ਕੈਪਟਨ ਅਮਰਿੰਦਰ ਨੇ ਰਾਸ਼ਟਰਪਤੀ ਨਾਲ ਮੁਲਾਕਾਤ ਲਈ ਸਮੂਹ ਪਾਰਟੀਆਂ ਦੇ ਵਿਧਾਇਕਾਂ ਨੂੰ ਨਾਲ ਚੱਲਣ ਦੀ ਕੀਤੀ ਅਪੀਲ

ਚੰਡੀਗੜ (ਦ ਸਟੈਲਰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਮੂਹ ਸਿਆਸੀ ਪਾਰਟੀਆਂ ਦੇ ਵਿਧਾਇਕਾਂ ਨੂੰ ਕੇਂਦਰ ਸਰਕਾਰ ਦੇ ਘਾਤਕ ਖੇਤੀ ਕਾਨੂੰਨਾਂ ਨੂੰ ਅਸਰਹੀਣ ਬਣਾਉਣ ਲਈ ਸੂਬੇ ਦੀ ਵਿਧਾਨ ਸਭਾ ਵੱਲੋਂ ਪਾਸ ਕੀਤੇ ਖੇਤੀ ਸੋਧ ਕਾਨੂੰਨਾਂ ਨੂੰ ਛੇਤੀ ਸਹਿਮਤੀ ਲਈ 4 ਨਵੰਬਰ ਨੂੰ ਭਾਰਤ ਦੇ ਰਾਸ਼ਟਰਪਤੀ ਨੂੰ ਮਿਲਣ ਅਤੇ ਯਾਦ ਪੱਤਰ ਦੇਣ ਲਈ ਉਨਾਂ ਨਾਲ ਚੱਲਣ ਦੀ ਅਪੀਲ ਕੀਤੀ ਹੈ। ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਪ੍ਰੈਸ ਬਿਆਨ ਰਾਹੀਂ ਸਮੂਹ ਵਿਧਾਇਕਾਂ ਨੂੰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਖੜੇ ਹੋਣ ਅਤੇ ਪਾਰਟੀ ਲੀਹਾਂ ਤੋਂ ਉਪਰ ਉਠਣ ਦੀ ਅਪੀਲ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹਿੱਤਾਂ ਨੂੰ ਲਿਤਾੜਿਆ ਜਾ ਰਿਹਾ ਹੈ।

Advertisements

ਬੁਲਾਰੇ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹਾਲ ਹੀ ਵਿੱਚ ਲਿਆਂਦੇ ਤਿੰਨ ਖੇਤੀ ਕਾਨੂੰਨ ਪੰਜਾਬ ਦੇ ਕਿਸਾਨ ਭਾਈਚਾਰੇ ਲਈ ਮਾਰੂ ਸਿੱਧ ਹੋਣਗੇ। ਉਨਾਂ ਕਿਹਾ ਕਿ ਕਿਸਾਨੀ ਸਾਡੇ ਆਰਥਿਕ ਢਾਂਚੇ ਦੇ ਨਾਲ-ਨਾਲ ਮੰਡੀ ਪ੍ਰਣਾਲੀ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀ ਰੀੜ ਦੀ ਹੱਡੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਹਿੱਤਾਂ ਦੀ ਹਿਫਾਜ਼ਤ ਕਰਨਾ ਉਨਾਂ ਦਾ ਫਰਜ਼ ਬਣਦਾ ਹੈ ਅਤੇ ਹਾਲ ਹੀ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤੇ ਸੋਧ ਬਿੱਲ ਇਸ ਦਾ ਪ੍ਰਤੱਖ ਤੌਰ ‘ਤੇ ਪ੍ਰਗਟਾਵਾ ਕਰਦੇ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪਹਿਲਾਂ ਹੀ ਰਾਸ਼ਟਰਪਤੀ ਪਾਸੋਂ ਸਮਾਂ ਮੰਗ ਚੁੱਕੇ ਹਨ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਜਾਣ ਵਾਲੀਆਂ ਮਾਲ ਗੱਡੀਆਂ ਰੋਕਣ ਅਤੇ ਪੇਂਡੂ ਵਿਕਾਸ ਫੰਡ ਨੂੰ ਰੋਕ ਲੈਣ ‘ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਹੈ ਜੋ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ਲਈ ਬਹੁਤ ਅਹਿਮ ਹੈ ਅਤੇ ਇਸ ਕਦਮ ਤੋਂ ਵਿੱਤੀ ਅਤੇ ਆਰਥਿਕ ਨਾਕਾਬੰਦੀ ਦਾ ਪ੍ਰਭਾਵ ਨਜ਼ਰ ਆਉਂਦਾ ਹੈ।

LEAVE A REPLY

Please enter your comment!
Please enter your name here