ਕੈਪਟਨ ਅਮਰਿੰਦਰ ਨੇ ਗੱਲਬਾਤ ਛੇਤੀ ਤੋਰਨ ਲਈ ਰਾਹ ਪੱਧਰਾ ਕਰਨ ਵਾਸਤੇ ਕਿਸਾਨਾਂ ਨੂੰ ਅਮਿਤ ਸ਼ਾਹ ਦੀ ਅਪੀਲ ਮੰਨਣ ਲਈ ਆਖਿਆ

ਚੰਡੀਗੜ (ਦ ਸਟੈਲਰ ਨਿਊਜ਼): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਰੋਸ ਪ੍ਰਦਰਸ਼ਨ ਲਈ ਮਿੱਥੀ ਗਈ ਜਗਾ ਉਤੇ ਜਾਣ ਲਈ ਕੀਤੀ ਗਈ ਅਪੀਲ ਨੂੰ ਪ੍ਰਵਾਨ ਕਰਨ ਲਈ ਆਖਿਆ ਹੈ ਜਿਸ ਨਾਲ ਉਹਨਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਗੱਲਬਾਤ ਛੇਤੀ ਤੋਰਨ ਦਾ ਰਾਹ ਪੱਧਰਾ ਹੋਵੇਗਾ। ਅਮਿਤ ਸ਼ਾਹ ਵੱਲੋਂ ਕਿਸਾਨਾਂ ਨਾਲ ਜਲਦ ਵਿਚਾਰ-ਵਟਾਂਦਰਾ ਕਰਨ ਦੀ ਕੀਤੀ ਪੇਸ਼ਕਸ਼ ਉਤੇ ਪ੍ਰਤੀਕਿਰਿਆ ਜਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਕਿਸਾਨ ਭਾਈਚਾਰੇ ਅਤੇ ਮੁਲਕ ਦੇ ਵਡੇਰੇ ਹਿੱਤ ਵਿੱਚ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਸ਼ਾਹ ਨੇ 3 ਦਸੰਬਰ ਤੋਂ ਪਹਿਲਾਂ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਪੇਸ਼ਕਸ਼ ਕੀਤੀ ਹੈ ਅਤੇ ਉਹਨਾਂ ਦਾ ਬਿਆਨ ਇਹ ਦਰਸਾਉਂਦਾ ਹੈ ਕਿ ਕੇਂਦਰ ਕਿਸਾਨਾਂ ਦਾ ਪੱਖ ਸੁਣਨ ਲਈ ਤਿਆਰ ਹੈ ਜੋ ਸਵਾਗਤਯੋਗ ਕਦਮ ਹੈ। ਉਹਨਾਂ ਨੇ ਖੇਤੀ ਕਾਨੂੰਨ ਦੇ ਮੁੱਦੇ ਉਤੇ ਪੈਦਾ ਹੋਈ ਖੜੋਤ ਤੋੜਨ ਲਈ ਗੱਲਬਾਤ ਨੂੰ ਹੀ ਇਕਮਾਤਰ ਹੱਲ ਦੱਸਿਆ।

Advertisements

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਕੇਂਦਰੀ ਗ੍ਰਹਿ ਮੰਤਰੀ ਇਹ ਸਪੱਸ਼ਟ ਕਰ ਚੁੱਕੇ ਹਨ ਕਿ ਭਾਰਤ ਸਰਕਾਰ ਕਿਸਾਨਾਂ ਨਾਲ ਹਰੇਕ ਸਮੱਸਿਆ ਅਤੇ ਮੰਗ ਉਤੇ ਗੱਲਬਾਤ ਕਰਨ ਲਈ ਤਿਆਰ ਹੈ ਅਤੇ ਕਿਸਾਨਾਂ ਵੱਲੋਂ ਦਿੱਲੀ ਵਿੱਚ ਆਪਣੇ ਰੋਸ ਪ੍ਰਦਰਸ਼ਨ ਲਈ ਨਿਰਧਾਰਤ ਜਗਾ ਉਤੇ ਸ਼ਿਫਟ ਹੋ ਜਾਣ ਤੋਂ ਅਗਲੇ ਦਿਨ ਹੀ ਗੱਲਬਾਤ ਕੀਤੀ ਜਾਵੇਗੀ ਤਾਂ ਇਸ ਸਬੰਧ ਵਿੱਚ ਕਿਸਾਨਾਂ ਲੀਡਰਾਂ ਨੂੰ ਵੀ ਅੱਗੇ ਵਧਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਦੋਵੇਂ ਧਿਰਾਂ ਵੱਲੋਂ ਆਹਮੋ-ਸਾਹਮਣੇ ਬੈਠ ਕੇ ਹੀ ਸਮੱਸਿਆ ਦਾ ਹੱਲ ਕੱਢਿਆ ਜਾ ਸਕਦਾ ਹੈ।
ਇਸ ਗੱਲ ਵੱਲ ਇਸ਼ਾਰਾ ਕਰਦਿਆਂ ਕਿ ਉਹਨਾਂ ਦੇ ਵਿਰੋਧ ਪ੍ਰਦਰਸ਼ਨ ਦਾ ਉਦੇਸ਼ ਰਾਜਮਾਰਗਾਂ ਨੂੰ ਬੰਦ ਕਰਨਾ ਅਤੇ ਲੋਕਾਂ ਨੂੰ ਪ੍ਰੇਸ਼ਾਨ ਕਰਨ ਦਾ ਨਹੀਂ ਸੀ ਬਲਕਿ ਉਹਨਾਂ ਦੀ ਗੱਲ ਸੁਣਨ ਲਈ ਕੇਂਦਰ ਸਰਕਾਰ ‘ਤੇ ਦਬਾਅ ਬਣਾਉਣਾ ਸੀ, ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਬਿਨਾਂ ਕਿਸੇ ਦੇਰੀ ਦੇ  ਕੇਂਦਰ ਸਰਕਾਰ ਨੂੰ ਗੱਲਬਾਤ ਦੇ ਮੇਜ਼ ‘ਤੇ ਲਿਆ ਕੇ ਅੱਧੀ ਲੜਾਈ ਪਹਿਲਾਂ ਹੀ ਜਿੱਤ ਚੁੱਕੇ ਹਨ। ਇਹਨਾਂ ਹਾਲਤਾਂ ਵਿੱਚ, ਕਿਸਾਨਾਂ ਨੂੰ ਕੇਂਦਰੀ ਗ੍ਰਹਿ ਮੰਤਰੀ ਦੇ ਸੱਦੇ ਨੂੰ ਸਵੀਕਾਰ ਕੇ ਕੇਂਦਰੀ ਕਾਨੂੰਨਾਂ ਦੁਆਰਾ ਪੈਦਾ ਹੋਏ ਸੰਕਟ ਨੂੰ ਸੁਲਝਾਉਣ ਲਈ ਮੌਕੇ ਦਾ ਵੱਧ ਤੋਂ ਵੱਧ ਫਾਇਦਾ ਉਠਾਉਣਾ ਚਾਹੀਦਾ ਹੈ।
ਕੈਪਟਨ ਅਮਰਿੰਦਰ ਨੇ ਦੁਹਰਾਇਆ ਕਿ ਉਹ ਅਤੇ ਉਹਨਾਂ ਦੀ ਸਰਕਾਰ ਕੇਂਦਰ ਅਤੇ ਕਿਸਾਨਾਂ ਦਰਮਿਆਨ ਗੱਲਬਾਤ ਦੇ ਮਾਮਲੇ ਵਿੱਚ ਪੂਰਾ ਸਮਰਥਨ ਦੇਣ ਲਈ ਤਿਆਰ ਹਨ ਅਤੇ ਸਾਰਿਆਂ ਦੇ ਸਮੂਹਿਕ ਹਿੱਤ ਵਿਚ ਵਿਚੋਲਗੀ ਕਰਨ ਲਈ ਰਾਜੀ ਹਨ। ਉਹਨਾਂ ਕਿਹਾ ਕਿ ਸਮੱਸਿਆ ਦਾ ਜਲਦੀ ਹੱਲ ਕੱਢਣਾ ਪੰਜਾਬ ਅਤੇ ਹਰ ਪੰਜਾਬੀ ਦੇ ਹਿੱਤ ਵਿੱਚ ਹੈ।

LEAVE A REPLY

Please enter your comment!
Please enter your name here