ਡੀਸੀ ਨੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇ ਕੇ ਕੀਤੀ ‘ਪੰਜਾਬ ਸਮਾਰਟ ਕੁਨੈਕਟ ਸਕੀਮ‘ ਦੇ ਦੂਜੇ ਪੜਾਅ ਦੀ ਸ਼ੁਰੂਆਤ

ਜਲੰਧਰ (ਦ ਸਟੈਲਰ ਨਿਊਜ਼)। ਕੋਵਿਡ -19 ਮਹਾਂਮਾਰੀ ਦਰਮਿਆਨ ਨੌਜਵਾਨ ਵਿਦਿਆਰਥੀਆਂ ਨੂੰ ਡਿਜੀਟਲ ਤੌਰ ‘ਤੇ ਸਸ਼ਕਤ ਬਣਾਉਣ ਦੇ ਪੰਜਾਬ ਸਰਕਾਰ ਦੇ ਚੋਣ ਵਾਅਦੇ ਨੂੰ ਪੂਰਾ ਕਰਨ ਦੇ ਯਤਨਾਂ ਨੂੰ ਜਾਰੀ ਰੱਖਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸ਼ੁੱਕਰਵਾਰ ਨੂੰ ਸਰਕਾਰੀ ਸਕੂਲਾਂ ਦੇ 12ਵੀਂ ਜਮਾਤ ਦੇ 11 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡ ਕੇ ਪੰਜਾਬ ਸਮਾਰਟ ਕੁਨੈਕਟ ਸਕੀਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ।

Advertisements

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿਸ਼ੇਸ਼ ਤੌਰ ‘ਤੇ ਸਰਕਾਰੀ ਸਕੂਲਾਂ ਦੇ ਉਨ੍ਹਾਂ ਵਿਦਿਆਰਥੀਆਂ ਨੂੰ ਸਸ਼ਕਤ ਕਰਨ ਲਈ ਇਹ ਇਤਿਹਾਸਕ ਕਦਮ ਚੁੱਕਿਆ ਗਿਆ ਹੈ, ਜਿਨ੍ਹਾਂ ਨੂੰ ਕੋਵਿਡ ਕਾਰਨ ਪੈਦਾ ਹੋਏ ਹਾਲਾਤ ਕਰਕੇ ਆਨਲਾਈਨ ਅਧਿਐਨ ਸਮੱਗਰੀ ਜਾਂ ਹੋਰ ਵਿੱਦਿਅਕ ਸਮੱਗਰੀ ਹਾਸਲ ਕਰਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ । ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਵੀ ਮੌਜੂਦ ਸਨ।

ਥੋਰੀ ਨੇ ਕਿਹਾ ਕਿ ਮਹਾਂਮਾਰੀ ਨੇ ਸਕੂਲਾਂ ਵਿਚ ਰੁਟੀਨ ਦੀਆਂ ਕਲਾਸਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ, ਜਿਸ ਕਾਰਨ ਗ਼ਰੀਬ ਅਤੇ ਪੇਂਡੂ ਵਿਦਿਆਰਥੀਆਂ ਖ਼ਾਸਕਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਉੱਤੇ ਬੁਰਾ ਪ੍ਰਭਾਵ ਪਿਆ ਹੈ ਕਿਉਂਕਿ ਉਨ੍ਹਾਂ ਨੂੰ ਪ੍ਰਾਈਵੇਟ ਵਿਦਿਅਕ ਅਦਾਰਿਆਂ ਵਿਚ ਦੂਜਿਆਂ ਦੇ ਬਰਾਬਰ ਮੌਕੇ ਪ੍ਰਾਪਤ ਕਰਨ ਵਿਚ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਨਾ ਸਿਰਫ ਵਿਦਿਆਰਥੀ ਸਿੱਖਿਆ ਨਾਲ ਜੁੜੇ ਰਹਿਣਗੇ ਸਗੋਂ ਉਹ ਡਿਜੀਟਲ ਤੌਰ ’ਤੇ ਸਸ਼ਕਤ ਵੀ ਹੋਣਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਦੂਜੇ ਪੜਾਅ ਅਧੀਨ ਸਰਕਾਰੀ ਸਕੂਲਾਂ ਵਿਚ 12ਵੀਂ ਜਮਾਤ ਦੇ 6310 ਵਿਦਿਆਰਥੀਆਂ ਨੂੰ ਫ਼ੋਨ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦੇ ਪਹਿਲੇ ਪੜਾਅ ਦੌਰਾਨ 2116 ਸਮਾਰਟ ਫੋਨ ਵੰਡੇ ਗਏ ਸਨ।

ਉਨ੍ਹਾਂ ਅੱਗੇ ਕਿਹਾ ਕਿ ਵਿਦਿਆਰਥੀ ਆਪਣੇ ਕੋਰਸ ਸੰਬੰਧੀ ਢੁੱਕਵੀਂ ਜਾਣਕਾਰੀ ਹਾਸਲ ਕਰਨ ਦੇ ਯੋਗ ਹੋਣਗੇ ਅਤੇ ਨਾਲ ਹੀ ਉਹ ਸਮਾਰਟਫੋਨ ਦੀ ਸਹਾਇਤਾ ਨਾਲ ਨਾਗਰਿਕ ਸੇਵਾਵਾਂ ਆਨਲਾਈਨ ਪ੍ਰਾਪਤ ਕਰ ਸਕਣਗੇ । ਉਨ੍ਹਾਂ ਇਹ ਵੀ ਕਿਹਾ ਕਿ ਨੌਜਵਾਨ ਰਾਜ ਸਰਕਾਰ ਦੇ ਘਰ-ਘਰ ਰੋਜ਼ਗਾਰ ਪ੍ਰੋਗਰਾਮ ਤਹਿਤ ਰੋਜ਼ਗਾਰ ਦੇ ਮੌਕਿਆਂ, ਰੋਜ਼ਗਾਰ ਮੇਲਿਆਂ ਅਤੇ ਭਰਤੀ ਮੁਹਿੰਮਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕਰ ਸਕਣਗੇ।

ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਵੱਖ-ਵੱਖ ਹਲਕਿਆਂ ਦੇ 73 ਸਕੂਲਾਂ ਵਿਚ ਅਜਿਹੇ ਹੀ ਫੋਨ ਵੰਡ ਪ੍ਰੋਗਰਾਮ ਆਯੋਜਿਤ ਕੀਤੇ ਗਏ। ਇਸ ਮੌਕੇ ਡੀਈਓ ਸੈਕੰਡਰੀ ਹਰਿੰਦਰਪਾਲ ਸਿੰਘ, ਕਾਂਗਰਸੀ ਆਗੂ ਅੰਗਦ ਦੱਤਾ, ਹਨੀ ਜੋਸ਼ੀ ਅਤੇ ਹੋਰ ਮੌਜੂਦ ਸਨ।

LEAVE A REPLY

Please enter your comment!
Please enter your name here