ਦਿਵਿਆਂਗ ਵਿਅਕਤੀ ਸਾਡੇ ਸਮਾਜ ਦਾ ਅਹਿਮ ਹਿੱਸਾ: ਅਰੁਨਾ ਚੌਧਰੀ

ਚੰਡੀਗੜ (ਦ ਸਟੈਲਰ ਨਿਊਜ਼)। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ‘ਅੰਤਰਰਾਸ਼ਟਰੀ ਦਿਵਿਆਂਗ ਦਿਵਸ’ ਮੌਕੇ ਕਰਵਾਏ ਪ੍ਰੋਗਰਾਮ ਦੌਰਾਨ ਆਖਿਆ ਕਿ ਦਿਵਿਆਂਗ ਸਮਾਜ ਦਾ ਅਹਿਮ ਹਿੱਸਾ ਹਨ ਅਤੇ ਉਹਨਾਂ ਦੇ ਸ਼ਕਤੀਕਰਨ ਲਈ ਰਾਜ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ।
ਆਨਲਾਈਨ ਮਾਧਿਅਮ ਰਾਹੀਂ ਕਰਵਾਏ ਗਏ ਇਸ ਪ੍ਰੋਗਰਾਮ ਦੌਰਾਨ ਉਹਨਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਦਿਵਿਆਂਗ ਵਿਅਕਤੀਆਂ ਦੇ ਸ਼ਕਤੀਕਰਨ ਲਈ ਇਕ ਨਵੀਂ ਯੋਜਨਾ-‘ਪੰਜਾਬ ਦਿਵਿਆਂਗਜਨ ਸ਼ਕਤੀਕਰਨ’ ਯੋਜਨਾ (ਪੀ.ਡੀ.ਐਸ.ਵਾਈ.) ਸੂਬੇ ਭਰ ਵਿੱਚ ਪੜਾਅਵਾਰ ਢੰਗ ਨਾਲ ਲਾਗੂ ਕੀਤੀ ਜਾਵੇਗੀ। ਮੀਟਿੰਗ ਦੌਰਾਨ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਉੱਚ ਅਧਿਕਾਰੀ, ਵੱਖ-ਵੱਖ ਜ਼ਿਲਿਆਂ ਦੇ ਅਧਿਕਾਰੀ ਅਤੇ ਐਨ.ਜੀ.ਓ ਆਦਿ ਹਾਜ਼ਰ ਸਨ। ਮੀਟਿੰਗ ਵਿੱਚ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜੀ ਪੀ ਸ੍ਰੀਵਾਸਤਵਾ, ਡਾਇਰੈਕਟਰ ਵਿਪੁਲ ਉੱਜਵਲ ਅਤੇ ਰਾਜ ਭਰ ਦੇ ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ, ਐਨ.ਜੀ.ਓਜ਼. ਤੇ ਵਿਦਿਆਰਥੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ‘ਪੰਜਾਬ ਦਿਵਿਆਂਗਜਨ ਸ਼ਕਤੀਕਰਨ’ ਯੋਜਨਾ ਦੇ ਪਹਿਲੇ ਪੜਾਅ ਵਿੱਚ ਮੌਜੂਦਾ ਪ੍ਰੋਗਰਾਮਾਂ ਨੂੰ ਮਜ਼ਬੂਤੀ ਦੇਣਾ ਸ਼ਾਮਲ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਸ ਯੋਜਨਾ ਦੇ ਲਾਭ ਦਿਵਿਆਂਗਾਂ ਤੱਕ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਏ ਜਾ ਸਕਣ। ਇਸ ਤੋਂ ਇਲਾਵਾ ਦੂਜੇ ਪੜਾਅ ਵਿੱਚ ਅਜਿਹੇ ਵਿਅਕਤੀਆਂ ਦੇ ਸ਼ਕਤੀਕਰਨ ਲਈ 13 ਹੋਰ ਨਵੀਆਂ ਯੋਜਨਾਵਾਂ ਉਲੀਕਣ ਦੀ ਤਜਵੀਜ਼ ਹੈ। ਇਸ ਯੋਜਨਾ ਦਾ ਉਦੇਸ਼ ਸਰਕਾਰੀ ਅਤੇ ਜਨਤਕ ਇਮਾਰਤਾਂ, ਜਨਤਕ ਆਵਾਜਾਈ ਅਤੇ ਵੈਬਸਾਈਟਾਂ ਤੱਕ ਪਹੁੰਚ ਬਣਾ ਕੇ ਦਿਵਿਆਂਗ ਵਿਅਕਤੀਆਂ ਨੂੰ ਪੜਾਅਵਾਰ ਢੰਗ ਨਾਲ ਰੁਕਾਵਟ ਰਹਿਤ ਮਾਹੌਲ ਮੁਹੱਈਆ ਕਰਵਾਉਣਾ ਹੈ।
ਸ੍ਰੀਮਤੀ ਚੌਧਰੀ ਨੇ ਅੱਗੇ ਕਿਹਾ ਕਿ ਇਸ ਦੇ ਨਾਲ ਹੀ ਪੀ.ਡੀ.ਐਸ.ਵਾਈ. ਦਾ ਟੀਚਾ ਸਰਕਾਰੀ ਨੌਕਰੀਆਂ ਵਿੱਚ ਦਿਵਿਆਂਗ ਵਿਅਕਤੀਆਂ ਦੀਆਂ ਅਸਾਮੀਆਂ ਦੇ ਬੈਕਲਾਗ ਨੂੰ ਭਰਨਾ ਹੈ, ਜਿਸ ਨੂੰ ਰਾਜ ਦੀ ਰੋਜ਼ਗਾਰ ਉਤਪਤੀ ਯੋਜਨਾ ਨੂੰ ਮਨਜ਼ੂਰੀ ਦਿੰਦੇ ਹੋਏ ਮੰਤਰੀ ਮੰਡਲ ਵੱਲੋਂ ਪਹਿਲਾਂ ਹੀ ਪ੍ਰਵਾਨ ਕਰ ਲਿਆ ਗਿਆ ਹੈ। ਰੋਜ਼ਗਾਰ ਉਤਪਤੀ ਵਿਭਾਗ ਰਾਹੀਂ ਅਗਲੇ ਛੇ ਮਹੀਨਿਆਂ ਦੌਰਾਨ ਦਿਵਿਆਂਗ ਵਿਅਕਤੀਆਂ ਦੀਆਂ ਖਾਲੀ ਅਸਾਮੀਆਂ ਨੂੰ ਭਰਨ ‘ਤੇ ਵਧੇਰੇ ਜ਼ੋਰ ਦੇਵੇਗਾ। ਉਹਨਾਂ ਕਿਹਾ ਕਿ ਦਿਵਿਆਂਗ ਵਿਅਕਤੀਆਂ ਨੂੰ ਪਹਿਲ ਦੇ ਆਧਾਰ ਉਤੇ ਮਿਲਕ ਬੂਥ ਦਿੱਤੇ ਜਾਣਗੇ ਤਾਂ ਜੋ ਉਹ ਆਤਮ ਨਿਰਭਰ ਹੋਣ। ਸਕੂਲ ਜਾਣ ਵਾਲੇ ਦਿਵਿਆਂਗ ਵਿਦਿਆਰਥੀਆਂ ਨੂੰ ਟਰਾਈ ਸਾਈਕਲ ਮੁਹੱਈਆ ਕਰਵਾਏ ਜਾਣਗੇ ਤਾਂ ਜੋ ਉਹਨਾਂ ਨੂੰ ਸਿੱਖਿਆ ਪ੍ਰਾਪਤ ਕਰਨ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ।

Advertisements

LEAVE A REPLY

Please enter your comment!
Please enter your name here