਂ ਅਜਿਹੀਆਂ ਘਿਨੌਣੀਆਂ ਤੇ ਸਮਾਜ ਨੂੰ ਸ਼ਰਮਸਾਰ ਕਰਨ ਵਾਲੀਆਂ ਘਟਨਾਵਾਂ ਰੋਕੀਆਂ ਜਾ ਸਕਣ। ਪੱਤਰਕਾਰਾਂ ਵੱਲੋਂ ਇਸ ਮੌਕੇ ਪੁੱਛੇ ਗਏ ਸਵਾਲਾਂ ਦੇ ਜਵਾਬ ਵਿੱਚ ਅਰੁਣਾ ਚੌਧਰੀ ਨੇ ਇਸ ਸੰਵੇਦਨਸ਼ੀਲ ਮੁੱਦੇ ‘ਤੇ ਸੌੜੀ ਸਿਆਸਤ ਕਰ ਰਹੀ ਭਾਰਤੀ ਜਨਤਾ ਪਾਰਟੀ ਨੂੰ ਆਪਣੇ ਅੰਦਰ ਝਾਤ ਮਾਰਨ ਲਈ ਕਿਹਾ।

ਭਾਜਪਾ ਵੱਲੋਂ ਇਸ ਮੁੱਦੇ ਨੂੰ ਹਾਥਰਸ ਦੀ ਘਟਨਾ ਨਾਲ ਜੋੜਨ ਨੂੰ ਬਹੁਤ ਹੀ ਮੰਦਭਾਗਾ ਕਰਾਰ ਦਿੰਦਿਆਂ ਅਰੁਣਾ ਚੌਧਰੀ ਨੇ ਕਿਹਾ ਕਿ ਦੋਵਾਂ ਮਾਮਲਿਆਂ ਵਿੱਚ ਸਾਰੇ ਤੱਥ ਅਤੇ ਸੱਚ ਲੋਕਾਂ ਦੇ ਸਾਹਮਣੇ ਹੈ ਪਰ ਫਿਰ ਵੀ ਭਾਜਪਾ ਵੱਲੋਂ ਇਸ ਸੰਵੇਦਨਸ਼ੀਲ ਮੁੱਦੇ ‘ਤੇ ਸਿਆਸੀ ਦੂਸ਼ਣਬਾਜੀ ਘਟੀਆ ਰਾਜਨੀਤੀ ਤੋਂ ਇਲਾਵਾ ਕੁੱਝ ਵੀ ਨਹੀਂ। ਉਨਾਂ ਕਿਹਾ ਕਿ ਸਾਰਾ  ਮੁਲਕ ਜਾਣਦਾ ਹੈ ਕਿ ਹਾਥਰਸ ਵਿੱਚ ਕਿਸ ਤਰਾਂ ਮਨੁੱਖੀ ਅਧਿਕਾਰਾਂ ਦਾ ਘਾਣ ਹੋਇਆ ਅਤੇ ਪੀੜਤ ਪਰਿਵਾਰ ਦੀਆਂ ਭਾਵਨਾਵਾਂ ਤੇ ਰਸਮਾਂ ਨੂੰ ਛਿੱਕੇ ਟੰਗਦਿਆਂ ਦੇਰ ਰਾਤ ਨੂੰ ਬਲਾਤਕਾਰ ਦੀ ਸ਼ਿਕਾਰ ਲੜਕੀ ਦਾ ਸਸਕਾਰ ਮਾਪਿਆਂ ਦੀ ਗੈਰ-ਹਾਜ਼ਰੀ ‘ਚ ਕਰ ਦਿੱਤਾ ਗਿਆ। ਰਾਜਨੀਤੀ ਤੋਂ ਪ੍ਰੇਰਿਤ ਬਿਆਨਾਂ ਲਈ ਭਾਜਪਾ ਲੀਡਰਸ਼ਿਪ ਨੂੰ ਘੇਰਦਿਆਂ ਅਰੁਣਾ ਚੌਧਰੀ ਨੇ ਕਿਹਾ ਕਿ ਹਾਥਰਸ ਦੀ ਘਟਨਾ ਦੇ ਉਲਟ ਪੰਜਾਬ ਵਿੱਚ ਇਸ ਸ਼ਰਮਨਾਕ ਘਟਨਾ ਵਾਪਰਨ ਤੋਂ ਤੁਰੰਤ ਬਾਅਦ ਪੁਲਸ ਨੇ ਫੌਰੀ ਕਾਰਵਾਈ ਕਰਦਿਆਂ ਪਰਚਾ ਦਰਜ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ।

ਉਨਾਂ ਕਿਹਾ ਕਿ ਹਾਥਰਸ ਦੀ ਘਟਨਾ ਵਿੱਚ ਜਿੱਥੇ ਭਾਜਪਾ ਦੀ ਸਰਕਾਰ ਅਤੇ ਪ੍ਰਸ਼ਾਸਨ ਦਾ ਸਾਰਾ ਜੋਰ ਘਟਨਾ ਉੱਤੇ ਪਰਦਾ ਪਾਉਣ ਅਤੇ ਦੋਸ਼ੀਆਂ ਨੂੰ ਬਚਾਉਣ ਲਈ ਲੱਗਾ ਹੋਇਆ ਸੀ ਉੱਥੇ ਪੰਜਾਬ ਸਰਕਾਰ ਨੇ ਮਾਮਲੇ ਦੀ ਨਿਰਪੱਖ ਜਾਂਚ ਅਤੇ ਬਣਦੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ। ਉਨਾਂ ਕਿਹਾ ਕਿ ਦੋਵਾਂ ਘਟਨਾਵਾਂ ਦੇ ਤੱਥਾਂ ਤੋਂ ਸਾਰਾ ਮੁਲਕ ਭਲੀ ਭਾਂਤ ਜਾਣੂ ਹੈ ਤੇ ਫਿਰ ਭਾਜਪਾ ਕਿਸ ਮੂੰਹ ਨਾਲ ਇਸ ਮੁੱਦੇ ਤੇ ਸਿਆਸਤ ਕਰ ਰਹੀ ਹੈ।ਪੰਜਾਬ ਸਰਕਾਰ ਨੇ ਔਰਤਾਂ ਦੀ ਬੇਹਤਰੀ ਲਈ ਚੁੱਕੇ ਅਹਿਮ ਕਦਮ। ਇਕ ਹੋਰ ਸਵਾਲ ਦੇ ਜਵਾਬ ਵਿੱਚ ਸਮਾਜਿਕ ਸੁਰੱਖਿਆ ਮੰਤਰੀ ਨੇ ਕਿਹਾ ਕਿ ਸਰਕਾਰਾ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਔਰਤਾਂ ਖਿਲਾਫ ਹੁੰਦੇ ਅਤਿਆਚਾਰਾਂ, ਸੋਸ਼ਣ ਅਤੇ ਹੋਰਨਾਂ ਘਟਨਾਵਾਂ ਪ੍ਰਤੀ ਪੂਰੀ ਤਰਾਂ ਜਾਗਰੂਕ ਹੋਣ ਦੇ ਨਾਲ-ਨਾਲ ਔਰਤਾਂ ਦੇ ਹੱਕਾਂ ਦੀ ਅਵਾਜ਼ ਬੁਲੰਦ ਕਰਨੀ ਚਾਹੀਦੀ ਹੈ ਤਾਂ ਜੋ ਸਮਾਜ ਵਿਚ ਔਰਤਾਂ ਨੂੰ ਬਣਦਾ ਮਾਣ-ਸਤਿਕਾਰ ਯਕੀਨੀ ਬਣਾਇਆ ਜਾ ਸਕੇ।

ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਇਸ ਸੰਬੰਧੀ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ ਜਿਸ ਤਹਿਤ ਕੰਮਕਾਜ ਵਾਲੀਆਂ ਲੜਕੀਆਂ ਅਤੇ ਔਰਤਾਂ ਲਈ ਹੋਸਟਲਾਂ ਦੀ ਉਸਾਰੀ ਦੇ ਨਾਲ-ਨਾਲ ਸਖੀ-‘ਵਨ ਸਟਾਪ ਸੈਂਟਰ’ ਸਥਾਪਿਤ ਕੀਤੇ ਗਏ ਹਨ ਤਾਂ ਜੋ ਔਰਤਾਂ ਖਿਲਾਫ ਹੁੰਦੀਆਂ ਘਟਨਾਵਾਂ ਦੀ ਰੋਕਥਾਮ ਕੀਤੀ ਜਾ ਸਕੇ। ਉਨਾਂ ਦੱਸਿਆ ਕਿ ਇੱਕਲੇ ਲਾਕਡਾਊਨ ਦੌਰਾਨ ਔਰਤਾਂ ਨਾਲ ਹੁੰਦੀਆਂ ਘਰੇਲੂ ਹਿੰਸਾਵਾਂ ਦੇ 706 ਮਾਮਲੇ ਸਾਹਮਣੇ ਆਏ ਹਨ ਜਿਨ•ਾਂ ‘ਤੇ ਪੰਜਾਬ ਸਰਕਾਰ ਵੱਲੋਂ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਨਾਂ ਦੱਸਿਆ ਕਿ ਮਹਿਲਾ ਸਸ਼ਕਤੀਕਰਨ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਚਾਇਤੀ ਰਾਜ ਸੰਸਥਾਵਾਂ ਵਿੱਚ ਔਰਤਾਂ ਨੂੰ 50 ਫੀਸਦੀ ਰਾਖਵਾਂਕਰਨ ਦੇ ਨਾਲ-ਨਾਲ ਪੰਜਾਬ ਸਰਕਾਰ ਵੱਲੋਂ ਆਉਂਦੇ ਸਮੇਂ ਵਿੱਚ ਸਰਕਾਰੀ ਭਰਤੀ ਦੌਰਾਨ ਔਰਤਾਂ ਲਈ ਨੌਕਰੀਆਂ ਵਿੱਚ 33 ਫੀਸਦੀ ਰਾਖਵਾਂਕਰਨ ਦਾ ਅਹਿਮ ਫੈਸਲਾ ਲਿਆ ਗਿਆ ਹੈ।

LEAVE A REPLY

Please enter your comment!
Please enter your name here