ਖੇਤੀਬਾੜੀ ਵਿਭਾਗ ਨੇ ਪਿੰਡ ਸਰਮੋਲਾਹੜੀ ਵਿੱਚ ਲਗਾਇਆ ਕਿਸਾਨ ਜਾਗਰੁਕਤਾ ਕੈਂਪ

ਪਠਾਨਕੋਟ (ਦ ਸਟੈਲਰ ਨਿਊਜ਼)। ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਸਾੜਣ ਦੀ ਬਿਜਾਏ ਖੇਤਾਂ ਵਿੱਚ ਸੰਭਾਲ ਕੇ ਕਣਕ ਦੀ ਬਿਜਾਈ ਕਰਨ ਨੂੰ ਤਰਜੀਹ ਦੇਣੀ ਚਾਹੀਦੀ ਹੈ ਤਾਂ ਜੋ ਕੋਵਿਡ-19 ਦੇ ਚੱਲਦਿਆਂ ਵਾਤਾਵਰਣ ਨੂੰ ਸ਼ੁੱਧ ਰੱਖਿਆ ਜਾ ਸਕੇ। ਇਹ  ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਸੈਣੀ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਬਲਾਕ ਪਠਾਨਕੋਟ ਦੇ ਪਿੰਡ ਸਰਮੋਲਾਹੜੀ ਵਿੱਚ ਲਗਾਏ ਗਏ ਕਿਸਾਨ ਜਾਗਰੁਕਤਾ ਕਿਸਾਨ ਕੈਂਪ ਵਿੱਚ ਗੱਲਬਾਤ ਕਰਦਿਆਂ ਕਹੇ।

Advertisements

ਇਸ ਮੌਕੇ ਸੁਭਾਸ਼ ਚੰਦਰ ਖੇਤੀ ਵਿਸਥਾਰ ਅਫਸਰ,ਬਲਵਿਦਰ ਕੁਮਾਰ,ਮਨਦੀਪ ਹੰਸ ਸਹਾਇਕ ਤਕਨਾਲੋਜੀ ਪ੍ਰਬੰਧਕ( ਆਤਮਾ),ਸਾਗਰ ਸਮੇਤ ਕਈ ਕਿਸਾਨ ਹਾਜ਼ਰ ਸਨ। ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਲਗਾਤਾਰ ਕਿਸਾਨਾਂ ਨਾਲ ਰਾਬਤਾ ਰੱਖ ਕੇ ਅਤੇ ਕਿਸਾਨਾਂ ਵਲੋਂ ਦਿੱਤੇ ਭਰਪੂਰ ਸਹਿਯੋਗ ਸਦਕਾ ਬਲਾਕ ਪਠਾਨਕੋਟ (ਸਮੇਤ ਘਰੋਟਾ ਬਲਾਕ) ਵਿੱਚ ਕੋਈ ਵੀ ਪਰਾਲੀ ਨੂੰ ਅੱਗ ਲੱਗਣ ਦਾ ਵਾਕਿਆ ਦਰਜ ਨਹੀਂ ਕੀਤਾ ਗਿਆ।ਉਨਾਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਕਰਨ ਵਿੱਚ ਕੋਈ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਜੇਕਰ ਕਿਸੇ  ਵੀ ਕਿਸਾਨ ਨੂੰ ਪਰਾਲੀ ਦੀ ਸੰਭਾਲ ਵਿੱਚ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਖੇਤੀ ਅਧਿਕਾਰੀਆਂ/ਕਰਮਚਾਰੀਆਂ ਨਾਲ ਸੰਪਰਕ ਕਰ ਸਕਦਾ ਹੈ ਤਾਂ ਜੋ ਲੋੜੀਂਦੀ ਮਸ਼ੀਨਰੀ ਜਿਵੇਂ ਹੈਪੀ ਸੀਡਰ/ ਬੀਜ ਡਰਿੱਲ/ਸੁਪਰ ਸੀਡਰ ਦਾ ਕਿਰਾਏ ਤੇ ਪ੍ਰਬੰਧ ਕੀਤਾ ਜਾ ਸਕੇ।

ਉਨਾਂ ਨੇ ਕਿਹਾ ਕਿ ਅਗਲੇ 8-10 ਦਿਨ ਬਹੁਤ ਅਹਿਮ ਹਨ ਕਿਉਕਿ ਇਸ ਸਮੇਂ ਦੌਰਾਨ ਕਿਸਾਨਾਂ ਵੱਲੋਂ ਕਣਕ ਦੀ ਬਿਜਾਈ ਕਰਨ ਲਈ ਖੇਤਾਂ ਦੀ ਤਿਆਰੀ ਕੀਤੀ ਜਾਣੀ ਹੈ। ਉਨਾਂ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਣ ਨਾਲ ਹੋਣ ਵਾਲੇ ਨੁਕਸਾਨ ਅਤੇ ਖੇਤੀ ਵਿੱਚ ਪਰਾਲੀ ਦੀ ਸੰਭਾਲ ਬਾਰੇ ਜਾਗਰੁਕ ਕਰਨ ਲਈ ਸੋਸ਼ਲ  ਅਤੇ ਪ੍ਰਿਟ ਮੀਡੀਆ ਦੀ ਵੀ ਵਰਤੋਂ ਕੀਤੀ ਜਾ ਰਹੀ  ਹੈ ਜਿਸ ਰਾਹੀ ਪਿਛਲੇ ਲੰਬੇ ਸਮੇਂ ਤੋਂ ਪਰਾਲੀ ਨੂੰ ਅੱਗ ਨਾਂ ਲਗਾਉਣ ਵਾਲੇ ਕੁਝ ਅਗਾਂਹਵਧੂ ਸੋਚ ਦੇ ਧਾਰਨੀ ਕਿਸਾਨਾਂ ਦੀਆਂ ਸਫਲ ਕਹਾਣੀਆਂ ਛਪਵਾਈਆਂ ਜਾ ਰਹੀਆਂ ਹਨ ਤਾਂ ਜੋ ਬਾਕੀ ਕਿਸਾਨ ਪ੍ਰੇਰਣਾ ਲੈ ਸਕਣ।ਉਨਾਂ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਗੈਰ ਕਣਕ ਦੀ ਬਿਜਾਈ ਕਰਨ ਦੀਆਂ ਵੱਖ ਵੱਖ ਤਕਨੀਕਾਂ ਨੂੰ ਕਿਸਾਨਾਂ ਦੇ ਖੇਤਾਂ ਵਿੱਚ ਜਾ ਕੇ ਪ੍ਰਦਰਸ਼ਤ ਕੀਤਾ ਜਾ ਰਿਹਾ ਹੈ।

ਉਨਾਂ ਦੱਸਿਆਂ ਕਿ ਇੱਕ ਟਨ ਪਰਾਲੀ ਸਾੜਣ ਨਾਲ 400 ਕਿਲੋ ਜੈਵਿਕ ਕਾਰਬਨ,5.5 ਕਿਲੋ ਨਾਈਟ੍ਰੋਜਨ,2.3 ਕਿਲੋ ਫਾਸਫੋਰਸ,25 ਕਿਲੋ ਪੋਟਾਸ਼,1.2 ਕਿਲੋ ਸਲਫਰ ਅਤੇ ਮਿੱਟੀ ਵਿਚਲੇ ਲਘੂ ਜੀਵਾਂ ਦਾ ਬਹੁਤ ਨੁਕਸਾਨ ਹੁੰਦਾ ਹੈ।ਉਨਾਂ ਦੱਸਿਆ ਕਿ ਗੁੱਜਰ ਭਾਈਚਾਰੇ ਨਾਲ ਸੰਬੰਧਤ ਪਸ਼ੂ ਪਾਲਕਾਂ ਵੱਲੋਂ  ਵੀ ਵੱਡੀ ਪੱਧਰ ਤੇ ਝੋਨੇ ਦੀ ਪਰਾਲੀ ਨੂੰ ਪਸ਼ੂਆਂ ਦੇ ਚਾਰੇ ਦੇ ਤੌਰ ਤੇ ਸੰਭਾਲ ਲਈ ਜਾਂਦੀ ਹੈ। ਉਨਾਂ ਕਿਹਾ ਕਿ ਸੁਪਰਸੀਡਰ ਮਸ਼ੀਨ ਨਾਲ ਇੱਕੋ ਸਮੇਂ ਪਰਾਲੀ ਦੀ ਸੰਭਾਲ, ਖੇਤ ਦੀ ਤਿਆਰੀ ਅਤੇ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ ਜਿਸ ਨਾਲ ਸਮੇਂ ਦੇ ਨਾਲ ਨਾਲ ਖੇਤੀ ਲਾਗਤ ਖਰਚੇ ਘਟਾਉਣ ਵਿੱਚ ਮਦਦ ਮਿਲਦੀ ਹੈ। ਉਨਾਂ ਕਿਹਾ ਕਿ ਜੇਕਰ ਕੋਈ ਕਿਸਾਨ ,ਜ਼ਿਲਾ ਪ੍ਰਸ਼ਾਸ਼ਣ ਵੱਲੋਂ ਚਲਾਈ ਜਾ ਰਹੀ ਗਊ ਸ਼ਾਲਾ ਵਿੱਚ ਰਹਿ ਰਹੇ ਪਸ਼ੂਆਂ ਲਈ ਝੋਨੇ ਦੀ ਪਰਾਲੀ ਦਾਨ ਕਰਨਾ ਚਾਹੁੰਦਾ ਹੈ ਤਾਂ ਉਹ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰ ਸਕਦਾ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਬਿੱਲਕੁੱਲ ਅੱਗ ਨਾਂ ਲਗਾਉਣ।  

LEAVE A REPLY

Please enter your comment!
Please enter your name here